2019 ਬੈਚ ਦੇ ਆਈ.ਏ.ਐਸ. ਅਧਿਕਾਰੀ ਅਕਾਸ਼ ਬਾਂਸਲ ਨੇ ਡਿਪਟੀ ਕਮਿਸ਼ਨਰ ਵਜੋਂ ਅਹੁਦਾ ਸੰਭਾਲਿਆ

ਸਮਾਂਬੱਧ ਪ੍ਰਸ਼ਾਸਨਿਕ ਸੇਵਾਵਾਂ ਅਤੇ ਭਲਾਈ ਸਕੀਮਾਂ ਦਾ ਹੇਠਲੇ ਪੱਧਰ ਤੱਕ ਲਾਭ ਪਹੁੰਚਾਉਣਾ ਮੁੱਖ ਤਰਜੀਹ ਹੋਵੇਗੀ

ਜ਼ਿਲ੍ਹਾ ਵਾਸੀਆਂ ਤੋਂ ਹੋਰ ਸੁਧਾਰਾਂ ਲਈ ਸਹਿਯੋਗ ਦੀ ਅਪੀਲ

ਕਪੂਰਥਲਾ, 07 ਅਪ੍ਰੈਲ: 2019 ਬੈਚ ਦੇ ਆਈ.ਏ.ਐਸ. ਅਧਿਕਾਰੀ ਸ੍ਰੀ ਅਕਾਸ਼ ਬਾਂਸਲ ਨੇ ਅੱਜ ਡਿਪਟੀ ਕਮਿਸ਼ਨਰ, ਕਪੂਰਥਲਾ ਵਜੋਂ ਅਹੁਦਾ ਸੰਭਾਲ ਲਿਆ। ਅਹੁਦਾ ਸੰਭਾਲਣ ਮੌਕੇ ਉਨ੍ਹਾਂ ਕਿਹਾ ਕਿ ਜ਼ਿਲ੍ਹਾ ਵਾਸੀਆਂ ਨੂੰ ਸਮਾਂਬੱਧ ਅਤੇ ਪਾਰਦਰਸ਼ੀ ਪ੍ਰਸ਼ਾਸਨਿਕ ਸੇਵਾਵਾਂ ਪ੍ਰਦਾਨ ਕਰਨ ਦੇ ਨਾਲ-ਨਾਲ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਦਾ ਲਾਭ ਹੇਠਲੇ ਪੱਧਰ ਤੱਕ ਸੁਚੱਜੇ ਢੰਗ ਨਾਲ ਪਹੁੰਚਾਉਣਾ ਉਨ੍ਹਾਂ ਦੀ ਮੁੱਖ ਤਰਜੀਹ ਰਹੇਗੀ।

ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪਹੁੰਚਣ ਉਪਰੰਤ ਉਨ੍ਹਾਂ ਨੇ ਗਾਰਡ ਆਫ ਆਨਰ ਦੀ ਸਲਾਮੀ ਲਈ ਅਤੇ ਬਾਅਦ ਵਿੱਚ ਅਹੁਦਾ ਸੰਭਾਲਿਆ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਚੱਲ ਰਹੇ ਵੱਖ-ਵੱਖ ਵਿਕਾਸ ਪ੍ਰਾਜੈਕਟਾਂ ਦੀ ਸਮੇਂ-ਸਮੇਂ ‘ਤੇ ਸਮੀਖਿਆ ਕੀਤੀ ਜਾਵੇਗੀ ਅਤੇ ਇਨ੍ਹਾਂ ਨੂੰ ਨਿਰਧਾਰਿਤ ਸਮੇਂ ਅੰਦਰ ਮੁਕੰਮਲ ਕਰਵਾਉਣ ਲਈ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਭਲਾਈ ਸਕੀਮਾਂ ਜਿਵੇਂ ਕਿ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ, ਮੁੱਖ ਮੰਤਰੀ ਤੀਰਥ ਯਾਤਰਾ, ਮੁਫਤ ਬਿਜਲੀ ਸਕੀਮ ਆਦਿ ਯੋਜਨਾਵਾਂ ਦਾ ਜ਼ਮੀਨੀ ਪੱਧਰ ਤੱਕ ਜਾਣਕਾਰੀ ਮੁਹੱਈਆ ਕਰਵਾ ਕੇ ਯੋਗ ਲਾਭਪਾਤਰੀਆਂ ਤੱਕ ਇਨ੍ਹਾਂ ਦਾ ਲਾਭ ਪਹੁੰਚਾਇਆ ਜਾਵੇਗਾ। ਇਸ ਤੋਂ ਇਲਾਵਾ ਜ਼ਿਲ੍ਹੇ ਵਿੱਚ ਤਾਇਨਾਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਲੋਕਾਂ ਦੀਆਂ ਸ਼ਿਕਾਇਤਾਂ ਅਤੇ ਸਮੱਸਿਆਵਾਂ ਦਾ ਤੁਰੰਤ ਅਤੇ ਢੁਕਵਾਂ ਨਿਪਟਾਰਾ ਕਰਨ ਲਈ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ।

ਸ੍ਰੀ ਬਾਂਸਲ ਨੇ ਜ਼ਿਲ੍ਹੇ ਵਿੱਚ ਹੋਰ ਸੁਧਾਰ ਲਿਆਉਣ ਲਈ ਲੋਕਾਂ ਤੋਂ ਪੂਰਨ ਸਹਿਯੋਗ ਦੀ ਅਪੀਲ ਕਰਦਿਆਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਨੂੰ ਪ੍ਰਾਪਤ ਹੋਣ ਵਾਲੇ ਸੁਝਾਅ ‘ਤੇ ਯੋਗ ਅਮਲ ਕੀਤਾ ਜਾਵੇਗਾ।

ਜ਼ਿਕਰਯੋਗ ਹੈ ਕਿ ਸ੍ਰੀ ਅਕਾਸ਼ ਬਾਂਸਲ ਇਸ ਤੋਂ ਪਹਿਲਾਂ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ), ਮਾਨਸਾ ਸਮੇਤ ਹੋਰ ਅਹੁਦਿਆਂ ‘ਤੇ ਸੇਵਾਵਾਂ ਨਿਭਾ ਚੁੱਕੇ ਹਨ।

CATEGORIES
Share This

COMMENTS

Wordpress (0)
Disqus ( )
Translate