ਕੱਪੜਾ ਵਪਾਰੀ ਸੰਜੇ ਵਰਮਾ ਦੇ ਕਾਤਲਾਂ ਨੂੰ ਮਿਲੇਗੀ ਸਖਤ ਸਜ਼ਾ-ਅਮਨ ਅਰੋੜਾ
ਕੈਬਨਿਟ ਮੰਤਰੀ ਨੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ
-ਕਿਹਾ ਬਾਹਰਲੇ ਸੂਬਿਆਂ ਦੀਆਂ ਜੇਲ ਵਿੱਚ ਬੈਠੇ ਗੈਂਗਸਟਰ ਕਰ ਰਹੇ ਹਨ ਅਜਿਹੀਆਂ ਕਾਰਵਾਈਆਂ
ਅਬੋਹਰ 7 ਜੁਲਾਈ
ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਇਹ ਯਕੀਨੀ ਬਣਾਏਗੀ ਕਿ ਅਬੋਹਰ ਦੇ ਕੱਪੜਾ ਵਪਾਰੀ ਸੰਜੇ ਵਰਮਾ ਦੇ ਕਾਤਲਾਂ ਨੂੰ ਸਖਤ ਤੋਂ ਸਖਤ ਸਜ਼ਾ ਮਿਲੇ। ਇਹ ਗੱਲ ਪਰਿਵਾਰ ਨਾਲ ਦੁੱਖ ਪ੍ਰਗਟ ਕਰਨ ਪਹੁੰਚੇ ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਆਖੀ ।
ਸ੍ਰੀ ਅਮਨ ਅਰੋੜਾ ਨੇ ਆਖਿਆ ਕਿ ਬਾਹਰਲੇ ਸੂਬਿਆਂ ਦੀਆਂ ਜੇਲਾਂ ਵਿੱਚ ਬੈਠੇ ਗੈਂਗਸਟਰ ਅਜਿਹੀਆਂ ਕੋਝੀਆਂ ਵਾਰਦਾਤਾਂ ਕਰਵਾ ਰਹੇ ਹਨ ਪਰ ਉਹਨਾਂ ਨੇ ਸਖਤ ਸ਼ਬਦਾਂ ਵਿੱਚ ਕਿਹਾ ਕਿ ਜੋ ਕੋਈ ਵੀ ਇਸ ਕਾਂਡ ਪਿੱਛੇ ਹੈ ਉਸਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਮਿਸਾਲੀ ਸਜਾ ਦਿਵਾਈ ਜਾਵੇਗੀ। ਉਨਾਂ ਆਖਿਆ ਕਿ ਪੁਲਿਸ ਜਾਂਚ ਸਹੀ ਦਿਸ਼ਾ ਵਿੱਚ ਜਾ ਰਹੀ ਹੈ ਅਤੇ ਜਲਦ ਹੀ ਦੋਸ਼ੀ ਸਲਾਖਾਂ ਪਿੱਛੇ ਹੋਣਗੇ।
ਇੱਕ ਹੋਰ ਸਵਾਲ ਦੇ ਜਵਾਬ ਵਿੱਚ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਪਰਿਵਾਰ ਨੂੰ ਪਹਿਲਾਂ ਤੋਂ ਕਿਸੇ ਵੱਲੋਂ ਧਮਕੀ ਦੀ ਕੋਈ ਸੂਚਨਾ ਪੁਲਿਸ ਨੂੰ ਨਹੀਂ ਦਿੱਤੀ ਗਈ ਸੀ ਅਤੇ ਸੀਨੀਅਰ ਪੁਲਿਸ ਅਧਿਕਾਰੀ ਅਕਸਰ ਪਰਿਵਾਰ ਦੇ ਉੱਚੇ ਸਮਾਜਿਕ ਰੁਤਬੇ ਕਾਰਨ ਉਸ ਨੂੰ ਮਿਲਦੇ ਵੀ ਰਹਿੰਦੇ ਸਨ।
ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਪੁਲਿਸ ਨੇ ਵਾਰਦਾਤ ਤੋਂ ਤੁਰੰਤ ਬਾਅਦ ਤੇਜ਼ੀ ਨਾਲ ਕਾਰਵਾਈ ਕਰਦਿਆਂ ਜਾਂਚ ਆਰੰਭੀ ਅਤੇ ਵੱਖ-ਵੱਖ ਟੀਮਾਂ ਨੂੰ ਦੋਸ਼ੀਆਂ ਦੀ ਭਾਲ ਵਿੱਚ ਲਗਾਇਆ ਹੈ। ਉਨਾਂ ਆਖਿਆ ਕਿ ਅਸਲ ਵਿੱਚ ਦੂਜੇ ਸੂਬਿਆਂ ਦੀਆਂ ਜੇਲਾਂ ਵਿੱਚ ਬੈਠੇ ਮਾੜੇ ਅਨਸਰ ਪੰਜਾਬ ਦਾ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਵਿੱਚ ਹਨ ਪਰ ਉਹਨਾਂ ਦੀ ਇਹ ਕੋਸ਼ਿਸ਼ ਨਾਕਾਮ ਕਰ ਦਿੱਤੀ ਜਾਵੇਗੀ। ਉਹਨਾਂ ਆਖਿਆ ਕਿ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦ੍ਰਿੜ ਸੰਕਲਪਿਤ ਹੈ ਕਿ ਅਮਨ ਕਾਨੂੰਨ ਦੀ ਸਥਿਤੀ ਨੂੰ ਖਰਾਬ ਕਰਨ ਦੀ ਕੋਸ਼ਿਸ਼ ਕਰਨ ਵਾਲੇ ਹਰੇਕ ਸ਼ਖਸ ਨੂੰ ਕਰੜੇ ਹੱਥੀ ਨਜਿੱਠਿਆ ਜਾਵੇਗਾ।
ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਨੇ ਮ੍ਰਿਤਕ ਸੰਜੇ ਵਰਮਾ ਦੇ ਭਰਾ ਜਗਤ ਵ ਰਮਾ ਨਾਲ ਅਫਸੋਸ ਪ੍ਰਗਟ ਕਰਦਿਆਂ ਕਿਹਾ ਕਿ ਇਸ ਔਖੀ ਘੜੀ ਵਿੱਚ ਸਰਕਾਰ ਪਰਿਵਾਰ ਦੇ ਨਾਲ ਹੈ । ਉਹਨਾਂ ਨੇ ਵਿਸ਼ਵਾਸ ਦਵਾਇਆ ਕਿ ਕਾਤਲਾਂ ਨੂੰ ਜਲਦ ਤੋਂ ਜਲਦ ਫੜ ਕੇ ਸਖਤ ਸਜ਼ਾ ਦਿਵਾਈ ਜਾਏਗੀ। ਉਹਨਾਂ ਨੇ ਕਿਹਾ ਕਿ ਪਰਿਵਾਰ ਦੀ ਸੁਰੱਖਿਆ ਸਰਕਾਰ ਦੀ ਜਿੰਮੇਵਾਰੀ ਹੈ।
ਇਸ ਮੌਕੇ ਉਨਾਂ ਦੇ ਨਾਲ ਬੱਲੂਆਣਾ ਦੇ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ, ਜਲਾਲਾਬਾਦ ਦੇ ਵਿਧਾਇਕ ਜਗਦੀਪ ਕੰਬੋਜ ਗੋਲਡੀ , ਆਮ ਆਦਮੀ ਪਾਰਟੀ ਦੇ ਜਿਲ੍ਹਾ ਪ੍ਰਧਾਨ ਉਪਕਾਰ ਸਿੰਘ ਜਾਖੜ, ਪੰਜਾਬ ਟਰੇਡਰਸ ਕਮਿਸ਼ਨ ਦੇ ਮੈਂਬਰ ਅਤੁਲ ਨਾਗਪਾਲ, ਜਿਲਾ ਯੋਜਨਾ ਬੋਰਡ ਦੇ ਚੇਅਰਮੈਨ ਸੁਨੀਲ ਸਚਦੇਵਾ, ਯੂਥ ਆਗੂ ਇੰਦਰਜੀਤ ਸਿੰਘ ਬਜਾਜ ਅਤੇ ਤੇਜਵਿੰਦਰ ਸਿੰਘ ਵੀ ਹਾਜ਼ਰ ਸਨ।



