ਯੁੱਧ ਨਸ਼ਿਆਂ ਵਿਰੁਧ ਦਾ 139ਵਾਂ ਦਿਨ: 8.6 ਕਿਲੋ ਹੈਰੋਇਨ ਸਮੇਤ 125 ਨਸ਼ਾ ਤਸਕਰ ਕਾਬੂ

— ‘ਨਸ਼ਾ ਛੁਡਾਉਣ’ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ 83 ਵਿਅਕਤੀਆਂ ਨੂੰ ਨਸ਼ਾ ਛੁਡਾਊ ਇਲਾਜ ਕਰਵਾਉਣ ਲਈ ਕੀਤਾ ਰਾਜ਼ੀ

ਚੰਡੀਗੜ੍ਹ, 18 ਜੁਲਾਈ:

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਵਿੱਢੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁਧ’ ਦੇ 139 ਦਿਨ ਪੰਜਾਬ ਪੁਲਿਸ ਨੇ 125 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 8.6 ਕਿਲੋਗ੍ਰਾਮ ਹੈਰੋਇਨ, 500 ਗ੍ਰਾਮ ਅਫੀਮ, 151 ਕਿਲੋ ਭੁੱਕੀ ਅਤੇ 11,980 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ। ਇਸ ਨਾਲ, ਸਿਰਫ਼ 139 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 22,533 ਹੋ ਗਈ ਹੈ।

ਇਹ ਕਾਰਵਾਈ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ’ਤੇ ਸੂਬੇ ਦੇ ਸਾਰੇ 28 ਪੁਲਿਸ ਜ਼ਿਲਿ੍ਹਆਂ ਵਿੱਚ ਇੱਕੋ ਸਮੇਂ ਕੀਤੀ ਗਈ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮੈਂਬਰੀ ਕੈਬਨਿਟ ਸਬ ਕਮੇਟੀ ਦਾ ਗਠਨ ਵੀ ਕੀਤਾ ਹੈ।

ਇਸ ਸਬੰਧੀ ਵੇਰਵੇ ਸਾਂਝੇ ਕਰਦਿਆਂ, ਵਿਸ਼ੇਸ਼ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਦੱਸਿਆ ਕਿ 81 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1300 ਤੋਂ ਵੱਧ ਪੁਲਿਸ ਮੁਲਾਜ਼ਮਾਂ ਵਾਲੀਆਂ 180 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ਵਿੱਚ 423 ਥਾਵਾਂ ’ਤੇ ਛਾਪੇਮਾਰੀ ਕੀਤੀ , ਜਿਸ ਦੌਰਾਨ ਰਾਜ ਭਰ ਵਿੱਚ 81 ਐਫਆਈਆਰਜ਼ ਦਰਜ ਕੀਤੀਆਂ ਗਈਆਂ ਹਨ। ਉਨ੍ਹਾਂ ਅੱਗੇ ਕਿਹਾ ਕਿ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 493 ਸ਼ੱਕੀ ਵਿਅਕਤੀਆਂ ਦੀ ਚੈਕਿੰਗ ਵੀ ਕੀਤੀ ।

ਸਪੈਸ਼ਲ ਡੀਜੀਪੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ – ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਨਸ਼ਨ (ਈਡੀਪੀ) – ਲਾਗੂ ਕਰਨ ਦੇ ਨਾਲ, ਪੰਜਾਬ ਪੁਲਿਸ ਨੇ ’ਨਸ਼ਾ ਛੁਡਾਉਣ’ ਦੇ ਹਿੱਸੇ ਵਜੋਂ ਅੱਜ 83 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

CATEGORIES
TAGS
Share This

COMMENTS

Wordpress (0)
Disqus ( )
Translate