ਸਪੀਕਰ ਪੰਜਾਬ ਵਿਧਾਨ ਸਭਾ ਸ.ਕੁਲਤਾਰ ਸਿੰਘ ਸੰਧਵਾਂ ਵੱਲੋਂ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀਆਂ ਵਧਾਈਆਂ
ਪੀ.ਸੀ.ਐੱਸ. ਮੇਨਜ਼ ਪ੍ਰੀਖਿਆ ਪਾਸ ਕਰਨ ਵਾਲੇ ਨੌਜਵਾਨਾਂ ਦੀ ਕੀਤੀ ਹੌਸਲਾ ਅਫ਼ਜ਼ਾਈ, ਵਿਵੇਕ ਮਹਿਰਾ ਨੂੰ ਦਿੱਤੀ ਮੁਬਾਰਕਬਾਦ
ਫ਼ਰੀਦਕੋਟ, 8 ਨਵੰਬਰ
ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਸਮੂਹ ਪੰਜਾਬ ਵਾਸੀਆਂ ਨੂੰ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀਆਂ ਲੱਖ-ਲੱਖ ਵਧਾਈਆਂ ਦਿੱਤੀਆਂ। ਉਨ੍ਹਾਂ ਗੁਰੂ ਸਾਹਿਬ ਦੇ ਚਰਨਾਂ ਵਿੱਚ ਅਰਦਾਸ ਕਰਦਿਆਂ ਕਿਹਾ ਕਿ ਇਹ ਪਵਿੱਤਰ ਤਿਉਹਾਰ ਸਾਰਿਆਂ ਦੇ ਜੀਵਨ ਵਿੱਚ ਖੁਸ਼ੀਆਂ, ਖੇੜੇ ਅਤੇ ਚੰਗੀ ਸਿਹਤ ਲੈ ਕੇ ਆਵੇ ਅਤੇ ਹਰ ਕਿਸੇ ਦੀ ਦੀਵਾਲੀ ਸੁਰੱਖਿਅਤ ਤੇ ਮੰਗਲਮਈ ਹੋਵੇ।
ਇਸ ਮੌਕੇ ਉਨ੍ਹਾਂ ਵਿਵੇਕ ਮਹਿਰਾ ਨੂੰ ਪੀ.ਸੀ.ਐੱਸ. ਮੇਨਜ਼ ਦੀ ਪ੍ਰੀਖਿਆ ਪਾਸ ਕਰਨ ‘ਤੇ ਵਿਸ਼ੇਸ਼ ਤੌਰ ‘ਤੇ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਸਾਡੇ ਨੌਜਵਾਨ ਆਪਣੀ ਮਿਹਨਤ, ਲਗਨ ਅਤੇ ਕਾਬਲੀਅਤ ਦੇ ਦਮ ਤੇ ਵੱਡੀਆਂ ਪ੍ਰਾਪਤੀਆਂ ਕਰ ਰਹੇ ਹਨ। ਅਜਿਹੇ ਹੋਣਹਾਰ ਨੌਜਵਾਨਾਂ ਦੀ ਹੌਸਲਾ ਅਫ਼ਜ਼ਾਈ ਕਰਨਾ ਸਾਡਾ ਫ਼ਰਜ਼ ਹੈ।
ਉਨ੍ਹਾਂ ਕਿਹਾ ਕਿ ਪੀ.ਸੀ.ਐੱਸ. ਪ੍ਰੀਖਿਆ ਨੂੰ ਲੈ ਕੇ ਵਿਰੋਧੀ ਪਾਰਟੀਆਂ ਵੱਲੋਂ ਕੀਤੇ ਜਾ ਰਹੇ ਬੇਬੁਨਿਆਦ ਪ੍ਰਚਾਰ ਵੱਲ ਧਿਆਨ ਦੇਣ ਦੀ ਬਜਾਏ ਪ੍ਰੀਖਿਆ ਪਾਸ ਕਰਨ ਵਾਲੇ ਮਿਹਨਤੀ ਨੌਜਵਾਨਾਂ ਨੂੰ ਵਧਾਈ ਦੇਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਨੌਜਵਾਨ ਆਪਣੀ ਯੋਗਤਾ ਅਤੇ ਸਖ਼ਤ ਮਿਹਨਤ ਸਦਕਾ ਬਿਨਾਂ ਕਿਸੇ ਪੈਸੇ ਜਾਂ ਸਿਫ਼ਾਰਸ਼ ਦੇ ਸਫ਼ਲਤਾ ਹਾਸਲ ਕਰ ਰਹੇ ਹਨ, ਜੋ ਕਿ ਬਹੁਤ ਸ਼ਲਾਘਾਯੋਗ ਹੈ।
ਸਪੀਕਰ ਸ. ਸੰਧਵਾਂ ਨੇ ਦੀਵਾਲੀ ਦੇ ਤਿਉਹਾਰ ਮੌਕੇ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਨੂੰ ਇਸ ਤਿਉਹਾਰ ਦੇ ਅਸਲ ਮਹੱਤਵ ਬਾਰੇ ਜਾਣੂ ਕਰਵਾਉਣ। ਉਨ੍ਹਾਂ ਕਿਹਾ ਕਿ ਦੀਵਾਲੀ ਖੁਸ਼ੀਆਂ, ਰੌਸ਼ਨੀ ਅਤੇ ਚਾਨਣ ਦਾ ਤਿਉਹਾਰ ਹੈ, ਇਸ ਨੂੰ ਆਪਸੀ ਪਿਆਰ ਅਤੇ ਸਦਭਾਵਨਾ ਨਾਲ ਮਨਾਇਆ ਜਾਣਾ ਚਾਹੀਦਾ ਹੈ। ਉਨ੍ਹਾਂ ਬੱਚਿਆਂ ਨੂੰ ਪਟਾਕੇ ਚਲਾਉਣ ਸਮੇਂ ਵਿਸ਼ੇਸ਼ ਸਾਵਧਾਨੀ ਵਰਤਣ ਅਤੇ ਹਮੇਸ਼ਾ ਵੱਡਿਆਂ ਦੀ ਨਿਗਰਾਨੀ ਹੇਠ ਹੀ ਪਟਾਕੇ ਚਲਾਉਣ ਦੀ ਅਪੀਲ ਕੀਤੀ, ਤਾਂ ਜੋ ਕਿਸੇ ਵੀ ਤਰ੍ਹਾਂ ਦੇ ਹਾਦਸੇ ਤੋਂ ਬਚਿਆ ਜਾ ਸਕੇ।
ਉਨ੍ਹਾਂ ਸਮੂਹ ਪੰਜਾਬ ਵਾਸੀਆਂ ਨੂੰ ਇੱਕ ਵਾਰ ਫਿਰ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ।


