ਪਰਾਲੀ ਨੂੰ ਅੱਗ ਲਾਉਣ ਵਾਲੇ ਪੰਜ ਕਿਸਾਨਾਂ ਖ਼ਿਲਾਫ਼ ਪਰਚੇ ਦਰਜ

ਨੈਸ਼ਨਲ ਗ੍ਰੀਨ ਟ੍ਰਿਬਿਊਨਲ ਅਤੇ ਕਮਿਸ਼ਨ ਫਾਰ ਏਅਰ ਕੁਆਲਿਟੀ ਮੈਨੇਜਮੈਂਟ ਦੀਆਂ ਹਦਾਇਤਾਂ ਤਹਿਤ ਪਰਾਲੀ ਸਾੜਨ ਵਾਲਿਆਂ ਵਿਰੁੱਧ ਸਖ਼ਤੀ

ਖਡੂਰ ਸਾਹਿਬ, 12 ਅਕਤੂਬਰ : ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਨੂੰ ਰੋਕਣ ਅਤੇ ਵਾਤਾਵਰਨ ਨੂੰ ਪ੍ਰਦੂਸ਼ਣ ਤੋਂ ਬਚਾਉਣ ਲਈ ਜ਼ਿਲ੍ਹਾ ਤਰਨ ਤਾਰਨ ਪ੍ਰਸ਼ਾਸਨ ਅਤੇ ਖੇਤੀਬਾੜੀ ਵਿਭਾਗ ਵੱਲੋਂ ਸਖ਼ਤ ਕਦਮ ਚੁੱਕੇ ਜਾ ਰਹੇ ਹਨ। ਇਸੇ ਤਹਿਤ ਬਲਾਕ ਖਡੂਰ ਸਾਹਿਬ ਦੇ ਵੱਖ-ਵੱਖ ਪਿੰਡਾਂ ਵਿੱਚ ਪਰਾਲੀ ਨੂੰ ਅੱਗ ਲਗਾਉਣ ਦੇ ਮਾਮਲਿਆਂ ਵਿੱਚ ਪੰਜ ਕਿਸਾਨਾਂ ਖ਼ਿਲਾਫ਼ ਸਬੰਧਤ ਪੁਲਿਸ ਥਾਣਿਆਂ ਵਿੱਚ ਪਰਚੇ ਦਰਜ ਕੀਤੇ ਗਏ ਹਨ।

ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਰਾਹੁਲ ਦੇ ਦਿਸ਼ਾ-ਨਿਰਦੇਸ਼ਾਂ ਅਤੇ ਉਪ ਮੰਡਲ ਮੈਜਿਸਟਰੇਟ ਖਡੂਰ ਸਾਹਿਬ  ਸੰਜੀਵ ਸ਼ਰਮਾ ਦੀ ਅਗਵਾਈ ਹੇਠ ਪਰਾਲੀ ਪ੍ਰਬੰਧਨ ਸਬੰਧੀ ਜਾਗਰੂਕਤਾ ਦੇ ਨਾਲ-ਨਾਲ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਕਾਰਵਾਈ ਕੀਤੀ ਜਾ ਰਹੀ ਹੈ। ਮੁੱਖ ਖੇਤੀਬਾੜੀ ਅਫ਼ਸਰ ਤਰਨ ਤਾਰਨ ਡਾ. ਤੇਜਬੀਰ ਸਿੰਘ ਭੰਗੂ ਵੱਲੋਂ ਵੀ ਕਿਸਾਨਾਂ ਨੂੰ ਫ਼ਸਲਾਂ ਦੀ ਰਹਿੰਦ-ਖੂੰਹਦ ਦਾ ਸੁਚੱਜਾ ਪ੍ਰਬੰਧਨ ਕਰਨ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ, ਥਾਣਾ ਵੈਰੋਵਾਲ ਅਧੀਨ ਪਿੰਡ ਬਿਹਾਰੀਪੁਰ ਦੇ ਅਜੇਪਾਲ ਪੁੱਤਰ ਇੰਦਰ ਸਿੰਘ ਅਤੇ ਪਿੰਡ ਤਖਤੂ ਚੱਕ ਦੇ ਲਵਜੀਤ ਸਿੰਘ ਪੁੱਤਰ ਇੰਦਰਜੀਤ ਸਿੰਘ ਖ਼ਿਲਾਫ਼ ਪਰਚੇ ਦਰਜ ਕੀਤੇ ਗਏ ਹਨ। ਇਸੇ ਤਰ੍ਹਾਂ ਥਾਣਾ ਗੋਇੰਦਵਾਲ ਸਾਹਿਬ ਅਧੀਨ ਪਿੰਡ ਭਰੋਵਾਲ ਦੇ ਸਤਿੰਦਰ ਸਿੰਘ ਪੁੱਤਰ ਹਰਭਜਨ ਸਿੰਘ ਅਤੇ ਸੇਵਾ ਸਿੰਘ ਪੁੱਤਰ ਨਾਜਰ ਸਿੰਘ, ਜਦਕਿ ਪਿੰਡ ਚੰਬਾ ਖੁਰਦ ਦੇ ਸੁਖਜਿੰਦਰ ਸਿੰਘ ਪੁੱਤਰ ਦਿਲਬਾਗ ਸਿੰਘ ਖ਼ਿਲਾਫ਼ ਵੀ ਪਰਾਲੀ ਸਾੜਨ ਦੇ ਮਾਮਲਿਆਂ ਵਿੱਚ ਪਰਚੇ ਦਰਜ ਕੀਤੇ ਗਏ ਹਨ।

ਨੈਸ਼ਨਲ ਗ੍ਰੀਨ ਟ੍ਰਿਬਿਊਨਲ ਵੱਲੋਂ ਪਰਾਲੀ ਸਾੜਨ ’ਤੇ ਰੋਕ ਅਤੇ ਵਾਤਾਵਰਨ ਨੂੰ ਹੋਣ ਵਾਲੇ ਨੁਕਸਾਨ ਦੇ ਮੱਦੇਨਜ਼ਰ ਕਾਰਵਾਈ ਸਬੰਧੀ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਇਸੇ ਤਰ੍ਹਾਂ ਕਮਿਸ਼ਨ ਫਾਰ ਏਅਰ ਕੁਆਲਿਟੀ ਮੈਨੇਜਮੈਂਟ ਵੱਲੋਂ ਵੀ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਖ਼ਤਮ ਕਰਨ, ਫ਼ਸਲਾਂ ਦੀ ਰਹਿੰਦ-ਖੂੰਹਦ ਦੇ ਸੁਚੱਜੇ ਪ੍ਰਬੰਧਨ ਅਤੇ ਹਵਾ ਪ੍ਰਦੂਸ਼ਣ ਨੂੰ ਘਟਾਉਣ ਲਈ ਸਬੰਧਤ ਵਿਭਾਗਾਂ ਨੂੰ ਠੋਸ ਕਦਮ ਚੁੱਕਣ ਲਈ ਕਿਹਾ ਗਿਆ ਹੈ।

ਡਾ. ਯਾਦਵਿੰਦਰ ਸਿੰਘ ਅਤੇ ਡਾ. ਰੁਪਿੰਦਰਜੀਤ ਸਿੰਘ, ਕਲੱਸਟਰ ਅਫ਼ਸਰ ਖਡੂਰ ਸਾਹਿਬ, ਵੱਲੋਂ ਕਿਸਾਨਾਂ ਨੂੰ ਅਪੀਲ ਕੀਤੀ ਗਈ ਕਿ ਉਹ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਇਸ ਦਾ ਖੇਤ ਵਿੱਚ ਹੀ ਜਾਂ ਹੋਰ ਉਪਲਬਧ ਤਰੀਕਿਆਂ ਨਾਲ ਸੁਚੱਜਾ ਪ੍ਰਬੰਧਨ ਕਰਨ। ਪਰਾਲੀ ਸਾੜਨ ਨਾਲ ਜਿੱਥੇ ਹਵਾ ਪ੍ਰਦੂਸ਼ਿਤ ਹੁੰਦੀ ਹੈ, ਉੱਥੇ ਹੀ ਮਿੱਟੀ ਦੀ ਉਪਜਾਊ ਸ਼ਕਤੀ, ਲਾਭਦਾਇਕ ਜੀਵਾਣੂਆਂ ਅਤੇ ਵਾਤਾਵਰਨ ਨੂੰ ਵੀ ਨੁਕਸਾਨ ਪਹੁੰਚਦਾ ਹੈ।

ਅਧਿਕਾਰੀਆਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਵਾਤਾਵਰਨ ਦੀ ਸੰਭਾਲ ਅਤੇ ਆਉਣ ਵਾਲੀਆਂ ਪੀੜ੍ਹੀਆਂ ਦੇ ਸਿਹਤਮੰਦ ਭਵਿੱਖ ਲਈ ਪਰਾਲੀ ਨੂੰ ਅੱਗ ਨਾ ਲਗਾਉਣ ਅਤੇ ਖੇਤੀਬਾੜੀ ਵਿਭਾਗ ਨਾਲ ਤਾਲਮੇਲ ਕਰਕੇ ਉਪਲਬਧ ਮਸ਼ੀਨਰੀ ਅਤੇ ਹੋਰ ਤਰੀਕਿਆਂ ਰਾਹੀਂ ਪਰਾਲੀ ਦਾ ਸੁਚੱਜਾ ਪ੍ਰਬੰਧਨ ਕਰਨ।

CATEGORIES
Share This

COMMENTS

Wordpress (0)
Disqus ( )
Translate