ਸ੍ਰੀ ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ ਪ੍ਰਾਪਤ
ਇਹ ਪੁਰਸਕਾਰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਦੌਰਾਨ ਕੀਤੀ ਸੇਵਾ ਦਾ ਫਲ ਹੈ: ਹਰਜੋਤ ਸਿੰਘ ਬੈਂਸ
ਇਹ ਸਨਮਾਨ ਸ੍ਰੀ ਅਨੰਦਪੁਰ ਸਾਹਿਬ ਦੇ ਹਰੇਕ ਵਾਸੀ, ਸਫਾਈ ਕਰਮਚਾਰੀ, ਨਗਰ ਕੌਂਸਲ ਦੇ ਅਧਿਕਾਰੀਆਂ ਅਤੇ ਵਲੰਟੀਅਰਾਂ ਦਾ ਹੈ: ਬੈਂਸ
ਚੰਡੀਗੜ੍ਹ 11 ਨਵੰਬਰ
ਪੰਜਾਬ ਲਈ ਇਹ ਬੇਹੱਦ ਮਾਣ ਵਾਲੀ ਗੱਲ ਹੈ ਕਿ ਖਾਲਸੇ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ ਨੂੰ ‘ਸਵੱਛ ਭਾਰਤ ਮਿਸ਼ਨ’ ਤਹਿਤ “ਪੰਜਾਬ ਦਾ ਸਵੱਛ ਸ਼ਹਿਰ” ਐਲਾਨਿਆ ਗਿਆ ਹੈ। ਸਥਾਨਕ ਸਰਕਾਰਾਂ ਬਾਰੇ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਨਵੀਂ ਦਿੱਲੀ ਵਿਖੇ ਭਾਰਤ ਦੇ ਰਾਸ਼ਟਰਪਤੀ ਸ਼੍ਰੀਮਤੀ ਦ੍ਰੋਪਦੀ ਮੁਰਮੂ ਪਾਸੋਂ ਇਹ ਰਾਸ਼ਟਰੀ ਸਨਮਾਨ ਪ੍ਰਾਪਤ ਕੀਤਾ।
ਸ੍ਰੀ ਅਨੰਦਪੁਰ ਸਾਹਿਬ ਦੀ ਸਥਾਪਨਾ ਕਰਨ ਵਾਲੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਨੂੰ ਨਮਨ ਕਰਦਿਆਂ, ਹਰਜੋਤ ਸਿੰਘ ਬੈਂਸ ਨੇ ਕਿਹਾ, “ਮੇਰਾ ਮੰਨਣਾ ਹੈ ਕਿ ਇਹ ਪੁਰਸਕਾਰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਦੌਰਾਨ ਕੀਤੀ ਗਈ ਸੇਵਾ ਦਾ ਫਲ ਹੈ। ਇੱਕ ਵਿਧਾਇਕ ਅਤੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਵਜੋਂ, ਮੈਂ ਸ੍ਰੀ ਅਨੰਦਪੁਰ ਸਾਹਿਬ ਦੇ ਵਿਆਪਕ ਵਿਕਾਸ ਲਈ ਵਚਨਬੱਧ ਹਾਂ। ਗੁਰੂ ਸਾਹਿਬ ਦੀ ਅਪਾਰ ਕਿਰਪਾ ਸਦਕਾ ਅੱਜ ਜਦੋਂ ਸ੍ਰੀ ਅਨੰਦਪੁਰ ਸਾਹਿਬ ਨੂੰ ਇਹ ਪੁਰਸਕਾਰ ਮਿਲਿਆ ਹੈ ਤਾਂ ਮੈਨੂੰ ਇਸ ਵਿਭਾਗ ਦੀ ਸੇਵਾ ਕਰਨ ਦਾ ਮੌਕਾ ਮਿਲਿਆ ਹੈ।”
ਪੁਰਸਕਾਰ ਸਮਾਰੋਹ ਦੌਰਾਨ ਸ. ਹਰਜੋਤ ਸਿੰਘ ਬੈਂਸ ਦੇ ਨਾਲ ‘ਸਵੱਛ ਭਾਰਤ ਮਿਸ਼ਨ’ ਦੇ ਸਟੇਟ ਮਿਸ਼ਨ ਡਾਇਰੈਕਟਰ ਅਤੇ ਪੀ.ਐਮ.ਆਈ.ਡੀ.ਸੀ. ਦੇ ਸੀ.ਈ.ਓ. ਸ਼੍ਰੀਮਤੀ ਦੀਪਤੀ ਉੱਪਲ ਅਤੇ ਸ੍ਰੀ ਅਨੰਦਪੁਰ ਸਾਹਿਬ ਨਗਰ ਕੌਂਸਲ ਦੇ ਪ੍ਰਧਾਨ ਸ੍ਰੀ ਹਰਜੀਤ ਸਿੰਘ ਜੀਤਾ ਵੀ ਮੌਜੂਦ ਸਨ। ਉਨ੍ਹਾਂ ਨੇ ਇਸ ਪ੍ਰਾਪਤੀ ਦਾ ਸਿਹਰਾ ਪਵਿੱਤਰ ਨਗਰੀ ਵਿੱਚ ਚਲਾਏ ਗਏ ਨਿਰੰਤਰ ਅਤੇ ਲੋਕਾਂ ਦੀ ਭਾਗੀਦਾਰੀ ਵਾਲੇ ਸਫਾਈ ਅਭਿਆਨ ਨੂੰ ਦਿੱਤਾ।
ਸਥਾਨਕ ਸਰਕਾਰਾਂ ਬਾਰੇ ਮੰਤਰੀ ਨੇ ਦੱਸਿਆ ਕਿ ‘ਸਵੱਛ ਸਰਵੇਖਣ’ (2025-26) ਦੇ 10ਵੇਂ ਸੰਸਕਰਣ ਵਿੱਚ 4,751 ਤੋਂ ਵੱਧ ਸ਼ਹਿਰੀ ਸਥਾਨਕ ਇਕਾਈਆਂ (ਯੂਐਲਬੀਜ਼) ਨੇ ਹਿੱਸਾ ਲਿਆ ਸੀ, ਜਿਨ੍ਹਾਂ ਵਿੱਚੋਂ 63 ਇਕਾਈਆਂ ਨੂੰ ਸੈਨੀਟੇਸ਼ਨ ਦੇ ਖੇਤਰ ਵਿੱਚ ਸ਼ਾਨਦਾਰ ਕਾਰਗੁਜ਼ਾਰੀ ਲਈ ਸਨਮਾਨਿਤ ਕੀਤਾ ਗਿਆ। ਇਨ੍ਹਾਂ ਵਿੱਚੋਂ, ਸ੍ਰੀ ਅਨੰਦਪੁਰ ਸਾਹਿਬ ਨੂੰ ਪੰਜਾਬ ਦੇ ਸਭ ਤੋਂ ਸਵੱਛ ਸ਼ਹਿਰ ਵਜੋਂ ਸਨਮਾਨਿਤ ਕੀਤਾ ਗਿਆ ਹੈ।
ਉਨ੍ਹਾਂ ਕਿਹਾ, “ਇਹ ਸਨਮਾਨ ਸ੍ਰੀ ਅਨੰਦਪੁਰ ਸਾਹਿਬ ਦੇ ਹਰ ਇੱਕ ਵਸਨੀਕ, ਸਫ਼ਾਈ ਕਰਮਚਾਰੀ, ਕੌਂਸਲਰ ਅਤੇ ਵਲੰਟੀਅਰ ਦਾ ਹੈ, ਜਿਨ੍ਹਾਂ ਨੇ ਸਫ਼ਾਈ ਨੂੰ ਇੱਕ ਲੋਕ ਲਹਿਰ ਵਿੱਚ ਬਦਲ ਦਿੱਤਾ।” ਉਨ੍ਹਾਂ ਅੱਗੇ ਕਿਹਾ ਕਿ ਸ੍ਰੀ ਅਨੰਦਪੁਰ ਸਾਹਿਬ ਦੀ ਧਾਰਮਿਕ ਅਤੇ ਇਤਿਹਾਸਕ ਮਹੱਤਤਾ ਨੂੰ ਦੇਖਦੇ ਹੋਏ, ਜਿੱਥੇ ਦੇਸ਼-ਵਿਦੇਸ਼ ਤੋਂ ਵੱਡੀ ਗਿਣਤੀ ਵਿੱਚ ਸੰਗਤਾਂ ਅਤੇ ਸੈਲਾਨੀ ਆਉਂਦੇ ਹਨ, ਇਹ ਮਾਨਤਾ ਵਿਸ਼ੇਸ਼ ਅਹਿਮੀਅਤ ਰੱਖਦੀ ਹੈ। ਇੱਥੇ ਸੜਕਾਂ, ਜਨਤਕ ਥਾਵਾਂ ਅਤੇ ਆਲੇ-ਦੁਆਲੇ ਦੇ ਖੇਤਰਾਂ ਦੀ ਸਫ਼ਾਈ ਨੂੰ ਤਰਜੀਹ ਦਿੱਤੀ ਗਈ ਹੈ ਅਤੇ ਨਾਲ ਹੀ ਲੋਕਾਂ ਵਿੱਚ ਸਫ਼ਾਈ ਪ੍ਰਤੀ ਜਾਗਰੂਕਤਾ ਪੈਦਾ ਕਰਨ ‘ਤੇ ਵੀ ਜ਼ੋਰ ਦਿੱਤਾ ਗਿਆ ਹੈ।
ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਇਹ ਪੁਰਸਕਾਰ ਨਗਰ ਕੌਂਸਲ ਦੀ ਟੀਮ, ਅਧਿਕਾਰੀਆਂ ਅਤੇ ਦਿਨ-ਰਾਤ ਕੰਮ ਕਰਨ ਵਾਲੇ ਸਫ਼ਾਈ ਕਰਮਚਾਰੀਆਂ ਦੀ ਸਮਰਪਿਤ ਭਾਵਨਾ ਦਾ ਪ੍ਰਤੀਕ ਹੈ।
ਉਨ੍ਹਾਂ ਕਿਹਾ, “ਇਹ ਰਾਸ਼ਟਰੀ ਮਾਨਤਾ ਸਾਨੂੰ ਸਫ਼ਾਈ ਪ੍ਰਣਾਲੀਆਂ ਨੂੰ ਹੋਰ ਮਜ਼ਬੂਤ ਕਰਨ, ਵਾਤਾਵਰਣ ਦੀ ਰਾਖੀ ਕਰਨ ਅਤੇ ਇਸ ਪਵਿੱਤਰ ਨਗਰੀ ਦੀ ਸੁੰਦਰਤਾ ਨੂੰ ਬਰਕਰਾਰ ਰੱਖਣ ਲਈ ਪ੍ਰੇਰਿਤ ਕਰੇਗੀ।”
ਇਸ ਦਰਜੇ ਨੂੰ ਬਰਕਰਾਰ ਰੱਖਣ ਲਈ ਸਫ਼ਾਈ ਨੂੰ ਆਪਣੇ ਰੋਜ਼ਾਨਾ ਜੀਵਨ ਦਾ ਹਿੱਸਾ ਬਣਾਉਣ ਦੀ ਅਪੀਲ ਕਰਦਿਆਂ, ਸ. ਬੈਂਸ ਨੇ ਕਿਹਾ ਕਿ ਇਹ ਸਨਮਾਨ ਪੰਜਾਬ ਲਈ ਬੇਹੱਦ ਮਾਣ ਵਾਲੀ ਗੱਲ ਹੈ ਅਤੇ ਇਸ ਗੱਲ ਦਾ ਪ੍ਰਮਾਣ ਵੀ ਹੈ ਕਿ ਸਰਕਾਰ, ਪ੍ਰਸ਼ਾਸਨ ਅਤੇ ਆਮ ਲੋਕਾਂ ਦੇ ਸਾਂਝੇ ਯਤਨਾਂ ਸਦਕਾ ਸ਼ਾਨਦਾਰ ਨਤੀਜੇ ਹਾਸਲ ਕੀਤੇ ਜਾ ਸਕਦੇ ਹਨ।



