ਆਪ’ ਦੇ ਸਥਾਪਨਾ ਦਿਵਸ ਮੌਕੇ 26 ਨਵੰਬਰ ਨੂੰ ਮੋਗਾ ਵਿਖੇ ਹੋਵੇਗਾ ਰਾਜ ਪੱਧਰੀ ਸਮਾਗਮ 

ਲਾਭਪਾਤਰੀਆਂ ਨੂੰ ਵੰਡੇ ਜਾਣਗੇ ਸਮਾਰਟ ਰਾਸ਼ਨ ਕਾਰਡ-ਸੇਖੋਂ 

ਫ਼ਰੀਦਕੋਟ 21 ਨਵੰਬਰ 

ਪੰਜਾਬ ਸਰਕਾਰ ਵੱਲੋਂ ਲੋਕ ਭਲਾਈ ਸਕੀਮਾਂ ਦਾ ਲਾਭ ਹੇਠਲੇ ਪੱਧਰ ਤੱਕ ਪਹੁੰਚਾਉਣ ਦੇ ਉਦੇਸ਼ ਨਾਲ 26 ਨਵੰਬਰ ਨੂੰ ਮੋਗਾ ਦੇ ਨੱਥੂਵਾਲ ਜਦੀਦ ਵਿਖੇ ਰਾਜ ਪੱਧਰੀ ਸਮਾਰਟ ਰਾਸ਼ਨ ਕਾਰਡ ਵੰਡ ਸਮਾਰੋਹ ਕਰਵਾਇਆ ਜਾ ਰਿਹਾ ਹੈ। ਇਸ ਦੇ ਨਾਲ ਹੀ ਇਸ ਦਿਨ ਆਮ ਆਦਮੀ ਪਾਰਟੀ  ਦੇ ਸਥਾਪਨਾ ਦਿਵਸ ਨੂੰ ਸਮਰਪਿਤ ਇੱਕ ਵਿਸ਼ਾਲ ਰੈਲੀ ਦਾ ਵੀ ਆਯੋਜਨ ਕੀਤਾ ਜਾਵੇਗਾ। 

ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਹਲਕਾ ਵਿਧਾਇਕ ਸ.ਗੁਰਦਿੱਤ ਸਿੰਘ ਸੇਖੋਂ  ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਯੋਗ ਲਾਭਪਾਤਰੀਆਂ ਨੂੰ ਪਾਰਦਰਸ਼ੀ ਢੰਗ ਨਾਲ ਰਾਸ਼ਨ ਮੁਹੱਈਆ ਕਰਵਾਉਣ ਲਈ ਸਮਾਰਟ ਰਾਸ਼ਨ ਕਾਰਡ ਵੰਡਣ ਦੀ ਮੁਹਿੰਮ ਤੇਜ਼ ਕੀਤੀ ਗਈ ਹੈ। 26 ਨਵੰਬਰ ਨੂੰ ਮੋਗਾ ਵਿਖੇ ਹੋਣ ਵਾਲੇ ਇਸ ਇਤਿਹਾਸਕ ਸਮਾਗਮ ਵਿੱਚ ਪਾਰਟੀ ਦੇ ਕੌਮੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ  ਮੁੱਖ ਮੰਤਰੀ ਸ. ਭਗਵੰਤ ਮਾਨ ਤੋਂ ਇਲਾਵਾ ਸੂਬੇ ਭਰ ਤੋਂ ਪਾਰਟੀ ਵਰਕਰ, ਵਲੰਟੀਅਰ ਅਤੇ ਲਾਭਪਾਤਰੀ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਨਗੇ। 

ਉਨ੍ਹਾਂ ਅੱਗੇ ਕਿਹਾ ਕਿ 26 ਨਵੰਬਰ ਦਾ ਦਿਨ ਆਮ ਆਦਮੀ ਪਾਰਟੀ ਲਈ ਬੇਹੱਦ ਖਾਸ ਹੈ ਕਿਉਂਕਿ ਇਸ ਦਿਨ ਪਾਰਟੀ ਦਾ ਸਥਾਪਨਾ ਦਿਵਸ ਹੈ। ਇਸ ਮੌਕੇ ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ, ਸਿੱਖਿਆ, ਸਿਹਤ ਅਤੇ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਵਰਗੀਆਂ ਪ੍ਰਾਪਤੀਆਂ ਨੂੰ ਲੋਕਾਂ ਸਾਹਮਣੇ ਰੱਖਿਆ ਜਾਵੇਗਾ।  

ਉਨ੍ਹਾਂ ਸਮੂਹ ਪਾਰਟੀ ਅਹੁਦੇਦਾਰਾਂ, ਵਲੰਟੀਅਰਾਂ ਅਤੇ ਇਲਾਕਾ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਉਹ 26 ਨਵੰਬਰ ਨੂੰ ਹੁੰਮ-ਹੁਮਾ ਕੇ ਮੋਗਾ ਵਿਖੇ ਪਹੁੰਚਣ ਅਤੇ ਇਸ ਰਾਜ ਪੱਧਰੀ ਸਮਾਗਮ ਵਿੱਚ ਸ਼ਿਰਕਤ ਕਰਨ।

CATEGORIES
Share This

COMMENTS

Wordpress (0)
Disqus ( )
Translate