ਕੰਕਰੀਟ ਲਾਈਨਿੰਗ ਨਾਲ ਕਲਿਆਣ ਰਜਵਾਹੇ ਦੀ ਨਹਿਰੀ ਪਾਣੀ ਲਿਜਾਣ ਦੀ ਸਮਰੱਥਾ ਵਧੇਗੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ
34.51 ਕਰੋੜ ਰੁਪਏ ਦਾ ਇਹ ਪ੍ਰੋਜੈਕਟ ਬਰਨਾਲਾ ਅਤੇ ਮਲੇਰਕੋਟਲਾ ਦੇ 42 ਪਿੰਡਾਂ ਦੇ 50,819 ਏਕੜ ਰਕਬੇ ਨੂੰ ਪਹੁੰਚਾਏਗਾ ਲਾਭ: ਮੁੱਖ ਮੰਤਰੀ ਭਗਵੰਤ ਮਾਨ
60.66 ਕਿਲੋਮੀਟਰ ਲੰਬੇ ਰਜਵਾਹੇ ਦੀ ਕੰਕਰੀਟ ਲਾਈਨਿੰਗ ਦਾ ਕੰਮ ਅਕਤੂਬਰ 2026 ਤੱਕ ਹੋਵੇਗਾ ਮੁਕੰਮਲ: ਮੁੱਖ ਮੰਤਰੀ ਭਗਵੰਤ ਮਾਨ
ਇਹ ਪ੍ਰੋਜੈਕਟ ਧਰਤੀ ਹੇਠਲੇ ਪਾਣੀ ‘ਤੇ ਨਿਰਭਰਤਾ ਨੂੰ ਘਟਾਏਗਾ; ਡਾਰਕ ਜ਼ੋਨ ਖੇਤਰਾਂ ਦੇ ਕਿਸਾਨਾਂ ਨੂੰ ਮਿਲੇਗੀ ਵੱਡੀ ਰਾਹਤ: ਮੁੱਖ ਮੰਤਰੀ
ਬਰਨਾਲਾ; 30 ਜੂਨ
ਪੰਜਾਬ ਦੇ ਤੇਜ਼ੀ ਨਾਲ ਘਟ ਰਹੇ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਅਤੇ ਸਿੰਚਾਈ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਇੱਕ ਵੱਡੀ ਪਹਿਲਕਦਮੀ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ 34.51 ਕਰੋੜ ਰੁਪਏ ਦੀ ਲਾਗਤ ਨਾਲ ਕਲਿਆਣ ਰਜਵਾਹੇ ਦੀ ਕੰਕਰੀਟ ਲਾਈਨਿੰਗ ਦੇ ਪ੍ਰੋਜੈਕਟ ਦੀ ਸ਼ੁਰੂਆਤ ਕੀਤੀ। ਇਸ ਅਹਿਮ ਪ੍ਰੋਜੈਕਟ ਤਹਿਤ 60.66 ਕਿਲੋਮੀਟਰ ਲੰਬੇ ਇਸ ਜਲਮਾਰਗ ਦਾ ਨਵੀਨੀਕਰਨ ਕੀਤਾ ਜਾਵੇਗਾ, ਜਿਸ ਨਾਲ ਇਸ ਦੀ ਨਹਿਰੀ ਪਾਣੀ ਲਿਜਾਣ ਦੀ ਸਮਰੱਥਾ 10 ਫੀਸਦ ਵਧ ਜਾਵੇਗੀ ਅਤੇ ਬਰਨਾਲਾ ਤੇ ਮਲੇਰਕੋਟਲਾ ਦੇ 42 ਪਿੰਡਾਂ ਦੀ 50,819 ਏਕੜ ਜ਼ਮੀਨ ਲਈ ਸਿੰਚਾਈ ਸਹੂਲਤਾਂ ਵਿੱਚ ਸੁਧਾਰ ਯਕੀਨੀ ਬਣੇਗਾ। ਅਕਤੂਬਰ 2026 ਤੱਕ ਮੁਕੰਮਲ ਹੋਣ ਵਾਲੇ ਇਸ ਪ੍ਰੋਜੈਕਟ ਨਾਲ ਕਿਸਾਨਾਂ ਦੀ ਧਰਤੀ ਹੇਠਲੇ ਪਾਣੀ ‘ਤੇ ਨਿਰਭਰਤਾ ਕਾਫੀ ਹੱਦ ਤੱਕ ਘਟਣ ਦੀ ਉਮੀਦ ਹੈ, ਜਿਸ ਨਾਲ ਸੂਬੇ ਦੇ ਡਾਰਕ ਜ਼ੋਨ ਵਿੱਚ ਆਉਂਦੇ ਕਿਸਾਨਾਂ ਨੂੰ ਵੱਡੀ ਰਾਹਤ ਮਿਲੇਗੀ।
ਬਰਨਾਲਾ ਵਿਖੇ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਸ ਪ੍ਰੋਜੈਕਟ ਤਹਿਤ ਕਲਿਆਣ ਰਜਵਾਹੇ ਦੇ 60.66 ਕਿਲੋਮੀਟਰ ਹਿੱਸੇ ਨੂੰ 34.51 ਕਰੋੜ ਰੁਪਏ ਦੀ ਕੁੱਲ ਲਾਗਤ ਨਾਲ ਪੱਕਾ ਕੀਤਾ ਜਾਵੇਗਾ ਅਤੇ ਇਹ ਪੂਰਾ ਪ੍ਰੋਜੈਕਟ ਅਕਤੂਬਰ 2026 ਤੱਕ ਮੁਕੰਮਲ ਹੋ ਜਾਵੇਗਾ।”
ਪ੍ਰੋਜੈਕਟ ਦੇ ਫਾਇਦਿਆ ‘ਤੇ ਚਾਨਣਾ ਪਾਉਂਦਿਆਂ ਮੁੱਖ ਮੰਤਰੀ ਨੇ ਕਿਹਾ, “ਰਜਵਾਹੇ ਦੀ ਕੰਕਰੀਟ ਲਾਈਨਿੰਗ ਨਾਲ ਇਸਦੀ ਨਹਿਰੀ ਪਾਣੀ ਲਿਜਾਣ ਦੀ ਸਮਰੱਥਾ 10 ਫੀਸਦ ਤੱਕ ਵਧ ਜਾਵੇਗੀ। ਇਸ ਪ੍ਰੋਜੈਕਟ ਦੇ ਮੁਕੰਮਲ ਹੋਣ ਤੋਂ ਬਾਅਦ ਮੌਜੂਦਾ 150.40 ਕਿਊਸਿਕ ਦੀ ਸਮਰੱਥਾ ਵਧ ਕੇ 170.61 ਕਿਊਸਿਕ ਹੋ ਜਾਵੇਗੀ।”
ਖੇਤੀਬਾੜੀ ‘ਤੇ ਇਸ ਦੇ ਉਸਾਰੂ ਪ੍ਰਭਾਵ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ, “ਇਸ ਨਹਿਰੀ ਪਾਣੀ ਨਾਲ ਬਰਨਾਲਾ ਅਤੇ ਮਾਲੇਰਕੋਟਲਾ ਜ਼ਿਲ੍ਹਿਆਂ ਦੇ 42 ਪਿੰਡਾਂ ਦੇ 50,819 ਏਕੜ ਰਕਬੇ ਨੂੰ ਲਾਭ ਮਿਲੇਗਾ। ਇਹ ਪ੍ਰੋਜੈਕਟ ਡਾਰਕ ਜ਼ੋਨ ਖੇਤਰ ਲਈ ਵਰਦਾਨ ਸਾਬਤ ਹੋਵੇਗਾ, ਕਿਉਂਕਿ ਧਰਤੀ ਹੇਠਲੇ ਪਾਣੀ ਦਾ ਪੱਧਰ ਕਾਫ਼ੀ ਹੇਠਾ ਚਲੇ ਜਾਣ ਕਰਕੇ ਮਹਿਲ ਕਲਾਂ ਬਲਾਕ ਨੂੰ ਡਾਰਕ ਜ਼ੋਨ ਵਜੋਂ ਸ਼੍ਰੇਣੀਬੱਧ ਕੀਤਾ ਗਿਆ ਹੈ।”
ਪ੍ਰੋਜੈਕਟ ਦੀ ਲੰਬੇ ਸਮੇਂ ਦੀ ਮਹੱਤਤਾ ‘ਤੇ ਜ਼ੋਰ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਕਲਿਆਣ ਰਜਵਾਹੇ ਦੀ ਕੰਕਰੀਟ ਲਾਈਨਿੰਗ ਨਾਲ ਨਹਿਰੀ ਪਾਣੀ ਦੀ ਉਪਲੱਬਧਤਾ ਵਿੱਚ ਮਹੱਤਵਪੂਰਨ ਸੁਧਾਰ ਹੋਵੇਗਾ ਅਤੇ ਕਿਸਾਨਾਂ ਦੀ ਧਰਤੀ ਹੇਠਲੇ ਪਾਣੀ ‘ਤੇ ਨਿਰਭਰਤਾ ਘਟੇਗੀ।”
ਇਸ ਵਾਟਰਕੋਰਸ ਦੇ ਪਿਛੋਕੜ ਨੂੰ ਯਾਦ ਕਰਦਿਆਂ ਮੁੱਖ ਮੰਤਰੀ ਨੇ ਕਿਹਾ, “ਮਲੇਰਕੋਟਲਾ ਤੋਂ ਸ਼ੁਰੂ ਹੋਣ ਵਾਲੇ ਕਲਿਆਣ ਰਜਵਾਹੇ ਨੂੰ 1980 ਦੇ ਦਹਾਕੇ ਦੌਰਾਨ ਇੱਟਾਂ ਨਾਲ ਪੱਕਾ ਕੀਤਾ ਗਿਆ ਸੀ। ਪਰ ਪਿਛਲੀਆਂ ਸਰਕਾਰਾਂ ਦੀ ਅਣਗਹਿਲੀ ਕਾਰਨ ਇਹ ਸਮੇਂ ਦੇ ਨਾਲ ਖਸਤਾਹਾਲ ਹੋ ਗਿਆ ਅਤੇ ਆਪਣੀ ਪੂਰੀ ਸਮਰੱਥਾ ਅਨੁਸਾਰ ਕੰਮ ਕਰਨ ਦੇ ਯੋਗ ਨਹੀਂ ਰਿਹਾ।”
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਸ ਦੇ ਨਤੀਜੇ ਵਜੋਂ ਕਿਸਾਨਾਂ ਨੂੰ ਸਿੰਚਾਈ ਲਈ ਲੋੜੀਂਦਾ ਨਹਿਰੀ ਪਾਣੀ ਨਹੀਂ ਮਿਲ ਰਿਹਾ ਸੀ। ਇਹ ਨਵਾਂ ਪ੍ਰੋਜੈਕਟ ਬਿਹਤਰ ਸਿੰਚਾਈ ਸਹੂਲਤਾਂ ਯਕੀਨੀ ਬਣਾਏਗਾ, ਜਿਸ ਨਾਲ ਖੇਤੀਬਾੜੀ ਦੀ ਉਤਪਾਦਕਤਾ ਵਿੱਚ ਸੁਧਾਰ ਹੋਣ ਦੇ ਨਾਲ ਨਾਲ ਫਸਲਾਂ ਦਾ ਝਾੜ ਵੀ ਵਧੇਗਾ।”


