ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਦੇ ਤਹਿਤ 4,600 ਗੋਡਿਆਂ ਦੇ ਬਦਲਾਅ, ਕੈਸ਼ਲੈੱਸ ਸਰਜਰੀ ਨਾਲ ਹਜ਼ਾਰਾਂ ਲੋਕਾਂ ਦੀ ਤੁਰਨ-ਫਿਰਨ ਦੀ ਸਮਰੱਥਾ ਮੁੜ ਬਹਾਲ

ਕਈ ਸਾਲਾਂ ਦੇ ਦਰਦ ਤੋਂ ਮੁੜ ਤੁਰਨ-ਫਿਰਨ ਦੀ ਆਜ਼ਾਦੀ ਵੱਲ, ਪੰਜਾਬ ਵਿੱਚ ‘ਮੁੱਖ ਮੰਤਰੀ ਸਿਹਤ ਯੋਜਨਾ’ ਦੇ ਤਹਿਤ ਗੋਡਿਆਂ ਦੀ ਮੁਫ਼ਤ ਸਰਜਰੀ ਨਾਲ ਮਰੀਜ਼ਾਂ ਨੂੰ ਮਿਲ ਰਹੀ ਰਾਹਤ

ਚੰਡੀਗੜ੍ਹ, 30 ਅਪ੍ਰੈਲ

ਕਈ ਲੋਕਾਂ ਲਈ ਤੁਰਨਾ ਇੱਕ ਆਮ ਗੱਲ ਹੈ, ਪਰ ਕੁੱਝ ਲਈ ਦੋ ਕਦਮ ਤੁਰਨਾ ਵੀ ਰੋਜ਼ ਦੀ ਜੰਗ ਬਣ ਜਾਂਦਾ ਹੈ।

ਪੰਜਾਬ ਵਿੱਚ ਹੁਣ ਇਹ ਜੰਗ ਹੌਲੀ-ਹੌਲੀ ਰਾਹਤ ਵਿੱਚ ਬਦਲ ਰਹੀ ਹੈ, ਕਿਉਂਕਿ ਗੋਡਿਆਂ ਦੇ ਦਰਦ ਨਾਲ ਪੀੜਤ ਹਜ਼ਾਰਾਂ ਮਰੀਜ਼ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਜ਼ਿੰਦਗੀ ਬਦਲ ਦੇਣ ਵਾਲੀਆਂ ਸਰਜਰੀਆਂ ਕਰਵਾ ਰਹੇ ਹਨ। ਇਹ ਯੋਜਨਾ ਆਧੁਨਿਕ ਇਲਾਜ ਨੂੰ ਮੁਫ਼ਤ ਅਤੇ ਵਿਆਪਕ ਤੌਰ ‘ਤੇ ਉਪਲੱਬਧ ਬਣਾ ਰਹੀ ਹੈ।

ਉਮਰਦਰਾਜ਼ ਸੁਖਵਿੰਦਰ ਕੌਰ ਲਈ, ਇਹ ਬਦਲਾਅ ਤੁਰੰਤ ਰਾਹਤ ਲੈ ਕੇ ਆਇਆ। ਉਹਨਾਂ ਨੇ ਕਿਹਾ, “ਮੈਨੂੰ ਦੋ-ਤਿੰਨ ਸਾਲਾਂ ਤੋਂ ਗੋਡਿਆਂ ਵਿੱਚ ਦਰਦ ਸੀ। ਕੁੱਝ ਦਿਨ ਤਾਂ ਮੈਂ ਤੁਰ ਵੀ ਨਹੀਂ ਸਕਦੀ ਸੀ। ਹੁਣ ਸਰਜਰੀ ਤੋਂ ਬਾਅਦ ਮੈਂ ਬਹੁਤ ਖੁਸ਼ ਹਾਂ। ਸਿਹਤ ਕਾਰਡ ਨੇ ਮੈਨੂੰ ਮੇਰੀ ਜ਼ਿੰਦਗੀ ਵਾਪਸ ਦੇ ਦਿੱਤੀ ਹੈ। ਹੁਣ ਮੈਂ ਬਿਨਾਂ ਦਰਦ ਦੇ ਤੁਰ ਸਕਾਂਗੀ।”

67 ਸਾਲਾਂ ਦੀ ਪਰਮਜੀਤ ਕੌਰ ਲਈ ਕੁੱਝ ਸਮਾਂ ਪਹਿਲਾਂ ਤੱਕ ਤੁਰਨਾ ਲਗਭਗ ਅਸੰਭਵ ਹੋ ਗਿਆ ਸੀ। ਇੱਕ ਕਮਰੇ ਤੋਂ ਦੂਜੇ ਕਮਰੇ ਤੱਕ ਜਾਣਾ ਵੀ ਦਰਦਨਾਕ ਸੀ ਅਤੇ ਕੁਝ ਮਿੰਟ ਖੜ੍ਹੇ ਰਹਿਣਾ ਬਹੁਤ ਮੁਸ਼ਕਲ ਹੋ ਗਿਆ ਸੀ। ਲਗਭਗ ਇੱਕ ਸਾਲ ਤੱਕ ਉਹਨਾਂ ਦੀ ਜ਼ਿੰਦਗੀ ਸੀਮਿਤ ਚੱਲ-ਫਿਰ ਅਤੇ ਦਰਦ ਵਿੱਚ ਬੀਤੀ, ਜਿਸਦਾ ਮੁੱਖ ਕਾਰਨ ਓਸਟਿਓਆਰਥਰਾਈਟਿਸ ਸੀ।

ਉਹਨਾਂ ਦੀ ਜ਼ਿੰਦਗੀ ਵਿੱਚ ਮੋੜ ਉਸ ਵੇਲੇ ਆਇਆ ਜਦੋਂ ਉਹਨਾਂ ਦੇ ਪੁੱਤਰ ਜਸਵਿੰਦਰ ਸਿੰਘ ਨੂੰ ਸੋਸ਼ਲ ਮੀਡੀਆ ਰਾਹੀਂ ਇਸ ਯੋਜਨਾ ਬਾਰੇ ਪਤਾ ਲੱਗਾ। ਉਹਨਾਂ ਨੇ ਦੱਸਿਆ, “ਮੈਨੂੰ ਮੁੱਖ ਮੰਤਰੀ ਸਿਹਤ ਯੋਜਨਾ ਬਾਰੇ ਆਨਲਾਈਨ ਪਤਾ ਲੱਗਾ। ਮੈਂ ਕੁੱਝ ਦਿਨਾਂ ਵਿੱਚ ਦਸਤਾਵੇਜ਼ ਤਿਆਰ ਕੀਤੇ। ਰਜਿਸਟ੍ਰੇਸ਼ਨ ਤੋਂ ਬਾਅਦ ਸਰਜਰੀ ਹੋ ਗਈ। ਡਾਕਟਰ ਬਹੁਤ ਸਹਿਯੋਗੀ ਸਨ ਅਤੇ ਹੁਣ ਮੇਰੇ ਮਾਤਾ ਜੀ ਕਾਫ਼ੀ ਬਿਹਤਰ ਹਨ।”

ਅੱਜ ਪਰਮਜੀਤ ਕੌਰ ਉਹਨਾਂ ਹਜ਼ਾਰਾਂ ਲੋਕਾਂ ਵਿੱਚ ਸ਼ਾਮਲ ਹਨ, ਜਿਨ੍ਹਾਂ ਨੂੰ ਮੁਫ਼ਤ ਗੋਡਾ ਪ੍ਰਤਿਆਰੋਪਣ ਰਾਹੀਂ ਮੁੜ ਤੁਰਨ-ਫਿਰਨ ਦੀ ਆਜ਼ਾਦੀ ਮਿਲੀ ਹੈ।
ਕੇਵਲ ਤਿੰਨ ਮਹੀਨਿਆਂ ਵਿੱਚ, ਇਸ ਯੋਜਨਾ ਤਹਿਤ ਲਗਭਗ 4,600 ਗੋਡਾ ਪ੍ਰਤਿਆਰੋਪਣ ਸਰਜਰੀਆਂ ਕੀਤੀਆਂ ਜਾ ਚੁੱਕੀਆਂ ਹਨ। ਇਹ ਉਹਨਾਂ ਮਰੀਜ਼ਾਂ ਦੀ ਵਧਦੀ ਗਿਣਤੀ ਦਰਸਾਉਂਦਾ ਹੈ, ਜੋ ਪਹਿਲਾਂ ਮਹਿੰਗੇ ਇਲਾਜ ਕਾਰਨ ਸਰਜਰੀ ਨੂੰ ਟਾਲਦੇ ਰਹਿੰਦੇ ਸਨ।

ਡਾਕਟਰਾਂ ਦਾ ਕਹਿਣਾ ਹੈ ਕਿ ਹਸਪਤਾਲਾਂ ਵਿੱਚ ਇਹ ਬਦਲਾਅ ਸਪੱਸ਼ਟ ਤੌਰ ‘ਤੇ ਦਿਖਾਈ ਦੇ ਰਿਹਾ ਹੈ। ਬਰਨਾਲਾ ਸਿਵਲ ਹਸਪਤਾਲ ਦੇ ਆਰਥੋਪੀਡਿਕ ਸਰਜਨ ਡਾ. ਕਰਨ ਚੋਪੜਾ ਕਹਿੰਦੇ ਹਨ,“ਅਸੀਂ ਗੋਡਾ ਅਤੇ ਕੂਹਣੀ ਪ੍ਰਤਿਆਰੋਪਣ ਦੇ ਮਾਮਲਿਆਂ ਵਿੱਚ ਤੇਜ਼ੀ ਦੇਖ ਰਹੇ ਹਾਂ। ਜ਼ਿਆਦਾਤਰ ਮਰੀਜ਼ ਓਸਟਿਓਆਰਥਰਾਈਟਿਸ ਨਾਲ ਪੀੜਤ ਹੁੰਦੇ ਹਨ, ਜੋ ਕਾਰਟਿਲੇਜ ਨੂੰ ਨੁਕਸਾਨ ਪਹੁੰਚਾਉਂਦਾ ਹੈ ਅਤੇ ਜਕੜਨ ਅਤੇ ਤੇਜ਼ ਦਰਦ ਪੈਦਾ ਕਰਦਾ ਹੈ।”

ਉਹ ਦੱਸਦੇ ਹਨ ਕਿ ਗੋਡਾ ਪ੍ਰਤਿਆਰੋਪਣ ਸਰਜਰੀ ਵਿੱਚ ਖ਼ਰਾਬ ਹੋ ਚੁੱਕੇ ਜੋੜ ਨੂੰ ਧਾਤੂ ਅਤੇ ਪਲਾਸਟਿਕ ਦੇ ਹਿੱਸਿਆਂ ਨਾਲ ਬਦਲਿਆ ਜਾਂਦਾ ਹੈ, ਜਿਸ ਨਾਲ ਤੁਰਨ-ਫਿਰਨ ਵਿੱਚ ਸੁਧਾਰ ਆਉਂਦਾ ਹੈ ਅਤੇ ਦਰਦ ਘੱਟ ਹੁੰਦਾ ਹੈ। ਉਹ ਕਹਿੰਦੇ ਹਨ, “ਪਹਿਲਾਂ ਅਸੀਂ ਮਹੀਨੇ ਵਿੱਚ ਲਗਭਗ 80 ਸਰਜਰੀਆਂ ਕਰਦੇ ਸੀ, ਹੁਣ ਇਹ ਗਿਣਤੀ 120 ਤੋਂ 130 ਤੱਕ ਪਹੁੰਚ ਗਈ ਹੈ।”

ਇਸ ਵਾਧੇ ਦਾ ਸਭ ਤੋਂ ਵੱਡਾ ਕਾਰਨ ਹੈ—ਇਲਾਜ ਦਾ ਸਸਤਾ ਅਤੇ ਆਸਾਨੀ ਨਾਲ ਉਪਲੱਬਧ ਹੋਣਾ। ਪਹਿਲਾਂ ਇੱਕ ਗੋਡਾ ਪ੍ਰਤਿਆਰੋਪਣ ਦੀ ਲਾਗਤ 50,000 ਤੋਂ 1 ਲੱਖ ਰੁਪਏ ਤੱਕ ਹੁੰਦੀ ਸੀ, ਜਿਸ ਕਾਰਨ ਲੋਕ ਸਾਲਾਂ ਤੱਕ ਸਰਜਰੀ ਨੂੰ ਟਾਲਦੇ ਰਹਿੰਦੇ ਸਨ। ਡਾ. ਚੋਪੜਾ ਦੱਸਦੇ ਹਨ, “ਪਹਿਲਾਂ ਲੋਕ ਖ਼ਰਚ ਕਾਰਨ ਹਿਚਕਿਚਾਉਂਦੇ ਸਨ। ਹੁਣ ਆਧਾਰ, ਵੋਟਰ ਆਈਡੀ ਅਤੇ ਸਿਹਤ ਕਾਰਡ ਨਾਲ ਇਲਾਜ ਪੂਰੀ ਤਰ੍ਹਾਂ ਕੈਸ਼ਲੈੱਸ ਹੈ। ਮਰੀਜ਼ਾਂ ਨੂੰ ਕੋਈ ਭੁਗਤਾਨ ਨਹੀਂ ਕਰਨਾ ਪੈਂਦਾ।”

ਅਜਿਹੀਆਂ ਕਹਾਣੀਆਂ ਸਾਰੇ ਪੰਜਾਬ ਤੋਂ ਸਾਹਮਣੇ ਆ ਰਹੀਆਂ ਹਨ। ਬਠਿੰਡਾ ਵਿੱਚ ਰਣਧੀਰ ਸਿੰਘ ਨੇ ‘ਏਮਜ਼’ ਵਿੱਚ ਸਰਜਰੀ ਕਰਵਾਈ, ਜਦਕਿ ਤਰਨ-ਤਾਰਨ ਵਿੱਚ ਰਾਜਵਿੰਦਰ ਕੌਰ ਦਾ ਇਲਾਜ ਇਸੇ ਯੋਜਨਾ ਤਹਿਤ ਜ਼ਿਲ੍ਹਾ ਹਸਪਤਾਲ ਵਿੱਚ ਹੋਇਆ। ਉਹਨਾਂ ਦੇ ਪਰਿਵਾਰਾਂ ਦਾ ਕਹਿਣਾ ਹੈ ਕਿ ਆਰਥਿਕ ਰਾਹਤ ਨੇ ਉਹਨਾਂ ਨੂੰ ਬਿਨਾਂ ਕਿਸੇ ਝਿਜਕ ਦੇ ਇਲਾਜ ਕਰਵਾਉਣ ਵਿੱਚ ਮਦਦ ਕੀਤੀ। ਰਾਜਵਿੰਦਰ ਦੀ ਧੀ ਸਹਿਜਪ੍ਰੀਤ ਨੇ ਕਿਹਾ,
“ਮੇਰੇ ਮਾਤਾ ਜੀ ਬਹੁਤ ਦਰਦ ਵਿੱਚ ਸਨ ਅਤੇ ਘਰ ਦਾ ਕੰਮ ਵੀ ਨਹੀਂ ਕਰ ਸਕਦੇ ਸਨ। ਸਿਹਤ ਕਾਰਡ ਦੀ ਵਜ੍ਹਾ ਨਾਲ ਸਾਨੂੰ ਖ਼ਰਚ ਦੀ ਚਿੰਤਾ ਨਹੀਂ ਕਰਨੀ ਪਈ। ਇਸ ਯੋਜਨਾ ਲਈ ਅਸੀਂ ਸਰਕਾਰ ਦੇ ਧੰਨਵਾਦੀ ਹਾਂ।”

ਪੰਜਾਬ ਵਿੱਚ ਜੋ ਬਦਲਾਅ ਦਿਖਾਈ ਦੇ ਰਿਹਾ ਹੈ, ਉਹ ਕੇਵਲ ਸਰਜਰੀਆਂ ਦੀ ਗਿਣਤੀ ਵਿੱਚ ਵਾਧਾ ਨਹੀਂ, ਸਗੋਂ ਦਰਦ ਪ੍ਰਤੀ ਸੋਚ ਵਿੱਚ ਬਦਲਾਅ ਹੈ—ਜਿੱਥੇ ਹੁਣ ਖ਼ਰਚ ਦੇ ਕਾਰਨ ਇਲਾਜ ਨੂੰ ਟਾਲਿਆ ਨਹੀਂ ਜਾਂਦਾ ਅਤੇ ਤੁਰਨ-ਫਿਰਨ ਦੀ ਆਜ਼ਾਦੀ ਹੁਣ ਦੂਰ ਦੀ ਗੱਲ ਨਹੀਂ ਰਹੀ। ਹਸਪਤਾਲਾਂ ਵਿੱਚ ਹੁਣ ਲਾਚਾਰੀ ਦੀਆਂ ਆਵਾਜ਼ਾਂ ਦੀ ਥਾਂ ਮੁੜ ਤੁਰਦੇ ਕਦਮਾਂ ਦੀਆਂ ਆਹਟਾਂ ਸੁਣਾਈ ਦੇਣ ਲੱਗੀਆਂ ਹਨ।

CATEGORIES
Share This

COMMENTS

Wordpress (0)
Disqus ( )
Translate