ਪਰਾਲੀ ਸਾੜਨ ਦੀਆਂ ਘਟਨਾਵਾਂ ਦੀ ਰੋਕਥਾਮ ਲਈ ਸੀ.ਏ.ਕਿਊ.ਐੱਮ. ਦੀ ਉੱਚ ਪੱਧਰੀ ਟੀਮ ਵੱਲੋਂ ਫ਼ਰੀਦਕੋਟ ਦਾ ਦੌਰਾ
ਕੇਂਦਰੀ ਟੀਮ ਨੇ ਡਿਪਟੀ ਕਮਿਸ਼ਨਰ ਰਾਹੁਲ ਚਾਬਾ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ
ਜ਼ਮੀਨੀ ਪੱਧਰ ਤੇ ਪਰਾਲੀ ਪ੍ਰਬੰਧਨ ਲਈ ਕੀਤੇ ਜਾ ਰਹੇ ਉਪਰਾਲਿਆਂ ਦਾ ਲਿਆ ਜਾਇਜ਼ਾ
ਫਰੀਦਕੋਟ, 13 ਨਵੰਬਰ
ਝੋਨੇ ਦੀ ਕਟਾਈ ਦੇ ਸੀਜ਼ਨ ਦੌਰਾਨ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਅਤੇ ਹਵਾ ਪ੍ਰਦੂਸ਼ਣ ਤੇ ਕਾਬੂ ਪਾਉਣ ਦੇ ਉਦੇਸ਼ ਨਾਲ ਕਮਿਸ਼ਨ ਫਾਰ ਏਅਰ ਕੁਆਲਿਟੀ ਮੈਨੇਜਮੈਂਟ (ਸੀ.ਏ.ਕਿਊ.ਐੱਮ.), ਨਵੀਂ ਦਿੱਲੀ ਦੀ ਉੱਚ ਪੱਧਰੀ ਟੀਮ ਵੱਲੋਂ ਫ਼ਰੀਦਕੋਟ ਜ਼ਿਲ੍ਹੇ ਦਾ ਦੌਰਾ ਕਰਕੇ ਜ਼ਮੀਨੀ ਪੱਧਰ ਤੇ ਕੀਤੇ ਜਾ ਰਹੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ।
ਇਸ ਮੌਕੇ ਸੀ.ਏ.ਕਿਊ.ਐੱਮ. ਦੀ ਟੀਮ ਵਿੱਚ ਸ੍ਰੀ ਤਰੁਣ ਕੁਮਾਰ ਪਿਥੋਡੇ ਮੈਂਬਰ ਸਕੱਤਰ, ਸ੍ਰੀ ਸ਼ਿਵੇਂਦਰ ਚਤੁਰਵੇਦੀ ਡਾਇਰੈਕਟਰ ਅਤੇ ਸ੍ਰੀ ਰਮੇਸ਼ ਕੁਮਾਰ ਸਾਇੰਟਿਸਟ-ਬੀ ਵਿਸ਼ੇਸ਼ ਤੌਰ ਤੇ ਪਹੁੰਚੇ। ਟੀਮ ਵੱਲੋਂ ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਚਾਬਾ, ਐਸ.ਐਸ.ਪੀ. ਸ੍ਰੀ ਗੁਰਬੰਸ ਸਿੰਘ ਬੈਂਸ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਜ਼ਿਲ੍ਹੇ ਵਿੱਚ ਪਰਾਲੀ ਦੇ ਸੁਚੱਜੇ ਪ੍ਰਬੰਧਨ ਅਤੇ ਇਸ ਨੂੰ ਸਾੜਨ ਤੋਂ ਰੋਕਣ ਲਈ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ।
ਟੀਮ ਨੇ ਖੇਤੀਬਾੜੀ ਮਸ਼ੀਨਰੀ ਦੀ ਉਪਲਬਧਤਾ ਅਤੇ ਵਰਤੋਂ, ਕਿਸਾਨਾਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ, ਪਿੰਡ ਪੱਧਰ ਤੇ ਨਿਗਰਾਨੀ, ਜਾਗਰੂਕਤਾ ਮੁਹਿੰਮਾਂ ਅਤੇ ਵੱਖ-ਵੱਖ ਵਿਭਾਗਾਂ ਵਿਚਕਾਰ ਤਾਲਮੇਲ ਵਰਗੇ ਅਹਿਮ ਪਹਿਲੂਆਂ ਬਾਰੇ ਜਾਣਕਾਰੀ ਹਾਸਲ ਕੀਤੀ ਗਈ। ਟੀਮ ਨੇ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਸੰਵੇਦਨਸ਼ੀਲ ਖੇਤਰਾਂ ਵਿੱਚ ਲਗਾਤਾਰ ਨਿਗਰਾਨੀ ਰੱਖਣ, ਘਟਨਾਵਾਂ ਸਾਹਮਣੇ ਆਉਣ ਤੇ ਤੁਰੰਤ ਕਾਰਵਾਈ ਕਰਨ ਅਤੇ ਕਿਸਾਨਾਂ ਨੂੰ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਪ੍ਰੇਰਿਤ ਕਰਨ ਕਿਹਾ। ਉਨ੍ਹਾਂ ਕਿਹਾ ਕਿ ਵਾਤਾਵਰਣ ਦੀ ਸੁਰੱਖਿਆ ਅਤੇ ਹਵਾ ਦੀ ਗੁਣਵੱਤਾ ਵਿੱਚ ਸੁਧਾਰ ਲਿਆਉਣ ਲਈ ਸਾਰੇ ਸਬੰਧਤ ਵਿਭਾਗਾਂ ਅਤੇ ਕਿਸਾਨਾਂ ਦਾ ਸਹਿਯੋਗ ਬਹੁਤ ਮਹੱਤਵਪੂਰਨ ਹੈ।
ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਚਾਬਾ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਪੂਰੀ ਸਰਗਰਮੀ ਨਾਲ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਕਿਸਾਨਾਂ ਦੀ ਮੰਗ ਅਨੁਸਾਰ ਸਬਸਿਡੀ ਤੇ ਆਧੁਨਿਕ ਖੇਤੀਬਾੜੀ ਮਸ਼ੀਨਰੀ ਮੁਹੱਈਆ ਕਰਵਾਈ ਜਾ ਰਹੀ ਹੈ।। ਇਸ ਦੇ ਨਾਲ ਹੀ ਖੇਤੀਬਾੜੀ ਵਿਭਾਗ ਅਤੇ ਹੋਰ ਸਬੰਧਤ ਵਿਭਾਗਾਂ ਦੇ ਸਹਿਯੋਗ ਨਾਲ ਪਿੰਡ-ਪਿੰਡ ਜਾ ਕੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਅਤੇ ਇਸ ਦੇ ਸੁਚੱਜੇ ਪ੍ਰਬੰਧਨ ਲਈ ਜਾਗਰੂਕ ਕੀਤਾ ਜਾ ਰਿਹਾ ਹੈ।



