ਵਿਰੋਧੀ ਧਿਰ ਪੰਜਾਬ ਦੇ ਲੋਕਾਂ ਨੂੰ ਗੁਮਰਾਹ ਕਰਨ ਲਈ 10 ਲੱਖ ਰੁਪਏ ਦੀ ਸਿਹਤ ਯੋਜਨਾ ਬਾਰੇ ਗਲਤ ਪ੍ਰਚਾਰ ਕਰ ਰਹੀ ਹੈ-ਡਾ.ਬਲਬੀਰ ਸਿੰਘ
ਪੈਨਲ ਤੋਂ ਬਾਹਰ ਵਾਲੇ ਹਸਪਤਾਲਾਂ ਦੇ ਮਾਮਲਿਆਂ ਨੂੰ ਸਕੀਮ ਦੀ ਅਸਫਲਤਾ ਵਜੋਂ ਗਲਤ ਤਰੀਕੇ ਨਾਲ ਪੇਸ਼ ਕੀਤਾ ਜਾ ਰਿਹਾ ਹੈ, ਦਾਅਵੇ ਗੁੰਮਰਾਹਕੁੰਨ ਹਨ: ਡਾ. ਬਲਬੀਰ ਸਿੰਘ
1.72 ਲੱਖ ਮਰੀਜ਼ਾਂ ਦਾ 292 ਕਰੋੜ ਰੁਪਏ ਦਾ ਇਲਾਜ ਹੋਇਆ, ਸਕੀਮ ਨੂੰ ਬਦਨਾਮ ਕਰਨ ਦੀਆਂ ਕੋਸ਼ਿਸ਼ਾਂ ਨਿੰਦਣਯੋਗ ਹਨ: ਡਾ. ਬਲਬੀਰ ਸਿੰਘ
ਵਿਰੋਧੀ ਧਿਰ ਦੇ ਸੀਨੀਅਰ ਆਗੂਆਂ ਨੂੰ ਅਜੇ ਵੀ ਇਹ ਨਹੀਂ ਪਤਾ ਕਿ ਸਿਰਫ਼ ਐਮਪੈਨਲਡ ਹਸਪਤਾਲ ਹੀ ਸਕੀਮਾਂ ਤਹਿਤ ਇਲਾਜ ਪ੍ਰਦਾਨ ਕਰਦੇ ਹਨ: ਕੁਲਦੀਪ ਸਿੰਘ ਧਾਲੀਵਾਲ
ਵਿਰੋਧੀ ਆਗੂ ਸਿਆਸੀ ਹੋਂਦ ਬਚਾਉਣ ਲਈ ਤੱਥਾਂ ਨੂੰ ਤੋੜ-ਮਰੋੜ ਕੇ ਪੇਸ਼ ਕਰ ਰਹੇ ਹਨ, ਸਿਹਤ ਯੋਜਨਾ ਬਾਰੇ ਜਨਤਾ ਨੂੰ ਗੁਮਰਾਹ ਕਰ ਰਹੇ ਹਨ: ਕੁਲਦੀਪ ਸਿੰਘ ਧਾਲੀਵਾਲ
ਚੰਡੀਗੜ੍ਹ, 29 ਮਾਰਚ
ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਐਤਵਾਰ ਨੂੰ ਕਿਹਾ ਕਿ ਵਿਰੋਧੀ ਧਿਰ 10 ਲੱਖ ਰੁਪਏ ਦੀ ਸਿਹਤ ਬੀਮਾ ਯੋਜਨਾ ਬਾਰੇ ਲੋਕਾਂ ਨੂੰ ਗੁਮਰਾਹ ਕਰਨ ਲਈ ਜਾਣਬੁੱਝ ਕੇ ਮੁਹਿੰਮ ਚਲਾ ਰਹੀ ਹੈ। ਉਹ ਗੈਰ-ਸੂਚੀਬੱਧ ਹਸਪਤਾਲਾਂ ਦੀਆਂ ਇਕੱਲੀਆਂ-ਦੁਕੱਲੀਆਂ ਘਟਨਾਵਾਂ ਦੀ ਵਰਤੋਂ ਕਰਕੇ ਸਕੀਮ ਦੇ ਸਾਬਤ ਹੋਏ ਪ੍ਰਭਾਵ ਨੂੰ ਨਜ਼ਰਅੰਦਾਜ਼ ਕਰਦਿਆਂ ਇਸ ਨੂੰ ਅਸਫਲ ਦਿਖਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਪਾਰਟੀ ਨੇ ਦੱਸਿਆ ਕਿ 1.72 ਲੱਖ ਤੋਂ ਵੱਧ ਮਰੀਜ਼ ਪਹਿਲਾਂ ਹੀ 292 ਕਰੋੜ ਰੁਪਏ ਦਾ ਇਲਾਜ ਕਰਵਾ ਚੁੱਕੇ ਹਨ। ਪਾਰਟੀ ਨੇ ਦਾਅਵਾ ਕੀਤਾ ਕਿ ਤੱਥਾਂ ਨੂੰ ਤੋੜ-ਮਰੋੜ ਕੇ ਪੇਸ਼ ਕਰਨ ਦੀ ਇਹ ਕੋਸ਼ਿਸ਼ ਜਾਂ ਤਾਂ ਸਰਕਾਰੀ ਸਕੀਮਾਂ ਦੀ ਮੁੱਢਲੀ ਸਮਝ ਦੀ ਘਾਟ ਨੂੰ ਦਰਸਾਉਂਦੀ ਹੈ ਜਾਂ ਫਿਰ ਲਾਭਪਾਤਰੀਆਂ ਵਿੱਚ ਭੰਬਲਭੂਸਾ ਪੈਦਾ ਕਰਨ ਅਤੇ ਇੱਕ ਵੱਡੀ ਜਨਤਕ ਭਲਾਈ ਪਹਿਲਕਦਮੀ ਨੂੰ ਕਮਜ਼ੋਰ ਕਰਨ ਦੀ ਇੱਕ ਸੋਚੀ-ਸਮਝੀ ਸਾਜ਼ਿਸ਼ ਹੈ।
ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਵੱਲੋਂ ਅੰਮ੍ਰਿਤਸਰ ਦੇ ਇੱਕ ਮਰੀਜ਼ ਦੀ ਵੀਡੀਓ ਸਾਂਝੀ ਕੀਤੇ ਜਾਣ ‘ਤੇ ਸਿੱਧਾ ਜਵਾਬ ਦਿੱਤਾ। ਡਾ. ਬਲਬੀਰ ਸਿੰਘ ਨੇ ਕਿਹਾ ਕਿ।ਵੀਡੀਓ ਵਿੱਚ ਦਿਖਾਇਆ ਗਿਆ ਹਸਪਤਾਲ, ਸ਼ੂਰ ਹਸਪਤਾਲ, ਮੁੱਖ ਮੰਤਰੀ ਸਿਹਤ ਯੋਜਨਾ ਦੇ ਤਹਿਤ ਸੂਚੀਬੱਧ (ਐਮਪੈਨਲਡ) ਨਹੀਂ ਹੈ। ਇਸ ਸਕੀਮ ਅਧੀਨ 600 ਤੋਂ ਵੱਧ ਨਿੱਜੀ ਹਸਪਤਾਲ ਸੂਚੀਬੱਧ ਹਨ ਅਤੇ ਇਲਾਜ ਦਾ ਲਾਭ ਸਿਰਫ਼ ਇਨ੍ਹਾਂ ਰਜਿਸਟਰਡ ਸੰਸਥਾਵਾਂ ਵਿੱਚ ਹੀ ਮਿਲਦਾ ਹੈ। ਵਿਰੋਧੀ ਧਿਰ ਦੇ ਨੇਤਾ ਲਈ ਤੱਥਾਂ ਦੀ ਪੜਤਾਲ ਕੀਤੇ ਬਿਨਾਂ ਅਜਿਹੀ ਸਮੱਗਰੀ ਸਾਂਝੀ ਕਰਨਾ ਬਹੁਤ ਹੀ ਗੈਰ-ਜ਼ਿੰਮੇਵਾਰਾਨਾ ਹੈ। ਇਹ ਨਾ ਸਿਰਫ਼ ਜਨਤਾ ਨੂੰ ਗੁਮਰਾਹ ਕਰਦਾ ਹੈ ਸਗੋਂ ਲਾਭਪਾਤਰੀਆਂ ਵਿੱਚ ਬੇਲੋੜੀ ਦਹਿਸ਼ਤ ਵੀ ਪੈਦਾ ਕਰਦਾ ਹੈ।
ਉਨ੍ਹਾਂ ਨੇ ਅਜਿਹੀਆਂ ਸਕੀਮਾਂ ਦੇ ਢਾਂਚੇ ਬਾਰੇ ਹੋਰ ਸਪੱਸ਼ਟ ਕਰਦਿਆਂ ਕਿਹਾ ਕਿ ਹਸਪਤਾਲਾਂ ਦਾ ਸੂਚੀਬੱਧ ਹੋਣਾ ਸਵੈ-ਇੱਛਤ ਹੈ। ਡਾ. ਬਲਬੀਰ ਸਿੰਘ ਨੇ ਅੱਗੇ ਕਿਹਾ, “ਆਯੂਸ਼ਮਾਨ ਭਾਰਤ ਯੋਜਨਾ ਵਰਗੀਆਂ ਸਕੀਮਾਂ ਤਹਿਤ ਹਸਪਤਾਲਾਂ ਦੀ ਸ਼ਮੂਲੀਅਤ ਸਵੈ-ਇੱਛਤ ਹੈ ਅਤੇ ਕਿਸੇ ਵੀ ਹਸਪਤਾਲ ਨੂੰ ਸ਼ਾਮਲ ਹੋਣ ਲਈ ਮਜਬੂਰ ਨਹੀਂ ਕੀਤਾ ਜਾ ਸਕਦਾ। ਇਸ ਲਈ, ਗੈਰ-ਸੂਚੀਬੱਧ ਹਸਪਤਾਲਾਂ ਦੀਆਂ ਘਟਨਾਵਾਂ ਨੂੰ ਸਕੀਮ ਦੀ ਅਸਫਲਤਾ ਵਜੋਂ ਪੇਸ਼ ਕਰਨਾ ਤੱਥਾਂ ਦੇ ਆਧਾਰ ‘ਤੇ ਗਲਤ ਅਤੇ ਗੁੰਮਰਾਹਕੁੰਨ ਹੈ।
ਇਸ ਪਹਿਲਕਦਮੀ ਦੇ ਪੱਧਰ ਅਤੇ ਪ੍ਰਭਾਵ ‘ਤੇ ਰੌਸ਼ਨੀ ਪਾਉਂਦਿਆਂ ਸਿਹਤ ਮੰਤਰੀ ਨੇ ਪੰਜਾਬ ਦੇ ਲੋਕਾਂ ਨੂੰ ਮਿਲੇ ਪ੍ਰਤੱਖ ਲਾਭਾਂ ‘ਤੇ ਜ਼ੋਰ ਦਿੱਤਾ। ਡਾ. ਬਲਬੀਰ ਸਿੰਘ ਨੇ ਕਿਹਾ ਕਿ 1.72 ਲੱਖ ਤੋਂ ਵੱਧ ਮਰੀਜ਼ ਪਹਿਲਾਂ ਹੀ 292 ਕਰੋੜ ਰੁਪਏ ਦਾ ਇਲਾਜ ਕਰਵਾ ਚੁੱਕੇ ਹਨ, ਜਿਸ ਵਿੱਚ ਦਿਲ ਦੀ ਸਰਜਰੀ, ਦਿਮਾਗ ਦੇ ਆਪ੍ਰੇਸ਼ਨ, ਜੋੜਾਂ ਦੇ ਬਦਲਣ ਅਤੇ ਐਮਰਜੈਂਸੀ ਐਕਸੀਡੈਂਟ ਕੇਅਰ ਵਰਗੇ ਗੰਭੀਰ ਇਲਾਜ ਸ਼ਾਮਲ ਹਨ। ਇਹ ਅੰਕੜੇ ਸਕੀਮ ਦੀ ਪ੍ਰਭਾਵਸ਼ੀਲਤਾ ਅਤੇ ਪਹੁੰਚ ਨੂੰ ਸਪੱਸ਼ਟ ਰੂਪ ਵਿੱਚ ਦਰਸਾਉਂਦੇ ਹਨ। ਇਸ ਨੂੰ ਬਦਨਾਮ ਕਰਨ ਦੀਆਂ ਕੋਸ਼ਿਸ਼ਾਂ ਨਿੰਦਣਯੋਗ ਹਨ।
ਭੰਬਲਭੂਸਾ ਫੈਲਾਉਣ ਦੀ ਕਥਿਤ ਕੋਸ਼ਿਸ਼ ‘ਤੇ ਸਵਾਲ ਚੁੱਕਦਿਆਂ ਸਿਹਤ ਮੰਤਰੀ ਨੇ ਜਵਾਬਦੇਹੀ ਦੀ ਮੰਗ ਕੀਤੀ। ਡਾ. ਬਲਬੀਰ ਸਿੰਘ ਨੇ ਕਿਹਾ ਕਿ।ਪ੍ਰਤਾਪ ਸਿੰਘ ਬਾਜਵਾ ਨੂੰ ਗਲਤ ਜਾਣਕਾਰੀ ਫੈਲਾਉਣ ਅਤੇ ਲੋਕ-ਪੱਖੀ ਪਹਿਲਕਦਮੀ ਬਾਰੇ ਭੰਬਲਭੂਸਾ ਪੈਦਾ ਕਰਨ ਦੀ ਕੋਸ਼ਿਸ਼ ਕਰਨ ਲਈ ਪੰਜਾਬ ਦੇ ਲੋਕਾਂ ਤੋਂ ਜਨਤਕ ਤੌਰ ‘ਤੇ ਮੁਆਫੀ ਮੰਗਣੀ ਚਾਹੀਦੀ ਹੈ।
‘ਆਪ’ ਪੰਜਾਬ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਵੀ ਜਵਾਬੀ ਹਮਲਾ ਕਰਦਿਆਂ ਸੁਖਬੀਰ ਸਿੰਘ ਬਾਦਲ, ਹਰਸਿਮਰਤ ਕੌਰ ਬਾਦਲ ਅਤੇ ਰਾਜਾ ਵੜਿੰਗ ਸਮੇਤ ਵਿਰੋਧੀ ਆਗੂਆਂ ਦੀ ਪ੍ਰਸ਼ਾਸਨਿਕ ਸਮਝ ‘ਤੇ ਸਵਾਲ ਚੁੱਕੇ। ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਬਾਜਵਾ ਅਤੇ ਬਾਦਲ ਵਰਗੇ ਆਗੂ ਸਾਲਾਂ ਬੱਧੀ ਉੱਚ ਅਹੁਦਿਆਂ ‘ਤੇ ਰਹਿਣ ਦੇ ਬਾਵਜੂਦ ਸਰਕਾਰੀ ਸਕੀਮਾਂ ਦੇ ਬੁਨਿਆਦੀ ਕੰਮਕਾਜ ਨੂੰ ਸਮਝਣ ਵਿੱਚ ਅਸਫਲ ਰਹੇ ਹਨ। ਇਹ ਹੈਰਾਨੀ ਦੀ ਗੱਲ ਹੈ ਕਿ ਜੋ ਲੋਕ ਉਪ ਮੁੱਖ ਮੰਤਰੀ, ਕੇਂਦਰੀ ਮੰਤਰੀ, ਸੰਸਦ ਮੈਂਬਰ ਅਤੇ ਸੀਨੀਅਰ ਆਗੂ ਰਹੇ ਹਨ, ਉਨ੍ਹਾਂ ਨੂੰ ਅਜੇ ਵੀ ਇਹ ਨਹੀਂ ਪਤਾ ਕਿ ਅਜਿਹੀਆਂ ਸਕੀਮਾਂ ਤਹਿਤ ਸਿਰਫ਼ ਸੂਚੀਬੱਧ ਹਸਪਤਾਲ ਹੀ ਇਲਾਜ ਪ੍ਰਦਾਨ ਕਰਦੇ ਹਨ। ਉਨ੍ਹਾਂ ਦੇ ਬਿਆਨ ਜਾਂ ਤਾਂ ਉਨ੍ਹਾਂ ਦੀ ਅਗਿਆਨਤਾ ਜਾਂ ਲੋਕਾਂ ਨੂੰ ਗੁਮਰਾਹ ਕਰਨ ਦੇ ਇਰਾਦੇ ਨੂੰ ਬੇਨਕਾਬ ਕਰਦੇ ਹਨ।
ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਸਕੀਮ ਅਧੀਨ ਸਿਰਫ਼ ਪ੍ਰਵਾਨਿਤ ਹਸਪਤਾਲਾਂ ਨੂੰ ਹੀ ਅਧਿਕਾਰ ਦਿੱਤਾ ਗਿਆ ਹੈ ਅਤੇ ਗਲਤ ਜਾਣਕਾਰੀ ਫੈਲਾਉਣ ਵਿਰੁੱਧ ਚੇਤਾਵਨੀ ਦਿੱਤੀ। ਕੁਲਦੀਪ ਸਿੰਘ ਧਾਲੀਵਾਲ ਨੇ ਅੱਗੇ ਕਿਹਾ ਕਿ।ਪੰਜਾਬ ਵਿੱਚ ਹਜ਼ਾਰਾਂ ਹਸਪਤਾਲ ਹਨ, ਪਰ ਸਕੀਮ ਦੇ ਤਹਿਤ ਸਿਰਫ਼ ਸਰਕਾਰ ਦੇ ਪ੍ਰਵਾਨਿਤ ਪੈਨਲ ਵਿੱਚ ਸ਼ਾਮਲ ਹਸਪਤਾਲ ਹੀ ਅਧਿਕਾਰਤ ਹਨ। ਲੋਕਾਂ ਦੀ ਸਹੀ ਰਹਿਨੁਮਾਈ ਕਰਨ ਦੀ ਬਜਾਏ, ਇਹ ਆਗੂ ਉਨ੍ਹਾਂ ਨੂੰ ਉਲਝਾ ਰਹੇ ਹਨ ਅਤੇ ਝੂਠਾ ਪ੍ਰਚਾਰ ਕਰ ਰਹੇ ਹਨ। ਇਹ ਨਾ ਸਿਰਫ਼ ਗੈਰ-ਜ਼ਿੰਮੇਵਾਰਾਨਾ ਹੈ ਬਲਕਿ ਲੱਖਾਂ ਗਰੀਬ ਪਰਿਵਾਰਾਂ ਨੂੰ ਲਾਭ ਪਹੁੰਚਾਉਣ ਵਾਲੀ ਸਕੀਮ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼ ਹੈ।
ਅਜਿਹੀਆਂ ਟਿੱਪਣੀਆਂ ਪਿੱਛੇ ਇਰਾਦੇ ‘ਤੇ ਸਵਾਲ ਉਠਾਉਂਦਿਆਂ ‘ਆਪ’ ਪੰਜਾਬ ਦੇ ਮੁੱਖ ਬੁਲਾਰੇ ਨੇ ਕਿਹਾ ਕਿ ਵਿਰੋਧੀ ਆਗੂ ਜਨਹਿਤ ਨਾਲੋਂ ਆਪਣੀ ਸਿਆਸੀ ਹੋਂਦ ਨੂੰ ਪਹਿਲ ਦੇ ਰਹੇ ਹਨ। ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਵਿਰੋਧੀ ਆਗੂ ਸਿਰਫ਼ ਆਪਣੇ ਸਿਆਸੀ ਆਕਾਵਾਂ ਨੂੰ ਖੁਸ਼ ਕਰਨ ਅਤੇ ਚਰਚਾ ਵਿੱਚ ਰਹਿਣ ਲਈ ਬੇਬੁਨਿਆਦ ਬਿਆਨਬਾਜ਼ੀ ਕਰ ਰਹੇ ਹਨ। ਟਿੱਪਣੀ ਕਰਨ ਤੋਂ ਪਹਿਲਾਂ ਉਨ੍ਹਾਂ ਨੂੰ ਘੱਟੋ-ਘੱਟ ਸਰਕਾਰੀ ਵੈੱਬਸਾਈਟਾਂ ਦੀ ਜਾਂਚ ਕਰਨੀ ਚਾਹੀਦੀ ਹੈ ਜਾਂ ਤੱਥਾਂ ਦੀ ਪੁਸ਼ਟੀ ਕਰਨੀ ਚਾਹੀਦੀ ਹੈ। ਉਨ੍ਹਾਂ ਦੇ ਲਾਪਰਵਾਹੀ ਭਰੇ ਬਿਆਨ ਸ਼ਰਮਿੰਦਗੀ ਦਾ ਕਾਰਨ ਬਣ ਗਏ ਹਨ।
ਉਨ੍ਹਾਂ ਨਾਗਰਿਕਾਂ ਨੂੰ ਸਿਰਫ਼ ਪ੍ਰਮਾਣਿਤ ਜਾਣਕਾਰੀ ‘ਤੇ ਭਰੋਸਾ ਕਰਨ ਦੀ ਅਪੀਲ ਵੀ ਕੀਤੀ। ਕੁਲਦੀਪ ਸਿੰਘ ਧਾਲੀਵਾਲ ਨੇ ਦੁਹਰਾਇਆ ਕਿ ਪੰਜਾਬ ਦੇ ਲੋਕਾਂ ਨੂੰ ਅਜਿਹੇ ਪ੍ਰਚਾਰ ਤੋਂ ਗੁਮਰਾਹ ਨਹੀਂ ਹੋਣਾ ਚਾਹੀਦਾ ਅਤੇ ਸਿਰਫ਼ ਪ੍ਰਮਾਣਿਤ ਜਾਣਕਾਰੀ ‘ਤੇ ਹੀ ਭਰੋਸਾ ਕਰਨਾ ਚਾਹੀਦਾ ਹੈ। 10 ਲੱਖ ਰੁਪਏ ਦੀ ਸਿਹਤ ਬੀਮਾ ਯੋਜਨਾ ਪ੍ਰਭਾਵਸ਼ਾਲੀ ਢੰਗ ਨਾਲ ਕੰਮ ਕਰ ਰਹੀ ਹੈ ਅਤੇ ਆਮ ਲੋਕਾਂ ਨੂੰ ਵੱਡੀ ਰਾਹਤ ਪ੍ਰਦਾਨ ਕਰਨਾ ਜਾਰੀ ਰੱਖ ਰਹੀ ਹੈ।



