ਵਿਜੀਲੈਂਸ ਵੱਲੋਂ 10,000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਵਿੱਚ ਗਿਰਦਾਵਰ ਕਾਬੂ
ਚੰਡੀਗੜ੍ਹ, 6 ਜੁਲਾਈ:
ਸੂਬੇ ਵਿੱਚ ਭ੍ਰਿਸ਼ਟਾਚਾਰ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਹੁਸ਼ਿਆਰਪੁਰ ਜ਼ਿਲ੍ਹੇ ਦੇ ਤਹਿਸੀਲ ਦਫ਼ਤਰ ਦਸੂਹਾ ਵਿਖੇ ਤਾਇਨਾਤ ਗਿਰਦਾਵਰ/ਕਾਨੂੰਨਗੋ ਮਨਜੀਤ ਸਿੰਘ ਨੂੰ 10,000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਕਾਬੂ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਹੁਸ਼ਿਆਰਪੁਰ ਜ਼ਿਲ੍ਹੇ ਦੇ ਪਿੰਡ ਉੱਚੀ ਬੱਸੀ ਦੇ ਵਾਸੀ ਰਾਮਪਾਲ ਦੀ ਸ਼ਿਕਾਇਤ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।
ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ 21 ਜੂਨ, 2023 ਨੂੰ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਉਤੇ ਸ਼ਿਕਾਇਤ ਦਰਜ ਕਰਵਾਈ ਕਿ ਉਕਤ ਮੁਲਾਜ਼ਮ ਨੇ ਜ਼ਮੀਨ ਦਾ ਇੰਤਕਾਲ ਕਰਨ ਬਦਲੇ 10,000 ਰੁਪਏ ਰਿਸ਼ਵਤ ਮੰਗੀ ਸੀ।
ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁਢਲੀ ਜਾਂਚ ਉਪਰੰਤ ਅੱਜ ਥਾਣਾ ਵਿਜੀਲੈਂਸ ਬਿਊਰੋ, ਜਲੰਧਰ ਰੇਂਜ ਵਿੱਚ ਉਕਤ ਗਿਰਦਾਵਰ/ਕਾਨੂੰਨਗੋ ਨੂੰ ਸ਼ਿਕਾਇਤਕਰਤਾ ਤੋਂ 10,000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ।
ਇਸ ਸਬੰਧੀ ਉਕਤ ਗਿਰਦਾਵਰ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਥਾਣਾ ਵਿਜੀਲੈਂਸ ਬਿਊਰੋ, ਜਲੰਧਰ ਰੇਂਜ ਵਿਖੇ ਕੇਸ ਦਰਜ ਕੀਤਾ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।