ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਹਸਪਤਾਲ ਵਿਖੇ ਮਰੀਜ਼ਾਂ ਲਈ ਲੰਗਰ ਸੇਵਾ ਦੀ ਕੀਤੀ ਗਈ ਸ਼ੁਰੂਆਤ
ਹਸਪਤਾਲ ਵਿਖੇ ਇਲਾਜ ਕਰਵਾਉਣ ਆਏ ਮਰੀਜ਼ਾਂ ਲਈ ਵੱਡਾ ਧਰਵਾਸ ਬਣੇਗੀ ਲੰਗਰ ਸੇਵਾ- ਐਡਵੋਕੇਟ ਧਾਮੀ
ਅੰਮ੍ਰਿਤਸਰ, 27 ਮਾਰਚ-
ਸ੍ਰੀ ਗੁਰੂ ਨਾਨਕ ਦੇਵ ਜੀ ਹਸਪਤਾਲ ਸ੍ਰੀ ਅੰਮ੍ਰਿਤਸਰ ਵਿਖੇ ਇਲਾਜ਼ ਕਰਵਾਉਣ ਆਏ ਮਰੀਜ਼ ਅਤੇ ਉਨ੍ਹਾਂ ਦੇ ਨਾਲ ਆਏ ਸਹਿਯੋਗੀ ਸ੍ਰੀ ਗੁਰੂ ਰਾਮਦਾਸ ਜੀ ਦੇ ਦਰ ਤੋਂ ਆਇਆ ਲੰਗਰ ਛਕ ਸਕਣਗੇ। ਲੰਗਰ ਸੇਵਾ ਦੀ ਰਸਮੀ ਸ਼ੁਰੂਆਤ ਅੱਜ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਮੂਲਮੰਤਰ ਅਤੇ ਗੁਰਮੰਤਰ ਦੇ ਜਾਪ ਕਰਨ ਮਗਰੋਂ ਅਰਦਾਸ ਉਪਰੰਤ ਕੀਤੀ ਗਈ। ਜ਼ਿਕਰਯੋਗ ਹੈ ਕਿ ਬੀਤੇ ਸਮੇਂ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਨੇ ਇਸ ਕਾਰਜ ਲਈ ਪ੍ਰਵਾਨਗੀ ਦਿੱਤੀ ਸੀ। ਅੱਜ ਸ੍ਰੀ ਗੁਰੂ ਨਾਨਕ ਦੇਵ ਜੀ ਹਸਪਤਾਲ ਪੁੱਜਣ ’ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੂੰ ਹਸਪਤਾਲ ਦੇ ਡਾਇਰੈਕਟਰ ਪ੍ਰਿੰਸੀਪਲ ਡਾ. ਰਾਜੀਵ ਦੇਵਗਨ ਅਤੇ ਮੈਡੀਕਲ ਸੁਪ੍ਰਿੰਟੈਂਡੈਂਟ ਡਾ. ਕਰਮਜੀਤ ਸਿੰਘ ਨੇ ਜੀ-ਆਇਆਂ ਆਖਦਿਆਂ ਸਵਾਗਤ ਕੀਤਾ।
ਇਸ ਮੌਕੇ ਗੱਲਬਾਤ ਕਰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਗੁਰੂ ਸਾਹਿਬਾਨ ਦੇ ਸੰਦੇਸ਼ ਅਤੇ ਪ੍ਰੇਰਣਾ ਦੀ ਰੌਸ਼ਨੀ ’ਚ ਸਦਾ ਹੀ ਮਾਨਵ ਹਿਤਕਾਰੀ ਕਾਰਜਾਂ ਲਈ ਯਤਨਸ਼ੀਲ ਰਹੀ ਹੈ। ਇਸੇ ਤਹਿਤ ਹੀ ਸ੍ਰੀ ਗੁਰੂ ਨਾਨਕ ਦੇਵ ਜੀ ਹਸਪਤਾਲ ਵਿਖੇ ਇਲਾਜ ਕਰਵਾਉਣ ਆਉਣ ਵਾਲੇ ਮਰੀਜ਼ਾਂ ਅਤੇ ਹੋਰ ਲੋੜਵੰਦਾਂ ਲਈ ਲੰਗਰ ਦਾ ਪ੍ਰਬੰਧ ਕਰਨ ਦਾ ਫੈਸਲਾ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਇਸ ਦਾ ਮੁੱਖ ਉਦੇਸ਼ ਮਰੀਜ਼ਾਂ ਅਤੇ ਉਨ੍ਹਾਂ ਦੇ ਸਹਿਯੋਗੀਆਂ ਨੂੰ ਸਹਾਰਾ ਪ੍ਰਦਾਨ ਕਰਨਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਦਾ ਇਹ ਉਪਰਾਲਾ ਦੂਰ-ਦੂਰ ਤੋਂ ਸ੍ਰੀ ਅੰਮ੍ਰਿਤਸਰ ਵਿਖੇ ਇਲਾਜ ਕਰਵਾਉਣ ਆਏ ਮਰੀਜ਼ਾਂ ਲਈ ਵੱਡਾ ਧਰਵਾਸ ਬਣੇਗਾ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਇਸ ਕਾਰਜ ਵਿਚ ਸਹਿਯੋਗ ਕਰਨ ਲਈ ਹਸਪਤਾਲ ਦੇ ਡਾਇਰੈਕਟਰ ਪ੍ਰਿੰਸੀਪਲ, ਮੈਡੀਕਲ ਸੁਪ੍ਰਿੰਟੈਂਡੈਂਟ ਸਮੇਤ ਸਮੁੱਚੇ ਪ੍ਰਬੰਧ ਦਾ ਧੰਨਵਾਦ ਵੀ ਕੀਤਾ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਸ. ਗੁਰਮੀਤ ਸਿੰਘ ਬੂਹ, ਸ੍ਰੀ ਗੁਰੂ ਨਾਨਕ ਦੇਵ ਮੈਡੀਕਲ ਕਾਲਜ ਅਤੇ ਹਸਪਤਾਲ ਦੇ ਹਸਪਤਾਲ ਦੇ ਡਾਇਰੈਕਟਰ ਪ੍ਰਿੰਸੀਪਲ ਡਾ. ਰਾਜੀਵ ਦੇਵਗਨ ਅਤੇ ਮੈਡੀਕਲ ਸੁਪ੍ਰਿੰਟੈਂਡੈਂਟ ਡਾ. ਕਰਮਜੀਤ ਸਿੰਘ, ਨਰਸਿੰਘ ਸੁਪ੍ਰਿੰਟੈਂਡੈਂਟ ਬੀਬੀ ਨਵਕਿਰਨ ਕੌਰ, ਓਐਸਡੀ ਸ. ਸਤਬੀਰ ਸਿੰਘ, ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ, ਸ. ਗੁਰਿੰਦਰ ਸਿੰਘ ਮਥਰੇਵਾਲ, ਨਿੱਜੀ ਸਕੱਤਰ ਸ. ਸ਼ਾਹਬਾਜ਼ ਸਿੰਘ, ਮੀਤ ਸਕੱਤਰ ਸ. ਹਰਭਜਨ ਸਿੰਘ ਵਕਤਾ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ, ਵਧੀਕ ਮੈਨੇਜਰ ਸ. ਬਿਕਰਮਜੀਤ ਸਿੰਘ ਝੰਗੀ, ਸ. ਬਲਵਿੰਦਰ ਸਿੰਘ ਸਮੇਤ ਹੋਰ ਮੌਜੂਦ ਸਨ।



