ਸ਼ਹੀਦੀ ਸ਼ਤਾਬਦੀ ਸਬੰਧੀ ਧਰਮ ਪ੍ਰਚਾਰ ਕਮੇਟੀ ਵੱਲੋਂ ਤਿੰਨ ਪੁਸਤਕਾਂ ਅਤੇ ਵਿਸ਼ੇਸ਼ ਸੋਵੀਨਰ ਜਾਰੀ
ਅੰਮ੍ਰਿਤਸਰ, 23 ਨਵੰਬਰ-
ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਮੌਕੇ ਧਰਮ ਪ੍ਰਚਾਰ ਕਮੇਟੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਜੀਵਨ ਇਤਿਹਾਸ ਨਾਲ ਸਬੰਧਤ ਤਿੰਨ ਪੁਸਤਕਾਂ ਅਤੇ ਸ਼ਤਾਬਦੀ ਨੂੰ ਸਮਰਪਿਤ ਵਿਸ਼ੇਸ਼ ਤੌਰ ’ਤੇ ਤਿਆਰ ਕਰਵਾਇਆ ਸੋਵੀਨਰ ਅੱਜ ਸਮਾਗਮ ਵਿਚ ਪੁੱਜੀਆਂ ਪ੍ਰਮੁੱਖ ਸ਼ਖ਼ਸੀਅਤਾਂ ਵੱਲੋਂ ਜਾਰੀ ਕੀਤਾ ਗਿਆ। ਇਨ੍ਹਾਂ ਪੁਸਤਕਾਂ ਵਿਚ ਡਾ. ਬਲਵੰਤ ਸਿੰਘ ਢਿੱਲੋਂ ਦੁਆਰਾ ਰਚਿਤ ‘ਹੁਕਮਨਾਮੇ ਸ੍ਰੀ ਗੁਰੂ ਤੇਗ ਬਹਾਦਰ ਜੀ ਨਾਲ ਸੰਵਾਦ’, ਡਾ. ਪਰਮਵੀਰ ਸਿੰਘ ਦੁਆਰਾ ਲਿਖੀ ‘ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਜੀਵਨ, ਮਹਿਮਾ ਅਤੇ ਚਰਨ ਛੋਹ ਅਸਥਾਨ’ ਅਤੇ ਡਾ. ਧਰਮ ਸਿੰਘ ਤੇ ਡਾ. ਪਰਮਵੀਰ ਸਿੰਘ ਦੁਆਰਾ ਅੰਗਰੇਜ਼ੀ ਵਿਚ ਤਿਆਰ ਪੁਸਤਕ ‘ਜੀਵਨੀ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ’ ਸ਼ਾਮਲ ਹਨ। ਇਸ ਦੇ ਨਾਲ ਹੀ ਸ਼ਤਾਬਦੀ ਨੂੰ ਸਮਰਪਿਤ ਧਰਮ ਪ੍ਰਚਾਰ ਕਮੇਟੀ ਵੱਲੋਂ ਤਿਆਰ ਕੀਤਾ ਗਿਆ ਵਿਸ਼ੇਸ਼ ਸੋਵੀਨਰ ਵੀ ਸੰਗਤ ਅਰਪਣ ਕੀਤਾ ਗਿਆ।
ਇਸ ਸਬੰਧੀ ਗੱਲ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸ਼ਤਾਬਦੀ ਦੇ ਇਤਿਹਾਸਕ ਮੌਕਿਆਂ ‘’ਤੇ ਜਿਥੇ ਯਾਦਗਾਰਾਂ, ਗੁਰਮਤਿ ਸਮਾਗਮ ਅਤੇ ਨਗਰ ਕੀਰਤਨ ਵਿਸ਼ੇਸ਼ ਅਹਿਮੀਅਤ ਰੱਖਦੇ ਹਨ, ਉਥੇ ਹੀ ਸਾਹਿਤਕ ਕ੍ਰਿਤਾਂ ਅਗਲੀਆਂ ਪੀੜ੍ਹੀਆਂ ਨੂੰ ਇਤਿਹਾਸ ਅਤੇ ਵਿਰਸੇ ਨਾਲ ਜੋੜੀ ਰੱਖਣ ਲਈ ਕਾਰਗਰ ਸਾਬਤ ਹੁੰਦੀਆਂ ਹਨ। ਉਨ੍ਹਾਂ ਪੁਸਤਕਾਂ ਅਤੇ ਸੋਵੀਨਰ ਤਿਆਰ ਕਰਨ ਵਾਲੇ ਵਿਦਵਾਨਾਂ ਦੇ ਜਤਨਾਂ ਨੂੰ ਸ਼ਲਾਘਾਯੋਗ ਦੱਸਿਆ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਟੇਕ ਸਿੰਘ, ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ, ਅੰਤ੍ਰਿੰਗ ਮੈਂਬਰ ਸ. ਦਲਜੀਤ ਸਿੰਘ ਭਿੰਡਰ, ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ, ਭਾਈ ਗੁਰਬਖਸ਼ ਸਿੰਘ ਖਾਲਸਾ, ਸ. ਭੁਪਿੰਦਰ ਸਿੰਘ ਭਲਵਾਨ, ਭਾਈ ਅਜੈਬ ਸਿੰਘ ਅਭਿਆਸੀ, ਸ. ਅਵਤਾਰ ਸਿੰਘ ਰੀਆ, ਓਐਸਡੀ ਸ. ਸਤਬੀਰ ਸਿੰਘ ਧਾਮੀ, ਸਕੱਤਰ ਸ. ਪ੍ਰਤਾਪ ਸਿੰਘ, ਸ. ਬਲਵਿੰਦਰ ਸਿੰਘ ਕਾਹਲਵਾਂ, ਮੀਤ ਸਕੱਤਰ ਸ. ਕੁਲਦੀਪ ਸਿੰਘ ਰੋਡੇ, ਸ. ਗੁਰਨਾਮ ਸਿੰਘ, ਸ. ਬਲਵਿੰਦਰ ਸਿੰਘ ਕਾਹਲਵਾਂ, ਸ. ਹਰਭਜਨ ਸਿੰਘ ਵਕਤਾ, ਸ. ਸੁਖਬੀਰ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਜੋਗਿੰਦਰ ਸਿੰਘ, ਸ. ਰਾਮ ਸਿੰਘ ਮੁੰਬਈ ਆਨਰੇਰੀ ਇੰਚਾਰਜ ਸਿੱਖ ਮਿਸ਼ਨ ਮਹਾਂਰਾਸ਼ਟਰ ਤੇ ਗੁਜਰਾਤ, ਸ. ਦਿਲਸਾਦ ਸਿੰਘ ਅਨੰਦ ਆਨਰੇਰੀ ਇੰਚਾਰਜ ਸਿੱਖ ਮਿਸ਼ਨ ਆਂਧਰਾ ਪ੍ਰਦੇਸ਼, ਸਾਬਕਾ ਮੀਤ ਸਕੱਤਰ ਪ੍ਰੋ. ਸੁਖਦੇਵ ਸਿੰਘ, ਸ. ਸਿਮਰਜੀਤ ਸਿੰਘ, ਸ. ਸੁਰਿੰਦਰ ਸਿੰਘ ਕਿਸ਼ਨਪੁਰਾ, ਮੈਨੇਜਰ ਸ. ਗੁਰਦੀਪ ਸਿੰਘ ਕੰਗ, ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਦੇ ਮੈਨੇਜਰ ਸ. ਜਗੀਰ ਸਿੰਘ, ਇੰਚਾਰਜ ਸ. ਯੋਗੇਸ਼ਵਰ ਸਿੰਘ, ਸ. ਰਾਜਵਿੰਦਰ ਸਿੰਘ ਜੋਗਾ ਸਮੇਤ ਹੋਰ ਹਾਜ਼ਰ ਸਨ।
ਨੌਵੇਂ ਪਾਤਸ਼ਾਹ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਸਬੰਧੀ ਗੁਰਦੁਆਰਾ ਸੀਸ ਗੰਜ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ
ਇਸੇ ਦੌਰਾਨ ਅੱਜ ਗੁਰਦੁਆਰਾ ਸ੍ਰੀ ਸੀਸ ਗੰਜ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ ਨੌਵੇਂ ਪਾਤਸ਼ਾਹ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਸਬੰਧੀ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਗਏ। ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਸਮੇਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਟੇਕ ਸਿੰਘ, ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਖਾਲਸਾ, ਓਐਸਡੀ ਸ. ਸਤਬੀਰ ਸਿੰਘ ਧਾਮੀ, ਸਕੱਤਰ ਸ. ਪ੍ਰਤਾਪ ਸਿੰਘ, ਸ. ਬਲਵਿੰਦਰ ਸਿੰਘ ਕਾਹਲਵਾਂ, ਮੈਨੇਜਰ ਸ. ਗੁਰਦੀਪ ਸਿੰਘ ਕੰਗ ਆਦਿ ਹਾਜ਼ਰ ਸਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ ਨੇ ਦੱਸਿਆ ਕਿ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ 25 ਨਵੰਬਰ ਨੂੰ ਪਾਏ ਜਾਣਗੇ, ਜਿਸ ਉਪਰੰਤ ਸ਼ਤਾਬਦੀ ਸਬੰਧੀ ਮੁੱਖ ਸਮਾਗਮ ਹੋਵੇਗਾ। ਉਨ੍ਹਾਂ ਦੱਸਿਆ ਕਿ ਭਲਕੇ 24 ਨਵੰਬਰ ਨੂੰ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਸਕੂਲਾਂ, ਕਾਲਜਾਂ ਦੇ ਵਿਦਿਆਰਥੀਆਂ ਦੇ ਧਾਰਮਿਕ ਮੁਕਾਬਲੇ ਕਰਵਾਏ ਜਾਣਗੇ, ਜਿਸ ਵਿਚ ਵਿਦਿਆਰਥੀਆਂ ਵੱਲੋਂ ਗੁਰਬਾਣੀ ਕੀਰਤਨ, ਕਵੀਸ਼ਰੀ, ਢਾਡੀ ਵਾਰਾਂ, ਕਵਿਤਾਵਾਂ ਅਤੇ ਭਾਸ਼ਣ ਆਦਿ ਦੇ ਮੁਕਾਬਲੇ ਹੋਣਗੇ। ਇਸੇ ਤਰ੍ਹਾਂ ਰਾਤ 8 ਵਜੇ ਤੋਂ ਦੇਰ ਰਾਤ ਤੱਕ ਗੁਰਦੁਆਰਾ ਸੀਸ ਗੰਜ ਸਾਹਿਬ ਵਿਖੇ ਰਾਗ ਦਰਬਾਰ ਹੋਵੇਗਾ, ਜਿਸ ਵਿਚ ਪੰਥ ਪ੍ਰਸਿੱਧ ਰਾਗੀ ਜਥੇ ਗੁਰਬਾਣੀ ਕੀਰਤਨ ਰਾਹੀਂ ਹਾਜ਼ਰੀ ਭਰਨਗੇ।



