ਭਗਵੰਤ ਮਾਨ ਪੰਜਾਬ ਦੇ ਸੱਚੇ ਸਪੂਤ, ਵਿਰੋਧੀਆਂ ਨੂੰ ਮੁੱਖ ਮੰਤਰੀ ਦੀ ਲੋਕਪ੍ਰਿਯਤਾ ਬਰਦਾਸ਼ਤ ਨਹੀਂ-ਤਰੁਨਪ੍ਰੀਤ ਸਿੰਘ ਸੌਂਦ
ਬਿਜਲੀ ਮੰਤਰੀ ਸੌਂਦ ਨੇ ਦਿੱਤੂਪੁਰ ਜੱਟਾਂ ਵਿਖੇ ਟਿਵਾਣਾ ਖੇਡ ਮੇਲੇ ’ਚ ਕਬੱਡੀ ਖਿਡਾਰੀਆਂ ਦੀ ਹੌਸਲਾ-ਅਫ਼ਜ਼ਾਈ ਕੀਤੀ
ਕਿਹਾ, ਸੂਬੇ ’ਚ 3100 ਪੇਂਡੂ ਖੇਡ ਮੈਦਾਨਾਂ ਰਾਹੀਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜ ਕੇ ਨਸ਼ਿਆਂ ਤੋਂ ਦੂਰ ਕੀਤਾ ਜਾ ਰਿਹਾ
ਭਾਦਸੋਂ, ਪਟਿਆਲਾ, 7 ਅਕਤੂਬਰ:
ਪੰਜਾਬ ਦੇ ਬਿਜਲੀ, ਪੇਂਡੂ ਵਿਕਾਸ ਤੇ ਪੰਚਾਇਤ, ਕਿਰਤ, ਪ੍ਰਾਹੁਣਚਾਰੀ ਅਤੇ ਸੈਰ-ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਸ. ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਹੈ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਪਿਛਲੇ ਸਾਢੇ ਚਾਰ ਸਾਲਾਂ ਦੌਰਾਨ ਪੰਜਾਬ ਅਤੇ ਪੰਜਾਬੀਆਂ ਦੀ ਭਲਾਈ ਲਈ ਅਨੇਕਾਂ ਇਤਿਹਾਸਕ ਪਹਿਲਕਦਮੀਆਂ ਕਰਕੇ ਪੰਜਾਬ ਦੇ ਸੱਚੇ ਸਪੂਤ ਹੋਣ ਦਾ ਸਬੂਤ ਦਿੱਤਾ ਹੈ। ਸ. ਸੌਂਦ ਅੱਜ ਸ਼ਾਮ ਭਾਦਸੋਂ ਨੇੜਲੇ ਪਿੰਡ ਦਿੱਤੂਪੁਰ ਜੱਟਾਂ ਵਿਖੇ 58ਵੇਂ ਸਾਲਾਨਾ ਤਿੰਨ ਰੋਜ਼ਾ ਟਿਵਾਣਾ ਖੇਡ ਮੇਲੇ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨ ਪਹੁੰਚੇ ਸਨ। ਇਸ ਮੌਕੇ ਉਨ੍ਹਾਂ ਦੇ ਨਾਲ ‘ਆਪ’ ਦੇ ਸੀਨੀਅਰ ਆਗੂ ਕਰਨਵੀਰ ਸਿੰਘ ਟਿਵਾਣਾ ਅਤੇ ਮਾਰਕੀਟ ਕਮੇਟੀ ਨਾਭਾ ਦੇ ਚੇਅਰਮੈਨ ਗੁਰਦੀਪ ਸਿੰਘ ਟਿਵਾਣਾ ਵੀ ਮੌਜੂਦ ਸਨ।
ਇਕੱਠ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਸ. ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਵਿਰੋਧੀਆਂ ਨੂੰ ਸ. ਭਗਵੰਤ ਸਿੰਘ ਮਾਨ ਦੀ ਲੋਕਪ੍ਰਿਯਤਾ ਬਰਦਾਸ਼ਤ ਨਹੀਂ ਹੋ ਰਹੀ, ਜਿਸ ਕਰਕੇ ਉਹ ਮੁੱਖ ਮੰਤਰੀ ਨੂੰ ਬਦਨਾਮ ਕਰਨ ਲਈ ਕੋਝੇ ਹੱਥਕੰਡੇ ਅਪਣਾ ਰਹੇ ਹਨ। ਉਨ੍ਹਾਂ ਕਿਹਾ ਕਿ ਅੱਜ ਹਰਮਨਪਿਆਰੇ ਮੁੱਖ ਮੰਤਰੀ ਵਿਰੁੱਧ ਉਹ ਲੋਕ ਹੀ ਬਿਆਨਬਾਜ਼ੀ ਕਰ ਰਹੇ ਹਨ, ਜਿਨ੍ਹਾਂ ਨੇ ਆਪਣੇ ਕਾਰਜਕਾਲ ਦੌਰਾਨ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਵੱਲ ਧੱਕਿਆ ਅਤੇ ਕਿਸਾਨਾਂ ਦੀ ਬਿਹਤਰੀ ਲਈ ਕੋਈ ਠੋਸ ਕਦਮ ਨਹੀਂ ਚੁੱਕਿਆ।
ਇਸ ਮੌਕੇ ਕਬੱਡੀ ਖਿਡਾਰੀਆਂ ਦੀ ਹੌਸਲਾ-ਅਫ਼ਜ਼ਾਈ ਕਰਦਿਆਂ ਸ. ਸੌਂਦ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ਵਿੱਚ 3100 ਖੇਡ ਮੈਦਾਨਾਂ ਦੀ ਉਸਾਰੀ ਲਈ 1500 ਕਰੋੜ ਰੁਪਏ ਦਾ ਬਜਟ ਰੱਖਿਆ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਖੇਡ ਮੈਦਾਨਾਂ ਅਤੇ ‘ਖੇਡਾਂ ਵਤਨ ਪੰਜਾਬ ਦੀਆਂ’ ਰਾਹੀਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜ ਕੇ ਨਸ਼ਿਆਂ ਤੋਂ ਦੂਰ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸੂਬੇ ਦੀ ਕਿਸਾਨੀ ਨੂੰ ਬਚਾਉਣ ਲਈ ਪੰਜਾਬ ਦੇ ਪਾਣੀਆਂ ਦੀ ਰਾਖੀ ਕੀਤੀ ਜਾ ਰਹੀ ਹੈ ਅਤੇ ਸਾਡੀ ਧਰਤੀ ਨੂੰ ਬੰਜਰ ਹੋਣ ਤੋਂ ਰੋਕਣ ਲਈ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੇ ਉਪਰਾਲੇ ਕੀਤੇ ਜਾ ਰਹੇ ਹਨ।
ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਇਸ ਵੇਲੇ ਤਰੱਕੀ ਦੀਆਂ ਰਾਹਾਂ ’ਤੇ ਅੱਗੇ ਵੱਧ ਰਿਹਾ ਹੈ ਅਤੇ ਸੂਬਾ ਸਰਕਾਰ ਨੌਜਵਾਨਾਂ ਨੂੰ ਵਿਦੇਸ਼ਾਂ ਵੱਲ ਜਾਣ ਤੋਂ ਰੋਕਕੇ ਪੰਜਾਬ ਵਿੱਚ ਹੀ ਬਿਹਤਰ ਮੌਕੇ ਮੁਹੱਈਆ ਕਰਵਾਉਣ ਲਈ ਲਗਾਤਾਰ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਚੰਗੇ ਨਤੀਜੇ ਸਾਹਮਣੇ ਆ ਰਹੇ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਵਿਰੋਧੀ ਪਾਰਟੀਆਂ ਵੱਲੋਂ ਕੀਤੇ ਜਾ ਰਹੇ ਕੂੜ ਪ੍ਰਚਾਰ ਤੋਂ ਸੁਚੇਤ ਰਹਿਣ ਅਤੇ ਪੰਜਾਬ ਦੀ ਤਰੱਕੀ ਵਿੱਚ ਆਪਣਾ ਯੋਗਦਾਨ ਪਾਉਣ।



