ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਸਾਹਨੇਵਾਲ ਅਤੇ ਧਨਾਨਸੂ ਮੰਡੀਆਂ ਵਿੱਚ ਝੋਨੇ ਦੀ ਸਰਕਾਰੀ ਖ਼ਰੀਦ ਦੀ ਸ਼ੁਰੂਆਤ ਕਰਵਾਈ

ਕਿਸਾਨਾਂ ਦੀ ਫ਼ਸਲ ਦਾ ਇਕ-ਇਕ ਦਾਣਾ ਖ਼ਰੀਦਣ ਲਈ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ – ਹਰਦੀਪ ਸਿੰਘ ਮੁੰਡੀਆਂ

ਲੁਧਿਆਣਾ ਜ਼ਿਲ੍ਹੇ ਦੀਆਂ 109 ਅਨਾਜ ਮੰਡੀਆਂ ਵਿੱਚ ਕਰੀਬ 17.25 ਲੱਖ ਮੀਟ੍ਰਿਕ ਟਨ ਝੋਨਾ ਆਉਣ ਦੀ ਸੰਭਾਵਨਾ

ਲੁਧਿਆਣਾ 2 ਅਕਤੂਬਰ

ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਹਰਦੀਪ ਸਿੰਘ ਮੁੰਡੀਆਂ ਨੇ ਅੱਜ ਦਾਣਾ ਮੰਡੀ ਸਾਹਨੇਵਾਲ ਅਤੇ ਧਨਾਨਸੂ ਵਿਖੇ ਝੋਨੇ ਦੀ ਸਰਕਾਰੀ ਖ਼ਰੀਦ ਦੀ ਰਸਮੀ ਸ਼ੁਰੂਆਤ ਕਰਵਾਈ। ਇਸ ਮੌਕੇ ਉਨ੍ਹਾਂ ਵੱਖ-ਵੱਖ ਖ਼ਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਕਿਸਮ ਦੀ ਮੁਸ਼ਕਲ ਪੇਸ਼ ਨਾ ਆਉਣ ਦਿੱਤੀ ਜਾਵੇ ਅਤੇ ਸਮੁੱਚੀ ਖ਼ਰੀਦ ਪ੍ਰਕਿਰਿਆ ਨੂੰ ਨਿਰਵਿਘਨ, ਪਾਰਦਰਸ਼ੀ ਅਤੇ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਿਆ ਜਾਵੇ।

ਕੈਬਨਿਟ ਮੰਤਰੀ ਸ੍ਰੀ ਮੁੰਡੀਆਂ ਨੇ ਕਿਹਾ ਕਿ ਮੌਜੂਦਾ ਝੋਨੇ ਦੇ ਖ਼ਰੀਦ ਸੀਜ਼ਨ ਦੌਰਾਨ ਲੁਧਿਆਣਾ ਜ਼ਿਲ੍ਹੇ ਦੀਆਂ 109 ਨਿਯਮਤ ਅਨਾਜ ਮੰਡੀਆਂ ਵਿੱਚ ਕਰੀਬ 17.25 ਲੱਖ ਮੀਟ੍ਰਿਕ ਟਨ ਝੋਨਾ ਆਉਣ ਦੀ ਸੰਭਾਵਨਾ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਫ਼ਸਲ ਦਾ ਇਕ-ਇਕ ਦਾਣਾ ਖ਼ਰੀਦਣ ਲਈ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਹਿਲਾਂ ਹੀ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਖ਼ਰੀਦੀ ਗਈ ਫ਼ਸਲ ਦੀ ਸਮੇਂ ਸਿਰ ਚੁਕਾਈ ਅਤੇ ਕਿਸਾਨਾਂ ਨੂੰ ਫ਼ਸਲ ਦੀ ਅਦਾਇਗੀ ਯਕੀਨੀ ਬਣਾਉਣ ਲਈ ਵੀ ਲੋੜੀਂਦੇ ਇੰਤਜ਼ਾਮ ਕੀਤੇ ਗਏ ਹਨ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਿਸਾਨਾਂ ਦੀ ਫ਼ਸਲ ਨੂੰ ਨਿਰਧਾਰਤ ਸਮੇਂ ਅੰਦਰ ਖ਼ਰੀਦਣ ਅਤੇ ਉਨ੍ਹਾਂ ਨੂੰ ਮੰਡੀਆਂ ਵਿੱਚ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਇਸ ਸਾਲ ਝੋਨੇ ਦਾ ਘੱਟੋ-ਘੱਟ ਸਮਰਥਨ ਮੁੱਲ 2461 ਰੁਪਏ ਪ੍ਰਤੀ ਕੁਇੰਟਲ ਨਿਰਧਾਰਤ ਕੀਤਾ ਗਿਆ ਹੈ, ਜਿਸ ਨਾਲ ਕਿਸਾਨਾਂ ਨੂੰ ਆਪਣੀ ਫ਼ਸਲ ਦਾ ਉਚਿਤ ਮੁੱਲ ਮਿਲੇਗਾ।

ਇਸ ਮੌਕੇ ਕੈਬਨਿਟ ਮੰਤਰੀ ਨੇ ਮੰਡੀਆਂ ਵਿੱਚ ਮੌਜੂਦ ਕਿਸਾਨਾਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਕੋਲੋਂ ਖ਼ਰੀਦ ਪ੍ਰਬੰਧਾਂ, ਫ਼ਸਲ ਦੀ ਖ਼ਰੀਦ ਅਤੇ ਹੋਰ ਸਹੂਲਤਾਂ ਬਾਰੇ ਫੀਡਬੈਕ ਵੀ ਲਿਆ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਮੰਡੀਆਂ ਵਿੱਚ ਸੁੱਕੀ ਅਤੇ ਮਿਆਰੀ ਫ਼ਸਲ ਹੀ ਲੈ ਕੇ ਆਉਣ, ਕਿਉਂਕਿ ਝੋਨੇ ਵਿੱਚ ਨਮੀ ਦੀ ਨਿਰਧਾਰਤ ਹੱਦ 17 ਫ਼ੀਸਦੀ ਹੈ। ਉਨ੍ਹਾਂ ਇਹ ਵੀ ਅਪੀਲ ਕੀਤੀ ਕਿ ਕਿਸਾਨ ਰਾਤ ਸਮੇਂ ਝੋਨੇ ਦੀ ਕਟਾਈ ਤੋਂ ਗੁਰੇਜ਼ ਕਰਨ।

ਇਸ ਦੌਰਾਨ ਸਥਾਨਕ ਕਿਸਾਨਾਂ ਨੇ ਦੱਸਿਆ ਕਿ ਮੰਡੀ ਵਿੱਚ ਫ਼ਸਲ ਲਿਆਉਣ ’ਤੇ ਉਨ੍ਹਾਂ ਦੀ ਸਾਰੀ ਫ਼ਸਲ ਤੁਰੰਤ ਖ਼ਰੀਦ ਲਈ ਗਈ। ਕਿਸਾਨਾਂ ਨੇ ਮੰਡੀਆਂ ਵਿੱਚ ਕੀਤੇ ਗਏ ਸੁਚੱਜੇ ਪ੍ਰਬੰਧਾਂ ਅਤੇ ਖ਼ਰੀਦ ਪ੍ਰਕਿਰਿਆ ਨੂੰ ਸੁਚਾਰੂ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੇ ਗਏ ਯਤਨਾਂ ਦੀ ਸ਼ਲਾਘਾ ਕੀਤੀ।


CATEGORIES
Share This

COMMENTS

Wordpress (0)
Disqus ( )
Translate