ਸਕੂਲ ਆਫ਼ ਐਮੀਨੈਂਸ ਵਿਦਿਆਰਥੀਆਂ ਨੂੰ ਨਵੀਆਂ ਰਾਹਾਂ ਤੇ ਤੁਰਨ ਤੇ ਸਮਰੱਥ ਬਣਾਉਣਗੇ -ਸਵਨਾ
ਫ਼ਾਜ਼ਿਲਕਾ ਬਲਰਾਜ ਸਿੰਘ ਸਿੱਧੂ
ਹਲਕਾ ਫ਼ਾਜ਼ਿਲਕਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਕਿਹਾ ਕਿ ਸਕੂਲ ਆਫ਼ ਐਮੀਨੈਂਸ ਵਿਦਿਆਰਥੀਆਂ ਨੂੰ ਨਵੀਆਂ ਰਾਹਾਂ ਤੇ ਤੁਰਨ ਦੇ ਸਮਰੱਥ ਬਣਾਵੇਗਾ। ਉਹ ਬੀਤੇ ਕੱਲ੍ਹ ਫ਼ਾਜ਼ਿਲਕਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਲੜਕੇ ਵਿਖੇ ਸਕੂਲ ਆਫ਼ ਐਮੀਨੈਂਸ ਦੇ ਕਲਾਸ ਰੂਮਜ਼ ਦੀ ਸ਼ੁਰੂਆਤ ਕਰਨ ਮੌਕੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦਾ ਸੁਪਨਾ ਹੈ ਕਿ ਸਿੱਖਿਆ ਦੇ ਪੱਧਰ ਵਿਚ ਗੁਣਾਤਾਮਕ ਸੁਧਾਰ ਕੀਤੇ ਜਾਣ ਤਾਂ ਕਿ ਪਿੰਡਾਂ ਅਤੇ ਸ਼ਹਿਰਾਂ ਦੇ ਅਗਾਂਹਵਧੂ ਸੋਚ ਵਾਲੇ ਵਿਦਿਆਰਥੀ ਸਮੇਂ ਦੇ ਹਾਣ ਦੀ ਸਿੱਖਿਆ ਹਾਸਲ ਕਰ ਸਕਣ। ਉਨ੍ਹਾਂ ਇਸ ਮੌਕੇ ਵਿਦਿਆਰਥੀਆਂ ਦੇ ਰੂਬਰੂ ਹੁੰਦਿਆਂ ਵਿਦਿਆਰਥੀਆਂ ਤੋਂ ਉਨ੍ਹਾਂ ਦੇ ਸੁਪਨਿਆਂ ਬਾਰੇ ਪੁੱਛਿਆ। ਇਸ ਮੌਕੇ ਉਨ੍ਹਾਂ ਵਿਦਿਆਰਥੀਆਂ ਨੂੰ ਕਿਤਾਬਾਂ ਦੀ ਵੰਡ ਕੀਤੀ ਅਤੇ ਚੰਗੀ ਸਿੱਖਿਆ ਹਾਸਲ ਕਰਕੇ ਚੰਗੇ ਇਨਸਾਨ ਬਣਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਡਾ. ਸੁਖਬੀਰ ਸਿੰਘ ਬੱਲ੍ਹ ਅਤੇ ਸਕੂਲ ਪ੍ਰਿੰਸੀਪਲ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਹਾਜ਼ਰ ਸਨ।