ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਹਰ ਰੋਜ਼ ਡੇਂਗੂ ਦੀ ਰੋਕਥਾਮ ਲਈ ਕੀਤੀਆ ਜਾ ਰਹੀਆਂ ਗਤੀਵਿਧੀਆਂ: ਡਾ ਅਰਪਿਤ ਗੁਪਤਾ।
ਫਾਜ਼ਿਲਕਾ 3 ਨਵੰਬਰ
ਸਿਵਲ ਸਰਜਨ ਡਾ. ਰੋਹਿਤ ਗੋਇਲ ਅਤੇ ਸਹਾਇਕ ਸਿਵਲ ਸਰਜਨ ਡਾ. ਅਰਪਿਤ ਗੁਪਤਾ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਡਾ ਸੁਨੀਤਾ ਕੰਬੋਜ਼ ਜਿਲ੍ਹਾ ਐਪੀਡੀਮੋਲੋਜਿਸਟ ਦੀ ਦੇਖ ਰੇਖ ਵਿੱਚ ਸਿਹਤ ਵਿਭਾਗ ਵੱਲੋਂ ਡੇਂਗੂ ਖ਼ਿਲਾਫ਼ ਗਤੀਵਿਧੀਆਂ ਜਾਰੀ ਹਨ।
ਡਾ ਰੋਹਿਤ ਗੋਇਲ ਨੇ ਦੱਸਿਆ ਕਿ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਓਡਾਂਵਾਲੀ ਬਸਤੀ, ਕਾਸ਼ੀ ਰਾਮ ਕਲੋਨੀ, ਅਨੰਦ ਪੁਰ ਮੁਹੱਲਾ, ਰਾਧਾ ਸੁਆਮੀ ਕਲੋਨੀ ਅਤੇ ਅੰਨੀ ਦਿੱਲੀ ਵਿਖੇ ਡੇਂਗੂ ਖਿਲਾਫ ਗਤੀਵਿਧੀਆਂ ਕਰਦੇ ਹੋਏ ਘਰ ਘਰ ਜਾ ਕੇ ਫਰਿਜਾਂ ਦੀ ਟ੍ਰੇਆਂ, ਗਮਲੇ, ਖੁੱਲੇ ਬਰਤਨਾਂ, ਪਾਣੀ ਦੀਆਂ ਟੈਂਕੀਆਂ ਅਤੇ ਪਾਣੀ ਖੜ੍ਹਨ ਵਾਲੇ ਹੋਰ ਸੋਮਿਆਂ ਨੂੰ ਚੈੱਕ ਗਿਆ, ਲਾਰਵਾ ਲੱਭ ਕੇ ਨਸ਼ਟ ਕੀਤਾ ਗਿਆ ਅਤੇ ਡੇਂਗੂ ਤੋਂ ਬਚਣ ਲਈ ਜਾਗਰੂਕ ਗਿਆ| ਉਹਨਾਂ ਕਿਹਾ ਕਿ ਡੇਂਗੂ ਦੀ ਰੋਕਥਾਮ ਲਈ ਫੌਗਿੰਗ ਅਤੇ ਸਪਰੇਅ ਵੀ ਕਰਵਾਈ ਜਾ ਰਹੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਘਰ ਘਰ ਆ ਰਹੀਆਂ ਟੀਮਾਂ ਨੂੰ ਸਹਿਯੋਗ ਦੇਣ ਤਾਂ ਜੋ ਡੇਂਗੂ ਦਾ ਪਸਾਰ ਨੂੰ ਰੋਕਿਆ ਜਾ ਸਕੇ। ਉਹਨਾਂ ਦਸਿਆ ਕਿ ਜਿਸ ਕਿਸੇ ਨੂੰ ਵੀ ਬੁਖਾਰ, ਜੁਕਾਮ, ਥਕਾਵਟ ਆਦਿ ਦੇ ਲੱਛਣ ਦਿਖਾਈ ਦਿੰਦੇ ਹਨ ਤਾਂ ਉਹ ਤੁਰੰਤ ਸਿਵਲ ਹਸਪਤਾਲ ਵਿਖੇ ਜਾ ਕੇ ਆਪਣੀ ਜਾਂਚ ਕਰਵਾਉਣ, ਡੇਂਗੂ ਦਾ ਟੈਸਟ ਹਸਪਤਾਲ ਵਿਖੇ ਬਿਲਕੁਲ ਮੁਫਤ ਕੀਤਾ ਜਾਂਦਾ ਹੈ|
ਡਾ ਸੁਨੀਤਾ ਕੰਬੋਜ਼ ਜਿਲ੍ਹਾ ਐਪੀਡੀਮੋਲੋਜਿਸਟ ਨੇ ਦੱਸਿਆ ਕਿ ਡੇਂਗੂ ਦੂਸ਼ਿਤ ਏਡੀਜ਼ ਅਜਿਪਟੀ ਮੱਛਰ ਦੇ ਕੱਟਣ ਨਾਲ ਫੈਲਦਾ ਹੈ। ਇਹ ਮੱਛਰ ਸਾਫ਼ ਖੜੇ ਪਾਣੀ ਵਿੱਚ ਪੈਦਾ ਹੁੰਦਾ ਹੈ ਅਤੇ ਜ਼ਿਆਦਾਤਰ ਦਿਨ ਵੇਲੇ ਹੀ ਕੱਟਦਾ ਹੈ। ਇਸ ਲਈ ਮੱਛਰ ਪੈਦਾ ਹੋਣ ਵਾਲੇ ਸੋਮਿਆਂ ਨੂੰ ਨਸ਼ਟ ਕਰਨਾ ਚਾਹੀਦਾ ਹੈ। ਉਹਨਾਂ ਕਿਹਾ ਕਿ ਡੇਂਗੂ, ਚਿਕਨਗੁਨੀਆ ਅਤੇ ਮਲੇਰੀਆ ਦੀ ਬਿਮਾਰੀ ਤੋਂ ਬਚਣ ਲਈ ਮੱਛਰਾਂ ਦੇ ਪ੍ਰਜਨਣ ਚੱਕਰ ਨੂੰ ਤੋੜਨਾ ਜਰੂਰੀ ਹੈ, ਇਸ ਲਈ ਕੂਲਰਾਂ ਅਤੇ ਗਮਲਿਆਂ ਦੀਆਂ ਟਰੇਆਂ ਵਿੱਚ ਖੜ੍ਹੇ ਪਾਣੀ ਨੂੰ ਹਫ਼ਤੇ ਵਿੱਚ ਇਕ ਵਾਰ ਜਰੂਰ ਸਾਫ਼਼ ਕਰੋ, ਕੱਪੜੇ ਅਜਿਹੇ ਪਾਓ ਜਿਸ ਨਾਲ ਸਰੀਰ ਢੱਕਿਆ ਰਹੇ ਤਾਂ ਕਿ ਤੁਹਾਨੂੰ ਮੱਛਰ ਨਾ ਕੱਟੇ, ਸੌਣ ਵੇਲੇ ਮੱਛਰਦਾਨੀ ਅਤੇ ਮੱਛਰ ਭਜਾਉਣ ਵਾਲੀਆਂ ਕਰੀਮਾਂ ਅਤੇ ਤੇਲ ਦਾ ਇਸਤੇਮਾਲ ਕਰੋ, ਬੁਖਾਰ ਹੋਣ ਤੇ ਐਸਪਰੀਨ ਅਤੇ ਬਰੂਫਿਨ ਨਾ ਲਵੋ, ਸਿਰਫ਼ ਪੈਰਾਸੀਟਾਮੋਲ ਗੋਲੀ ਹੀ ਲਵੋ, ਛੱਤਾਂ ਤੇ ਰੱਖੀਆਂ ਪਾਣੀ ਦੀਆ ਟੈਂਕੀਆਂ ਦੇ ਢੱਕਣਾਂ ਨੂੰ ਚੰਗੀ ਤਰ੍ਹਾਂ ਬੰਦ ਕਰੋ, ਟੁੱਟੇ ਬਰਤਨਾਂ, ਡਰੰਮਾਂ ਅਤੇ ਟਾਇਰਾਂ ਆਦਿ ਨੂੰ ਖੁਲ੍ਹੇ ਵਿੱਚ ਨਾ ਰੱਖੋ ਅਤੇ ਵਧੇਰੇ ਮਾਤਰਾ ਵਿੱਚ ਤਰਲ ਪਦਾਰਥ ਲਓ ਅਤੇ ਸੰਤੁਲਿਤ ਭੋਜਨ ਖਾਓ।



