ਭ੍ਰਿਸ਼ਟਾਚਾਰ ਰਿਸ਼ਵਤਖੋਰੀ ਤੋਂ ਕਿਤੇ ਵੱਡਾ ਹੈ ਗੁਨਾਹ : ਨਰਿੰਦਰ ਸਿੰਘ ਧਾਲੀਵਾਲ
ਬਠਿੰਡਾ, 31 ਅਕਤੂਬਰ : ਚੀਫ ਡਾਇਰੈਕਟਰ ਵਿਜੀਲੈਂਸ ਬਿਊਰੋ, ਪੰਜਾਬ ਚੰਡੀਗੜ੍ਹ ਪ੍ਰਵੀਨ ਕਮਾਰ ਸਿਨਹਾ ਦੀ ਰਹਿਨੁਮਾਈ ਹੇਠ ਭ੍ਰਿਸ਼ਟਾਚਾਰ ਵਿਰੁੱਧ ਲੋਕਾਂ ਨੂੰ ਜਾਗਰੂਕ ਕਰਨ ਸਬੰਧੀ ਮਿਤੀ 27 ਅਕਤੂਬਰ 2025 ਤੋਂ 2 ਨਵੰਬਰ 2025 ਤੱਕ ਜ਼ਿਲ੍ਹੇ ਵਿੱਚ ਕਰਵਾਏ ਜਾ ਰਹੇ ਸੈਮੀਨਾਰਾਂ ਦੀ ਲੜ੍ਹੀ ਤਹਿਤ ਅੱਜ ਸਥਾਨਕ ਰਾਜਿੰਦਰਾ ਕਾਲਜ ਵਿਖੇ ਸੈਮੀਨਾਰ ਕਰਵਾਇਆ ਗਿਆ। ਇਸ ਸੈਮੀਨਾਰ ਵਿੱਚ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਸ੍ਰੀ ਨਰਿੰਦਰ ਸਿੰਘ ਧਾਲੀਵਾਲ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਸ੍ਰੀ ਨਰਿੰਦਰ ਸਿੰਘ ਧਾਲੀਵਾਲ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਵਿਦਿਆਰਥੀਆਂ ਨੂੰ ਜਾਗਰੂਕ ਕਰਦਿਆਂ ਕਿਹਾ ਭ੍ਰਿਸ਼ਟਾਚਾਰ ਰਿਸ਼ਵਤਖੋਰੀ ਤੋਂ ਵੀ ਕਿਤੇ ਵੱਡਾ ਗੁਨਾਹ ਹੈ ਅਤੇ ਅੱਜ ਦੇ ਸਮੇਂ ਇਸ ਨੂੰ ਲਗਾਮ ਲਗਾਉਣੀ ਬਹੁਤ ਜ਼ਰੂਰੀ ਹੈ।
ਉਨ੍ਹਾਂ ਕਿਹਾ ਕਿ ਭ੍ਰਿਸ਼ਟਾਚਾਰ ਨੂੰ ਨੱਥ ਪਾਉਣ ਲਈ ਸਾਰਿਆਂ ਦਾ ਸਾਥ ਦੇਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਕਿਹਾ ਕਿ ਸਮਾਜ ਨੂੰ ਭ੍ਰਿਸ਼ਟਾਚਾਰ ਮੁਕਤ ਕਰਨ ਵਿੱਚ ਵਡਮੁੱਲਾ ਸਹਿਯੋਗ ਪਾਉਣਾ ਉਨ੍ਹਾਂ ਦੀ ਵੀ ਜਿੰਮੇਵਾਰੀ ਬਣਦੀ ਹੈ।
ਸੈਮੀਨਾਰ ਦੌਰਾਨ ਸ੍ਰੀ ਕੁਲਵੰਤ ਸਿੰਘ ਡੀ.ਐਸ.ਪੀ. ਵਿਜੀਲੈਂਸ ਬਿਊਰੋ ਬਠਿੰਡਾ ਰੇਂਜ ਵੱਲੋਂ ਭ੍ਰਿਸ਼ਟਾਚਾਰ ਨੂੰ ਰੋਕਣ ਸਬੰਧੀ ਵਿਭਾਗ ਵੱਲੋਂ ਕੀਤੀ ਜਾ ਰਹੀ ਕਾਰਵਾਈ ਸਬੰਧੀ ਵਿਸਥਾਰਪੂਰਵਕ ਚਾਨਣਾ ਪਾਇਆ। ਉਨ੍ਹਾਂ ਭ੍ਰਿਸ਼ਟਾਚਾਰ ਰੋਕਣ ਸਬੰਧੀ ਜਾਗਰੂਕ ਕਰਨ ਦੇ ਨਾਲ-ਨਾਲ ਵਿਦਿਆਰਥੀਆਂ ਨੂੰ ਅੱਜ ਦੇ ਸਮੇਂ ਦੌਰਾਨ ਸਾਈਬਰ ਕ੍ਰਾਈਮ ਤੋਂ ਬਚਣ ਲਈ ਵੀ ਪ੍ਰੇਰਿਤ ਕੀਤਾ।
ਇਸ ਮੌਕੇ ਉਨ੍ਹਾਂ ਦੱਸਿਆ ਕਿ ਜੇਕਰ ਕੋਈ ਵਿਅਕਤੀ ਸਰਕਾਰੀ ਕੰਮ ਕਰਵਾਉਣ ਬਦਲੇ ਕੋਈ ਰਿਸ਼ਵਤ ਦੀ ਮੰਗ ਕਰਦਾ ਹੈ ਤਾਂ ਇਸ ਦੀ ਸੂਚਨਾ ਵਿਜੀਲੈਂਸ ਵਿਭਾਗ ਨੂੰ ਜ਼ਰੂਰ ਦਿੱਤੀ ਜਾਵੇ। ਉਨ੍ਹਾਂ ਦੱਸਿਆ ਕਿ ਭ੍ਰਿਸ਼ਟਾਚਾਰ ਨੂੰ ਖਤਮ ਕਰਨ ਲਈ ਵਿਭਾਗ ਵਲੋਂ ਐਂਟੀ ਕਰਪਸ਼ਨ ਐਕਸ਼ਨ ਲਾਈਨ ਨੰਬਰ 95012-00200 ਅਤੇ ਟੋਲ ਫਰੀ 1800-1800-1000 ਵੀ ਜਾਰੀ ਕੀਤਾ ਹੋਇਆ ਹੈ।
ਇਸ ਦੌਰਾਨ ਦੌਰਾਨ ਰਾਜਿੰਦਰਾ ਕਾਲਜ ਦੇ ਪ੍ਰਿੰਸੀਪਲ ਮੈਡਮ ਜਯੋਤਸਨਾ ਵੱਲੋਂ ਹਾਜ਼ਰੀਨ ਦਾ ਧੰਨਵਾਦ ਕਰਦਿਆਂ ਵਿਦਿਆਰਥੀਆਂ ਨੂੰ ਭ੍ਰਿਸ਼ਟਾਚਾਰ ਮੁਕਤ ਸਮਾਜ ਬਣਾਉਣ ਵਿੱਚ ਆਪਣਾ ਵਡਮੁੱਲਾ ਯੋਗਦਾਨ ਪਾਉਣ ਲਈ ਅਪੀਲ ਕੀਤੀ।
ਇਸ ਮੌਕੇ ਉਪ ਮੰਡਲ ਮੈਜਿਸਟ੍ਰੇਟ ਬਠਿੰਡਾ ਸ. ਬਲਕਰਨ ਸਿੰਘ ਮਾਹਲ, ਡੀ.ਐਸ.ਪੀ. ਵਿਜੀਲੈਂਸ ਸ਼੍ਰੀ ਸੰਦੀਪ ਸਿੰਘ, ਡੀ.ਐਸ.ਪੀ. ਸ਼੍ਰੀ ਗੁਰਪ੍ਰੀਤ ਸਿੰਘ ਤੋਂ ਇਲਾਵਾ ਵਿਦਿਆਰਥੀ ਆਦਿ ਹਾਜ਼ਰ ਸਨ।




