ਮਸ਼ਰੂਮ ਉਤਪਾਦਨ ਯੂਨਿਟ ਸਥਾਪਤ ਕਰਨ ਲਈ ਕਿਸਾਨ ਲੈ ਸਕਦੇ ਹਨ 80 ਹਜ਼ਾਰ ਰੁਪਏ ਤੱਕ ਦੀ ਸਬਸਿਡੀ
ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਿਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ-ਮਹਿੰਦਰ ਭਗਤ
ਚੰਡੀਗੜ੍ਹ, 3 ਜੁਲਾਈ। CM ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਿਸਾਨਾਂ ਨੂੰ ਰਿਵਾਇਤੀ ਖੇਤੀ ਤੋਂ ਬਾਗਬਾਨੀ ਵੱਲ ਪ੍ਰੇਰਿਤ ਕਰਨ ਅਤੇ ਉਨ੍ਹਾਂ ਦੀ ਆਮਦਨ ਵਧਾਉਣ ਲਈ ਬੜੀ ਸੁਹਿਰਦਤਾ ਨਾਲ ਕੰਮ ਕਰ ਰਹੀ ਹੈ। ਇਸ ਉਦੇਸ਼ ਤਹਿਤ ਬਾਗ਼ਬਾਨੀ ਵਿਭਾਗ ਪੰਜਾਬ ਵਲੋਂ ਸਟੇਟ ਪਲਾਨ ਸਕੀਮ ਅਧੀਨ ਕਿਸਾਨਾਂ ਨੂੰ ਮਸ਼ਰੂਮ ਉਤਪਾਦਨ ਯੂਨਿਟ ਸਥਾਪਤ ਕਰਨ ਵਾਸਤੇ 80 ਹਜ਼ਾਰ ਰੁਪਏ ਤੱਕ ਦੀ ਸਬਸਿਡੀ ਦਿੱਤੀ ਜਾ ਰਹੀ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਦੱਸਿਆ ਕਿ ਕਿਸਾਨ ਲਗਭਗ 2 ਲੱਖ ਰੁਪਏ ਦੀ ਲਾਗਤ ਨਾਲ ਇੱਕ ਛੋਟਾ ਮਸ਼ਰੂਮ ਉਤਪਾਦਨ ਯੂਨਿਟ ਸਥਾਪਿਤ ਕਰ ਸਕਦੇ ਹਨ ਜਿਸ ’ਤੇ ਬਾਗ਼ਬਾਨੀ ਵਿਭਾਗ ਵੱਲੋਂ 40 ਫੀਸਦੀ ਸਬਸਿਡੀ, ਵੱਧ ਤੋਂ ਵੱਧ 80 ਹਜ਼ਾਰ ਰੁਪਏ ਤੱਕ ਦਿੱਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਮਸ਼ਰੂਮ ਦੀ ਖੇਤੀ ਥੋੜ੍ਹੀ ਜ਼ਮੀਨ ਅਤੇ ਪਾਣੀ ਦੀ ਬਹੁਤ ਘੱਟ ਵਰਤੋਂ ਨਾਲ ਕੀਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਘੱਟ ਲਾਗਤ ਵਾਲੀ ਇਸ ਕਾਸ਼ਤਕਾਰੀ ਤੋਂ ਵਧੀਆ ਮੁਨਾਫ਼ਾ ਕਮਾਇਆ ਜਾ ਸਕਦਾ ਹੈ।
ਉਨ੍ਹਾ ਦੱਸਿਆ ਕਿ ਇੱਕ ਛੋਟਾ ਮਸ਼ਰੂਮ ਯੂਨਿਟ ਲਗਭਗ 1800 ਵਰਗ ਫੁੱਟ ਖੇਤਰ ਵਿੱਚ ਸਥਾਪਿਤ ਕੀਤਾ ਜਾ ਸਕਦਾ ਹੈ, ਇਸ ਲਈ ਛੋਟੇ ਕਿਸਾਨ ਵੀ ਇਸ ਯੋਜਨਾ ਦਾ ਲਾਭ ਲੈ ਸਕਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਬਾਗ਼ਬਾਨੀ ਖੇਤਰ ਨੂੰ ਹੋਰ ਪ੍ਰਫੁੱਲਿਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਿੱਚ ਵਾਧੇ ਨੂੰ ਯਕੀਨੀ ਬਣਾਉਣ ਲਈ ਹਰ ਸੰਭਵ ਯਤਨ ਕਰ ਰਹੀ ਹੈ।
ਸਬਸਿਡੀ ਲੈਣ ਦੀ ਪ੍ਰਕਿਰਿਆ ਬਾਰੇ ਜਾਣਕਾਰੀ ਦਿੰਦਿਆਂ ਮੰਤਰੀ ਨੇ ਕਿਹਾ ਕਿ ਇਸ ਯੋਜਨਾ ਦਾ ਲਾਭ ਲੈਣ ਦੇ ਇੱਛੁਕ ਕਿਸਾਨ ਆਪਣੇ ਨਜ਼ਦੀਕੀ ਜ਼ਿਲ੍ਹਾ ਬਾਗ਼ਬਾਨੀ ਅਫ਼ਸਰ ਨਾਲ ਸੰਪਰਕ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਵਿਭਾਗ ਵੱਲੋਂ ਕਿਸਾਨਾਂ ਨੂੰ ਮਸ਼ਰੂਮ ਉਤਪਾਦਨ ਸਬੰਧੀ ਤਕਨੀਕੀ ਸਲਾਹ, ਸਿਖਲਾਈ ਅਤੇ ਹਰ ਸੰਭਵ ਜਾਣਕਾਰੀ ਵੀ ਮੁਹੱਈਆ ਕਰਵਾਈ ਜਾ ਰਹੀ ਹੈ।



