ਤੰਬਾਕੂ ਦੇ ਮਾੜੇ ਪ੍ਰਭਾਵਾਂ ਸਬੰਧੀ ਵਿਦਿਆਰਥੀਆਂ ਨੂੰ ਕੀਤਾ ਗਿਆ ਜਾਗਰੂਕ

ਵਿਦਿਆਰਥੀਆਂ ਵੱਲੋਂ ਬਣਾਈਆਂ ਗਈਆਂ ਤੰਬਾਕੂ ਜਾਗਰੂਕਤਾ ਤਸਵੀਰਾਂ

( ਢਿੱਲਵਾਂ – ਸਿਵਲ ਸਰਜਨ ਕਪੂਰਥਲਾ ਡਾ. ਸੰਜੀਵ ਭਗਤ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਅਤੇ ਮੁੱਢਲਾ ਸਿਹਤ ਕੇਂਦਰ ਢਿੱਲਵਾਂ ਦੇ ਸੀਨੀਅਰ ਮੈਡੀਕਲ ਅਫਸਰ ਡਾ. ਪ੍ਰੇਮ ਕੁਮਾਰ ਦੀ ਯੋਗ ਅਗਵਾਈ ਹੇਠ ਮੁੱਢਲਾ ਸਿਹਤ ਕੇਂਦਰ ਢਿੱਲਵਾਂ ਅਧੀਨ ਵੱਖ-ਵੱਖ ਥਾਵਾਂ ਤੇ ਸਿਹਤ ਵਿਭਾਗ ਦੀ ਟੀਮ ਵੱਲੋਂ ਤੰਬਾਕੂ ਜਾਗਰੂਕਤਾ ਮੁਹਿੰਮ ਤਹਿਤ ਵੱਖ-ਵੱਖ ਤਰ੍ਹਾਂ ਦੀਆਂ ਜਾਗਰੂਕਤਾ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੀਨੀਅਰ ਮੈਡੀਕਲ ਅਫਸਰ ਡਾ. ਪ੍ਰੇਮ ਕੁਮਾਰ ਨੇ ਦੱਸਿਆ ਕਿ ਸਿਹਤ ਵਿਭਾਗ ਦੀ ਟੀਮ ਵੱਲੋਂ ਨਡਾਲਾ ਦੇ ਜੀ.ਐਨ.ਪੀ.ਕੇ ਸਕੂਲ ਵਿੱਚ ਤੰਬਾਕੂ ਜਾਗਰੂਕਤਾ ਸੈਮੀਨਾਰ ਆਯੋਜਿਤ ਕਰਵਾਇਆ ਗਿਆ। ਇਸ ਮੌਕੇ ਸਿਹਤ ਸੁਪਰਵਾਈਜ਼ਰ ਜਸਵਿੰਦਰ ਸਿੰਘ ਵੱਲੋਂ ਸਮੂਹ ਵਿਦਿਆਰਥੀਆਂ ਨੂੰ ਤੰਬਾਕੂ ਦੇ ਮਾੜੇ ਪ੍ਰਭਾਵਾਂ ਸਬੰਧੀ ਜਾਗਰੂਕ ਕੀਤਾ ਗਿਆ। ਤੰਬਾਕੂ ਕੀ ਹੈ, ਇਸ ਦਾ ਸੇਵਨ ਕਿਉਂ ਨਹੀਂ ਕਰਨਾ ਚਾਹੀਦਾ, ਸਿਹਤ ‘ਤੇ ਇਸ ਦੇ ਕੀ ਮਾੜੇ ਪ੍ਰਭਾਵ ਹਨ ਅਤੇ ਤੰਬਾਕੂ ਕਿਹੜੀਆਂ ਬਿਮਾਰੀਆਂ ਨੂੰ ਜਨਮ ਦਿੰਦਾ ਹੈ ਆਦਿ ਸਬੰਧੀ ਵਿਸਥਾਰ ਨਾਲ ਜਾਗਰੂਕ ਕੀਤਾ। ਇਸ ਮੌਕੇ ਵਿਦਿਆਰਥੀਆਂ ਵੱਲੋਂ ਵਿਸ਼ੇਸ਼ ਤੌਰ ਤੇ ਤੰਬਾਕੂ ਜਾਗਰੂਕਤਾ ਤਸਵੀਰਾਂ ਬਣਾਈਆਂ ਗਈਆਂ ਜਿਸ ਵਿੱਚ ਉਨ੍ਹਾਂ ਵੱਲੋਂ ਤੰਬਾਕੂ ਜਾਗਰੂਕਤਾ ਸਲੋਗਨ ਵੀ ਲਿਖੇ ਗਏ ਸਨ।

ਉਨ੍ਹਾਂ ਦੱਸਿਆ ਕਿ ਤੰਬਾਕੂ ਸੇਵਨ ਨਾਲ ਫੇਫੜਿਆਂ ਦਾ ਕੈਂਸਰ, ਦਿਲ ਦੀਆਂ ਬਿਮਾਰੀਆਂ, ਟੀ.ਬੀ., ਮੂੰਹ ਦਾ ਕੈਂਸਰ ਆਦਿ ਗੰਭੀਰ ਬਿਮਾਰੀਆਂ ਪੈਦਾ ਹੁੰਦੀਆਂ ਹਨ। ਉਨ੍ਹਾਂ ਹੋਰ ਦੱਸਿਆ ਕਿ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਵੱਲੋਂ ਤੰਬਾਕੂ ਦੀ ਵਰਤੋਂ ਨੂੰ ਰੋਕਣ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਇਸ ਮੁਹਿੰਮ ਦੌਰਾਨ ਜਨਤਕ ਸਥਾਨਾਂ ‘ਤੇ ਤੰਬਾਕੂ ਉਤਪਾਦ ਵਰਤਣ ਵਾਲਿਆਂ ਵਿਰੁੱਧ ਸਿਹਤ ਵਿਭਾਗ ਦੀ ਟੀਮ ਵੱਲੋਂ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਤੰਬਾਕੂ ਰੋਕਥਾਮ ਮੁਹਿੰਮ ਦਾ ਮੁੱਖ ਉਦੇਸ਼ ਜ਼ਮੀਨੀ ਪੱਧਰ ‘ਤੇ ਤੰਬਾਕੂ ਦੇ ਮਾੜੇ ਪ੍ਰਭਾਵਾਂ ਸਬੰਧੀ ਜਾਗਰੂਕਤਾ ਫੈਲਾਉਣਾ, ਸਕੂਲਾਂ ਵਿੱਚ ਬੱਚਿਆਂ ਨਾਲ ਜਾਣਕਾਰੀ ਸਾਂਝੀ ਕਰਨੀ, ਪਿੰਡਾਂ ਵਿੱਚ ਆਮ ਲੋਕਾਂ ਨੂੰ ਤੰਬਾਕੂ ਦੇ ਸੇਵਨ ਦੇ ਮਾੜੇ ਪ੍ਰਭਾਵਾਂ ਸੰਬੰਧੀ ਜਾਣੂ ਕਰਵਾਉਣਾ ਹੈ। ਕਾਨੂੰਨ ਅਨੁਸਾਰ ਜਨਤਕ ਥਾਵਾਂ ‘ਤੇ ਤੰਬਾਕੂ ਸੇਵਨ ਕਰਨਾ, ਤੰਬਾਕੂ ਉਤਪਾਦਾਂ ਦੀ ਵਿਕਰੀ ਕਰਨਾ ਜਾਂ 18 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਨੂੰ ਤੰਬਾਕੂ ਵੇਚਣਾ ਦੰਡਨੀਯ ਅਪਰਾਧ ਹੈ। ਇਸ ਮੌਕੇ ਉਨ੍ਹਾਂ ਨਾਲ ਮ.ਪ.ਹ.ਵ ਸਿਮਰਨਜੀਤ ਸਿੰਘ ਵੀ ਹਾਜ਼ਰ ਸਨ

CATEGORIES
TAGS
Share This

COMMENTS

Wordpress (0)
Disqus ( )
Translate