ਮਨੁੱਖੀ ਅਧਿਕਾਰਾਂ ਦੀ ਰਾਖੀ ਵਾਸਤੇ ਹਰੇਕ ਜ਼ਿਲ੍ਹੇ ‘ਚ ਬਣਨਗੇ ਕੋਰ ਗਰੁੱਪ-ਪਦਮ ਸ਼੍ਰੀ ਜਤਿੰਦਰ ਸਿੰਘ ਸ਼ੰਟੀ

ਕਿਹਾ, ਪੰਜਾਬ ਰਾਜ ਮਨੁੱਖੀ ਅਧਿਕਾਰ ਕਮਿਸ਼ਨ ਪੀੜਤਾਂ ਨੂੰ ਇਨਸਾਫ਼ ਦਿਵਾਉਣ ਲਈ ਵਚਨਬੱਧ

ਪੰਜਾਬ ਰਾਜ ਮਨੁੱਖੀ ਅਧਿਕਾਰ ਕਮਿਸ਼ਨ ਮੈਂਬਰ ਨੇ ਅਧਿਕਾਰੀਆਂ, ਸਮਾਜ ਸੇਵੀਆਂ ਅਤੇ ਹੋਰਨਾਂ ਮੁਹਤਬਰਾਂ ਨਾਲ ਕੀਤੀ ਅਹਿਮ ਮੀਟਿੰਗ

ਤਰਨ ਤਾਰਨ, 7 ਫਰਵਰੀ।  ਪੀੜਤਾਂ ਨੂੰ ਇਨਸਾਫ਼ ਦਿਵਾਉਣ ਲਈ ਪੰਜਾਬ ਰਾਜ ਮਨੁੱਖੀ ਅਧਿਕਾਰ ਕਮਿਸ਼ਨ ਪੂਰੀ ਤਰ੍ਹਾਂ ਵਚਨਵੱਧ ਹੈ ਅਤੇ
ਮਨੁੱਖੀ ਅਧਿਕਾਰਾਂ ਦੀ ਰਾਖੀ ਵਾਸਤੇ ਹਰ ਜ਼ਿਲ੍ਹੇ ਵਿਚ ਕੋਰ ਗਰੁੱਪ ਬਣਨਗੇ। ਇਹ ਪ੍ਰਗਟਾਵਾ ਪੰਜਾਬ ਰਾਜ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ ਚੰਡੀਗੜ੍ਹ ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ ਪਦਮ ਸ਼੍ਰੀ ਜਤਿੰਦਰ ਸਿੰਘ ਸ਼ੰਟੀ ਨੇ ਅੱਜ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਅਧਿਕਾਰੀਆਂ, ਸਮਾਜ ਸੇਵੀਆਂ, ਸਰਪੰਚਾਂ ਅਤੇ ਹੋਰਨਾਂ ਮੁਹਤਬਰਾਂ ਨਾਲ ਕੀਤੀ ਅਹਿਮ ਮੀਟਿੰਗ ਦੌਰਾਨ ਕੀਤਾ।
          ਸ੍ਰੀ ਜਤਿੰਦਰ ਸਿੰਘ ਸ਼ੰਟੀ ਨੇ ਕਿਹਾ ਕਿ ਮਨੁੱਖੀ ਅਧਿਕਾਰ ਕਮਿਸ਼ਨ ਵੱਲੋਂ ਰਾਜ ਅੰਦਰ ਮਨੁੱਖੀ ਅਧਿਕਾਰਾਂ ਦੀ ਰੱਖਿਆ ਅਤੇ ਉਲੰਘਣਾ ਦੇ ਮਾਮਲਿਆਂ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਨਿਰੰਤਰ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਕਮਿਸ਼ਨ ਦਾ ਮੁੱਖ ਉਦੇਸ਼ ਹੈ ਕਿ ਹਰੇਕ ਨਾਗਰਿਕ ਨੂੰ ਸੰਵਿਧਾਨ ਅਨੁਸਾਰ ਪ੍ਰਾਪਤ ਮੂਲ ਅਧਿਕਾਰਾਂ ਦੀ ਪੂਰੀ ਸੁਰੱਖਿਆ ਮਿਲੇ ਅਤੇ ਕਿਸੇ ਵੀ ਤਰ੍ਹਾਂ ਦੀ ਬੇਇਨਸਾਫ਼ੀ ਨਾ ਹੋਵੇ। ਉਨ੍ਹਾਂ ਕਿਹਾ ਕਿ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਕਿਸੇ ਵੀ ਹਾਲਤ ਵਿੱਚ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਮਨੁੱਖੀ ਅਧਿਕਾਰ ਕਮਿਸ਼ਨ ਵੱਲੋਂ ਮਨੁੱਖੀ ਅਧਿਕਾਰਾਂ ਦੀ ਰਾਖੀ ਲਈ ਅਡਵਾਇਜ਼ਰੀਜ਼ ਜਾਰੀ ਕੀਤੀਆਂ ਗਈਆਂ ਹਨ।
          ਉਨ੍ਹਾਂ ਕਿਹਾ ਕਿ ਕਮਿਸ਼ਨ ਵੱਲੋਂ ਹਰ ਜ਼ਿਲ੍ਹੇ ਵਿਚ 15-15 ਵਿਅਕਤੀਆਂ ਦੇ ਕੋਰ ਗਰੁੱਪ  ਗਠਿਤ ਕੀਤੇ ਜਾ ਰਹੇ ਹਨ, ਜੋ ਮਨੁੱਖੀ ਅਧਿਕਾਰਾਂ ਦੀ ਰਾਖੀ ਲਈ ਕੰਮ ਕਰਨਗੇ ਅਤੇ ਕਮਿਸ਼ਨ ਨਾਲ ਸਬੰਧਤ ਸ਼ਿਕਾਇਤਾਂ ਤੇ ਸਮੱਸਿਆਵਾਂ ਧਿਆਨ ਵਿਚ ਲਿਆਉਣਗੇ। ਉਹਨਾਂ ਕਿਹਾ ਕਿ ਇਨ੍ਹਾਂ ਕੋਰ ਗਰੁੱਪਾਂ ਵਿੱਚ ਵੱਖ-ਵੱਖ ਵਰਗਾਂ ਨਾਲ ਸੰਬੰਧਿਤ ਵਿਅਕਤੀ ਸ਼ਾਮਿਲ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਜੇਕਰ ਕਿਤੇ ਵੀ ਮਨੁੱਖੀ ਅਧਿਕਾਰਾਂ ਦਾ ਘਾਣ ਹੁੰਦਾ ਹੈ ਤਾਂ ਇਸ ਸਬੰਧੀ ਲਿਖਤੀ ਸ਼ਿਕਾਇਤ ਕਮਿਸ਼ਨਰ ਨੂੰ ਦਿੱਤੀ ਜਾਵੇ, ਜਿਸ ‘ਤੇ ਦੋ ਦਿਨਾਂ ਅੰਦਰ ਯਕੀਨਨ ਕਾਰਵਾਈ ਹੋਵੇਗੀ। ਉਨ੍ਹਾਂ ਦੱਸਿਆ ਕਿ ਕਮਿਸ਼ਨ ਵੱਲੋਂ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਸਬੰਧੀ ਸ਼ਿਕਾਇਤਾਂ ਲਈ ਹੈਲਪਲਾਈਨ ਨੰਬਰ 9855475547 ਵੀ ਜਾਰੀ ਕੀਤਾ ਗਿਆ ਹੈ।
        ਐਨ.ਜੀ.ਓਜ਼ ਨੂੰ ਮਨੁੱਖੀ ਅਧਿਕਾਰ ਕਮਿਸ਼ਨ ਦੇ ਅੱਖ ਤੇ ਕੰਨ ਬਣ ਕੇ ਕੰਮ ਕਰਨ ਦਾ ਸੱਦਾ ਦਿੰਦਿਆਂ ਉਨ੍ਹਾਂ ਕਿਹਾ ਕਿ ਉਹ ਮਨੁੱਖਤਾ ਦੀ ਭਲਾਈ ਦੇ ਕੰਮ ਕਰਨ ਦੇ ਨਾਲ-ਨਾਲ ਮਨੁੱਖੀ ਅਧਿਕਾਰਾਂ ਦੀ ਰਾਖੀ ਵਿੱਚ ਵੀ ਸਰਗਰਮ ਯੋਗਦਾਨ ਪਾਉਣ। ਉਨ੍ਹਾਂ ਕਿਹਾ ਕਿ ਐਨ.ਜੀ.ਓਜ਼ ਨੂੰ ਮਨੁੱਖਤਾ ਦੀ ਬਿਹਤਰੀ ਅਤੇ ਉਨ੍ਹਾਂ ਦੇ ਅਧਿਕਾਰਾਂ ਦੀ ਰੱਖਿਆ ਲਈ ਪ੍ਰਸ਼ਾਸਨ ਦੀਆਂ ਬਾਹਵਾਂ ਬਣ ਕੇ ਕੰਮ ਕਰਨਾ ਚਾਹੀਦਾ ਹੈ।
       ਇਸ ਦੌਰਾਨ ਉਨ੍ਹਾਂ ਮਨੁੱਖੀ ਅਧਿਕਾਰਾਂ ਦੇ ਮੱਦੇਨਜ਼ਰ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੰਦਿਆਂ ਮਨੁੱਖੀ ਅਧਿਕਾਰਾਂ ਨੂੰ ਹੋਰ ਬਿਹਤਰ ਬਣਾਉਣ ਲਈ ਸੁਝਾਅ ਵੀ ਲਏ। ਇਸ ਮੌਕੇ ਸਮਾਜ ਸੇਵੀਆਂ ਅਤੇ ਹੋਰਨਾਂ ਮੁਹਤਬਰਾਂ ਵੱਲੋਂ ਮਨੁੱਖੀ ਅਧਿਕਾਰਾਂ ਨੂੰ ਪ੍ਰਭਾਵਿਤ ਕਰਦੀਆਂ ਸ਼ਹਿਰ ਦੀਆਂ ਸਮੱਸਿਆਵਾਂ ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ ਦੇ ਸਨਮੁੱਖ ਰੱਖੀਆਂ, ਜਿਸ ਦੇ ਯੋਗ ਹੱਲ ਦਾ ਉਨ੍ਹਾਂ ਵੱਲੋਂ ਭਰੋਸਾ ਦਿੱਤਾ ਗਿਆ।
       ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸੰਜੀਵ ਕੁਮਾਰ ਸ਼ਰਮਾ, ਸਹਾਇਕ ਕਮਿਸ਼ਨਰ ਡਾ. ਕਰਨਵੀਰ ਸਿੰਘ, ਐਸ.ਪੀ (ਹੈਂਡ ਕੁਆਰਟਰ) ਸੁਖਨਿੰਦਰ ਸਿੰਘ, ਉੱਪ ਅਰਥ ਤੇ ਅੰਕੜਾ ਸਲਾਹਕਾਰ ਡਾ. ਅਮਨਦੀਪ ਸਿੰਘ, ਡੀ.ਡੀ.ਪੀ.ਓ ਪਿਆਰ ਸਿੰਘ, ਡੀ.ਡੀ.ਏ ਗੌਰਵ ਧੀਮਾਨ, ਡਾ. ਸੁਰਿੰਦਰ ਕੌਰ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ, ਸਮਾਜ ਸੇਵੀ, ਸਰਪੰਚ ਅਤੇ ਹੋਰ ਅਹਿਮ ਸ਼ਖਸੀਅਤਾਂ ਮੌਜੂਦ ਸਨ।

CATEGORIES
Share This

COMMENTS

Wordpress (0)
Disqus ( )
Translate