ਸਰਕਾਰ ਤੁਹਾਡੇ ਦੁਆਰ ਪ੍ਰੋਗਰਾਮ ਤਹਿਤ ਪਿੰਡ ਲਾਲੋਵਾਲੀ ਵਿਚ ਕੈਂਪ
—ਲੋਕਾਂ ਦੀਆਂ ਸਿ਼ਕਾਇਤਾਂ ਦਾ ਹੋਵੇਗਾ ਸਮਾਂਬੱਧ ਨਿਪਟਾਰਾ—ਏਡੀਸੀ ਅਵਨੀਤ ਕੌਰ
ਫਾਜਿ਼ਲਕ, 23 ਜ਼ੂਨ
ਮੁੱਖ ਮੰਤਰੀ ਸ: ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਸਰਕਾਰ ਤੁਹਾਡੇ ਪ੍ਰੋਗਰਾਮ ਤਹਿਤ ਪਿੰਡ ਲਾਲੋਵਾਲੀ ਵਿਖੇ ਸਿ਼ਕਾਇਤ ਨਿਵਾਰਨ ਕੈਂਪ ਲਗਾਇਆ ਗਿਆ। ਇਸ ਕੈਂਪ ਵਿਚ ਵਧੀਕ ਡਿਪਟੀ ਕਮਿਸ਼ਨਰ ਜਨਰਲ ਅਵਨੀਤ ਕੌਰ ਨੇ ਮੁੱਖ ਮਹਿਮਾਨ ਵਜੋਂ ਸਿ਼ਰਕਤ ਕੀਤੀ।
ਇਸ ਮੌਕੇ ਉਨ੍ਹਾਂ ਨੇ ਲੋਕਾਂ ਦੀਆਂ ਸਿ਼ਕਾਇਤਾਂ ਸੁਣਦਿਆਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਜਨ ਸਿ਼ਕਾਇਤਾਂ ਦਾ ਸਮਾਂਬੱਧ ਨਿਪਟਾਰਾ ਕੀਤਾ ਜਾਵੇ। ਉਨ੍ਹਾਂ ਨੇ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਸਰਕਾਰ ਦੀਆਂ ਸਕੀਮਾਂ ਦਾ ਲਾਭ ਲੈਣ।
ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਵੱਖ ਵੱਖ ਅਧਿਕਾਰੀ ਪਿੰਡ ਪਿੰਡ ਜਾ ਕੇ ਲੋਕਾਂ ਦੀਆਂ ਮੁਸਿਕਲਾਂ ਸੁਣ ਰਹੇ ਹਨ ਤਾਂ ਜ਼ੋ ਲੋਕਾਂ ਨੂੰ ਆਪਣੀਆਂ ਸਿ਼ਕਾਇਤਾਂ ਲੈ ਕੇ ਦਫ਼ਤਰਾਂ ਤੱਕ ਨਾ ਆਉਣਾ ਪਵੇ।ਉਨ੍ਹਾਂ ਨੇ ਪੇਂਡੂ ਵਿਕਾਸ ਵਿਭਾਗ ਨੂੰ ਹਦਾਇਤ ਕੀਤੀ ਕਿ ਪਿੰਡ ਵਿਚ ਵਿਕਾਸ ਕਾਰਜਾਂ ਵਿਚ ਹੋਰ ਤੇਜੀ ਲਿਆਂਦੀ ਜਾਵੇ ਅਤੇ ਮਗਨਰੇਗਾ ਸਕੀਮ ਤਹਿਤ ਵੱਖ ਵੱਖ ਕੰਮ ਕਰਵਾਏ ਜਾਣ। ਉਨ੍ਹਾਂ ਨੇ ਜਲ ਸਪਲਾਈ ਵਿਭਾਗ ਨੂੰ ਹਦਾਇਤ ਕੀਤੀ ਕਿ ਪਿੰਡ ਦੇ ਹਰ ਘਰ ਤੱਕ ਪੀਣ ਦਾ ਪਾਣੀ ਪੁੱਜਦਾ ਕੀਤਾ ਜਾਵੇ। ਇਸੇ ਤਰਾਂ ਉਨ੍ਹਾਂ ਨੇ ਲੋਕਾਂ ਦੀਆਂ ਵੱਖ ਵੱਖ ਸਿ਼ਕਾਇਤਾਂ ਸਬੰਧੀ ਕਾਰਵਾਈ ਲਈ ਸਬੰਧਤ ਵਿਭਾਗਾਂ ਨੂੰ ਨਿਰਦੇਸ਼ ਦਿੱਤੇ।
ਇਸ ਮੌਕੇ ਪਿੰਡ ਦੀ ਪੰਚਾਇਤ ਵੱਲੋਂ ਵੀ ਸਾਂਝੇ ਕੰਮਾਂ ਦੀਆਂ ਮੰਗਾਂ ਰੱਖੀਆਂ ਗਈਆਂ।
ਇਸ ਮੌਕੇ ਤਹਿਸੀਲਦਾਰ ਸ੍ਰੀ ਸੁਖਦੇਵ ਸਿੰਘ, ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ ਸ੍ਰੀ ਕਮਲਜੀਤ ਸਿੰਘ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਹਾਜਰ ਸਨ।