ਕੈਬਨਿਟ ਮੰਤਰੀ ਖੁੱਡੀਆਂ ਨੇ ਮੰਡੀ ਕਿੱਲਿਆਂਵਾਲੀ ਵਿਖੇ ਝੋਨੇ ਦੀ ਸਰਕਾਰੀ ਖਰੀਦ ਦੀ ਕਰਵਾਈ ਸ਼ੁਰੂਆਤ

ਝੋਨੇ ਦੀ ਫ਼ਸਲ ਦੀ ਖਰੀਦ ਸਮੇਂ ਕਿਸੇ ਵੀ ਤਰੀਕੇ ਦੀ ਕਾਟ ਨਹੀਂ ਕੀਤੀ ਜਾਵੇਗੀ ਬਰਦਾਸ਼ਤ: ਕੈਬਨਿਟ ਮੰਤਰੀ

ਕੈਬਨਿਟ ਮੰਤਰੀ ਨੇ ਕਿਸਾਨਾਂ ਨੂੰ ਮੰਡੀਆਂ ਵਿੱਚ ਸੁੱਕੀ ਫ਼ਸਲ ਲਿਆਉਣ ਦੀ ਕੀਤੀ ਅਪੀਲ

ਸ੍ਰੀ ਮੁਕਤਸਰ ਸਾਹਿਬ, 11 ਅਕਤੂਬਰ

ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਵੱਲੋਂ ਐਮ.ਐਸ.ਪੀ. ਰੇਟ 2461/- ਰੁਪਏ ਦੇ ਹਿਸਾਬ ਨਾਲ ਦਾਣਾ ਮੰਡੀ ਕਿੱਲਿਆਂਵਾਲੀ ਵਿਖੇ ਕਿਸਾਨਾਂ ਵੱਲੋਂ ਲਿਆਂਦੇ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਈ ਗਈ। ਇਸ ਮੌਕੇ ਖੇਤੀਬਾੜੀ ਮੰਤਰੀ ਵੱਲੋਂ ਕਿਸਾਨਾਂ ਦਾ ਮੂੰਹ ਮਿੱਠਾ ਕਰਵਾਇਆ ਗਿਆ। ਮੰਡੀ ਵਿੱਚ ਲਗਭਗ 200 ਕੁਇੰਟਲ ਝੋਨੇ ਦੀ ਆਮਦ ਹੋਈ ਅਤੇ ਪਹਿਲੇ ਦਿਨ 100 ਕੁਇੰਟਲ ਝੋਨੇ ਦੀ ਖਰੀਦ ਕੀਤੀ ਗਈ।

ਉਨਾਂ ਨੇ ਅਫਸਰਾਂ ਨੂੰ ਸਖਤ ਹਦਾਇਤਾਂ ਜਾਰੀ ਕਰਦਿਆਂ ਕਿਹਾ ਕਿ ਕਿਸਾਨ ਸਾਡੇ ਭਰਾ ਹਨ ਅਤੇ ਕਿਸਾਨਾਂ ਦੀ ਝੋਨੇ ਦੀ ਫ਼ਸਲ ਨੂੰ ਖਰੀਦਣ ਸਮੇਂ ਕਿਸੇ ਵੀ ਤਰੀਕੇ ਦੀ ਕਾਟ ਬਰਦਾਸ਼ਤ ਨਹੀਂ ਕੀਤੀ ਜਾਵੇਗੀ, ਜੇਕਰ ਅਜਿਹਾ ਕੁਝ ਹੁੰਦਾ ਹੈ ਤਾਂ ਕੋਈ ਵੀ ਕਿਸਾਨ ਭਰਾ ਉਹਨਾਂ ਦੇ ਮਹਿਕਮੇ ਦੇ ਅਫਸਰ ਜਾਂ ਉਹਨਾਂ ਨਾਲ ਵੀ ਸਿੱਧਾ ਸੰਪਰਕ ਕਰ ਸਕਦਾ ਹੈ।

ਇਸ ਮੌਕੇ ਬੋਲਦਿਆਂ ਕੈਬਨਿਟ ਮੰਤਰੀ ਸ. ਖੁੱਡੀਆਂ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਮੰਡੀਆਂ ਵਿੱਚ ਪੁਖਤਾ ਪ੍ਰਬੰਧ ਕੀਤੇ ਗਏ ਹਨ ਅਤੇ ਕਿਸਾਨਾਂ, ਮਜ਼ਦੂਰਾਂ ਤੇ ਆੜ੍ਹਤੀਆਂ ਨੂੰ ਖ਼ਰੀਦ ਸੀਜ਼ਨ ਦੌਰਾਨ ਮੰਡੀਆਂ ਵਿੱਚ ਕਿਸੇ ਵੀ ਤਰ੍ਹਾਂ ਦੀ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਰਾਜ ਦੇ ਕਿਸਾਨਾਂ, ਮਜ਼ਦੂਰਾਂ ਅਤੇ ਹਰ ਵਰਗ ਦੀ ਭਲਾਈ ਲਈ ਯਤਨਸ਼ੀਲ ਹੈ।

ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਮੰਡੀਆਂ ‘ਚ ਸੁੱਕੀ ਫਸਲ ਹੀ ਲੈ ਕੇ ਆਉਣ ਤਾਂ ਜੋ ਉਨ੍ਹਾਂ ਨੂੰ ਮੰਡੀ ਵਿੱਚ ਕਿਸੇ ਤਰ੍ਹਾਂ ਦੀ ਦਿੱਕਤ ਨਾ ਆਵੇ ਤੇ ਮੰਡੀਆਂ ਵਿੱਚ ਭੀੜ ਦੀ ਸਮੱਸਿਆ ਨਾ ਬਣੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਵੱਲੋਂ ਲਿਆਂਦੀ ਗਈ ਫ਼ਸਲ ਦਾ ਦਾਣਾ-ਦਾਣਾ ਖਰੀਦ ਕੀਤਾ ਜਾਵੇਗਾ।

ਇਸ ਮੌਕੇ ਚੇਅਰਮੈਨ ਮਾਰਕੀਟ ਕਮੇਟੀ ਗੁਰਬਾਜ ਸਿੰਘ ਵਣਵਾਲਾ, ਡੀ.ਐਮ.ਓ. ਅਜੇਪਾਲ ਸਿੰਘ ਬਰਾੜ, ਸੈਕਟਰੀ ਮਾਰਕੀਟ ਕਮੇਟੀ ਅਮਨਦੀਪ ਸਿੰਘ ਕੰਗ, ਚੇਅਰਮੈਨ ਦਰਸ਼ਨ ਲੰਬੀ, ਏ.ਐਫ.ਐਸ.ਓ. ਰੁਪਿੰਦਰ ਧਾਲੀਵਾਲ, ਮੰਡੀ ਸੁਪਰਵਾਈਜ਼ਰ ਗਗਨਦੀਪ ਸਿੰਘ, ਚੀਮਨ ਬਾਦਲ, ਚੇਅਰਮੈਨ ਹਿਮਾਂਸ਼ੂ ਬਾਂਸਲ, ਸਮੂ ਆੜਤੀਆ ਅਤੇ ਵੱਡੀ ਗਿਣਤੀ ਵਿੱਚ ਕਿਸਾਨ ਵੀਰ ਆਦਿ ਹਾਜ਼ਰ ਸਨ।

CATEGORIES
TAGS
Share This

COMMENTS

Wordpress (0)
Disqus ( )
Translate