ਸੁਨੀਲ ਜਾਖੜ ਵੱਲੋਂ ਰਾਜਪਾਲ ਨੂੰ ਪੱਤਰ,ਪੰਜਾਬ ਵਿੱਚ ਜਲਦ ਆਦਰਸ਼ ਚੋਣ ਜ਼ਾਬਤਾ ਲਾਗੂ ਕਰਨ ਦੀ ਸਿਫ਼ਾਰਸ਼ ਕਰਨ ਦੀ ਮੰਗ

ਭਾਜਪਾ ਜਲਦ ਆਦਰਸ਼ ਚੋਣ ਜ਼ਾਬਤਾ ਲਾਗੂ ਕਰਵਾਉਣ ਦੀ ਮੰਗ ਲੈ ਕੇ ਭਾਰਤੀ ਚੋਣ ਕਮਿਸ਼ਨ ਕੋਲ ਵੀ ਜਾਵੇਗੀ।

ਸਿਸੋਦੀਆ ਤੇ ਕੇਜਰੀਵਾਲ ਦੀ ਟਕਰਾਅ ਵਾਲੀ ਸਿਆਸਤ ਨੂੰ ਪੰਜਾਬ ਲਈ ਖ਼ਤਰਨਾਕ ਦੱਸਿਆ; ਦੋਵਾਂ ਨੂੰ ਸੂਬੇ ਤੋਂ ਤੜੀਪਾਰ ਕਰਵਾਉਣ ਲਈ ਕਾਨੂੰਨੀ ਚਾਰਾਜੋਈ ਕਰਨ ਦੀ ਗੱਲ ਕਹੀ।

ਕਿਹਾ, ਸਰਕਾਰ ਨੇ ਖ਼ੁਦ ਮੰਨਿਆ ਹੈ ਕਿ ਪੰਜਾਬ ਦੀ ਅਮਨ-ਕਾਨੂੰਨ ਦੀ ਸਥਿਤੀ ਇਸ ਹੱਦ ਤੱਕ ਵਿਗੜ ਚੁੱਕੀ ਹੈ ਕਿ ਨਸ਼ਿਆਂ ਖ਼ਿਲਾਫ਼ ਜਾਗਰੂਕਤਾ ਲਈ ਮੈਰਾਥਨ ਵੀ ਨਹੀਂ ਕਰਵਾਈ ਜਾ ਸਕਦੀ।

ਸਵਾਲ ਕੀਤਾ ਕਿ ਜੇਕਰ ਸਰਕਾਰ ਅਨੁਸਾਰ ਮੈਰਾਥਨ ਨਹੀਂ ਹੋ ਸਕਦੀ ਤਾਂ ਚੋਣਾਂ ਕਿਵੇਂ ਕਰਵਾਈਆਂ ਜਾ ਸਕਦੀਆਂ ਹਨ।

ਦੋਸ਼ ਲਾਇਆ ਕਿ ਆਮ ਆਦਮੀ ਪਾਰਟੀ ਚੋਣਾਂ ਟਾਲਣ ਦਾ ਆਧਾਰ ਤਿਆਰ ਕਰਨ ਲਈ ਜਾਣਬੁੱਝ ਕੇ ਪੰਜਾਬ ਨੂੰ ਅਸ਼ਾਂਤੀ ਵੱਲ ਧੱਕ ਰਹੀ ਹੈ।

ਚੰਡੀਗੜ੍ਹ, 29 ਅਕਤੂਬਰ – ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਪੰਜਾਬ ਦੇ ਰਾਜਪਾਲ ਨੂੰ ਪੱਤਰ ਲਿਖ ਕੇ ਅਪੀਲ ਕੀਤੀ ਹੈ ਕਿ ਉਹ ਚੋਣ ਕਮਿਸ਼ਨ ਨੂੰ ਸੂਬੇ ਵਿੱਚ ਜਲਦ ਤੋਂ ਜਲਦ ਆਦਰਸ਼ ਚੋਣ ਜ਼ਾਬਤਾ ਲਾਗੂ ਕਰਨ ਦੀ ਸਿਫ਼ਾਰਸ਼ ਕਰਨ। ਪੰਜਾਬ ਦੀ ਵਿਗੜਦੀ ਅਮਨ-ਕਾਨੂੰਨ ਦੀ ਸਥਿਤੀ ਦਾ ਹਵਾਲਾ ਦਿੰਦਿਆਂ ਜਾਖੜ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਨੇ ਹੁਣ ਖ਼ੁਦ ਵੀ ਇਸ ਹਕੀਕਤ ਨੂੰ ਮੰਨ ਲਿਆ ਹੈ। ਉਨ੍ਹਾਂ ਕਿਹਾ ਕਿ ਆਗਾਮੀ ਵਿਧਾਨ ਸਭਾ ਚੋਣਾਂ ਸ਼ਾਂਤਮਈ ਤੇ ਨਿਰਪੱਖ ਢੰਗ ਨਾਲ ਕਰਵਾਉਣ ਅਤੇ ਲੋਕਾਂ ਨੂੰ ਬਿਨਾਂ ਕਿਸੇ ਡਰ ਤੋਂ ਆਪਣੇ ਵੋਟ ਦੇ ਹੱਕ ਦੀ ਵਰਤੋਂ ਕਰਨ ਦਾ ਮੌਕਾ ਦੇਣ ਲਈ ਇਹ ਕਦਮ ਜ਼ਰੂਰੀ ਹੈ। ਉਨ੍ਹਾਂ ਇੱਥੇ ਪ੍ਰੈੱਸ ਕਾਨਫਰੰਸ ਦੌਰਾਨ ਇਹ ਜਾਣਕਾਰੀ ਦਿੱਤੀ।

ਪੰਜਾਬ ਭਾਜਪਾ ਦੇ ਸਾਬਕਾ ਸੂਬਾ ਪ੍ਰਧਾਨ ਨੇ ਇਹ ਵੀ ਕਿਹਾ ਕਿ ਪਾਰਟੀ ਜਲਦ ਹੀ ਭਾਰਤੀ ਚੋਣ ਕਮਿਸ਼ਨ ਕੋਲ ਪਹੁੰਚ ਕਰਕੇ ਸੂਬੇ ਵਿੱਚ ਆਦਰਸ਼ ਚੋਣ ਜ਼ਾਬਤਾ ਜਲਦ ਲਾਗੂ ਕਰਨ ਦੀ ਮੰਗ ਕਰੇਗੀ। ਉਨ੍ਹਾਂ ਦੋਸ਼ ਲਾਇਆ ਕਿ ਜੇਕਰ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਹੋਰ ਸਮਾਂ ਸੱਤਾ ਵਿੱਚ ਬਣੇ ਰਹਿਣ ਦਿੱਤਾ ਗਿਆ ਤਾਂ ਉਹ ਹਾਲਾਤ ਇਸ ਹੱਦ ਤੱਕ ਵਿਗਾੜ ਦੇਵੇਗੀ ਕਿ ਡਰ ਤੋਂ ਮੁਕਤ ਮਾਹੌਲ ਵਿੱਚ ਸ਼ਾਂਤਮਈ ਅਤੇ ਨਿਰਪੱਖ ਚੋਣਾਂ ਕਰਵਾਉਣਾ ਅਸੰਭਵ ਹੋ ਜਾਵੇਗਾ।

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜਾਖੜ ਨੇ ਕਿਹਾ ਕਿ ਪਾਰਟੀ ਮਨੀਸ਼ ਸਿਸੋਦੀਆ ਅਤੇ ਅਰਵਿੰਦ ਕੇਜਰੀਵਾਲ ਨੂੰ ਪੰਜਾਬ ਤੋਂ ਤੜੀਪਾਰ ਕਰਵਾਉਣ ਲਈ ਕਾਨੂੰਨੀ ਵਿਕਲਪ ਵੀ ਤਲਾਸ਼ ਰਹੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਸਿਸੋਦੀਆ ਦੇ ਭੜਕਾਊ ਬਿਆਨ ਸੂਬੇ ਦਾ ਮਾਹੌਲ ਖ਼ਰਾਬ ਕਰ ਰਹੇ ਹਨ ਅਤੇ ਇਨ੍ਹਾਂ ਦੇ ਆਧਾਰ ’ਤੇ ਕਾਨੂੰਨੀ ਕਾਰਵਾਈ ਦੀਆਂ ਸੰਭਾਵਨਾਵਾਂ ਵੇਖੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਸ ਨਾਲ ਇਨ੍ਹਾਂ ਦੋਵਾਂ ਨੂੰ ਪੰਜਾਬ ਆ ਕੇ ਹੋਰ ਜ਼ਹਿਰ ਫੈਲਾਉਣ ਤੋਂ ਰੋਕਿਆ ਜਾ ਸਕੇਗਾ। ਉਨ੍ਹਾਂ ਦੋਸ਼ ਲਾਇਆ ਕਿ ਆਮ ਆਦਮੀ ਪਾਰਟੀ ਇੱਕ ਸੋਚੀ-ਸਮਝੀ ਸਾਜ਼ਿਸ਼ ਤਹਿਤ ਪੰਜਾਬ ਨੂੰ ਅਸ਼ਾਂਤੀ ਦੀ ਅੱਗ ਵਿੱਚ ਧੱਕ ਰਹੀ ਹੈ।

ਜਾਖੜ ਨੇ ਕਿਹਾ ਕਿ ਅਬੋਹਰ ਵਿੱਚ ਪਿਛਲੇ ਕਈ ਸਾਲਾਂ ਤੋਂ ਹਰ ਸਾਲ ਨਸ਼ਿਆਂ ਖ਼ਿਲਾਫ਼ ਮੈਰਾਥਨ ਕਰਵਾਈ ਜਾਂਦੀ ਰਹੀ ਹੈ, ਜਿਸ ਵਿੱਚ ਹਜ਼ਾਰਾਂ ਨੌਜਵਾਨ ਨਸ਼ਾ ਵਿਰੋਧੀ ਮੁਹਿੰਮ ਵਿੱਚ ਹਿੱਸਾ ਲੈਂਦੇ ਹਨ। ਪਰ ਇਸ ਸਾਲ ਸਰਕਾਰ ਨੇ ਲਿਖਤੀ ਤੌਰ ’ਤੇ ਇਹ ਕਹਿੰਦਿਆਂ ਮੈਰਾਥਨ ਦੀ ਮਨਜ਼ੂਰੀ ਰੱਦ ਕਰ ਦਿੱਤੀ ਕਿ ਮਾਹੌਲ ਅਨੁਕੂਲ ਨਹੀਂ ਹੈ ਅਤੇ ਅਮਨ-ਕਾਨੂੰਨ ਦੀ ਮਾੜੀ ਸਥਿਤੀ ਕਾਰਨ ਇਹ ਸਮਾਗਮ ਨਹੀਂ ਕਰਵਾਇਆ ਜਾ ਸਕਦਾ।

ਜਾਖੜ ਨੇ ਕਿਹਾ ਕਿ ਪੰਜਾਬ ਦੀ ਅਮਨ-ਕਾਨੂੰਨ ਦੀ ਸਥਿਤੀ ਵਾਕਈ ਬੇਹੱਦ ਚਿੰਤਾਜਨਕ ਪੱਧਰ ਤੱਕ ਵਿਗੜ ਚੁੱਕੀ ਹੈ ਅਤੇ ਸੂਬੇ ਵਿੱਚ ਕੋਈ ਵੀ ਸੁਰੱਖਿਅਤ ਨਹੀਂ ਹੈ। ਉਨ੍ਹਾਂ ਦੋਸ਼ ਲਾਇਆ ਕਿ ਇੱਕ ਪਾਸੇ ਨਸ਼ੇ ਨੌਜਵਾਨਾਂ ਦੀਆਂ ਜਾਨਾਂ ਲੈ ਰਹੇ ਹਨ, ਉੱਥੇ ਹੀ ਦੂਜੇ ਪਾਸੇ ਨਸ਼ਾ ਮਾਫੀਆ ਦਾ ਆਤੰਕ ਇਸ ਹੱਦ ਤੱਕ ਵਧ ਗਿਆ ਹੈ ਕਿ ਨਸ਼ਿਆਂ ਖ਼ਿਲਾਫ਼ ਸੁਹਿਰਦਤਾ ਨਾਲ ਆਵਾਜ਼ ਬੁਲੰਦ ਕਰਨ ਵਾਲਿਆਂ ਨੂੰ ਗੋਲੀਆਂ ਨਾਲ ਖ਼ਾਮੋਸ਼ ਕੀਤਾ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਪਵਿੱਤਰ ਨਗਰੀ ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਲੈ ਕੇ ਤਰਨ ਤਾਰਨ, ਖੇਮਕਰਨ, ਗੁਰਦਾਸਪੁਰ, ਸ੍ਰੀ ਹਰਗੋਬਿੰਦਪੁਰ, ਮਾਨਸਾ, ਅਬੋਹਰ, ਸੰਗਰੂਰ ਅਤੇ ਲੁਧਿਆਣਾ ਤੱਕ, ਲਗਭਗ ਹਰ ਜ਼ਿਲ੍ਹੇ ਤੇ ਕਸਬੇ ਵਿੱਚ ਸ਼ਰੇਆਮ ਕਤਲ ਹੋ ਰਹੇ ਹਨ। ਸਰਕਾਰ ਦੀ ਭੂਮਿਕਾ ਦੀ ਆਲੋਚਨਾ ਕਰਦਿਆਂ ਉਨ੍ਹਾਂ ਦੋਸ਼ ਲਾਇਆ ਕਿ ਪੁਲਿਸ ਨਸ਼ਿਆਂ ਕਾਰਨ ਜਾਨ ਗੁਆਉਣ ਵਾਲੇ ਬੱਚਿਆਂ ਦੀਆਂ ਲਾਸ਼ਾਂ ਤੱਕ ਜਬਰੀ ਚੁੱਕ ਕੇ ਲੈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜਿਹੜਾ ਵੀ ਨਸ਼ਿਆਂ ਖ਼ਿਲਾਫ਼ ਵਿਰੋਧ ਕਰਦਾ ਹੈ ਜਾਂ ਸਰਕਾਰ ਅੱਗੇ ਆਪਣਾ ਦੁੱਖ ਪ੍ਰਗਟ ਕਰਦਾ ਹੈ, ਉਸ ਨੂੰ ਜਾਂ ਤਾਂ ਪੁਲਿਸ ਦੇ ਜਬਰ ਦਾ ਸਾਹਮਣਾ ਕਰਨਾ ਪੈਂਦਾ ਹੈ ਜਾਂ ਖ਼ੁਦਕੁਸ਼ੀ ਲਈ ਮਜਬੂਰ ਹੋਣਾ ਪੈਂਦਾ ਹੈ।

ਜਾਖੜ ਨੇ ਇਨ੍ਹਾਂ ਘਟਨਾਵਾਂ ਨੂੰ ਆਮ ਆਦਮੀ ਪਾਰਟੀ ਸਰਕਾਰ ਦੀ ਸੋਚੀ-ਸਮਝੀ ਰਣਨੀਤੀ ਦਾ ਨਤੀਜਾ ਦੱਸਿਆ। ਉਨ੍ਹਾਂ ਕਿਹਾ ਕਿ ਪਾਰਟੀ ਦੇ ਆਪਣੇ ਸੀਨੀਅਰ ਆਗੂ ਮਨੀਸ਼ ਸਿਸੋਦੀਆ ਨੇ ਇਹ ਕਹਿ ਕੇ ਇਸ ਸੋਚ ਦਾ ਖ਼ੁਲਾਸਾ ਕਰ ਦਿੱਤਾ ਹੈ ਕਿ ਉਹ ਚੋਣਾਂ ਜਿੱਤਣ ਲਈ ਹਰ ਤਰੀਕਾ ਵਰਤਣਗੇ—ਸਾਮ, ਦਾਮ, ਦੰਡ, ਭੇਦ, ਲੜਾਈ-ਝਗੜਾ, ਝੂਠ ਜਾਂ ਸੱਚ।

ਉਨ੍ਹਾਂ ਦੋਸ਼ ਲਾਇਆ ਕਿ ਇਸੇ ਰਣਨੀਤੀ ਤਹਿਤ ਸਰਕਾਰ ਨੇ ਆਪਣੇ ਇਸ਼ਾਰਿਆਂ ’ਤੇ ਚੱਲਣ ਵਾਲੇ ਅਧਿਕਾਰੀ ਨਿਯੁਕਤ ਕੀਤੇ ਹਨ, ਜਦਕਿ ਅਪਰਾਧੀਆਂ ਅਤੇ ਗੈਂਗਸਟਰਾਂ ਨੂੰ ਜਾਂ ਤਾਂ ਪਾਰਟੀ ਵਿੱਚ ਸ਼ਾਮਲ ਕੀਤਾ ਜਾ ਰਿਹਾ ਹੈ ਜਾਂ ਸਰਪ੍ਰਸਤੀ ਦਿੱਤੀ ਜਾ ਰਹੀ ਹੈ। ਉਨ੍ਹਾਂ ਇਹ ਵੀ ਦੋਸ਼ ਲਾਇਆ ਕਿ ਮੁੱਖ ਮੰਤਰੀ ਦਫ਼ਤਰ ਖ਼ੁਦ ਭ੍ਰਿਸ਼ਟਾਚਾਰ ਦਾ ਅੱਡਾ ਬਣ ਗਿਆ ਹੈ ਅਤੇ ਪੰਜਾਬ ਨੂੰ ਇਸ ਨੀਤੀ ਦੇ ਨਤੀਜੇ ਭੁਗਤਣੇ ਪੈ ਰਹੇ ਹਨ।

ਜਾਖੜ ਨੇ ਕਿਹਾ ਕਿ ਪ੍ਰਬੰਧ ਵਿੱਚ ਲੋਕਾਂ ਦਾ ਭਰੋਸਾ ਘਟਦਾ ਜਾ ਰਿਹਾ ਹੈ ਕਿਉਂਕਿ ਅਮਨ-ਕਾਨੂੰਨ ਕਾਇਮ ਰੱਖਣ ਲਈ ਨਿਯੁਕਤ ਅਧਿਕਾਰੀ ਕਥਿਤ ਤੌਰ ’ਤੇ ਸਰਕਾਰ ਲਈ ਵਸੂਲੀ ਏਜੰਟਾਂ ਵਜੋਂ ਕੰਮ ਕਰ ਰਹੇ ਹਨ। ਉਨ੍ਹਾਂ ਇਹ ਵੀ ਦੋਸ਼ ਲਾਇਆ ਕਿ ਜੇਲ੍ਹਾਂ ਵਿੱਚੋਂ ਨਸ਼ਿਆਂ ਅਤੇ ਹਥਿਆਰਾਂ ਦੇ ਨੈੱਟਵਰਕ ਚਲਾਏ ਜਾ ਰਹੇ ਹਨ, ਜਦਕਿ ਤਸਕਰਾਂ ਅਤੇ ਕਾਤਲਾਂ ਨੂੰ ਪੈਰੋਲ ’ਤੇ ਰਿਹਾਅ ਕਰਕੇ ਵਿਦੇਸ਼ ਭੱਜਣ ਵਿੱਚ ਮਦਦ ਕੀਤੀ ਜਾ ਰਹੀ ਹੈ।

ਉਨ੍ਹਾਂ ਅੱਗੇ ਦੋਸ਼ ਲਾਇਆ ਕਿ ਔਰਤਾਂ ਨਾਲ ਜਿਨਸੀ ਸ਼ੋਸ਼ਣ ਦੇ ਮਾਮਲਿਆਂ ਨੂੰ ਦਬਾਉਣ ਦੀਆਂ ਕੋਸ਼ਿਸ਼ਾਂ ਵਿੱਚ ਕਰੋੜਾਂ ਰੁਪਏ ਦੇ ਲੈਣ-ਦੇਣ ਸਾਹਮਣੇ ਆ ਰਹੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਅਜਿਹੇ ਹੀ ਇੱਕ ਮਾਮਲੇ ਵਿੱਚ ਮੁੱਖ ਮੰਤਰੀ ਦੇ ਆਪਣੇ ਪਰਿਵਾਰ ਦਾ ਨਾਂ ਵੀ ਸਾਹਮਣੇ ਆਇਆ ਹੈ ਅਤੇ ਹਾਈ ਕੋਰਟ ਦੇ ਨਿਰਦੇਸ਼ਾਂ ਦੇ ਬਾਵਜੂਦ ਸਰਕਾਰ ਮਾਮਲੇ ਦੀ ਜਾਂਚ ਨਹੀਂ ਕਰਵਾ ਰਹੀ।

ਪੰਜਾਬ ਭਾਜਪਾ ਦੇ ਸਾਬਕਾ ਸੂਬਾ ਪ੍ਰਧਾਨ ਨੇ ਕਿਹਾ ਕਿ ਅਜਿਹੇ ਹਾਲਾਤ ਵਿੱਚ ਪੰਜਾਬ ਵਰਗੇ ਸਰਹੱਦੀ ਸੂਬੇ ਵਿੱਚ ਆਜ਼ਾਦ, ਨਿਰਪੱਖ ਅਤੇ ਸ਼ਾਂਤਮਈ ਚੋਣਾਂ ਕਰਵਾਉਣਾ ਅਸੰਭਵ ਹੋ ਜਾਵੇਗਾ। ਉਨ੍ਹਾਂ ਦੋਸ਼ ਲਾਇਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਲਗਾਤਾਰ ਹਾਲਾਤ ਵਿਗਾੜ ਰਹੀ ਹੈ ਅਤੇ ਚੋਣਾਂ ਦਾ ਸਮਾਂ ਆਉਣ ਤੱਕ ਭਗਵੰਤ ਮਾਨ ਸਰਕਾਰ ਡਰ ਦਾ ਅਜਿਹਾ ਮਾਹੌਲ ਪੈਦਾ ਕਰ ਦੇਵੇਗੀ ਕਿ ਨਾਗਰਿਕ ਆਜ਼ਾਦੀ ਨਾਲ ਵੋਟ ਨਹੀਂ ਪਾ ਸਕਣਗੇ।

ਉਨ੍ਹਾਂ ਕਿਹਾ ਕਿ ਇਸ ਸਰਕਾਰ ਨੂੰ ਹੋਰ ਸਮਾਂ ਦੇਣਾ ਪੰਜਾਬ ਦੇ ਲੋਕਾਂ ਦੇ ਬੁਨਿਆਦੀ ਅਤੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਦੀ ਇਜਾਜ਼ਤ ਦੇਣ ਦੇ ਬਰਾਬਰ ਹੋਵੇਗਾ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਜਾਣਬੁੱਝ ਕੇ ਅਜਿਹਾ ਕਰ ਰਹੀ ਹੈ ਕਿਉਂਕਿ ਉਸ ਵਿੱਚ ਲੋਕਾਂ ਕੋਲ ਵੋਟਾਂ ਮੰਗਣ ਜਾਣ ਦਾ ਹੌਸਲਾ ਨਹੀਂ ਹੈ ਅਤੇ ਉਹ ਵਿਗੜਦੀ ਅਮਨ-ਕਾਨੂੰਨ ਦੀ ਸਥਿਤੀ ਨੂੰ ਚੋਣਾਂ ਟਾਲਣ ਦਾ ਬਹਾਨਾ ਬਣਾਉਣਾ ਚਾਹੁੰਦੀ ਹੈ।

CATEGORIES
Share This

COMMENTS

Wordpress (0)
Disqus ( )
Translate