ਵਿਜੀਲੈਂਸ ਬਿਊਰੋ ਵੱਲੋਂ ਆਰ.ਟੀ.ਏ. ਦਫਤਰ ਬਠਿੰਡਾ ‘ਚ ਵੱਡੇ ਘਪਲੇ ਦਾ ਪਰਦਾਫਾਸ਼
–
1,000 ਰੁਪਏ ਦੀ ਰਿਸ਼ਵਤ ਲੈਂਦਿਆਂ ਆਰ.ਟੀ.ਏ. ਦਾ ਲੇਖਾਕਾਰ, ਉਸ ਦਾ ਸਾਥੀ ਕਾਬੂ
ਬਠਿੰਡਾ, 9 ਮਈ : ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਮੰਗਲਵਾਰ ਨੂੰ ਰਿਜਨਲ ਟਰਾਂਸਪੋਰਟ ਅਥਾਰਟੀ (ਆਰ.ਟੀ.ਏ.) ਬਠਿੰਡਾ ਦੇ ਦਫ਼ਤਰ ਵਿੱਚ ਇੱਕ ਵੱਡੇ ਘਪਲੇ ਦਾ ਪਰਦਾਫਾਸ਼ ਕੀਤਾ ਹੈ ਜਿਸ ਵਿੱਚ ਵਪਾਰਕ ਵਾਹਨਾਂ ਦੇ ਦਸਤਾਵੇਜ ਲੈਣ ਅਤੇ ਪਾਸਿੰਗ ਨਾਲ ਸਬੰਧਤ ਫਾਈਲਾਂ ਨੂੰ ਮਨਜੂਰ ਕਰਨ ਲਈ ਏਜੰਟਾਂ ਤੇ ਲੋਕਾਂ ਤੋਂ ਲੱਖਾਂ ਰੁਪਏ ਦੀ ਵਸੂਲੀ ਕੀਤੀ ਜਾ ਰਹੀ ਸੀ।
ਇਸ ਸਬੰਧੀ ਵਿਜੀਲੈਂਸ ਬਿਊਰੋ ਨੇ ਆਰ.ਟੀ.ਏ. ਬਠਿੰਡਾ ਦੇ ਲੇਖਾਕਾਰ ਦਿਨੇਸ਼ ਕੁਮਾਰ ਅਤੇ ਉਸ ਦੇ ਪ੍ਰਾਈਵੇਟ ਸਾਥੀ ਰਾਜੂ ਸਿੰਘ ਰਾਜੀ ਨੂੰ 1,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀਆਂ ਨੂੰ ਹਰਪ੍ਰੀਤ ਸਿੰਘ ਵਾਸੀ ਬਠਿੰਡਾ ਦੀ ਸ਼ਿਕਾਇਤ 'ਤੇ ਗ੍ਰਿਫਤਾਰ ਕੀਤਾ ਗਿਆ ਹੈ। ਹੋਰ ਵੇਰਵੇ ਦਿੰਦਿਆਂ ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਪਰੋਕਤ ਮੁਲਜ਼ਮਾਂ ਨੇ ਆਰ.ਟੀ.ਏ. ਦਫ਼ਤਰ ਵਿੱਚ ਵੱਖ-ਵੱਖ ਵਾਹਨਾਂ ਨਾਲ ਸਬੰਧਤ ਫਾਈਲਾਂ/ਦਸਤਾਵੇਜ਼ਾਂ ਆਦਿ ਨੂੰ ਪ੍ਰਾਪਤ ਕਰਨ ਤੇ ਨਵਿਆਉਣ ਲਈ ਉਸ ਦੀਆਂ 10 ਫਾਈਲਾਂ ਨੂੰ ਕਲੀਅਰ ਜਾਂ ਐਂਡੋਰਸ ਕਰਨ ਲਈ 1,000 ਰੁਪਏ ਰਿਸ਼ਵਤ ਵਜੋਂ ਮੰਗੇ ਹਨ। ਸ਼ਿਕਾਇਤਕਰਤਾ ਨੇ ਅੱਗੇ ਦੱਸਿਆ ਕਿ ਆਰ.ਟੀ.ਏ. ਦਫ਼ਤਰ ਦੇ ਕਰਮਚਾਰੀ ਫਾਈਲਾਂ ਨੂੰ ਮਨਜ਼ੂਰੀ ਦੇਣ ਜਾਂ ਕਲੀਅਰ ਕਰਨ ਲਈ 100 ਰੁਪਏ ਪ੍ਰਤੀ ਫਾਈਲ ਦੀ ਮੰਗ ਕਰ ਰਹੇ ਹਨ ਅਤੇ ਇਸ ਦਫ਼ਤਰ ਵਿੱਚ ਆਮ ਲੋਕਾਂ ਅਤੇ ਵੱਖ-ਵੱਖ ਏਜੰਟਾਂ ਵੱਲੋਂ ਰੋਜ਼ਾਨਾ 100 ਦੇ ਕਰੀਬ ਫਾਈਲਾਂ ਜਮ੍ਹਾਂ ਕਰਵਾਈਆਂ ਜਾਂਦੀਆਂ ਹਨ ਅਤੇ ਇਸ ਤਰਾਂ ਉਹ ਮੋਟੀਆਂ ਰਿਸ਼ਵਤਾਂ ਦੀ ਵਸੂਲੀ ਕਰਦੇ ਹੋਏ ਹਰ ਮਹੀਨੇ ਦਸਤਾਵੇਜ਼ ਲੈਣ ਬਦਲੇ ਲੱਖਾਂ ਰੁਪਏ ਵਸੂਲ ਰਹੇ ਸਨ।
ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਬਠਿੰਡਾ ਰੇਂਜ ਤੋਂ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਹੈ ਅਤੇ ਉਕਤ ਦੋਵਾਂ ਮੁਲਜ਼ਮਾਂ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 1000 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ 'ਤੇ ਹੀ ਕਾਬੂ ਕਰ ਲਿਆ ਗਿਆ ਹੈ।
CATEGORIES ਮਾਲਵਾ