ਅਬੋਹਰ ਅਤੇ ਫਾਜ਼ਿਲਕਾ ਦੇ ਸਰਕਾਰੀ ਹਸਪਤਾਲਾਂ ਵਿੱਚ ਗਰਭਵਤੀ ਔਰਤਾਂ ਨੂੰ ਅਲਟਰਾਸਾਊਂਡ ਦੀ ਮਿਲ ਰਹੀ ਹੈ ਮੁਫ਼ਤ ਸਹੂਲਤ
ਸਿਹਤ ਵਿਭਾਗ ਲੋਕਾਂ ਦੀ ਭਲਾਈ ਲਈ ਕਰ ਰਿਹਾ ਹੈ ਮਹਾਨ ਕੰਮ = ਡਾ: ਬਬੀਤਾ
ਫਾਜ਼ਿਲਕਾ, 23 ਜੂਨ
ਜ਼ਿਲ੍ਹਾ ਫਾਜ਼ਿਲਕਾ ਦੇ ਸਰਕਾਰੀ ਹਸਪਤਾਲ ਫਾਜ਼ਿਲਕਾ ਅਤੇ ਅਬੋਹਰ ਵਿਚ ਗਰਭਵਤੀ ਔਰਤਾਂ ਲਈ ਮੁਫਤ ਅਲਟਰਾਸਾਊਂਡ ਦੀ ਸਹੂਲਤ ਦਿੱਤੀ ਜਾ ਰਹੀ ਹੈ ਅਤੇ ਅਲਟਰਾਸਾਊਂਡ ਲਈ ਮਾਹਿਰ ਡਾਕਟਰਾਂ ਨੂੰ ਸਿਹਤ ਵਿਭਾਗ ਵਲੋਂ ਦੋਵਾਂ ਥਾਵਾਂ ‘ਤੇ ਤਾਇਨਾਤ ਕੀਤਾ ਗਿਆ ਹੈ, ਜਿਸ ਵਿਚ ਅਬੋਹਰ ਦੇ ਮੈਡੀਕਲ ਅਫਸਰ ਡਾ: ਨੀਰਜਾ ਨੂੰ ਸੀਨੀਅਰ ਮੈਡੀਕਲ ਅਫਸਰ ਦਾ ਚਾਰਜ ਦਿੱਤਾ ਗਿਆ ਹੈ ਇਸ ਦੇ ਬਾਵਜੂਦ ਉਹ ਲੋਕਾਂ ਨੂੰ ਸਰਕਾਰੀ ਲਾਭ ਦੇਣ ਲਈ ਅਲਟਰਾਸਾਊਂਡ ਦੀ ਸੇਵਾ ਕਰ ਰਹੀ ਹੈ।ਇਸ ਤੋਂ ਇਲਾਵਾ ਸਰਕਾਰੀ ਹਸਪਤਾਲ ਫਾਜ਼ਿਲਕਾ ਵਿੱਚ ਡਾ: ਰੰਜਨਾ ਰੇਖੀ ਆਪਣੀਆਂ ਸੇਵਾਵਾਂ ਦੇ ਰਹੇ ਹਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਹਾਇਕ ਸਿਵਲ ਸਰਜਨ ਡਾ: ਬਬੀਤਾ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਗਰਭਵਤੀ ਔਰਤਾਂ ਲਈ ਜਨਨੀ ਸ਼ਿਸ਼ੂ ਸੁਰੱਖਿਆ ਕਾਰਜਕ੍ਰਮ ਯੋਜਨਾ ਚਲਾਈ ਜਾ ਰਹੀ ਹੈ, ਜਿਸ ਵਿੱਚ ਖ਼ੂਨ ਦੀ ਜਾਂਚ, ਅਲਟਰਾਸਾਊਂਡ, ਦਵਾਈਆਂ, ਜਣੇਪੇ ਅਤੇ ਖੁਰਾਕ ਦੀਆਂ ਸਹੂਲਤਾਂ ਮੁਫ਼ਤ ਦਿੱਤੀਆਂ ਜਾਂਦੀਆਂ ਹਨ। ਜਿਸ ਵਿੱਚ ਫਾਜ਼ਿਲਕਾ ਅਤੇ ਅਬੋਹਰ ਦੇ ਸਰਕਾਰੀ ਹਸਪਤਾਲਾਂ ਦੀ ਕਾਰਗੁਜ਼ਾਰੀ ਸ਼ਾਨਦਾਰ ਰਹੀ ਹੈ। ਜਿੱਥੇ ਜੂਨ ਮਹੀਨੇ ਵਿੱਚ ਹੁਣ ਤੱਕ ਫਾਜ਼ਿਲਕਾ ਦੇ ਜ਼ਿਲ੍ਹਾ ਹਸਪਤਾਲ ਵਿੱਚ 260 ਅਲਟਰਾਸਾਊਂਡ ਕੀਤੇ ਜਾ ਚੁੱਕੇ ਹਨ ਅਤੇ ਅਬੋਹਰ ਵਿੱਚ 200 ਦੇ ਕਰੀਬ ਲੋਕ ਅਲਟਰਾਸਾਊਂਡ ਦੀ ਸਰਕਾਰੀ ਸਹੂਲਤ ਦਾ ਲਾਭ ਲੈ ਚੁੱਕੇ ਹਨ।
ਡਾ: ਨੀਰਜਾ ਨੇ ਅਬੋਹਰ ਦੇ ਸਰਕਾਰੀ ਹਸਪਤਾਲ ਵਿਖੇ ਪ੍ਰਧਾਨ ਮੰਤਰੀ ਮਾਤ੍ਰਿਤਵ ਸੁਰੱਖਿਆ ਅਭਿਆਨ ਤਹਿਤ ਸ਼ੁਕਰਵਾਰ ਨੂੰ 25 ਦੇ ਕਰੀਬ ਗਰਭਵਤੀ ਔਰਤਾਂ ਦਾ ਮੁਫ਼ਤ ਅਲਟਰਾਸਾਊਂਡ ਕੀਤਾ | ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ: ਕਵਿਤਾ ਸਿੰਘ ਨੇ ਦੱਸਿਆ ਕਿ ਆਸ਼ਾ ਵਰਕਰਾਂ ਅਤੇ ਫੀਲਡ ਸਟਾਫ਼ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਉਹ ਗਰਭਵਤੀ ਔਰਤਾਂ ਨੂੰ ਵੱਧ ਤੋਂ ਵੱਧ ਮੁਫ਼ਤ ਸਹੂਲਤਾਂ ਲਈ ਪ੍ਰੇਰਿਤ ਕਰਨ ਅਤੇ ਹਾਈ ਰਿਸਕ ਗਰਭਵਤੀ ਔਰਤਾਂ ਦਾ ਮੈਡੀਕਲ ਚੈਕਅੱਪ ਜ਼ਰੂਰ ਕਰਵਾਇਆ ਜਾਵੇ ਤਾਂ ਜੋ ਮਾਂ ਅਤੇ ਬੱਚੇ ਨੂੰ ਸੁਰੱਖਿਅਤ ਰੱਖਿਆ ਜਾ ਸਕੇ।