ਪੰਜਾਬ ਸਰਕਾਰ ਨਸ਼ਿਆਂ ਦੇ ਮੁਕੰਮਲ ਖ਼ਾਤਮੇ ਲਈ ਦ੍ਰਿੜ ਸੰਕਲਪ-ਹਰਭਜਨ ਸਿੰਘ ਈ.ਟੀ.ਓ
ਕਿਹਾ, ਨਸ਼ਿਆਂ ਖ਼ਿਲਾਫ਼ ਲੜਾਈ ਸਮੁੱਚੇ ਸਮਾਜ ਦੀ ਸਾਂਝੀ ਜ਼ਿੰਮੇਵਾਰੀ
ਕੈਬਨਿਟ ਮੰਤਰੀ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੀ ਕੀਤੀ ਸਮੀਖਿਆ
ਜ਼ਿਲ੍ਹਾ ਪੱਧਰੀ ਮੀਟਿੰਗ ਦੌਰਾਨ ਆਪਸੀ ਤਾਲਮੇਲ ਨਾਲ ਕੰਮ ਕਰਨ ਦੀ ਕੀਤੀ ਤਾਕੀਦ
ਤਰਨ ਤਾਰਨ 2 ਸਤੰਬਰ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਲਈ ਵਿੱਢੀ ਗਈ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੀ ਸਮੀਖਿਆ ਕਰਨ ਲਈ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਅੱਜ ਤਰਨ ਤਾਰਨ ਪਹੁੰਚੇ। ਇਸ ਮੌਕੇ ਹੋਈ ਜ਼ਿਲ੍ਹਾ ਪੱਧਰੀ ਮੀਟਿੰਗ ਵਿੱਚ ਐਸ.ਐਸ.ਪੀ ਸੁਰੇਂਦਰ ਲਾਂਬਾ, ਵਧੀਕ ਡਿਪਟੀ ਕਮਿਸ਼ਨਰ (ਜ) ਡਾ. ਆਦਿੱਤਿਆ ਸ਼ਰਮਾ ਅਤੇ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸੰਜੀਵ ਕੁਮਾਰ ਨੇ ਵੀ ਸ਼ਿਰਕਤ ਕੀਤੀ। ਇਸ ਮੌਕੇ ਮਾਝਾ ਜੋ਼ਨ ਦੇ ਇੰਚਾਰਜ ਦੀਕਸ਼ਿਤ ਧਵਨ, ਜ਼ਿਲ੍ਹਾ ਕੋਆਰਡੀਨੇਟਰ ਅਮਰਿੰਦਰ ਸਿੰਘ ਐਮੀ ਸਮੇਤ ਜ਼ਿਲ੍ਹੇ ਦੀ ਨਸ਼ਾ ਮੁਕਤੀ ਮੋਰਚਾ ਦੀ ਸਮੁੱਚੀ ਟੀਮ ਤੋਂ ਇਲਾਵਾ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੇ ਉੱਚ ਅਧਿਕਾਰੀ ਵੀ ਮੌਜੂਦ ਰਹੇ।
ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖ਼ਾਤਮੇ ਲਈ ਪੂਰੀ ਤਰ੍ਹਾਂ ਦ੍ਰਿੜ ਸੰਕਲਪ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਜਿਥੇ ਵੱਡੀ ਗਿਣਤੀ ਨਸ਼ਾ ਤਸਕਰਾਂ ਨੂੰ ਜੇਲ੍ਹਾਂ ਦੀਆਂ ਸਲਾਖਾਂ ਪਿੱਛੇ ਭੇਜਿਆ ਹੈ, ਉਥੇ ਨਸ਼ੇ ਦੀ ਦਲਦਲ ਵਿੱਚ ਫਸੇ ਨੌਜਵਾਨਾਂ ਦੇ ਮੁੜ-ਵਸੇਬੇ ਲਈ ਵੱਡੇ ਪੱਧਰ ‘ਤੇ ਉਪਰਾਲੇ ਕੀਤੇ ਹਨ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਦਾ ਉਦੇਸ਼ ਲੋਕਾਂ, ਖ਼ਾਸ ਕਰਕੇ ਨੌਜਵਾਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਪ੍ਰਤੀ ਜਾਗਰੂਕ ਕਰਨਾ ਅਤੇ ਉਨ੍ਹਾਂ ਨੂੰ ਨਸ਼ਾ ਮੁਕਤ ਜੀਵਨ ਅਪਣਾਉਣ ਲਈ ਪ੍ਰੇਰਿਤ ਕਰਨਾ ਹੈ। ਉਨ੍ਹਾਂ ਨਸ਼ਾ ਮੁਕਤੀ ਮੋਰਚਾ ਦੀ ਟੀਮ ਅਤੇ ਸਿਵਲ ਤੇ ਪੁਲਿਸ ਪ੍ਰਸ਼ਾਸਨ ਨੂੰ ਆਪਸੀ ਤਾਲਮੇਲ ਅਤੇ ਸੰਜ਼ੀਦਗੀ ਨਾਲ ਕੰਮ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਨਸ਼ਿਆਂ ਖ਼ਿਲਾਫ਼ ਲੜਾਈ ਸਿਰਫ਼ ਸਰਕਾਰ ਜਾਂ ਪ੍ਰਸ਼ਾਸਨ ਦੀ ਨਹੀਂ, ਸਗੋਂ ਸਮੁੱਚੇ ਸਮਾਜ ਦੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਜੇਕਰ ਸਮਾਜ ਦੇ ਹਰੇਕ ਵਰਗ ਦਾ ਸਹਿਯੋਗ ਮਿਲੇ ਤਾਂ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦਾ ਟੀਚਾ ਜਲਦ ਹਾਸਲ ਕੀਤਾ ਜਾ ਸਕਦਾ ਹੈ।
ਇਸ ਮੌਕੇ ਐਸ.ਐਸ.ਪੀ ਸੁਰੇਂਦਰ ਲਾਂਬਾ, ਵਧੀਕ ਡਿਪਟੀ ਕਮਿਸ਼ਨਰ (ਜ) ਡਾ. ਆਦਿੱਤਿਆ ਸ਼ਰਮਾ ਅਤੇ ਹੋਰਨਾਂ ਬੁਲਾਰਿਆਂ ਨੇ ਵੀ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਚਲਾਈਆਂ ਜਾ ਰਹੀਆਂ ਕਾਰਵਾਈਆਂ ਅਤੇ ਜਾਗਰੂਕਤਾ ਗਤੀਵਿਧੀਆਂ ਬਾਰੇ ਜਾਣਕਾਰੀ ਸਾਂਝੀ ਕੀਤੀ।



