ਪੰਜਾਬ ਅਤੇ ਪੰਜਾਬ ਦੇ ਕਿਸਾਨਾਂ ਨੂੰ ਬਦਨਾਮ ਕਰਨ ਦੀ ਬਜਾਏ ਤੱਥਾਂ ਦੇ ਆਧਾਰ ਤੇ ਗੱਲ ਕਰੇ ਭਾਜਪਾ-ਸਪੀਕਰ ਸ.ਸੰਧਵਾਂ
ਕੋਟਕਪੂਰਾ, 12 ਨਵੰਬਰ
ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਦਿੱਲੀ ਵਿੱਚ ਵਧ ਰਹੇ ਹਵਾ ਪ੍ਰਦੂਸ਼ਣ ਲਈ ਪੰਜਾਬ ਵਿੱਚ ਪਰਾਲੀ ਸਾੜਨ ਨੂੰ ਜ਼ਿੰਮੇਵਾਰ ਠਹਿਰਾਉਣ ਸਬੰਧੀ ਭਾਜਪਾ ਆਗੂਆਂ ਦੇ ਬਿਆਨਾਂ ਤੇ ਤਿੱਖੀ ਪ੍ਰਤੀਕਿਰਿਆ ਪ੍ਰਗਟ ਕਰਦਿਆਂ ਕਿਹਾ ਕਿ ਹਰ ਸਾਲ ਪੰਜਾਬ ਅਤੇ ਪੰਜਾਬ ਦੇ ਕਿਸਾਨਾਂ ਨੂੰ ਨਿਸ਼ਾਨਾ ਬਣਾਉਣਾ ਅਤੇ ਬਦਨਾਮ ਕਰਨਾ ਬੇਹੱਦ ਮੰਦਭਾਗਾ ਹੈ। ਉਨ੍ਹਾਂ ਗੱਲਾਂ ਦਾ ਪ੍ਰਗਟਾਵਾ ਉਨ੍ਹਾਂ ਪਿੰਡ ਵਾੜਾ ਦਰਾਕਾ ਵਿਖੇ ਕਿਸਾਨ ਦੇ ਖੇਤ ਦਾ ਦੌਰਾ ਕਰਨ ਮੌਕੇ ਕੀਤਾ।
ਉਨ੍ਹਾਂ ਕਿਹਾ ਕਿ ਦਿੱਲੀ ਵਿੱਚ ਹਵਾ ਪ੍ਰਦੂਸ਼ਣ ਦੇ ਕਈ ਕਾਰਨ ਹਨ, ਜਿਨ੍ਹਾਂ ਵਿੱਚ ਵਾਹਨਾਂ ਤੋਂ ਨਿਕਲਣ ਵਾਲਾ ਧੂੰਆਂ, ਨਿਰਮਾਣ ਕਾਰਜਾਂ ਕਾਰਨ ਉੱਡਣ ਵਾਲੀ ਧੂੜ ਅਤੇ ਵੱਡੀ ਆਬਾਦੀ ਵਰਗੇ ਕਾਰਕ ਤੇ ਉਦਯੋਗ ਸ਼ਾਮਲ ਹਨ। ਇਸ ਲਈ ਦਿੱਲੀ ਦੇ ਪ੍ਰਦੂਸ਼ਣ ਲਈ ਸਿਰਫ਼ ਪੰਜਾਬ ਦੇ ਕਿਸਾਨਾਂ ਨੂੰ ਜ਼ਿੰਮੇਵਾਰ ਠਹਿਰਾਉਣਾ ਠੀਕ ਨਹੀਂ ਹੈ।
ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਇਲਾਕੇ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਬਹੁਤ ਘੱਟ ਹੋਈਆਂ ਹਨ ਅਤੇ ਕਈ ਥਾਵਾਂ ਤੇ ਦੂਰ-ਦੂਰ ਤੱਕ ਅੱਗ ਲੱਗੀ ਦਿਖਾਈ ਨਹੀਂ ਦਿੰਦੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਕਿਸਾਨ ਦੇਸ਼ ਦਾ ਅੰਨ ਭੰਡਾਰ ਭਰਨ ਵਿੱਚ ਅਹਿਮ ਯੋਗਦਾਨ ਪਾਉਂਦੇ ਹਨ ਅਤੇ ਪੰਜਾਬੀਆਂ ਨੇ ਦੇਸ਼ ਦੀ ਆਜ਼ਾਦੀ ਲਈ ਅਣਗਿਣਤ ਕੁਰਬਾਨੀਆਂ ਦਿੱਤੀਆਂ ਹਨ।
ਉਨ੍ਹਾਂ ਭਾਜਪਾ ਆਗੂਆਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਅਤੇ ਪੰਜਾਬ ਦੇ ਕਿਸਾਨਾਂ ਨੂੰ ਬਦਨਾਮ ਕਰਨ ਤੋਂ ਗੁਰੇਜ਼ ਕਰਨ ਅਤੇ ਦੇਸ਼ ਦੇ ਅੰਨਦਾਤਾ ਵਿਰੁੱਧ ਬੇਬੁਨਿਆਦ ਦੋਸ਼ ਲਗਾਉਣ ਦੀ ਬਜਾਏ ਪ੍ਰਦੂਸ਼ਣ ਦੇ ਸਾਰੇ ਕਾਰਨਾਂ ਵੱਲ ਧਿਆਨ ਦੇਣ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਮਿਹਨਤ ਅਤੇ ਦੇਸ਼ ਪ੍ਰਤੀ ਉਨ੍ਹਾਂ ਦੇ ਯੋਗਦਾਨ ਦਾ ਸਤਿਕਾਰ ਕੀਤਾ ਜਾਣਾ ਚਾਹੀਦਾ ਹੈ।



