ਖਿਜ਼ਰਾਬਾਦ ਵਿੱਚ 500 ਡਰੋਨਾਂ ਦੇ ਸ਼ਾਨਦਾਰ ਪ੍ਰਦਰਸ਼ਨ ਰਾਹੀਂ ਸੰਗਤ ਨੂੰ ਗੁਰੂ ਰਵਿਦਾਸ ਜੀ ਦੇ ਜੀਵਨ, ਬਾਣੀ ਅਤੇ ਫ਼ਲਸਫ਼ੇ ਨਾਲ ਕਰਵਾਇਆ ਜਾਣੂ
ਭਗਵੰਤ ਮਾਨ ਸਰਕਾਰ ਗੁਰੂ ਰਵਿਦਾਸ ਜੀ ਦੀਆਂ ਮਹਾਨ ਸਿੱਖਿਆਵਾਂ ਨੂੰ ਹਰ ਘਰ ਤੱਕ ਪਹੁੰਚਾਉਣ ਲਈ ਵਚਨਬੱਧ: ਚੇਅਰਮੈਨ ਪਰਮਿੰਦਰ ਸਿੰਘ ਗੋਲਡੀ
ਗੁਰੂ ਸਾਹਿਬ ਦੇ ਦਰਸਾਏ ਮਾਰਗ ’ਤੇ ਚੱਲਦਿਆਂ ਪੰਜਾਬ ਸਰਕਾਰ ਸਾਰੇ ਵਰਗਾਂ ਦੀ ਭਲਾਈ ਲਈ ਵਚਨਬੱਧ: ਗੋਲਡੀ
ਨੌਜਵਾਨ ਪੀੜ੍ਹੀ ਨੂੰ ਗੁਰੂ ਸਾਹਿਬ ਦੇ ਮਹਾਨ ਫ਼ਲਸਫ਼ੇ ਨਾਲ ਜੋੜਨ ਲਈ ਆਧੁਨਿਕ ਡਿਜੀਟਲ ਤਕਨੀਕ ਦੀ ਵਰਤੋਂ
ਖਿਜ਼ਰਾਬਾਦ (ਐਸ.ਏ.ਐਸ. ਨਗਰ), 29 ਸਤੰਬਰ:
ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿੱਚ ਕਰਵਾਏ ਜਾ ਰਹੇ ਵਿਸ਼ੇਸ਼ ਸਮਾਗਮਾਂ ਦੀ ਲੜੀ ਤਹਿਤ ਅੱਜ ਦੇਰ ਸ਼ਾਮ ਖਰੜ ਵਿਧਾਨ ਸਭਾ ਹਲਕੇ ਦੇ ਇਤਿਹਾਸਕ ਪਿੰਡ ਖਿਜ਼ਰਾਬਾਦ ਵਿਖੇ ਸ਼ਹੀਦ ਭਗਤ ਸਿੰਘ ਸਟੇਡੀਅਮ ਵਿੱਚ 500 ਡਰੋਨਾਂ ਦਾ ਸ਼ਾਨਦਾਰ ਪ੍ਰਦਰਸ਼ਨ ਕਰਵਾਇਆ ਗਿਆ। ਰੌਸ਼ਨੀਆਂ ਨਾਲ ਜਗਮਗਾਉਂਦੇ ਡਰੋਨਾਂ ਨੇ ਰਾਤ ਦੇ ਅਸਮਾਨ ਵਿੱਚ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜੀਵਨ, ਬਾਣੀ, ਫ਼ਲਸਫ਼ੇ ਅਤੇ ਸਿੱਖਿਆਵਾਂ ਨੂੰ ਮਨਮੋਹਕ ਢੰਗ ਨਾਲ ਪੇਸ਼ ਕੀਤਾ, ਜਿਸ ਨੇ ਹਾਜ਼ਰ ਸੰਗਤ ਨੂੰ ਅਧਿਆਤਮਿਕ ਤੌਰ ’ਤੇ ਮੰਤਰਮੁਗਧ ਕਰ ਦਿੱਤਾ।
ਪੰਜਾਬ ਯੂਥ ਵਿਕਾਸ ਬੋਰਡ ਦੇ ਚੇਅਰਮੈਨ ਸ. ਪਰਮਿੰਦਰ ਸਿੰਘ ਗੋਲਡੀ, *ਐਸ ਡੀ ਐਮ ਖਰੜ ਗੁਰਮੀਤ ਸਿੰਘ,* ਪਿੰਡਾਂ ਦੀਆਂ ਪੰਚਾਇਤਾਂ, ਸ੍ਰੀ ਗੁਰੂ ਰਵਿਦਾਸ ਜੀ ਯੂਥ ਕਲੱਬ ਦੇ ਮੈਂਬਰਾਂ, ਇਲਾਕੇ ਦੇ ਪਤਵੰਤੇ ਸੱਜਣਾਂ ਅਤੇ ਵੱਡੀ ਗਿਣਤੀ ਵਿੱਚ ਸ਼ਰਧਾਲੂਆਂ ਨੇ ਸਮਾਗਮ ਵਿੱਚ ਸ਼ਿਰਕਤ ਕੀਤੀ ਅਤੇ ਸ਼ਰਧਾ ਤੇ ਉਤਸ਼ਾਹ ਨਾਲ ਇਸ ਵਿਲੱਖਣ ਡਰੋਨ ਪ੍ਰਦਰਸ਼ਨ ਦਾ ਆਨੰਦ ਮਾਣਿਆ।
ਚੇਅਰਮੈਨ ਪਰਮਿੰਦਰ ਸਿੰਘ ਗੋਲਡੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਦਰਸਾਏ ਮਾਰਗ ’ਤੇ ਚੱਲਦਿਆਂ ਸਮਾਜ ਦੇ ਸਾਰੇ ਵਰਗਾਂ ਦੀ ਭਲਾਈ ਅਤੇ ਬਰਾਬਰੀ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਡਰੋਨ ਪ੍ਰਦਰਸ਼ਨ ਰਾਹੀਂ ਆਧੁਨਿਕ ਡਿਜੀਟਲ ਤਕਨੀਕ ਦੀ ਵਰਤੋਂ ਕਰਕੇ ਗੁਰੂ ਸਾਹਿਬ ਦੇ ਜੀਵਨ, ਬਾਣੀ ਅਤੇ ਸਿੱਖਿਆਵਾਂ ਨੂੰ ਨੌਜਵਾਨ ਪੀੜ੍ਹੀ ਤੱਕ ਪਹੁੰਚਾਉਣ ਦਾ ਪ੍ਰਭਾਵਸ਼ਾਲੀ ਉਪਰਾਲਾ ਕੀਤਾ ਗਿਆ ਹੈ।
ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀ ਬਾਣੀ ਸਮੁੱਚੀ ਮਨੁੱਖਤਾ ਨੂੰ ਬਰਾਬਰੀ, ਭਾਈਚਾਰੇ, ਮਿਹਨਤ, ਨੇਕ ਆਚਰਨ ਅਤੇ ਸਮਾਜਿਕ ਸਦਭਾਵਨਾ ਦਾ ਸੰਦੇਸ਼ ਦਿੰਦੀ ਹੈ। ਗੁਰੂ ਸਾਹਿਬ ਦਾ ਫ਼ਲਸਫ਼ਾ ਕਿਸੇ ਇੱਕ ਵਰਗ ਜਾਂ ਭਾਈਚਾਰੇ ਤੱਕ ਸੀਮਤ ਨਹੀਂ, ਸਗੋਂ ਇਹ ਬਰਾਬਰੀ, ਆਜ਼ਾਦੀ ਅਤੇ ਭਾਈਚਾਰੇ ਦਾ ਸਰਬਵਿਆਪੀ ਸੰਦੇਸ਼ ਦਿੰਦਾ ਹੈ। ਉਨ੍ਹਾਂ ਨੇ ਜਾਤ-ਪਾਤ ਦੇ ਵਿਤਕਰੇ, ਸਮਾਜਿਕ ਅਸਮਾਨਤਾ ਅਤੇ ਛੂਤ-ਛਾਤ ਵਿਰੁੱਧ ਆਵਾਜ਼ ਉਠਾਈ ਅਤੇ ਮਨੁੱਖਤਾ ਨੂੰ ਨੇਕ ਕਰਮਾਂ ਤੇ ਉੱਚੇ ਨੈਤਿਕ ਆਚਰਨ ਦਾ ਮਾਰਗ ਦਿਖਾਇਆ।
ਚੇਅਰਮੈਨ ਗੋਲਡੀ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਲ ਭਰ ਚੱਲਣ ਵਾਲੇ ਸਮਾਗਮਾਂ ਲਈ 100 ਕਰੋੜ ਰੁਪਏ ਤੋਂ ਵੱਧ ਦਾ ਬਜਟ ਰੱਖਿਆ ਗਿਆ ਹੈ। ਇਨ੍ਹਾਂ ਸਮਾਗਮਾਂ ਦਾ ਉਦੇਸ਼ ਗੁਰੂ ਸਾਹਿਬ ਦੇ ਮਹਾਨ ਫ਼ਲਸਫ਼ੇ ਅਤੇ ਸਰਬੱਤ ਦੇ ਭਲੇ ਦੇ ਸੰਦੇਸ਼ ਨੂੰ ਆਧੁਨਿਕ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਨੌਜਵਾਨ ਪੀੜ੍ਹੀ ਤੱਕ ਪਹੁੰਚਾਉਣਾ ਹੈ।



