ਹੜ੍ਹਾਂ ਕਾਰਨ ਫ਼ਸਲਾਂ ਦੇ ਹੋਏ ਨੁਕਸਾਨ ਦਾ ਪੂਰਾ ਮੁਆਵਜਾ ਹਰ ਕਿਸਾਨ ਨੂੰ ਮਿਲੇਗਾ-ਹਰਦੀਪ ਸਿੰਘ ਮੁੰਡੀਆਂ

ਸਪੈਸ਼ਲ ਗਿਰਦਾਵਰੀ ਲਈ ਜ਼ਿਲ੍ਹਾ ਮਾਲ ਅਫ਼ਸਰ ਤੇ ਨਾਇਬ ਤਹਿਸੀਲਦਾਰ ਨਿਯੁਕਤ

ਪਿੰਡ ਆਹਲੀ ਕਲਾਂ, ਆਹਲੀ ਖੁਰਦ, ਬਾਊਪੁਰ ਤੇ ਸਾਂਗਰਾ ਦਾ ਦੌਰਾ ਕਰਕੇ ਪ੍ਰਭਾਵਿਤ ਪਰਿਵਾਰਾਂ ਦਾ ਹਾਲ-ਚਾਲ ਜਾਣਿਆ

ਸੁਲਤਾਨਪੁਰ ਲੋਧੀ , 27 ਅਗਵਾਈ : ਪੰਜਾਬ ਦੇ ਮਾਲ, ਮੁੜ ਵਸੇਬਾ ਤੇ ਆਫ਼ਤ ਪ੍ਰਬੰਧਨ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ ਅਨੁਸਾਰ ਪੰਜਾਬ ਸਰਕਾਰ ਹੜ੍ਹਾਂ ਕਾਰਨ ਫ਼ਸਲਾਂ ਦੇ ਹੋਏ ਨੁਕਸਾਨ ਦਾ ਹਰ ਕਿਸਾਨ ਨੂੰ ਪੂਰਾ ਮੁਆਵਜਾ ਦਿੱਤਾ ਜਾਵੇਗਾ ।

ਅੱਜ ਦੁਬਾਰਾ ਸੁਲਤਾਨਪੁਰ ਲੋਧੀ ਵਿਖੇ ਹੜ੍ਹ ਪੀੜਤਾਂ ਦੀ ਸਾਰ ਲੈਣ ਤੇ ਰਾਹਤ ਕੰਮਾਂ ਦੀ ਸਮੀਖਿਆ ਕਰਨ ਪੁੱਜੇ ਮਾਲ ਮੰਤਰੀ ਸ. ਮੁੰਡੀਆਂ ਨੇ ਕਿਹਾ ਕਿ ਇਹ ਕੁਦਰਤੀ ਆਫ਼ਤ ਹੈ ਤੇ ਪੰਜਾਬ ਸਰਕਾਰ ਇਸ ਸੰਕਟ ਦੀ ਘੜੀ ਵਿੱਚ ਲੋਕਾਂ ਦੇ ਨਾਲ ਖੜ੍ਹੀ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਪੈਸ਼ਲ ਗਿਰਦਾਵਰੀ ਦੇ ਹੁਕਮ ਪਹਿਲਾਂ ਹੀ ਜਾਰੀ ਕਰ ਦਿੱਤੇ ਗਏ ਹਨ ਅਤੇ ਇਸ ਕੰਮ ਨੂੰ ਜਲਦ ਨੇਪਰੇ ਚਾੜ੍ਹਨ ਲਈ ਜ਼ਿਲ੍ਹਾ ਮਾਲ ਅਫ਼ਸਰ ਅਤੇ ਨਾਇਬ ਤਹਿਸੀਲਦਾਰ ਵਿਸ਼ੇਸ਼ ਤੌਰ ’ਤੇ ਤਾਇਨਾਤ ਕੀਤੇ ਗਏ ਹਨ। ਇਹ ਨਾਇਬ ਤਹਿਸੀਲਦਾਰ ਕੇਵਲ ਸਪੈਸ਼ਲ ਗਿਰਦਾਵਰੀ ਦਾ ਕੰਮ ਹੀ ਦੇਖਣਗੇ ।

ਉਨ੍ਹਾਂ ਕਿਹਾ ਕਿ ਪਾਣੀ ਘੱਟਦੇ ਸਾਰ ਸਪੈਸ਼ਲ ਗਿਰਦਾਵਰੀ ਕਰਵਾ ਕੇ ਕਿਸਾਨਾਂ ਨੂੰ ਬਣਦਾ ਮੁਆਵਜ਼ਾ ਨਾਲ ਦੀ ਨਾਲ ਪ੍ਰਦਾਨ ਕੀਤਾ ਜਾਵੇਗਾ।

ਸ. ਮੁੰਡੀਆਂ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੇ ਜਾਨ-ਮਾਲ ਦੀ ਰਾਖੀ ਲਈ ਹਰ ਸੰਭਵ ਯਤਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਪਾਣੀ ਦੀ ਮਾਰ ਹੇਠ ਆਏ ਇਲਾਕਿਆਂ ਵਿੱਚ ਲੋਕਾਂ ਨੂੰ ਰਾਹਤ ਪਹੁੰਚਾਉਣ ਅਤੇ ਹਾਲਾਤ ਨਾਲ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਣ ਲਈ ਬਾਕਾਇਦਾ ਮੰਤਰੀਆਂ ਦੇ ਸਮੂਹਾਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ।

ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਹਰੇਕ ਹੜ੍ਹ ਪ੍ਰਭਾਵਿਤ ਪਿੰਡ ਨੂੰ ਕਿਸ਼ਤੀ ਦਿੱਤੀ ਜਾ ਰਹੀ ਹੈ ਤਾਂ ਜੋ ਪਾਣੀ ’ਚ ਘਿਰੇ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਈ ਜਾ ਸਕੇ।

ਕੈਬਨਿਟ ਮੰਤਰੀ ਵੱਲੋਂ ਪਿੰਡ ਆਹਲੀ ਕਲਾਂ, ਆਹਲੀ ਖੁਰਦ ਅਤੇ ਬਾਊਪੁਰ ਦਾ ਦੌਰਾ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਆਹਲੀ ਕਲਾਂ ਦੇ ਲੋਕਾਂ ਨਾਲ ਵੀ ਗੱਲਬਾਤ ਕੀਤੀ, ਜਿੱਥੇ ਬੀਤੇ ਕੱਲ੍ਹ ਆਰਜ਼ੀ ਬੰਨ੍ਹ ਟੁੱਟਣ ਕਾਰਨ ਹਜ਼ਾਰਾਂ ਏਕੜ ਫਸਲ ਪਾਣੀ ਦੀ ਮਾਰ ਹੇਠ ਆ ਗਈ ਹੈ ।

ਆਹਲੀ ਕਲਾਂ ਦੇ ਲੋਕਾਂ ਨੇ ਕੈਬਨਿਟ ਮੰਤਰੀ ਨੂੰ ਆਰਜ਼ੀ ਬੰਨ੍ਹ ਟੁੱਟਣ ਕਾਰਨ ਹੋ ਰਹੇ ਨੁਕਸਾਨ ਬਾਰੇ ਜਾਣੂੰ ਕਰਵਾਇਆ ਅਤੇ ਪੰਚਾਇਤ ਵੱਲੋਂ ਮੰਤਰੀ ਨੂੰ ਮੰਗ ਪੱਤਰ ਵੀ ਸੌਂਪਿਆ ਗਿਆ।

ਇਸ ਦੌਰਾਨ ਕੈਬਨਿਟ ਮੰਤਰੀ ਹੜ੍ਹ ਪੀੜਤਾਂ ਦੀ ਸਾਰ ਲੈਣ ਲਈ ਕਿਸ਼ਤੀ ਰਾਹੀਂ ਪਿੰਡ ਸਾਂਗਰੇ ਵੀ ਪਹੁੰਚੇ, ਜਿਥੇ ਉਨ੍ਹਾਂ ਹੜ੍ਹ ਪ੍ਰਭਾਵਿਤ ਪਰਿਵਾਰਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਦਾ ਹਾਲ-ਚਾਲ ਜਾਣਿਆ ਅਤੇ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਦੀ ਵੰਡ ਕੀਤੀ।

ਉਨ੍ਹਾਂ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਇਸ ਔਖੀ ਘੜੀ ਵਿੱਚ ਪੰਜਾਬ ਸਰਕਾਰ ਉਨ੍ਹਾਂ ਨੂੰ ਇਕੱਲਾ ਨਹੀਂ ਛੱਡੇਗੀ ਅਤੇ ਹਰ ਸੰਭਵ ਸਹਾਇਤਾ ਉਨ੍ਹਾਂ ਤੱਕ ਪੁੱਜਦੀ ਕੀਤੀ ਜਾਵੇਗੀ।

ਕੈਬਨਿਟ ਮੰਤਰੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਪਾਣੀ ਦੇ ਵਧੇ ਪੱਧਰ ਕਰਕੇ ਮੰਡ ਖੇਤਰ ਦੇ ਨੀਵੇਂ ਇਲਾਕਿਆਂ ਦੇ ਲੋਕ ਸੁਰੱਖਿਅਤ ਥਾਵਾਂ ਤੇ ਆ ਜਾਣ । ਉਨ੍ਹਾਂ ਕਿਹਾ ਕਿ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਹੜ੍ਹ ਕੰਟਰੋਲ ਰੂਮ ਸਥਾਪਤ ਕੀਤੇ ਗਏ ਹਨ।

ਇਸ ਤੋਂ ਇਲਾਵਾ ਹੜ੍ਹਾਂ ਦੀ ਮਾਰ ਹੇਠ ਆਏ ਪਰਿਵਾਰਾਂ ਨੂੰ ਰਾਸ਼ਨ, ਦਵਾਈਆਂ, ਪਸ਼ੂਆਂ ਲਈ ਚਾਰਾ ਆਦਿ ਪਹੁੰਚਾਇਆ ਜਾ ਰਿਹਾ ਹੈ ਤਾਂ ਜੋ ਇਸ ਕੁਦਰਤੀ ਆਫ਼ਤ ਦੌਰਾਨ ਉਨ੍ਹਾਂ ਨੂੰ ਰਾਹਤ ਪਹੁੰਚਾਈ ਜਾ ਸਕੇ।

ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਵੱਲੋਂ ਰਾਜ ਸਭਾ ਮੈਂਬਰ ਸੰਤ ਬਾਬਾ ਬਲਬੀਰ ਸਿੰਘ ਸੀਚੇਵਾਲ, ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਤੇ ਸੁਲਤਾਨਪੁਰ ਲੋਧੀ ਦੇ ਹਲਕਾ ਇੰਚਾਰਜ ਸੱਜਣ ਸਿੰਘ ਚੀਮਾ, ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ , ਹਲਕਾ ਇੰਚਾਰਜ ਕਪੂਰਥਲਾ ਐਡਵੋਕੇਟ ਕਰਮਬੀਰ ਸਿੰਘ ਚੰਦੀ , ਐਸ ਐਸ ਪੀ ਗੌਰਵ ਤੂਰਾ , ਵਧੀਕ ਡਿਪਟੀ ਕਮਿਸ਼ਨਰ ਨਵਨੀਤ ਕੌਰ ਬੱਲ, ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਪਰਸਨ ਸਰਬਜੀਤ ਸਿੰਘ ਲੁਬਾਣਾ , ਜ਼ਿਲ੍ਹਾ ਮੀਡੀਆ ਇੰਚਾਰਜ ਇੰਦਰਜੀਤ ਸਿੰਘ ਜੁਗਨੂੰ ਤੇ ਹੋਰਨਾਂ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਹੜ੍ਹ ਵਿੱਚ ਰਾਹਤ ਕੰਮਾਂ ਦੀ ਸਮੀਖਿਆ ਕੀਤੀ ।

ਉਨ੍ਹਾਂ ਕਿਹਾ ਕਿ ਰਾਹਤ ਕਾਰਜ ਜੰਗੀ ਪੱਧਰ ’ਤੇ ਚਲਾਏ ਜਾਣ ਤਾਂ ਜੋ ਲੋਕਾਂ ਨੂੰ ਰਾਸ਼ਨ, ਪੀਣ ਵਾਲਾ ਪਾਣੀ , ਦਵਾਈਆਂ ਆਦਿ ਦੀ ਕਿਸੇ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।

CATEGORIES
Share This

COMMENTS

Wordpress (0)
Disqus (0 )
Translate