ਡਾ.ਬਲਜੀਤ ਕੌਰ ਨੇਮਲੋਟ ਹਲਕੇ ਦੇ ਪਿੰਡਾਂ ਦੇ ਵਿਕਾਸ ਕੰਮਾਂ ਦਾ ਲਿਆ ਜਾਇਜ਼ਾ
– ਚੱਲ ਰਹੇ ਵਿਕਾਸ ਕਾਰਜਾਂ ਨੂੰ ਮਿੱਥੇ ਸਮੇਂ ਵਿੱਚ ਪੂਰਾ ਕਰਨ ਦੇ ਆਦੇਸ਼: ਕੈਬਨਿਟ ਮੰਤਰੀ
ਸ੍ਰੀ ਮੁਕਤਸਰ ਸਾਹਿਬ, 24 ਅਕਤੂਬਰ:
ਡਾ.ਬਲਜੀਤ ਕੌਰ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਪੰਜਾਬ ਨੇ ਅੱਜ ਮਲੋਟ ਹਲਕੇ ਦੇ ਵੱਖ-ਵੱਖ ਪਿੰਡਾਂ ਵਿੱਚ ਚੱਲ ਰਹੇ ਵਿਕਾਸ ਕੰਮਾਂ ਦਾ ਜਾਇਜਾ ਲੈਣ ਲਈ ਸਬੰਧਤ ਪਿੰਡਾਂ ਦੇ ਸਰਪੰਚ ਅਤੇ ਸਮੂਹ ਵਿਭਾਗਾਂ ਦੇ ਮੁਖੀਆਂ ਨਾਲ ਦਫਤਰ ਡਿਪਟੀ ਕਮਿਸ਼ਨਰ ਵਿਖੇ ਮੀਟਿੰਗ ਕੀਤੀ। ਇਸ ਮੌਕੇ ਡਿਪਟੀ ਕਮਿਸ਼ਨਰ ਅਭਿਜਿਤ ਕਪਲਿਸ਼, ਉਪ ਮੰਡਲ ਮੈਜਿਸਟ੍ਰੇਟ ਮਲੋਟ ਜੁਗਰਾਜ ਸਿੰਘ ਕਾਹਲੋਂ, ਉਪ ਮੰਡਲ ਮੈਜਿਸਟ੍ਰੇਟ ਸ੍ਰੀ ਮੁਕਤਸਰ ਸਾਹਿਬ ਬਲਜੀਤ ਕੌਰ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ।
ਮੀਟਿੰਗ ਦੌਰਾਨ ਵੱਖ-ਵੱਖ ਪਿੰਡਾਂ ਤੋਂ ਆਏ ਹੋਏ ਸਰਪੰਚਾਂ ਵੱਲੋਂ ਪਿੰਡ ਵਿੱਚ ਚੱਲ ਰਹੇ ਵਿਕਾਸ ਦੇ ਕੰਮਾਂ ਬਾਰੇ ਜਾਣੂੰ ਕਰਵਾਇਆ ਅਤੇ ਇਸ ਤੋਂ ਇਲਾਵਾ ਪਿੰਡਾਂ ਵਿੱਚ ਹੋਣ ਵਾਲੇ ਕੰਮ ਜਿਵੇਂ ਕਿ ਛੱਪੜਾਂ ਦੀ ਸਫਾਈ, ਪੀਣ ਯੋਗ ਸਾਫ ਪਾਣੀ ਦੀਆਂ ਪਾਈਪਾਂ, ਆਰ.ਓ. ਫਿਲਟਰ ਲਾਉਣਾ, ਸਟਰੀਟ ਲਾਈਟਾਂ ਲਗਾਉਣਾ, ਆਂਗਣਵਾੜੀ ਸੈਂਟਰਾਂ ਨੂੰ ਬਣਾਉਣਾ, ਇੰਟਰਲਾਕ ਟਾਈਲਾਂ ਲਗਾਉਣੀਆਂ, ਗਲੀਆਂ ਨੂੰ ਪੱਕਾ ਕਰਨਾ, ਗਲੀਆਂ-ਨਾਲੀਆਂ ਦੀ ਸਫਾਈ, ਖਾਲ ਪੱਕੇ ਕਰਨਾ, ਖੇਡਾਂ ਦੇ ਗਰਾਉਂਡ ਬਣਾਉਣੇ, ਬੱਸ ਸਟੈਂਡ ਬਣਾਉਣੇ ਆਦਿ ਕੰਮਾਂ ਬਾਰੇ ਵਿਚਾਰ ਚਰਚਾ ਅਤੇ ਪੇਸ਼ ਆ ਰਹੀਆਂ ਮੁਸ਼ਕਿਲਾਂ ਦੇ ਹੱਲ ਲਈ ਵੀ ਫੰਡ ਲਿਆਉਣ ਦੀ ਚਾਰਾਜੋਈ ਕਰਨ ਸਬੰਧੀ ਵੀ ਚਰਚਾ ਕੀਤੀ ਗਈ ।
ਮੀਟਿੰਗ ਦੌਰਾਨ ਕੈਬਨਿਟ ਮੰਤਰੀ ਨੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਰਕਾਰ ਵੱਲੋਂ ਜੋ ਵਿਕਾਸ ਦੇ ਕੰਮ ਕਰਵਾਏ ਜਾ ਰਹੇ ਹਨ, ਇਹਨਾਂ ਨੂੰ ਸਮਾਂਬੱਧ ਤਰੀਕੇ ਨਾਲ ਨੇਪਰੇ ਚੜਾਇਆ ਜਾਵੇ ਤਾਂ ਜੋ ਸਰਕਾਰ ਵੱਲੋਂ ਮੁਹੱਈਆ ਕਰਵਾਈਆਂ ਜਾ ਰਹੀਆਂ ਸਹੂਲਤਾਂ ਦਾ ਲਾਭ ਲੈਣ ਵਿੱਚ ਲੋਕਾਂ ਨੂੰ ਕਿਸੇ ਕਠਿਨਾਈ ਦਾ ਸਾਹਮਣਾ ਨਾ ਕਰਨਾ ਪਵੇ।
ਇਸ ਮੌਕੇ ਕੈਬਨਿਟ ਮੰਤਰੀ ਵੱਲੋਂ ਹਲਕੇ ਦੀਆਂ ਮੰਡੀਆਂ ਵਿੱਚ ਆ ਰਹੀਆਂ ਦਿੱਕਤਾਂ ਸਬੰਧੀ ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਨੂੰ ਦਿਸ਼ਾ ਨਿਰਦੇਸ਼ ਜਾਰੀ ਕਰਦਿਆਂ ਕਿਹਾ ਕਿ ਜਿਨ੍ਹਾਂ ਮੰਡੀਆਂ ਵਿੱਚ ਝੋਨੇ ਦੀ ਚੁਕਾਈ ਸਬੰਧੀ ਜਾ ਹੋਰ ਕੋਈ ਢੁੱਕਵੇਂ ਪ੍ਰਬੰਧਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾਵੇ।
ਇਸ ਮੌਕੇ ਡਿਪਟੀ ਕਮਿਸ਼ਨਰ ਅਭਿਜੀਤ ਕਪਲਿਸ਼ ਨੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਦਿਸ਼ਾ ਨਿਰਦੇਸ਼ ਜਾਰੀ ਕਰਦਿਆਂ ਕਿਹਾ ਕਿ ਜੋ ਫੰਡ ਉਨ੍ਹਾਂ ਨੂੰ ਮੁਹੱਈਆ ਕਰਵਾਏ ਗਏ ਹਨ, ਉਨ੍ਹਾਂ ਦੀ ਡਿਟੇਲ ਭੇਜੀ ਜਾਵੇ। ਉਨ੍ਹਾਂ ਬੀ.ਡੀ.ਪੀ.ਓਜ਼ ਨੂੰ ਕਿਹਾ ਕਿ ਜਿਨ੍ਹਾਂ ਪਿੰਡਾਂ ਵਿੱਚ ਕੰਮ ਹੋਣ ਵਾਲੇ ਹਨ, ਉਨ੍ਹਾਂ ਦੀਆ ਪੰਚਾਇਤਾਂ ਦੇ ਮਤੇ ਪਵਾ ਕੇ ਕੰਮਾਂ ਨੂੰ ਪੂਰਾ ਕੀਤਾ ਜਾਵੇ ਅਤੇ ਅਗਲੇ ਦਸ ਦਿਨਾਂ ਵਿੱਚ ਸਮੂਹ ਬੀ.ਡੀ.ਪੀ.ਓਜ਼. ਟੀਮਾਂ ਨੂੰ ਨਾਲ ਲੈ ਕੇ ਸਬੰਧਤ ਪਿੰਡਾਂ ਦਾ ਦੌਰਾ ਕਰਨਗੇ।
ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕੈਬਨਿਟ ਮੰਤਰੀ ਨੂੰ ਭਰੋਸਾ ਦੁਆਇਆ ਗਿਆ ਕਿ ਪਿੰਡਾਂ ਵਿੱਚ ਚੱਲ ਰਹੇ ਵਿਕਾਸ ਕੰਮਾਂ ਨੂੰ ਸਫਲਤਾ ਪੂਰਵਕ ਨੇਪਰੇ ਚੜਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕੋਈ ਕਮੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਅੱਜ ਦੀ ਮੀਟਿੰਗ ਵਿੱਚ ਕੀਤੀ ਗਈ ਚਰਚਾ ਮੁਤਾਬਿਕ ਆਉਣ ਵਾਲੇ ਦਿਨਾਂ ਵਿੱਚ ਸਬੰਧਤ ਵਿਭਾਗਾਂ ਨਾਲ ਫਿਰ ਤੋਂ ਮੀਟਿੰਗ ਕੀਤੀ ਜਾਵੇਗੀ।
ਇਸ ਮੌਕੇ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਡਾ. ਗੁਰਦਿੱਤ ਸਿੰਘ, ਜ਼ਿਲ੍ਹਾ ਭਲਾਈ ਅਫ਼ਸਰ ਜਗਰਮੋਹਨ ਸਿੰਘ ਮਾਨ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਰਤਨਦੀਪ ਸੰਧੂ, ਸਿਵਲ ਸਰਜਨ ਡਾ. ਜਗਦੀਪ ਚਾਵਲਾ, ਜ਼ਿਲ੍ਹਾ ਖੇਡ ਅਫ਼ਸਰ ਅਨਿੰਦਰਵੀਰ ਕੌਰ ਬਰਾੜ, ਬੀ.ਡੀ.ਪੀ.ਓ. ਮਲੋਟ ਭੁਪਿੰਦਰ ਸਿੰਘ, ਕਬੈਨਿਟ ਮੰਤਰੀ ਦੇ ਪੀ.ਏ. ਸ਼ਿੰਦਰਪਾਲ ਸਿੰਘ, ਨਿੱਜੀ ਸਹਾਇਕ ਅਰਸ਼ਦੀਪ ਸਿੰਘ ਸਿੱਧੂ ਤੋਂ ਇਲਾਵਾ ਵੱਖ-ਵੱਖ ਪਿੰਡਾਂ ਦੇ ਪੰਚ, ਸਰਪੰਚ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।



