ਭਾਜਪਾ ਇਹ ਸਪੱਸ਼ਟ ਕਰੇ ਕਿ ਉਸ ਦੇ ਸ਼ਾਸਨ ਦੌਰਾਨ ਗੁਜਰਾਤ ਦੀਆਂ ਬੰਦਰਗਾਹਾਂ ਰਾਹੀਂ ਨਸ਼ੇ ਦੀ ਸਪਲਾਈ ਕਿਵੇਂ ਜਾਰੀ ਰਹੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਨਸ਼ਿਆਂ ਦੇ ਮੁੱਦੇ ਉੱਤੇ ਪੰਜਾਬ ਵੱਲ ਉਂਗਲ ਉਠਾਉਣ ਵਾਲਿਆਂ ਨੂੰ ਆਪਣੀਆਂ ਨਾਕਾਮੀਆਂ ਦਾ ਜਵਾਬ ਦੇਣਾ ਚਾਹੀਦਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਨਸ਼ਿਆਂ ਦੀ ਸਮੱਸਿਆ ਦੇ ਮੁੱਦੇ ਉੱਤੇ ਪੰਜਾਬ ਆਪਣੀ ਦਿੱਖ ਖ਼ਰਾਬ ਕਰਨ ਦੀ ਇਜਾਜ਼ਤ ਨਹੀਂ ਦੇਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਕਪੂਰਥਲਾ, 13 ਅਕਤੂਬਰ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਨਸ਼ਿਆਂ ਦੀ ਸਮੱਸਿਆ ਨੂੰ ਲੈ ਕੇ ਪੰਜਾਬ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰਨ ਵਾਲਿਆਂ ਨੂੰ ਸਖ਼ਤ ਜਵਾਬ ਦਿੰਦਿਆਂ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੂੰ ਚੁਣੌਤੀ ਦਿੱਤੀ ਕਿ ਉਹ ਕੇਂਦਰ ਅਤੇ ਗੁਜਰਾਤ ਦੋਵਾਂ ਥਾਵਾਂ `ਤੇ ਸੱਤਾ ਵਿੱਚ ਹੋਣ ਦੇ ਬਾਵਜੂਦ ਨਸ਼ਾ ਤਸਕਰੀ ਨਾਲ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਣ ਵਿੱਚ ਆਪਣੀ ਅਸਫ਼ਲਤਾ ਬਾਰੇ ਸਪੱਸ਼ਟ ਕਰੇ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਜਿਹੜੇ ਲੋਕ ਆਪਣੇ ਸੂਬਿਆਂ ਵਿੱਚ ਇਸ ਸਮੱਸਿਆ ਨੂੰ ਹੱਲ ਕਰਨ ਵਿੱਚ ਨਾਕਾਮ ਰਹੇ, ਉਨ੍ਹਾਂ ਨੂੰ ਪੰਜਾਬ ਵੱਲ ਉਂਗਲ ਚੁੱਕਣ ਤੋਂ ਪਹਿਲਾਂ ਆਪਣਾ ਰਿਕਾਰਡ ਦੇਖਣਾ ਚਾਹੀਦਾ ਹੈ।
ਇੱਕ ਬਿਆਨ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਜੋ ਲੋਕ ਨਸ਼ੇ ਦੀ ਸਮੱਸਿਆ ਨੂੰ ਲੈ ਕੇ ਪੰਜਾਬ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰ ਰਹੇ ਹਨ, ਉਨ੍ਹਾਂ ਨੂੰ ਪਹਿਲਾਂ ਇਸ ਸਮੱਸਿਆ ਨਾਲ ਨਜਿੱਠਣ ਵਿੱਚ ਆਪਣੀ ਨਾਕਾਮੀ ਦਾ ਜਵਾਬ ਦੇਣਾ ਚਾਹੀਦਾ ਹੈ। ਮੈਂ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੂੰ ਚੁਣੌਤੀ ਦਿੰਦਾ ਹਾਂ ਕਿ ਉਹ ਸਪੱਸ਼ਟ ਕਰੇ ਕਿ ਕੇਂਦਰ ਅਤੇ ਗੁਜਰਾਤ ਦੋਵਾਂ ਥਾਵਾਂ `ਤੇ ਭਾਜਪਾ ਦੀ ਸਰਕਾਰ ਹੋਣ ਦੇ ਬਾਵਜੂਦ ਗੁਜਰਾਤ ਅਤੇ ਦੇਸ਼ ਦੇ ਹੋਰ ਹਿੱਸਿਆਂ ਦੀਆਂ ਬੰਦਰਗਾਹਾਂ ਰਾਹੀਂ ਨਸ਼ਿਆਂ ਦੀ ਸਪਲਾਈ ਕਿਵੇਂ ਜਾਰੀ ਰਹੀ।”
ਮੁੱਖ ਮੰਤਰੀ ਨੇ ਅੱਗੇ ਕਿਹਾ, “ਨਸ਼ਾ ਤਸਕਰੀ ਦੀ ਸਮੱਸਿਆ ਕੌਮੀ ਹੈ ਅਤੇ ਇਸ ਮੁੱਦੇ ਉੱਤੇ ਸਿਆਸੀ ਪ੍ਰਚਾਰ ਰਾਹੀਂ ਪੰਜਾਬ ਦੀ ਦਿੱਖ ਖ਼ਰਾਬ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਜੋ ਲੋਕ ਆਪਣੇ ਸੂਬਿਆਂ ਵਿੱਚ ਇਸ ਸਮੱਸਿਆ ਨਾਲ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਣ ਵਿੱਚ ਅਸਫ਼ਲ ਰਹੇ, ਉਨ੍ਹਾਂ ਨੂੰ ਪੰਜਾਬ ਵੱਲ ਉਂਗਲ ਚੁੱਕਣ ਤੋਂ ਪਹਿਲਾਂ ਆਪਣੇ ਅੰਦਰ ਝਾਤੀ ਮਾਰਨੀ ਚਾਹੀਦੀ ਹੈ।



