ਸਿਹਤ ਮੰਤਰੀ ਡਾ.ਬਲਬੀਰ ਸਿੰਘ ਨੇ ਡੀ.ਸੀ ਡਾ.ਹਿਮਾਂਸ਼ੂ ਅਗਰਵਾਲ ਨਾਲ ਡਰੇਨੇਜ ਪ੍ਰਬੰਧ ਦਾ ਲਿਆ ਜਾਇਜ਼ਾ
ਪਟਿਆਲਾ ਨੂੰ ਬਰਸਾਤੀ ਪਾਣੀ ਦੀ ਸਮੱਸਿਆ ਤੋਂ ਸਥਾਈ ਰਾਹਤ ਦੇਣ ਲਈ ਸਰਕਾਰ ਵਚਨਬੱਧ: ਸਿਹਤ ਮੰਤਰੀ
ਪਟਿਆਲਾ, 30 ਜੂਨ
ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ ਬਲਬੀਰ ਸਿੰਘ ਨੇ ਅੱਜ ਪਟਿਆਲਾ ਵਿਖੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ, ਨਗਰ ਨਿਗਮ ਦੇ ਅਧਿਕਾਰੀਆਂ ਅਤੇ ਹੋਰ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਮਿਲ ਕੇ ਸ਼ਹਿਰ ਦੇ ਡਰੇਨੇਜ ਸਿਸਟਮ ਦਾ ਵਿਸਥਾਰਪੂਰਵਕ ਜਾਇਜ਼ਾ ਲਿਆ। ਇਸ ਦੌਰਾਨ ਉਨ੍ਹਾਂ ਵੱਡੀ ਨਦੀ, ਛੋਟੀ ਨਦੀ, ਮੁੱਖ ਡਰੇਨੇਜ ਅਤੇ ਬਰਸਾਤੀ ਪਾਣੀ ਦੀ ਨਿਕਾਸੀ ਨਾਲ ਸਬੰਧਤ ਵੱਖ-ਵੱਖ ਥਾਵਾਂ ਦਾ ਦੌਰਾ ਕਰਕੇ ਚੱਲ ਰਹੇ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਨਿਰੀਖਣ ਕੀਤਾ।
ਦੌਰੇ ਦੌਰਾਨ ਸਿਹਤ ਮੰਤਰੀ ਨੇ ਸਬੰਧਤ ਅਧਿਕਾਰੀਆਂ ਤੋਂ ਚੱਲ ਰਹੇ ਪ੍ਰੋਜੈਕਟਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਪ੍ਰਾਪਤ ਕੀਤੀ ਅਤੇ ਕੰਮ ਦੀ ਗੁਣਵੱਤਾ, ਰਫ਼ਤਾਰ ਅਤੇ ਸਮੇਂ ਸਿਰ ਮੁਕੰਮਲ ਕਰਨ ਸਬੰਧੀ ਲੋੜੀਂਦੇ ਨਿਰਦੇਸ਼ ਜਾਰੀ ਕੀਤੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਸਰਕਾਰ ਪਟਿਆਲਾ ਨੂੰ ਬਰਸਾਤੀ ਪਾਣੀ ਦੀ ਸਮੱਸਿਆ ਤੋਂ ਸਥਾਈ ਰਾਹਤ ਦਿਵਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਇਸ ਦਿਸ਼ਾ ਵਿੱਚ ਯੋਜਨਾਬੱਧ ਢੰਗ ਨਾਲ ਕੰਮ ਕੀਤਾ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਬਰਸਾਤ ਦੇ ਮੌਸਮ ਦੌਰਾਨ ਪਟਿਆਲਾ ਦੇ ਕਈ ਇਲਾਕਿਆਂ ਵਿੱਚ ਪਾਣੀ ਭਰਨ ਦੀ ਸਮੱਸਿਆ ਨੂੰ ਗੰਭੀਰਤਾ ਨਾਲ ਲੈਂਦਿਆਂ ਸਰਕਾਰ ਨੇ ਡਰੇਨੇਜ ਪ੍ਰਬੰਧ ਨੂੰ ਹੋਰ ਮਜ਼ਬੂਤ ਅਤੇ ਪ੍ਰਭਾਵਸ਼ਾਲੀ ਬਣਾਉਣ ਲਈ ਵਿਸ਼ੇਸ਼ ਉਪਰਾਲੇ ਸ਼ੁਰੂ ਕੀਤੇ ਹਨ। ਇਸ ਤਹਿਤ ਨਿਕਾਸੀ ਨਾਲਿਆਂ ਦੀ ਸਫ਼ਾਈ, ਡਰੇਨਾਂ ਦੀ ਸਮਰੱਥਾ ਵਧਾਉਣ, ਪਾਣੀ ਦੇ ਨਿਰਵਿਘਨ ਵਹਾਅ ਨੂੰ ਯਕੀਨੀ ਬਣਾਉਣ ਅਤੇ ਸੰਵੇਦਨਸ਼ੀਲ ਥਾਵਾਂ ‘ਤੇ ਲੋੜੀਂਦੇ ਸੁਧਾਰ ਕਾਰਜ ਤੇਜ਼ੀ ਨਾਲ ਕਰਵਾਏ ਜਾ ਰਹੇ ਹਨ।
ਸਿਹਤ ਮੰਤਰੀ ਨੇ ਕਿਹਾ ਕਿ ਸਰਕਾਰ ਦਾ ਮੁੱਖ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਭਵਿੱਖ ਵਿੱਚ ਭਾਰੀ ਬਰਸਾਤ ਦੌਰਾਨ ਕਿਸੇ ਵੀ ਨਾਗਰਿਕ ਨੂੰ ਪਾਣੀ ਭਰਨ ਕਾਰਨ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਇਸ ਲਈ ਸਾਰੇ ਸਬੰਧਤ ਵਿਭਾਗ ਆਪਸੀ ਤਾਲਮੇਲ ਨਾਲ ਜ਼ਮੀਨੀ ਪੱਧਰ ‘ਤੇ ਲਗਾਤਾਰ ਕੰਮ ਕਰ ਰਹੇ ਹਨ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਹਰ ਪ੍ਰੋਜੈਕਟ ਦੀ ਨਿਯਮਤ ਨਿਗਰਾਨੀ ਕੀਤੀ ਜਾਵੇ ਅਤੇ ਲੋਕਾਂ ਦੀ ਸਹੂਲਤ ਨੂੰ ਧਿਆਨ ਵਿੱਚ ਰੱਖਦਿਆਂ ਹਰ ਕੰਮ ਨਿਰਧਾਰਤ ਸਮੇਂ ਅੰਦਰ ਉੱਚ ਮਿਆਰ ਨਾਲ ਪੂਰਾ ਕੀਤਾ ਜਾਵੇ।
ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਸਿਹਤ ਮੰਤਰੀ ਨੂੰ ਭਰੋਸਾ ਦਿਵਾਇਆ ਕਿ ਜ਼ਿਲ੍ਹਾ ਪ੍ਰਸ਼ਾਸਨ ਅਤੇ ਨਗਰ ਨਿਗਮ ਵੱਲੋਂ ਬਰਸਾਤੀ ਪਾਣੀ ਦੀ ਨਿਕਾਸੀ ਨਾਲ ਸਬੰਧਤ ਸਾਰੇ ਕਾਰਜਾਂ ਦੀ ਲਗਾਤਾਰ ਨਿਗਰਾਨੀ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਸੰਵੇਦਨਸ਼ੀਲ ਖੇਤਰਾਂ ਦੀ ਵਿਸ਼ੇਸ਼ ਪਛਾਣ ਕਰਕੇ ਉੱਥੇ ਲੋੜੀਂਦੇ ਸੁਧਾਰ ਕਾਰਜ ਪਹਿਲ ਦੇ ਆਧਾਰ ‘ਤੇ ਕਰਵਾਏ ਜਾ ਰਹੇ ਹਨ, ਤਾਂ ਜੋ ਮਾਨਸੂਨ ਦੌਰਾਨ ਕਿਸੇ ਵੀ ਤਰ੍ਹਾਂ ਦੀ ਐਮਰਜੈਂਸੀ ਸਥਿਤੀ ਤੋਂ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਿਆ ਜਾ ਸਕੇ।
ਦੌਰੇ ਦੌਰਾਨ ਨਗਰ ਨਿਗਮ ਅਤੇ ਹੋਰ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੇ ਵੀ ਮੌਕੇ ‘ਤੇ ਚੱਲ ਰਹੇ ਵਿਕਾਸ ਕਾਰਜਾਂ ਬਾਰੇ ਜਾਣਕਾਰੀ ਦਿੱਤੀ ਅਤੇ ਭਰੋਸਾ ਦਿਵਾਇਆ ਕਿ ਡਰੇਨੇਜ ਸਿਸਟਮ ਨੂੰ ਹੋਰ ਬਿਹਤਰ ਬਣਾਉਣ ਲਈ ਸਾਰੇ ਕੰਮ ਜੰਗੀ ਪੱਧਰ ‘ਤੇ ਜਾਰੀ ਹਨ। ਸਿਹਤ ਮੰਤਰੀ ਨੇ ਕਿਹਾ ਕਿ ਲੋਕਾਂ ਦੀਆਂ ਬੁਨਿਆਦੀ ਸਹੂਲਤਾਂ ਨੂੰ ਮਜ਼ਬੂਤ ਕਰਨਾ ਪੰਜਾਬ ਸਰਕਾਰ ਦੀ ਪਹਿਲ ਹੈ ਅਤੇ ਪਟਿਆਲਾ ਦੇ ਸਰਵਪੱਖੀ ਵਿਕਾਸ ਲਈ ਭਵਿੱਖ ਵਿੱਚ ਵੀ ਅਜਿਹੇ ਵਿਕਾਸ ਕਾਰਜ ਲਗਾਤਾਰ ਜਾਰੀ ਰਹਿਣਗੇ।
ਇਸ ਮੌਕੇ ਪੀ ਡੀ ਏ ਦੇ ਮੁੱਖ ਪ੍ਰਸ਼ਾਸ਼ਕ ਮਿਸ ਅਰਪਿਤਾ,ਵਧੀਕ ਕਮਿਸ਼ਨਰ ਸ੍ਰੀਮਤੀ ਸਿਮਰਪ੍ਰੀਤ ਕੌਰ ਅਤੇ ਹੋਰ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।



