ਚਿੱਟੀ ਸਿੰਘਪੁਰਾ ਸ੍ਰੀਨਗਰ ਪੁੱਜੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ
ਚਿੱਟੀ ਸਿੰਘਪੁਰਾ ਸ੍ਰੀਨਗਰ ਪੁੱਜੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਐਲਾਨ ਕੀਤਾ ਕਿ ਉਹ ਇਥੇ ਸਥਾਪਿਤ ਖਾਲਸਾ ਸਕੂਲ ਨੂੰ ਮੁੜ ਚਲਾਉਣ ਲਈ ਯਤਨ ਕਰਨਗੇ। ਇਹ ਸਕੂਲ ਸੰਨ 2000 ਵਿਚ ਇਸ ਪਿੰਡ ਵਿਚ ਮਾਰ ਦਿੱਤੇ ਗਏ 35 ਸਿੱਖਾਂ ਦੀ ਯਾਦ ਵਿਚ ਸਥਾਪਿਤ ਕੀਤਾ ਗਿਆ ਸੀ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਇਸ ਨੂੰ ਕਾਰਜਸ਼ੀਲ ਕਰਨ ਲਈ ਇੱਕ ਕਮੇਟੀ ਬਣਾਈ ਜਾਵੇਗੀ ਜੋ ਇਸ ਲਈ ਯੋਜਨਾ ਬਣਾ ਕੇ ਦੇਵੇਗੀ ਤਾਂ ਜੋ ਇਸ ‘ਤੇ ਕੰਮ ਕੀਤਾ ਜਾ ਸਕੇ। ਇਹ ਮਾਨਲਾ ਆਉਂਦੀ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਵਿੱਚ ਵਿਚਾਰਿਆ ਜਾਵੇਗਾ।
ਇਸ ਮੌਕੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇਸ਼ ਦੁਨੀਆਂ ਅੰਦਰ ਸਿੱਖਾਂ ਦੀ ਸਾਰ ਲਈ ਕਾਰਜਸ਼ੀਲ ਰਹਿੰਦੀ ਹੈ ਅਤੇ ਚਿੱਟੀ ਸਿੰਘਪੁਰਾ ਵਿਚ ਹੋਏ ਸਿੱਖਾਂ ਦੇ ਕਤਲੇਆਮ ਦੇ ਪੀੜਤ ਪਰਿਵਾਰਾਂ ਦਾ ਦੁੱਖ ਵੰਡਾਉਣਾ ਤੇ ਸਕੂਲ ਸਥਾਪਿਤ ਕਰਨਾ ਕੌਮੀ ਭਾਵਨਾ ਦੀ ਤਰਜਮਾਨੀ ਹੈ।
ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਤੋਂ ਇਲਾਵਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਪਰਵਿੰਦਰਪਾਲ ਸਿੰਘ, ਅੰਤ੍ਰਿੰਗ ਮੈਂਬਰ ਬੀਬੀ ਹਰਜਿੰਦਰ ਕੌਰ, ਮੈਂਬਰ ਭਾਈ ਰਜਿੰਦਰ ਸਿੰਘ ਮਹਿਤਾ, ਓਐਸਡੀ ਸ. ਸਤਬੀਰ ਸਿੰਘ ਧਾਮੀ, ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ, ਮੀਤ ਸਕੱਤਰ ਸ. ਹਰਭਜਨ ਸਿੰਘ ਵਕਤਾ ਅਤੇ ਸਥਾਨਕ ਸਿੱਖ ਆਗੂ ਮੌਜੂਦ ਸਨ।



