ਡਿਪਟੀ ਕਮਿਸ਼ਨਰ ਅਤੇ ਐੱਸਐੱਸਪੀ ਵਲੋਂ ਧਨੌਲਾ, ਭੈਣੀ ਜੱਸਾ, ਕਾਲੇਕੇ ਤੇ ਕਾਹਨੇਕੇ ਦਾ ਦੌਰਾ
ਪਰਾਲੀ ਨੂੰ ਲੱਗੀ ਅੱਗ ਤੁਰੰਤ ਬੁਝਵਾਈ, ਸਬੰਧਤ ਕਿਸਾਨਾਂ ਅਤੇ ਕਲੱਸਟਰ ਅਫ਼ਸਰਾਂ ਖ਼ਿਲਾਫ਼ ਕਾਰਵਾਈ ਵਿੱਢੀ
ਡਿਪਟੀ ਕਮਿਸ਼ਨਰ ਵਲੋਂ ਫੀਲਡ ਟੀਮਾਂ ਨੂੰ ਪੂਰੀ ਤਰ੍ਹਾਂ ਮੁਸਤੈਦ ਰਹਿਣ ਦੇ ਨਿਰਦੇਸ਼
ਕਿਹਾ, ਕੋਈ ਵੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ*
ਬਰਨਾਲਾ 1 ਨਵੰਬਰ- ਜ਼ਿਲ੍ਹਾ ਪ੍ਰਸ਼ਾਸਨ ਬਰਨਾਲਾ ਵਲੋਂ ਝੋਨੇ ਦੀ ਪਰਾਲੀ ਨੂੰ ਅੱਗ ਲਾਏ ਜਾਣ ਤੋਂ ਰੋਕਣ ਲਈ ਜਿੱਥੇ ਕਿਸਾਨਾਂ ਨੂੰ ਲਗਾਤਾਰ ਜਾਗਰੂਕ ਜਾ ਰਿਹਾ ਹੈ, ਓਥੇ ਅਜਿਹਾ ਕਰਨ ਵਾਲਿਆਂ ਵਿਰੁੱਧ ਬਣਦੀ ਕਾਰਵਾਈ ਵੀ ਕੀਤੀ ਜਾ ਰਹੀ ਹੈ।
ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਹਰਪ੍ਰੀਤ ਸਿੰਘ ਅਤੇ ਐੱਸ ਐੱਸ ਪੀ ਮੁਹੰਮਦ ਸਰਫਰਾਜ਼ ਆਲਮ ਵਲੋਂ ਅੱਜ ਬਾਅਦ ਦੁਪਹਿਰ ਧਨੌਲਾ, ਭੈਣੀ ਜੱਸਾ, ਕਾਲੇਕੇ ਤੇ ਕਾਹਨੇਕੇ ਦੇ ਖੇਤਾਂ ਦਾ ਦੌਰਾ ਕੀਤਾ ਗਿਆ ਜਿੱਥੇ ਕੁਝ ਥਾਈਂ ਪਰਾਲੀ ਨੂੰ ਅੱਗ ਲਗਾਏ ਜਾਣ ਦੇ ਮਾਮਲੇ ਸਾਹਮਣੇ ਆਏ। ਇਸ ਮੌਕੇ ਜਿੱਥੇ ਉਹਨਾਂ ਤੁਰੰਤ ਅੱਗ ਬੁਝਵਾਈ, ਓਥੇ ਸਬੰਧਤ ਕਿਸਾਨਾਂ ਦੇ ਮਾਲ ਰਿਕਾਰਡ ਵਿਚ ਰੈੱਡ ਐਂਟਰੀ ਤੋਂ ਇਲਾਵਾ ਜੁਰਮਾਨੇ ਅਤੇ ਕਾਨੂੰਨੀ ਕਾਰਵਾਈ ਦੀ ਕਵਾਇਦ ਵਿੱਢ ਦਿੱਤੀ ਗਈ। ਇਸ ਦੇ ਨਾਲ ਹੀ ਸਬੰਧਤ ਕਲੱਸਟਰ ਅਫਸਰਾਂ ਖਿਲਾਫ ਵੀ ਵਿਭਾਗੀ ਕਾਰਵਾਈ ਕੀਤੀ ਜਾ ਰਹੀ ਹੈ।
ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕਲੱਸਟਰ/ਨੋਡਲ ਅਫਸਰਾਂ ਸਮੇਤ ਫੀਲਡ ਟੀਮਾਂ ਵਲੋਂ ਕੋਈ ਵੀ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਹਨਾਂ ਕਿਹਾ ਕਿ ਜੇਕਰ ਪਰਾਲੀ ਨੂੰ ਅੱਗ ਲੱਗਣ ਦੇ ਮਾਮਲੇ ਸਾਹਮਣੇ ਆਉਂਦੇ ਹਨ ਤਾਂ ਸਬੰਧਤ ਅਫ਼ਸਰਾਂ ਖਿਲਾਫ ਤੁਰੰਤ ਐਕਸ਼ਨ ਲਿਆ ਜਾਵੇਗਾ।
ਡਿਪਟੀ ਕਮਿਸ਼ਨਰ ਬਰਨਾਲਾ ਨੇ ਦੱਸਿਆ ਕਿ ਜ਼ਿਲ੍ਹੇ ਅੰਦਰ ਪਰਾਲੀ ਨੂੰ ਅੱਗ ਲਗਾਉਣ/ਸਾੜਨ ’ਤੇ ਪੂਰਨ ਪਾਬੰਦੀ ਦੇ ਹੁਕਮ ਜਾਰੀ ਕੀਤੇ ਹੋਏ ਹਨ। ਇਸਦੇ ਬਾਵਜੂਦ ਵੀ ਪਰਾਲੀ ਨੂੰ ਅੱਗ ਲਾਉਣ ਵਾਲੇ ਕਿਸਾਨਾਂ ਵਿਰੁੱਧ ਵੀ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ।
ਉਹਨਾਂ ਕਿਹਾ ਕਿ ਹਵਾ ਗੁਣਵੱਤਾ ਪ੍ਰਬੰਧਨ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹੇ ਵਿਚ ਅਜਿਹੇ ਮਾਮਲਿਆਂ ਉੱਤੇ ਲਗਾਤਾਰ ਨਜ਼ਰ ਰੱਖੀ ਜਾ ਰਹੀ ਹੈ। ਉਹਨਾਂ ਆਉਂਦੇ ਦਿਨੀਂ ਫੀਲਡ ਟੀਮਾਂ ਨੂੰ ਪੂਰੀ ਤਰਾਂ ਮੁਸਤੈਦ ਰਹਿਣ ਦੇ ਨਿਰਦੇਸ਼ ਦਿੱਤੇ।



