ਬਾਰਿਸ਼ਾਂ ਦੇ ਮੌਸਮ ਦੌਰਾਨ ਘਰਾਂ ਵਿੱਚ ਅਤੇ ਆਲੇ ਦੁਆਲੇ ਮੱਛਰਾਂ ਦੀ ਪੈਦਾਇਸ਼ ਰੋਕਣ ਲਈ ਕੀਤੇ ਜਾਣ ਯੋਗ ਉਪਰਾਲੇ – ਸਿਵਲ ਸਰਜਨ

ਜਿਲ੍ਹੇ ਵਿਚ ਡੇਂਗੂ ਦੀ ਦਸਤਕ, 6 ਕੇਸ ਹੋਏ ਰਿਪੋਰਟ


ਸ੍ਰੀ ਮੁਕਤਸਰ ਸਾਹਿਬ 22 ਮਈ

ਪੰਜਾਬ ਸਰਕਾਰ ਲੋਕਾਂ ਨੂੰ ਤੰਦਰੁਸਤ ਰੱਖਣ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ ।ਇਸ ਸਬੰਧ ਵਿਚ ਸਿਹਤ ਵਿਭਾਗ ਵੱਲੋਂ ਡਾ ਰੰਜੂ ਸਿੰਗਲਾ ਸਿਵਲ ਸਰਜਨ ਸ੍ਰੀ ਮੁਕਤਸਰ ਸਾਹਿਬ ਅਤੇ ਦੁਪਿੰਦਰ ਕੁਮਾਰ ਜਿਲ੍ਹਾ ਸਿਹਤ ਅਫਸਰ ਦੀ ਯੋਗ ਅਗਵਾਈ ਵਿੱਚ ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਅੰਦਰ ਡੇਂਗੂ ਅਤੇ ਮਲੇਰੀਆ ਵਿਰੋਧੀ ਗਤੀਵਿਧੀਆਂ ਅਤੇ ਜਾਗਰੂਕਤਾ ਗਤੀਵਿਧੀਆਂ ਲਗਾਤਾਰ ਕੀਤੀਆਂ ਜਾ ਰਹੀਆਂ ਹਨ।ਡਾ. ਰੰਜੂ ਸਿੰਗਲਾ ਨੇ ਦੱਸਿਆ ਕਿ ਜਿਲ੍ਹੇ ਵਿਚ ਡੇਂਗੂ ਦੇ ਕੇਸ ਰਿਪੋਰਟ ਹੋਣੇ ਸ਼ੁਰੂ ਹੋ ਗਏ ਹਨ ਅਤੇ ਹੁਣ ਤੱਕ ਜਿਲ੍ਹੇ ਵਿਚ 6 ਕੇਸ ਰਿਪੋਰਟ ਹੋ ਚੁੱਕੇ ਹਨ ।ਉਨ੍ਹਾਂ ਦੱਸਿਆ ਕਿ ਬਾਰਿਸ਼ਾਂ ਦੇ ਮੌਸਮ ਵਿੱਚ ਮਲੇਰੀਆ ਅਤੇ ਡੇਂਗੂ ਫੈਲਾਉਣ ਵਾਲਾ ਮੱਛਰ ਪੈਦਾ ਹੋ ਸਕਦੇ ਹੈ ਅਤੇ ਬਿਮਾਰੀਆਂ ਫੈਲਾ ਸਕਦੇ ਹਨ, ਇਸ ਲਈ ਜਰੂਰੀ ਹੈ ਕਿ ਆਪਣੇ ਘਰਾਂ ਅਤੇ ਆਪਣੇ ਆਲੇ ਦੁਆਲੇ ਇੱਕ ਹਫਤੇ ਤੋਂ ਵੱਧ ਪਾਣੀ ਇਕੱਠਾ ਨਾ ਹੋਣ ਦਿੱਤਾ ਜਾਵੇ ਅਤੇ ਜੇਕਰ ਪਾਣੀ ਖੜਾ ਹੈ ਤਾਂ ਉਸ ਵਿੱਚ ਕਾਲਾ ਤੇਲ ਜਾਂ ਲਾਰਵਾ ਵਿਰੋਧੀ ਦਵਾਈ ਦਾ ਛਿੜਕਾਅ ਹਰ ਹਫਤੇ ਕੀਤਾ ਜਾਵੇ।
ਉਨ੍ਹਾਂ ਕਿਹਾ ਕਿ ਡੇਂਗੂ ਅਤੇ ਮਲੇਰੀਆਂ ਤੋਂ ਡਰਣ ਦੀ ਲੋੜ ਨਹੀਂ, ਬਲਕਿ ਇਸ ਤੋਂ ਬਚਣ ਲਈ ਕੁਝ ਸਾਵਧਾਨੀਆਂ ਵਰਤਣ ਦੀ ਜਰੂਰਤ ਹੈ। ਡੇਂਗੂ ਬੁਖਾਰ ਏਡੀਜ਼ ਅਜੈਪਟੀ ਨਾਂ ਦੇ ਮੱਛਰ ਦੇ ਕੱਟਣ ਨਾਲ ਫੈਲਦਾ ਹੈ। ਇਹ ਮੱਛਰ ਦਿਨ ਵੇਲੇ ਕੱਟਦਾ ਹੈ ਅਤੇ ਸਾਫ਼ ਪਾਣੀ ਵਿੱਚ ਪੈਦਾ ਹੁੰਦਾ ਹੈ। ਇਸ ਲਈ ਸਾਰਿਆਂ ਨੂੰ ਮੱਛਰ ਪੈਦਾ ਹੋਣ ਵਾਲੇ ਸੋਮਿਆਂ ਨੂੰ ਨਸ਼ਟ ਕਰਨਾ ਚਾਹੀਦਾ ਹੈ। ਘਰਾਂ ਵਿੱਚ ਵਾਧੂ ਪਏ ਬਰਤਨ ਜਿਵੇਂ ਟਾਇਰ, ਟੁੱਟੇ ਘੜੇ ਅਤੇ ਗਮਲੇ ਵਿੱਚ ਪਾਣੀ ਖੜਣ ਨਹੀਂ ਦੇਣਾ ਚਾਹੀਦਾ। ਕੂਲਰਾਂ ਨੂੰ ਹਫ਼ਤੇ ਦੇ ਹਰੇਕ ਸ਼ੁਕਰਵਾਰ ਸਾਫ਼ ਕਰਕੇ ਸੁਕਾ ਕੇ ਦੁਬਾਰਾ  ਵਰਤੋ, ਮੱਛਰਦਾਨੀਆਂ ਦੀ ਵਰਤੋਂ ਕਰੋ, ਮੱਛਰ ਭਜਾਉਣ ਵਾਲੀਆਂ ਕਰੀਮਾਂ ਵਰਤੋਂ, ਸਾਰੇ ਸਰੀਰ ਨੂੰ ਢੱਕਦੇ ਕੱਪੜੇ ਪਾਓ, ਘਰਾਂ ਦੇ ਆਲੇ ਦੁਆਲੇ ਪਾਣੀ ਨਾ ਖੜ੍ਹਾ ਹੋਣ ਦਿਓ, ਘਰ ਵਿੱਚ ਪਾਣੀ ਵਾਲੀਆਂ ਟੈਂਕੀਆਂ ਨੂੰ ਢੱਕ ਕੇ ਰੱਖੋ।ਉਨ੍ਹਾ ਕਿਹਾ ਕਿ ਗਰਮੀ ਦੇ ਮੌਸਮ ਵਿਚ ਤਰਲ ਪਦਾਰਥ ਜਿਆਦਾ ਪੀਣੇ ਚਾਹੀਦੇ ਹਨ ਜਿਵੇਂ ਕਿ ਨਿੰਬੂ ਪਾਣੀ, ਓ.ਆਰ.ਐਸ., ਲੱਸੀ ਅਤੇ ਸਾਦਾ ਪਾਣੀ ਆਦਿ, ਇਸ ਨਾਲ ਸਾਡੇ ਸਰੀਰ ਦੀ ਬੀਮਾਰੀਆਂ ਨਾਲ ਲੜਣ ਦੀ ਸ਼ਕਤੀ ਬਣੀ ਰਹਿੰਦੀ ਹੈ ਅਤੇ ਅਸੀਂ ਘੱਟ ਬੀਮਾਰ ਹੁੰਦੇ ਹਾਂ ਅਤੇ ਸਰੀਰ ਵਿਚ ਪਾਣੀ ਕਮੀ ਨਹੀ ਆਉਂਦੀ।ਉਨ੍ਹਾ ਦੱਸਿਆਂ ਕਿ ਇਸ ਸਬੰਧ ਵਿੱਚ ਅੱਜ ਸ਼ਹਿਰੀ ਖੇਤਰ ਸ਼੍ਰੀ ਮੁਕਤਸਰ ਸਾਹਿਬ ਦੇ ਕੋਟਕਪੁਰਾ ਰੋਡ, ਦਫਤਰ ਬਿਜਲੀ ਬੋਰਡ, ਬਿਜਲੀ ਬੋਰਡ ਕਲੋਨੀ, ਸਰਕਾਰੀ ਅਤੇ ਪ੍ਰਾਇਵੇਟ ਅਦਾਰਿਆਂ ਵਿਚ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਖੜੇ ਪਾਣੀ ਵਿੱਚ ਲਾਰਵਾ ਵਿਰੋਧੀ ਸਪਰੇਅ ਕੀਤੀ ਗਈ ਅਤੇ ਲੋਕਾਂ ਨੂੰ ਆਪਣੇ ਘਰਾਂ ਵਿੱਚ ਪਾਣੀ ਸੱਤ ਦਿਨਾਂ ਤੋਂ ਵੱਧ ਸਟੋਰ ਨਾ ਕਰਨ ਸਬੰਧੀ ਜਾਣਕਾਰੀ ਦਿੱਤੀ ਗਈ ਅਤੇ ਪਾਣੀ ਦੀਆਂ ਟੈਂਕੀਆਂ ਚੰਗੀ ਤਰ੍ਹਾਂ ਢੱਕ ਕੇ ਰੱਖਣ ਲਈ ਕਿਹਾ ਗਿਆ। ਘਰਾਂ ਵਿੱਚ ਖੜੇ ਪਾਣੀ ਵਿੱਚ ਪੈਦਾ ਹੋ ਰਹੇ ਮੱਛਰਾਂ ਦੇ ਲਾਰਵੇ ਮੌਕੇ ਤੇ ਨਸ਼ਟ ਕਰਵਾਏ ਗਏ।
 ਇਸ ਮੌਕੇ ਭਗਵਾਨ ਦਾਸ ਅਤੇ ਲਾਲ ਚੰਦ ਹੈਲਥ ਇੰਨਸਪੈਕਟਰ ਨੇ ਕਿਹਾ ਕਿ ਜੇਕਰ ਕਿਸੇ ਵਿਅਕਤੀ ਨੂੰ ਇਸ ਸਬੰਧੀ ਕੋਈ ਲੱਛਣ ਜਿਵੇਂ ਤੇਜ ਬੁਖਾਰ ਹੋਣਾ, ਸਿਰ ਅੱਖਾਂ ਜੋੜਾਂ ਅਤੇ ਸਰੀਰ ਵਿੱਚ ਦਰਦ, ਭੁੱਖ ਘੱਟ ਲੱਗਣਾ ਆਦਿ ਲੱਛਣ ਆਉਣ ਤਾਂ ਨੇੜੇ ਦੀ ਸਿਹਤ ਸੰਸਥਾ ਵਿੱਚ ਮਾਹਿਰ ਡਾਕਟਰ ਨਾਲ ਸੰਪਰਕ ਕੀਤਾ ਜਾਵੇ ਅਤੇ ਡੇਂਗੂ ਦਾ ਟੈਸਟ ਜਰੂਰ ਕਰਵਾਇਆ ਜਾਵੇ ਅਤੇ ਡੇਂਗੂ ਪਾਜੇਟਿਵ ਆਉਣ ਦੀ ਸੂਰਤ ਵਿੱਚ ਮਾਹਿਰ ਡਾਕਟਰ ਤੋਂ ਸੰਪੂਰਨ ਇਲਾਜ ਕਰਵਾਇਆ ਜਾਵੇ। ਮਲੇਰੀਆ ਅਤੇ ਡੇਂਗੂ ਦੇ ਟੈਸਟ ਅਤੇ ਇਲਾਜ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਮੁਫ਼ਤ ਕੀਤਾ ਜਾਂਦਾ ਹੈ।ਇਸ ਮੌਕੇ ਸ਼ਮਸ਼ੇਰ ਸਿੰਘ, ਮਨਜੀਤ ਸਿੰਘ ਮਲਟੀਪਰਪਜ਼ ਹੈਲਥ ਵਰਕਰ ਅਤੇ ਬ੍ਰੀਡਿੰਗ ਚੈੱਕਰ ਹਾਜ਼ਰ ਸਨ।

CATEGORIES
Share This

COMMENTS

Wordpress (0)
Disqus (0 )
Translate