ਸਰਕਾਰੀ ਤੇ ਪ੍ਰਾਈਵੇਟ ਸਕੂਲਾਂ, ਕਾਲਜਾਂ ਵਿੱਚ ਡੇਂਗੂ ਤੋਂ ਬਚਾਅ ਲਈ ਕੀਤੀਆਂ ਗਈਆਂ ਗਤੀਵਿਧੀਆਂ-ਸਿਵਲ ਸਰਜਨ
ਬਰਨਾਲਾ, 16 ਅਕਤੂਬਰ
ਸਿਹਤ ਵਿਭਾਗ ਬਰਨਾਲਾ ਵੱਲੋਂ ਡਾਇਰੈਕਟਰ ਸਿਹਤ ਵਿਭਾਗ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਡੇਂਗੂ ਤੋਂ ਬਚਾਅ ਲਈ ਵਿਸ਼ੇਸ਼ ਜਾਗਰੂਕਤਾ ਮੁਹਿੰਮ ਚਲਾਈ ਗਈ। ਇਸ ਮੁਹਿੰਮ ਤਹਿਤ ਸਰਕਾਰੀ ਤੇ ਪ੍ਰਾਈਵੇਟ ਸਕੂਲਾਂ, ਕਾਲਜਾਂ ਅਤੇ ਘਰਾਂ ਵਿੱਚ ਜਾ ਕੇ ਲੋਕਾਂ ਨੂੰ ਡੇਂਗੂ ਤੋਂ ਬਚਣ ਬਾਰੇ ਜਾਣੂ ਕਰਵਾਇਆ ਗਿਆ। ਇਹ ਜਾਣਕਾਰੀ ਸਿਵਲ ਸਰਜਨ ਬਰਨਾਲਾ ਡਾ. ਹਰੀਪਾਲ ਸਿੰਘ ਸਿੱਧੂ ਵੱਲੋਂ ਸਾਂਝੀ ਕੀਤੀ ਗਈ।
ਇਸ ਮੌਕੇ ਡਾ. ਮੁਨੀਸ਼ ਕੁਮਾਰ, ਜ਼ਿਲ੍ਹਾ ਐਪੀਡੀਮੋਲੋਜਿਸਟ ਨੇ ਦੱਸਿਆ ਕਿ ਜਦੋਂ ਵੀ ਕਿਸੇ ਵਿਅਕਤੀ ਨੂੰ ਡੇਂਗੂ ਬੁਖਾਰ ਦੇ ਲੱਛਣ ਦਿਖਾਈ ਦੇਣ, ਤਾਂ ਤੁਰੰਤ ਡਾਕਟਰ ਦੀ ਸਲਾਹ ਅਨੁਸਾਰ ਇਲਾਜ ਕਰਵਾਉਣਾ ਚਾਹੀਦਾ ਹੈ। ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਸਕੂਲਾਂ, ਕਾਲਜਾਂ, ਘਰਾਂ ਅਤੇ ਹੋਰ ਜਨਤਕ ਥਾਵਾਂ ‘ਤੇ ਜਾ ਕੇ ਪਾਣੀ ਖੜ੍ਹਾ ਹੋਣ ਵਾਲੇ ਸੋਮਿਆਂ ਦੀ ਜਾਂਚ ਕੀਤੀ ਗਈ। ਇਸ ਦੇ ਨਾਲ ਹੀ ਹਫ਼ਤੇ ਵਿੱਚ ਸ਼ੁੱਕਰਵਾਰ/ਸੋਮਵਾਰ ਨੂੰ “ਖ਼ੁਸ਼ਕ ਦਿਨ” ਵਜੋਂ ਮਨਾ ਕੇ ਪਾਣੀ ਵਾਲੇ ਸਾਰੇ ਬਰਤਨਾਂ ਨੂੰ ਖਾਲੀ ਕਰਕੇ ਧੁੱਪ ਵਿੱਚ ਸੁਕਾਉਣ ਲਈ ਲੋਕਾਂ ਨੂੰ ਪ੍ਰੇਰਿਤ ਕੀਤਾ ਗਿਆ।
ਜ਼ਿਲ੍ਹਾ ਮਾਸ ਮੀਡੀਆ ਤੇ ਸੂਚਨਾ ਅਫ਼ਸਰ ਕੁਲਦੀਪ ਸਿੰਘ ਮਾਨ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਘਰ-ਘਰ ਜਾ ਕੇ, ਸਲੱਮ ਏਰੀਆ, ਸਕੂਲਾਂ ਅਤੇ ਪਿੰਡਾਂ ਦੀਆਂ ਸੱਥਾਂ ਵਿੱਚ ਗਰੁੱਪ ਮੀਟਿੰਗਾਂ ਕਰਕੇ ਅਤੇ ਪੈਂਫਲੇਟ ਵੰਡ ਕੇ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਮਾਸ ਮੀਡੀਆ ਵਿੰਗ ਵੱਲੋਂ ਪ੍ਰੈੱਸ ਕਵਰੇਜ ਅਤੇ ਸੋਸ਼ਲ ਮੀਡੀਆ ਰਾਹੀਂ ਵੀ ਬਿਮਾਰੀਆਂ ਤੋਂ ਬਚਾਅ ਅਤੇ ਇਲਾਜ ਸਬੰਧੀ ਜਾਣਕਾਰੀ ਫੈਲਾਈ ਜਾ ਰਹੀ ਹੈ।
ਉਨ੍ਹਾਂ ਵਿਸ਼ੇਸ਼ ਤੌਰ ‘ਤੇ ਦੱਸਿਆ ਕਿ ਡੇਂਗੂ ਦਾ ਟੈਸਟ ਅਤੇ ਇਲਾਜ ਸਾਰੇ ਸਰਕਾਰੀ ਹਸਪਤਾਲਾਂ ਅਤੇ ਆਮ ਆਦਮੀ ਕਲੀਨਿਕਾਂ ਵਿੱਚ ਬਿਲਕੁਲ ਮੁਫ਼ਤ ਕੀਤਾ ਜਾਂਦਾ ਹੈ।
ਇਸ ਮੌਕੇ ਗੁਰਪ੍ਰੀਤ ਸਿੰਘ ਸਹਿਣਾ, ਗੁਰਮੇਲ ਸਿੰਘ ਢਿੱਲੋਂ ਅਤੇ ਸੁਰਿੰਦਰ ਸਿੰਘ (ਸਿਹਤ ਸੁਪਰਵਾਈਜ਼ਰ) ਵੀ ਹਾਜਰ ਸਨ।


