ਸਿਹਤ ਵਿਭਾਗ ਦੀ ਟੀਮ ਵੱਲੋਂ ਤੰਬਾਕੂ ਰੋਕਥਾਮ ਲਈ ਚਲਾਨ ਕੱਟੇ
ਰਾਜ ਤੰਬਾਕੂ ਰਹਿਤ ਦਿਵਸ ਮਨਾਇਆ
ਤੰਬਾਕੂ ਸੇਵਨ ਕਈ ਗੰਭੀਰ ਬਿਮਾਰੀਆਂ ਨੂੰ ਦਿੰਦਾ ਹੈ ਜਨਮ – ਡਾ. ਪ੍ਰੇਮ ਕੁਮਾਰ
ਢਿੱਲਵਾਂ 2 ਨਵੰਬਰ। ਸਿਵਲ ਸਰਜਨ ਕਪੂਰਥਲਾ ਡਾ. ਸੰਜੀਵ ਭਗਤ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਅਤੇ ਮੁੱਢਲਾ ਸਿਹਤ ਕੇਂਦਰ ਢਿੱਲਵਾਂ ਦੇ ਸੀਨੀਅਰ ਮੈਡੀਕਲ ਅਫਸਰ ਡਾ. ਪ੍ਰੇਮ ਕੁਮਾਰ ਦੀ ਯੋਗ ਅਗਵਾਈ ਹੇਠ ਅੱਜ ਮੁੱਢਲਾ ਸਿਹਤ ਕੇਂਦਰ ਢਿੱਲਵਾਂ ਅਧੀਨ ਵੱਖ-ਵੱਖ ਥਾਵਾਂ ਤੇ “ਰਾਜ ਤੰਬਾਕੂ ਰਹਿਤ ਦਿਵਸ” ਮਨਾਇਆ ਗਿਆ। ਇਸ ਮੌਕੇ ਸਿਹਤ ਵਿਭਾਗ ਵੱਲੋਂ ਤੰਬਾਕੂ ਦੇ ਨੁਕਸਾਨਾਂ ਬਾਰੇ ਲੋਕਾਂ ਨੂੰ ਜਾਗਰੂਕ ਕੀਤਾ ਗਿਆ। ਇਸ ਮੌਕੇ ਜਾਣਕਾਰੀ ਦਿੰਦਿਆਂ ਸੀਨੀਅਰ ਮੈਡੀਕਲ ਅਫ਼ਸਰ ਡਾ. ਪ੍ਰੇਮ ਕੁਮਾਰ ਨੇ ਦੱਸਿਆ ਕਿ ਤੰਬਾਕੂ ਸੇਵਨ ਨਾਲ ਫੇਫੜਿਆਂ ਦਾ ਕੈਂਸਰ, ਦਿਲ ਦੀਆਂ ਬਿਮਾਰੀਆਂ, ਟੀ.ਬੀ., ਮੂੰਹ ਦਾ ਕੈਂਸਰ ਆਦਿ ਗੰਭੀਰ ਬਿਮਾਰੀਆਂ ਪੈਦਾ ਹੁੰਦੀਆਂ ਹਨ। ਉਨ੍ਹਾਂ ਹੋਰ ਦੱਸਿਆ ਕਿ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਵੱਲੋਂ ਤੰਬਾਕੂ ਦੀ ਵਰਤੋਂ ਨੂੰ ਰੋਕਣ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਇਸ ਮੁਹਿੰਮ ਦੌਰਾਨ ਜਨਤਕ ਸਥਾਨਾਂ ‘ਤੇ ਤੰਬਾਕੂ ਉਤਪਾਦ ਵਰਤਣ ਵਾਲਿਆਂ ਵਿਰੁੱਧ ਸਿਹਤ ਵਿਭਾਗ ਦੀ ਟੀਮ ਵੱਲੋਂ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਤੰਬਾਕੂ ਰੋਕਥਾਮ ਮੁਹਿੰਮ ਦਾ ਮੁੱਖ ਉਦੇਸ਼ ਜ਼ਮੀਨੀ ਪੱਧਰ ‘ਤੇ ਤੰਬਾਕੂ ਦੇ ਮਾੜੇ ਪ੍ਰਭਾਵਾਂ ਸਬੰਧੀ ਜਾਗਰੂਕਤਾ ਫੈਲਾਉਣਾ, ਸਕੂਲਾਂ ਵਿੱਚ ਬੱਚਿਆਂ ਨਾਲ ਜਾਣਕਾਰੀ ਸਾਂਝੀ ਕਰਨੀ, ਪਿੰਡਾਂ ਵਿੱਚ ਆਮ ਲੋਕਾਂ ਨੂੰ ਤੰਬਾਕੂ ਦੇ ਸੇਵਨ ਦੇ ਮਾੜੇ ਪ੍ਰਭਾਵਾਂ ਸੰਬੰਧੀ ਜਾਣੂ ਕਰਵਾਉਣਾ ਹੈ। ਕਾਨੂੰਨ ਅਨੁਸਾਰ ਜਨਤਕ ਥਾਵਾਂ ‘ਤੇ ਤੰਬਾਕੂ ਸੇਵਨ ਕਰਨਾ, ਤੰਬਾਕੂ ਉਤਪਾਦਾਂ ਦੀ ਵਿਕਰੀ ਕਰਨਾ ਜਾਂ 18 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਨੂੰ ਤੰਬਾਕੂ ਵੇਚਣਾ ਦੰਡਨੀਯ ਅਪਰਾਧ ਹੈ। ਇਸ ਦੇ ਤਹਿਤ ਸਿਹਤ ਵਿਭਾਗ ਦੀ ਟੀਮ ਜਿਸ ਵਿੱਚ ਸਿਹਤ ਸੁਪਰਵਾਈਜ਼ਰ ਜਸਵਿੰਦਰ ਸਿੰਘ, ਪ੍ਰਗਟ ਸਿੰਘ ਅਤੇ ਮ.ਪ.ਹ.ਵ
ਸੁਖਦੇਵ ਸਿੰਘ, ਗੁਰਬੀਰ ਸਿੰਘ ਅਤੇ ਬਲਜਿੰਦਰ ਸਿੰਘ ਆਦਿ ਸ਼ਾਮਲ ਸਨ ਵੱਲੋਂ ਤੰਬਾਕੂ ਰੋਕਥਾਮ ਮੁਹਿੰਮ ਚਲਾਈ ਗਈ ਜਿਸ ਦੌਰਾਨ ਕਈ ਦੁਕਾਨਦਾਰਾਂ ਦੇ ਚਲਾਨ ਕੱਟੇ ਗਏ ਅਤੇ ਉਨ੍ਹਾਂ ਨੂੰ ਤੰਬਾਕੂ ਦੇ ਨੁਕਸਾਨਾਂ ਬਾਰੇ ਜਾਗਰੂਕ ਕੀਤਾ ਗਿਆ।
ਤੰਬਾਕੂ ਰੋਕਥਾਮ ਸੰਬੰਧੀ ਸਿਹਤ ਵਿਭਾਗ ਵੱਲੋਂ ਕੀਤੀਆਂ ਗਈਆਂ ਗਤੀਵਿਧੀਆਂ:-
- ਜਨਤਕ ਸਥਾਨਾਂ ‘ਤੇ ਤੰਬਾਕੂ ਵਰਤਣ ਵਾਲਿਆਂ ਦੇ ਚਲਾਨ ਕੱਟੇ ਗਏ।
- ਸਕੂਲਾਂ, ਦਫ਼ਤਰਾਂ ਅਤੇ ਬੱਸ ਅੱਡਿਆਂ ਆਦਿ ਵੱਖ-ਵੱਖ ਥਾਵਾਂ ਤੇ ਤੰਬਾਕੂ ਸੰਬੰਧੀ ਜਾਗਰੂਕਤਾ ਗਤੀਵਿਧੀਆਂ ਕੀਤੀਆਂ ਗਈਆਂ।
- ਲੋਕਾਂ ਨੂੰ ਤੰਬਾਕੂ ਛੱਡਣ ਦੇ ਤਰੀਕਿਆਂ ਬਾਰੇ ਜਾਣਕਾਰੀ ਦਿੱਤੀ ਗਈ।
- ਦੁਕਾਨਦਾਰਾਂ ਨੂੰ ਚੇਤਾਵਨੀ ਦਿੱਤੀ ਗਈ ਕਿ ਉਹ 100 ਗਜ਼ ਦੇ ਘੇਰੇ ਵਿੱਚ ਸਕੂਲਾਂ ਨੇੜੇ ਤੰਬਾਕੂ ਉਤਪਾਦ ਨਾ ਵੇਚਣ।
ਤੰਬਾਕੂ ਛੱਡਣ ਲਈ ਸਿਹਤ ਵਿਭਾਗ ਵੱਲੋਂ ਦਿੱਤੇ ਗਏ ਸੁਝਾਅ :-
- ਤੰਬਾਕੂ ਵਰਤੋਂ ਤੁਰੰਤ ਬੰਦ ਕਰੋ ਅਤੇ ਮਨੋਬਲ ਮਜ਼ਬੂਤ ਰੱਖੋ।
- ਜੇ ਛੱਡਣ ਵਿੱਚ ਦਿੱਕਤ ਆਏ ਤਾਂ ਨੇੜਲੇ ਸਿਹਤ ਕੇਂਦਰ ਨਾਲ ਸੰਪਰਕ ਕਰੋ।
- ਬੱਚਿਆਂ ਤੇ ਨੌਜਵਾਨਾਂ ਨੂੰ ਤੰਬਾਕੂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕਰੋ।
ਮੋਨਿਕਾ ਬੀ.ਈ.ਈ ਨੇ ਮ.ਪ.ਹ.ਵ ਅਤੇ ਆਸ਼ਾ ਵਰਕਰਾਂ ਰਾਹੀਂ ਲੋਕਾਂ ਨੂੰ ਸੁਨੇਹਾ ਦਿੱਤਾ ਕਿ ਉਹ ਤੰਬਾਕੂ ਦੀ ਵਰਤੋਂ ਤੋਂ ਬਚਣ ਅਤੇ ਹੋਰਾਂ ਨੂੰ ਵੀ ਇਸ ਤੋਂ ਦੂਰ ਰਹਿਣ ਲਈ ਪ੍ਰੇਰਿਤ ਕਰਨ। ਉਨ੍ਹਾਂ ਕਿਹਾ ਕਿ ਤੰਬਾਕੂ-ਮੁਕਤ ਜੀਵਨ ਹੀ ਸਿਹਤਮੰਦ ਤੇ ਖੁਸ਼ਹਾਲ ਜੀਵਨ ਦੀ ਚਾਬੀ ਹੈ।



