ਕੇਂਦਰ 60 ਹਜ਼ਾਰ ਕਰੋੜ ਰੁਪਏ ਦੇ ਰੋਕੇ ਹੋਏ ਫੰਡ ਤਰੁੰਤ ਜਾਰੀ ਕਰੇ-ਅਮਨ ਅਰੋੜਾ
ਹੜ੍ਹਾਂ ਦੇ ਮੁਆਵਜ਼ੇ ਵਿੱਚ ਵੀ 3 ਗੁਣਾ ਵਾਧੇ ਦੀ ਮੰਗ ਕੀਤੀ
ਫੋਟੋਆਂ ਖਿੱਚਣ ਦੀ ਬਜਾਏ ਸੂਬੇ ਲਈ ਵਿਸ਼ੇਸ਼ ਪੈਕੇਜ ਯਕੀਨੀ ਬਣਾਏ ਭਾਜਪਾ ਦੀ ਪੰਜਾਬ ਲੀਡਰਸ਼ਿਪ
ਆਪ’ ਸੂਬਾ ਪ੍ਰਧਾਨ ਅਰੋੜਾ ਨੇ ਹੜ੍ਹਾਂ ਕਾਰਨ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਲਈ ਅਜਨਾਲਾ ਅਤੇ ਰਾਮਦਾਸ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਵੀ ਦੌਰਾ ਕੀਤਾ
ਅੰਮ੍ਰਿਤਸਰ, 31 ਅਗਸਤ:
ਅੰਮ੍ਰਿਤਸਰ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਨ ਤੋਂ ਬਾਅਦ, ਪੰਜਾਬ ਦੇ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਸ੍ਰੀ ਅਮਨ ਅਰੋੜਾ ਨੇ ਅੱਜ ਕੇਂਦਰ ਸਰਕਾਰ ਨੂੰ 60,000 ਕਰੋੜ ਰੁਪਏ ਦੇ ਰੁਕੇ ਹੋਏ ਫੰਡ ਤੁਰੰਤ ਜਾਰੀ ਕਰਨ ਦੀ ਅਪੀਲ ਅਤੇ ਸੂਬੇ ਵਿੱਚ ਹੜ੍ਹ ਪੀੜਤਾਂ ਲਈ ਮੁਆਵਜ਼ਾ ਰਾਸ਼ੀ ਤਿੰਨ ਗੁਣਾ ਵਾਧਾ ਕਰਨ ਦੀ ਮੰਗ ਵੀ ਕੀਤੀ।
ਉਹ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ, ਵਿਧਾਇਕ ਸ. ਕੁਲਦੀਪ ਸਿੰਘ ਧਾਲੀਵਾਲ ਅਤੇ ਲੋਕ ਸਭਾ ਇੰਚਾਰਜ ਸ੍ਰੀ ਜਸਕਰਨ ਸਿੰਘ ਬਦੇਸ਼ਾ ਨਾਲ ਐਤਵਾਰ ਨੂੰ ਅਜਨਾਲਾ ਅਤੇ ਰਾਮਦਾਸ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਨ ਤੋਂ ਬਾਅਦ ਅੰਮ੍ਰਿਤਸਰ ਦੇ ਸਰਕਟ ਹਾਊਸ ਵਿਖੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰ ਰਹੇ ਸਨ।
ਉਨ੍ਹਾਂ ਹੜ੍ਹਾਂ ਕਾਰਨ ਹੋਏ ਨੁਕਸਾਨ ਦਾ ਜਾਇਜ਼ਾ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੇ ਗਏ ਰਾਹਤ ਕਾਰਜਾਂ ਦਾ ਨਿਰੀਖਣ ਕੀਤਾ। ਉਨ੍ਹਾਂ ਹੜ੍ਹਾਂ ਤੋਂ ਪ੍ਰਭਾਵਿਤ ਲੋਕਾਂ ਦੀ ਸਹਾਇਤਾ ਲਈ ਤੁਰੰਤ ਕਾਰਵਾਈ ਦੀ ਜ਼ਰੂਰਤ ‘ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ, ਉਨ੍ਹਾਂ ਦੇ ਜਾਨਵਰਾਂ ਅਤੇ ਸਮਾਨ ਨੂੰ ਬਚਾਉਣ ਅਤੇ ਭੋਜਨ ਤੇ ਦਵਾਈ ਵਰਗੀਆਂ ਜ਼ਰੂਰੀ ਸਪਲਾਈਆਂ ਪ੍ਰਦਾਨ ਕਰਨ ਲਈ ਨਿਰੰਤਰ ਕੰਮ ਕਰ ਰਹੀ ਹੈ।
ਗੰਭੀਰ ਸਥਿਤੀ ਨੂੰ ਉਜਾਗਰ ਕਰਦੇ ਹੋਏ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਲਗਭਗ 3 ਲੱਖ ਏਕੜ ਖੇਤੀਯੋਗ ਜ਼ਮੀਨ, ਮੁੱਖ ਤੌਰ ‘ਤੇ ਝੋਨੇ ਦੇ ਖੇਤ ਹੜ੍ਹ ਦੇ ਪਾਣੀ ਹੇਠ ਡੁੱਬੇ ਹੋਏ ਹਨ, ਜਿਸ ਕਾਰਨ ਵਾਢੀ ਤੋਂ ਕੁਝ ਹਫ਼ਤੇ ਪਹਿਲਾਂ ਹੀ ਭਾਰੀ ਫ਼ਸਲ ਦਾ ਨੁਕਸਾਨ ਹੋਇਆ ਹੈ। ਇਸ ਤੋਂ ਇਲਾਵਾ ਪਸ਼ੂਆਂ ਦਾ ਵਿਆਪਕ ਨੁਕਸਾਨ ਹੋਇਆ ਹੈ ਜੋ ਆਪਣੀ ਰੋਜ਼ੀ-ਰੋਟੀ ਲਈ ਡੇਅਰੀ ਅਤੇ ਪਸ਼ੂ ਪਾਲਣ ‘ਤੇ ਬਹੁਤ ਜ਼ਿਆਦਾ ਨਿਰਭਰ ਕਰਦੇ ਹਨ। ਇਸ ਤੋਂ ਇਲਾਵਾ ਹਜ਼ਾਰਾਂ ਘਰ ਢਹਿ ਗਏ ਹਨ।
ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ‘ਤੇ ਤਿੱਖਾ ਹਮਲਾ ਕਰਦਿਆਂ ਸ੍ਰੀ ਅਮਨ ਅਰੋੜਾ ਨੇ ਕੇਂਦਰ ਸਰਕਾਰ ‘ਤੇ ਪੰਜਾਬ ਨਾਲ ਮਤਰੇਈ ਮਾਂ ਵਾਲਾ ਸਲੂਕ ਕਰਨ ਦਾ ਦੋਸ਼ ਲਗਾਇਆ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਕੇਂਦਰ ਨੂੰ ਪੰਜਾਬ ਲਈ ਤੁਰੰਤ ਸਹਾਇਤਾ ਪ੍ਰਦਾਨ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਪੰਜਾਬ ਵਿੱਚ 828 ਕਰੋੜ ਰੁਪਏ ਦੇ ਪ੍ਰਧਾਨ ਮੰਤਰੀ ਗ੍ਰਾਮ ਸੜਕ ਯੋਜਨਾ (PMGSY) ਪ੍ਰੋਜੈਕਟਾਂ ਨੂੰ ਰੱਦ ਕਰ ਦਿੱਤਾ ਹੈ, ਜਿਸ ਨਾਲ ਲੰਬੇ ਸਮੇਂ ਵਿੱਚ ਰਾਜ ਦੇ ਪੇਂਡੂ ਸੰਪਰਕ ‘ਤੇ ਮਾੜਾ ਪ੍ਰਭਾਵ ਪਵੇਗਾ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਪਹਿਲਾਂ ਹੀ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਉਨ੍ਹਾਂ ਨੂੰ ਦਖਲ ਦੇਣ ਅਤੇ ਹੜ੍ਹ ਪ੍ਰਭਾਵਿਤ ਪਰਿਵਾਰਾਂ ਦੀ ਸਹਾਇਤਾ ਲਈ ਫੰਡ ਜਾਰੀ ਕਰਨ ਦੀ ਅਪੀਲ ਕਰ ਚੁੱਕੇ ਹਨ।
ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਹੜ੍ਹ ਪੀੜਤਾਂ ਲਈ ਮੌਜੂਦਾ ਮੁਆਵਜ਼ਾ ਨਾਕਾਫ਼ੀ ਹੈ, ਫਸਲਾਂ ਦੇ ਨੁਕਸਾਨ ਲਈ ਪ੍ਰਤੀ ਏਕੜ 6,800 ਰੁਪਏ ਦਾ ਹਵਾਲਾ ਦਿੰਦੇ ਹੋਏ, ਇੰਨੀ ਛੋਟੀ ਰਕਮ ਦਾ ਭੁਗਤਾਨ ਕਰਨਾ “ਅੰਨਦਾਤਾ” ਨਾਲ ਇੱਕ ਕਰੂਰ ਮਜ਼ਾਕ ਹੋਵੇਗਾ, ਨੁਕਸਾਨੇ ਗਏ ਘਰਾਂ ਲਈ 1.20 ਲੱਖ ਰੁਪਏ ਅਤੇ ਮੌਤ ਦੀ ਸੂਰਤ ਵਿੱਚ 4 ਲੱਖ ਰੁਪਏ ਵੀ ਬਹੁਤ ਘੱਟ ਹਨ। ਉਨ੍ਹਾਂ ਮੰਗ ਕੀਤੀ ਕਿ ਕਿਸਾਨਾਂ ਨੂੰ ਘੱਟੋ-ਘੱਟ 50,000 ਰੁਪਏ ਪ੍ਰਤੀ ਏਕੜ ਮੁਆਵਜ਼ਾ ਦਿੱਤਾ ਜਾਵੇ ਅਤੇ ਪ੍ਰਭਾਵਿਤ ਪਰਿਵਾਰਾਂ ਨੂੰ ਲੋੜੀਂਦੀ ਰਾਹਤ ਯਕੀਨੀ ਬਣਾਉਣ ਲਈ ਹੋਰ ਨੁਕਸਾਨਾਂ ਦਾ ਮੁਆਵਜ਼ਾ ਵੀ ਵਧਾਇਆ ਜਾਵੇ।
ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਜੀਐਸਟੀ ਸ਼ਾਸਨ ਲਾਗੂ ਹੋਣ ਕਾਰਨ ਪੰਜਾਬ ਨੂੰ ਪਿਛਲੇ ਸਾਲਾਂ ਵਿੱਚ ਲਗਭਗ 50,000 ਕਰੋੜ ਰੁਪਏ ਦਾ ਵੱਡਾ ਮਾਲੀਆ ਨੁਕਸਾਨ ਹੋਇਆ ਹੈ ਅਤੇ ਪੇਂਡੂ ਵਿਕਾਸ ਫੰਡ (ਆਰਡੀਐਫ) ਅਤੇ ਮਾਰਕੀਟ ਵਿਕਾਸ ਫੰਡ (ਐਮਡੀਐਫ) ਵਿੱਚ 8,000 ਕਰੋੜ ਰੁਪਏ ਰੋਕੇ ਗਏ ਹਨ। ਉਨ੍ਹਾਂ ਅੱਗੇ ਕਿਹਾ ਕਿ ਇਨ੍ਹਾਂ ਤੱਥਾਂ ਦੇ ਬਾਵਜੂਦ, ਕੇਂਦਰ ਸਰਕਾਰ ਨੇ ਸੂਬੇ ਲਈ ਕੋਈ ਮੁਆਵਜ਼ਾ ਜਾਂ ਵਿਸ਼ੇਸ਼ ਪੈਕੇਜ ਨਹੀਂ ਦਿੱਤਾ ਹੈ।
ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਦੀ ਭਾਜਪਾ ਲੀਡਰਸ਼ਿਪ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਫੋਟੋਗ੍ਰਾਫੀ ਕਰਨ ਦੀ ਬਜਾਏ ਸੂਬੇ ਲਈ ਇੱਕ ਵਿਸ਼ੇਸ਼ ਪੈਕੇਜ ਪ੍ਰਾਪਤ ਕਰਨ ਲਈ ਕੇਂਦਰ ਸਰਕਾਰ ਉੱਤੇ ਜ਼ੋਰ ਪਾਵੇ। ਸ੍ਰੀ ਅਰੋੜਾ ਨੇ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਕਿ ਕੇਂਦਰ ਸਰਕਾਰ ਇਸ ਲੋੜ ਦੀ ਘੜੀ ਪੰਜਾਬ ਦੀ ਸਹਾਇਤਾ ਲਈ ਠੋਸ ਕਦਮ ਚੁੱਕੇ।



