ਪਰਾਲੀ ਸਾੜਨ ਵਾਲਿਆਂ ਖ਼ਿਲਾਫ਼ ਜ਼ਿਲ੍ਹਾ ਪ੍ਰਸ਼ਾਸਨ ਸਖ਼ਤ, ਕਈ ਪਿੰਡਾਂ ਵਿੱਚ ਕੀਤੀ ਗਈ ਅਚਨਚੇਤ ਚੈਕਿੰਗ

ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫ਼ਸਰ ਨੇ ਫਾਜ਼ਿਲਕਾ ਅਤੇ ਅਰਨੀਵਾਲਾ ਖੇਤਰ ਦੇ 
ਵੱਖ-ਵੱਖ ਪਿੰਡਾਂ ਵਿੱਚ ਖੇਤਾਂ ਦਾ ਨਿਰੀਖਣ ਕਰਕੇ ਪਰਾਲੀ ਸਾੜਨ ਦੀ ਸਥਿਤੀ ਦਾ ਜਾਇਜ਼ਾ ਲਿਆ
ਫਾਜ਼ਿਲਕਾ 18 ਨਵੰਬਰ ਜ਼ਿਲ੍ਹੇ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ 
ਜ਼ਿਲ੍ਹਾ ਪ੍ਰਸ਼ਾਸਨ ਨੇ ਸਖ਼ਤੀ ਵਧਾ ਦਿੱਤੀ ਹੈ। ਡਿਪਟੀ ਕਮਿਸ਼ਨਰ ਸ੍ਰੀਮਤੀ ਅਮਰਪ੍ਰੀਤ ਕੌਰ ਸੰਧੂ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫ਼ਸਰ ਸ.
 ਹਰਜਿੰਦਰ ਸਿੰਘ ਨੇ ਫਾਜ਼ਿਲਕਾ ਅਤੇ ਅਰਨੀਵਾਲਾ ਖੇਤਰ ਦੇ 
ਵੱਖ-ਵੱਖ ਪਿੰਡਾਂ ਵਿੱਚ ਖੇਤਾਂ ਦਾ ਨਿਰੀਖਣ ਕਰਕੇ ਪਰਾਲੀ ਸਾੜਨ ਦੀ ਸਥਿਤੀ ਦਾ ਜਾਇਜ਼ਾ ਲਿਆ।

ਇਸ ਦੌਰਾਨ ਫਾਜ਼ਿਲਕਾ ਖੇਤਰ ਦੇ ਪਿੰਡ ਕੌੜਿਆਂਵਾਲੀ  ਅਤੇ ਟਾਹਲੀਵਾਲਾ ਬੋਦਲਾ ਤੋਂ ਇਲਾਵਾ ਅਰਨੀਵਾਲਾ ਖੇਤਰ ਦੇ ਪਿੰਡ ਡੱਬਵਾਲੀ ਕਲਾਂ, ਬੁਰਜਵਾਲਾ, ਕਮਾਲਵਾਲਾ ਅਤੇ
 ਮਾਹੂਆਣਾ ਬੋਦਲਾ ਵਿੱਚ ਚੈਕਿੰਗ ਕੀਤੀ ਗਈ। ਪਿੰਡ ਡੱਬਵਾਲੀ ਕਲਾਂ ਵਿੱਚ ਉਨ੍ਹਾਂ ਨੇ ਕਿਸਾਨਾਂ ਨੂੰ ਪਰਾਲੀ 
ਸਾੜਨ ਨਾਲ ਹੋਣ ਵਾਲੇ ਪ੍ਰਦੂਸ਼ਣ ਅਤੇ ਵਾਤਾਵਰਣ ਨੂੰ ਪਹੁੰਚਣ
 ਵਾਲੇ ਨੁਕਸਾਨ ਬਾਰੇ ਜਾਗਰੂਕ ਕੀਤਾ।

ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫ਼ਸਰ ਹਰਜਿੰਦਰ ਸਿੰਘ ਨੇ 
ਦੱਸਿਆ ਕਿ ਫਾਜ਼ਿਲਕਾ ਖੇਤਰ ਦੇ ਪਿੰਡ ਕੋੜਿਆਂਵਾਲੀ ਅਤੇ 
ਟਾਹਲੀਵਾਲਾ ਬੋਦਲਾ ਵਿੱਚ ਕਿਸਾਨਾਂ ਵੱਲੋਂ ਪਰਾਲੀ ਦੀਆਂ ਗੱਠਾਂ ਬਣਵਾ ਕੇ ਖੇਤਾਂ ਵਿੱਚ ਅਗਲੀ ਫ਼ਸਲ ਦੀ ਬਿਜਾਈ ਕਰ ਲਈ 
ਗਈ ਹੈ। ਇਸੇ ਤਰ੍ਹਾਂ ਅਰਨੀਵਾਲਾ ਖੇਤਰ ਦੇ ਵੀ ਜ਼ਿਆਦਾਤਰ ਪਿੰਡਾਂ ਵਿੱਚ ਕਿਸਾਨਾਂ ਨੇ ਪਰਾਲੀ ਦਾ ਉਚਿਤ ਪ੍ਰਬੰਧਨ ਕਰਦੇ ਹੋਏ ਇਸ ਦੀਆਂ ਗੱਠਾਂ ਬਣਵਾਈਆਂ ਹਨ।

ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਨਾਲ-ਨਾਲ ਉਦਯੋਗਿਕ ਇਕਾਈਆਂ, ਪਲਾਂਟਾਂ ਅਤੇ ਗੱਤਾ ਫੈਕਟਰੀਆਂ ਦੇ ਸਹਿਯੋਗ ਨਾਲ ਪਰਾਲੀ ਦੀਆਂ ਗੱਠਾਂ ਤਿਆਰ ਕਰਵਾ ਕੇ 
ਉਨ੍ਹਾਂ ਦੀ ਵਰਤੋਂ ਕੀਤੀ ਜਾ ਰਹੀ ਹੈ। ਇਸ ਨਾਲ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਵਿੱਚ 
ਮਦਦ ਮਿਲ ਰਹੀ ਹੈ।

ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਇਸ ਦਾ ਉਚਿਤ ਪ੍ਰਬੰਧਨ ਕਰਨ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਰਾਲੀ ਸਾੜਨ ਵਾਲਿਆਂ ‘ਤੇ ਨਜ਼ਰ ਰੱਖਣ ਲਈ ਲਗਾਤਾਰ ਚੈਕਿੰਗ ਕੀਤੀ ਜਾ ਰਹੀ ਹੈ ਅਤੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ 
ਕਾਰਵਾਈ ਕੀਤੀ ਜਾਵੇਗੀ।

CATEGORIES
Share This

COMMENTS

Wordpress (0)
Disqus ( )
Translate