ਡਾ.ਬਲਜੀਤ ਕੌਰ ਵੱਲੋਂ ਮਲੋਟ ਵਿੱਚ ₹16.25 ਕਰੋੜ ਦਾ ਵਾਟਰ ਸਪਲਾਈ ਪ੍ਰੋਜੈਕਟ ਸ਼ੁਰੂ
ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਦੇ ਯਤਨਾਂ ਨਾਲ ਮਲੋਟ ਦੀ 1 ਲੱਖ ਆਬਾਦੀ ਨੂੰ ਵੱਡੀ ਰਾਹਤ
ਡਾ.ਬਲਜੀਤ ਕੌਰ ਦਾ ਵੱਡਾ ਕਦਮ-3000 ਨਵੇਂ ਕਨੈਕਸ਼ਨ, 20 ਕਿਲੋਮੀਟਰ ਪਾਇਪ ਲਾਈਨ ਨਾਲ ਪਾਣੀ ਸਪਲਾਈ ਮਜ਼ਬੂਤ
ਮਲੋਟ, 24 ਮਾਰਚ
ਮਲੋਟ ਹਲਕੇ ਦੀ ਵਿਧਾਇਕ ਅਤੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਦੇ ਯਤਨਾਂ ਸਦਕਾ ਮਲੋਟ ਸ਼ਹਿਰ ਵਿੱਚ ਪੀਣ ਵਾਲੇ ਸਾਫ਼ ਪਾਣੀ ਦੀ ਸਪਲਾਈ ਨੂੰ ਹੋਰ ਮਜ਼ਬੂਤ ਕਰਨ ਵੱਲ ਇੱਕ ਵੱਡਾ ਕਦਮ ਚੁੱਕਿਆ ਗਿਆ ਹੈ।
ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੰਮ੍ਰਿਤ 2 ਸਕੀਮ ਅਧੀਨ ₹16.25 ਕਰੋੜ ਦੀ ਲਾਗਤ ਨਾਲ ਮਲੋਟ ਸ਼ਹਿਰ ਲਈ ਵਾਟਰ ਸਪਲਾਈ ਪ੍ਰੋਜੈਕਟ ਦੀ ਅੱਜ ਸ਼ੁਰੂਆਤ ਕੀਤੀ ਗਈ ਹੈ, ਜਿਸ ਨਾਲ ਲਗਭਗ ਇੱਕ ਲੱਖ ਆਬਾਦੀ ਨੂੰ ਸਿੱਧਾ ਲਾਭ ਮਿਲੇਗਾ।
ਉਨ੍ਹਾਂ ਨੇ ਦੱਸਿਆ ਕਿ ਇਸ ਪ੍ਰੋਜੈਕਟ ਤਹਿਤ ਸਰਹਿੰਦ ਫੀਡਰ ‘ਤੇ ਨਵੀਂ ਪੰਪਿੰਗ ਮਸ਼ੀਨਰੀ ਲਗਾਈ ਜਾਵੇਗੀ ਅਤੇ ਪੁਰਾਣੀ ਤੇ ਲੀਕੇਜ ਕਾਰਨ ਖਰਾਬ ਹੋ ਚੁੱਕੀ 8300 ਮੀਟਰ ਪਾਇਪ ਲਾਈਨ ਨੂੰ ਬਦਲ ਕੇ ਨਵੀਂ ਲਾਈਨ ਵਿਛਾਈ ਜਾਵੇਗੀ। ਇਸ ਦੇ ਨਾਲ ਹੀ ਸ਼ਹਿਰ ਦੇ ਹਰ ਨੁੱਕਰ ਤੱਕ ਪਾਣੀ ਪਹੁੰਚਾਉਣ ਲਈ ਕਰੀਬ 20 ਕਿਲੋਮੀਟਰ ਨਵੀਂ ਪਾਇਪ ਲਾਈਨ ਵੀ ਵਿਛਾਈ ਜਾਵੇਗੀ।
ਉਨ੍ਹਾਂ ਨੇ ਹੋਰ ਦੱਸਿਆ ਕਿ ਇਸ ਯੋਜਨਾ ਤਹਿਤ ਲਗਭਗ 3000 ਘਰਾਂ ਨੂੰ ਨਵੇਂ ਹਾਊਸ ਕਨੈਕਸ਼ਨ ਮੁਹੱਈਆ ਕਰਵਾਏ ਜਾਣਗੇ, ਜਿਸ ਨਾਲ ਲੋਕਾਂ ਨੂੰ ਸਾਫ਼ ਅਤੇ ਪੂਰੀ ਮਾਤਰਾ ਵਿੱਚ ਪੀਣ ਵਾਲਾ ਪਾਣੀ ਮਿਲੇਗਾ।
ਡਾ. ਬਲਜੀਤ ਕੌਰ ਨੇ ਕਿਹਾ ਕਿ ਇਹ ਪ੍ਰੋਜੈਕਟ ਇੱਕ ਸਾਲ ਦੇ ਅੰਦਰ ਪੂਰਾ ਕਰਨ ਦਾ ਟੀਚਾ ਰੱਖਿਆ ਗਿਆ ਹੈ ਅਤੇ ਇਸ ਨਾਲ ਮਲੋਟ ਦੇ ਨਿਵਾਸੀਆਂ ਨੂੰ ਪਾਣੀ ਦੀ ਸਮੱਸਿਆ ਤੋਂ ਵੱਡੀ ਰਾਹਤ ਮਿਲੇਗੀ। ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ।
ਇਸ ਮੌਕੇ ਈ.ਓ ਮੰਗਤ ਰਾਮ, ਐੱਸ.ਡੀ.ਓ ਵਿਸ਼ਵਜੀਤ ਸਿੰਘ , ਜੇ.ਈ ਰਜਿੰਦਰ ਸਿੰਘ ਤੇ ਹਰਜਿੰਦਰ ਸਿੰਘ, ਆਪ ਸ਼ਹਿਰੀ ਪ੍ਰਧਾਨ ਰਾਜੀਵ ਉੱਪਲ, ਜਸਮੀਤ ਬਰਾੜ, ਕੌਂਸਲਰ ਹਰਮੇਲ ਸਿੰਘ ਸੰਧੂ, ਪੀ.ਏ ਅਰਸ਼ ਸਿੱਧੂ, ਪੀ.ਏ ਛਿੰਦਰ ਪਾਲ ਸਿੰਘ, ਆਪ ਆਗੂ ਜੋਨੀ ਗਰਗ, ਦਫਤਰ ਇੰਚਾਰਜ ਵਿਕਰਾਂਤ ਖੁਰਾਣਾ, ਗੁਰਪਿਆਰ ਸਿੰਘ, ਬਲਦੇਵ ਰਾਜ ਸ਼ਰਮਾ, ਜਸਵਿੰਦਰ ਸਿੰਘ, ਸੋਨੂ ਸਿੱਧੂ, ਮੋਹਨ ਸਿੰਘ, ਇਕਬਾਲ ਸਿੰਘ ਅਤੇ ਸ਼ਹਿਰ ਵਾਸੀ ਹਾਜ਼ਰ ਸਨ।



