ਪੰਜਾਬ ਪੁਲਿਸ ਨੇ ਐਨ.ਡੀ.ਆਰ.ਐਫ., ਐਸ.ਡੀ.ਆਰ.ਐਫ. ਅਤੇ ਸੈਨਾ ਨਾਲ ਮਿਲ ਕੇ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਵਿੱਚ ਬਚਾਅ ਕਾਰਜ ਕੀਤੇ ਤੇਜ਼

– ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਪੁਲਿਸ ਲੋਕਾਂ ਦੀ ਜਾਨ-ਮਾਲ ਦੀ ਰਾਖੀ ਲਈ ਵਚਨਬੱਧ

– ਸਭ ਤੋਂ ਵੱਧ ਪ੍ਰਭਾਵਿਤ ਜ਼ਿਲ੍ਹਿਆਂ ਵਿੱਚ ਐਨਡੀਆਰਐਫ ਦੀਆਂ 15 ਟੀਮਾਂ ਅਤੇ ਐਸਡੀਆਰਐਫ ਦੀਆਂ ਦੋ ਯੂਨਿਟਾਂ ਤਾਇਨਾਤ, ਫੌਜ ਨੂੰ ਵੀ ਸੱਦਿਆ: ਡੀਜੀਪੀ ਗੌਰਵ ਯਾਦਵ

– ਹੜ੍ਹਾਂ ਨਾਲ ਨਜਿੱਠਣ ਲਈ ਸਟੇਟ ਕੰਟਰੋਲ ਰੂਮ 24 ਘੰਟੇ ਕਾਰਜਸ਼ੀਲ; ਕਿਸੇ ਵੀ ਐਮਰਜੈਂਸੀ ਸਮੇਂ ਲੋਕ 112 ‘ਤੇ ਕਰ ਸਕਦੇ ਹਨ ਕਾਲ: ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ

– ਪੰਜਾਬ ਪੁਲਿਸ ਨੇ ਹੜ੍ਹਾਂ ਕਾਰਨ ਪੈਦਾ ਹੋਣ ਵਾਲੀ ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਕੀਤੇ ਪੁਖਤਾ ਪ੍ਰਬੰਧ

ਚੰਡੀਗੜ੍ਹ, 10 ਜੁਲਾਈ:

ਸੂਬੇ ਵਿੱਚ ਲਗਾਤਾਰ ਤੀਜੇ ਦਿਨ ਹੋ ਰਹੀ ਬਾਰਿਸ਼ ਨੂੰ ਵੇਖਦਿਆਂ, ਪੰਜਾਬ ਪੁਲਿਸ ਨੇ ਨੈਸ਼ਨਲ ਡਿਜ਼ਾਸਟਰ ਰਿਸਪਾਂਸ ਫੋਰਸ (ਐਨਡੀਆਰਐਫ) ਅਤੇ ਸਟੇਟ ਡਿਜ਼ਾਸਟਰ ਰਿਸਪਾਂਸ ਫੋਰਸ (ਐਸਡੀਆਰਐਫ) ਦੀਆਂ ਟੀਮਾਂ ਨਾਲ ਮਿਲ ਕੇ ਸੂਬੇ ਦੇ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਵਿੱਚ ਬਚਾਅ ਅਤੇ ਪਾਣੀ ਦੀ ਨਿਕਾਸੀ ਸਬੰਧੀ ਕਾਰਜਾਂ ਵਿੱਚ ਤੇਜ਼ੀ ਲਿਆਂਦੀ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਉਹਨਾਂ ਦੱਸਿਆ ਕਿ ਸੂਬੇ ਦੇ ਸਭ ਤੋਂ ਵੱਧ ਪ੍ਰਭਾਵਿਤ ਜ਼ਿਲ੍ਹਿਆਂ ਵਿੱਚ ਐਸਏਐਸ ਨਗਰ, ਰੂਪਨਗਰ, ਫ਼ਤਿਹਗੜ੍ਹ ਸਾਹਿਬ, ਜਲੰਧਰ ਦਿਹਾਤੀ ਅਤੇ ਪਟਿਆਲਾ ਸ਼ਾਮਲ ਹਨ।

ਸੂਬੇ ਵਿੱਚ ਹੜ੍ਹਾਂ ਤੋਂ ਬਚਾਅ ਲਈ ਵਿਸਤ੍ਰਿਤ ਵਿਧੀ ਨੂੰ ਯਕੀਨੀ ਬਣਾਉਣ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ, ਡੀਜੀਪੀ ਗੌਰਵ ਯਾਦਵ ਅਤੇ ਵਿਸ਼ੇਸ਼ ਡੀਜੀਪੀ ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਸੂਬੇ ਵਿੱਚ ਹੜ੍ਹਾਂ ਦੀ ਸਥਿਤੀ ਦੀ ਨਿੱਜੀ ਤੌਰ ‘ਤੇ ਨਿਗਰਾਨੀ ਕਰ ਰਹੇ ਹਨ, ਜਦਕਿ ਸੀਪੀਜ਼/ਐਸਐਸਪੀਜ਼ ਨੂੰ ਫੀਲਡ ਵਿੱਚ ਰਹਿ ਕੇ ਨਿਯਮਤ ਅੰਤਰਾਲਾਂ ‘ਤੇ ਆਪਣੇ ਸਬੰਧਤ ਜ਼ਿਲ੍ਹਿਆਂ ਵਿੱਚ ਸਥਿਤੀ ਦੀ ਨਿੱਜੀ ਤੌਰ ‘ਤੇ ਨਿਗਰਾਨੀ ਕਰਨ ਲਈ ਕਿਹਾ ਗਿਆ ਹੈ।

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਸੂਬੇ ਦੇ ਸਭ ਤੋਂ ਵੱਧ ਪ੍ਰਭਾਵਿਤ ਜ਼ਿਲ੍ਹਿਆਂ ਵਿੱਚ ਪਏ ਪਾੜਾਂ ਨੂੰ ਪੂਰਨ ਅਤੇ ਪਾਣੀ ਦੀ ਨਿਕਾਸੀ ਦੇ ਨਾਲ ਨਾਲ ਬਚਾਅ ਕਾਰਜਾਂ ਲਈ ਐਨਡੀਆਰਐਫ ਦੀਆਂ 15 ਟੀਮਾਂ ਅਤੇ ਐਸਡੀਆਰਐਫ ਦੀਆਂ ਦੋ ਯੂਨਿਟਾਂ ਤਾਇਨਾਤ ਕੀਤੀਆਂ ਗਈਆਂ ਹਨ। ਇਸ ਤੋਂ ਇਲਾਵਾ ਰੂਪਨਗਰ, ਪਟਿਆਲਾ, ਫ਼ਤਿਹਗੜ੍ਹ ਸਾਹਿਬ, ਫਿਰੋਜ਼ਪੁਰ, ਜਲੰਧਰ, ਐਸ.ਬੀ.ਐਸ.ਨਗਰ, ਐਸ.ਏ.ਐਸ ਨਗਰ ਅਤੇ ਪਠਾਨਕੋਟ ਸਮੇਤ ਜ਼ਿਲ੍ਹਿਆਂ ਵਿੱਚ ਸਿਵਲ ਪ੍ਰਸ਼ਾਸਨ ਦੀ ਮਦਦ ਲਈ ਸੈਨਾ ਦੇ 12 ਕਾਲਮ ਵੀ ਬੁਲਾਏ ਗਏ ਹਨ।

ਉਨ੍ਹਾਂ ਕਿਹਾ ਕਿ ਸਾਡੀਆਂ ਟੀਮਾਂ ਐੱਨਡੀਆਰਐੱਫ, ਐੱਸਡੀਆਰਐੱਫ ਅਤੇ ਸੈਨਾ ਨਾਲ ਮਿਲ ਕੇ ਲੋਕਾਂ ਦੀ ਜਾਨ-ਮਾਲ ਦੀ ਰਾਖੀ ਲਈ ਬੇਹੱਦ ਚੁਣੌਤੀਪੂਰਨ ਹਾਲਾਤਾਂ ਵਿੱਚ 24 ਘੰਟੇ ਕੰਮ ਕਰ ਰਹੀਆਂ ਹਨ।

ਹੋਰ ਜਾਣਕਾਰੀ ਦਿੰਦਿਆਂ ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਨੇ ਦੱਸਿਆ ਕਿ ਹੜ੍ਹਾਂ ਨਾਲ ਨਜਿੱਠਣ ਲਈ ਸਟੇਟ ਕੰਟਰੋਲ ਰੂਮ 24 ਘੰਟੇ ਸਰਗਰਮੀ ਨਾਲ ਕੰਮ ਕਰ ਰਿਹਾ ਹੈ ਅਤੇ ਸਬੰਧਤ ਜ਼ਿਲ੍ਹਿਆਂ ਦੀ ਅਸਲ ਸਥਿਤੀ ਜਾਣਨ ਲਈ ਜ਼ਿਲ੍ਹਿਆਂ ਤੋਂ ਘੰਟਿਆਂਬੱਧੀ ਰਿਪੋਰਟਾਂ ਲਈਆਂ ਜਾ ਰਹੀਆਂ ਹਨ।
ਸੂਬੇ ਦੇ ਲੋਕਾਂ ਨੂੰ ਨਾ ਘਬਰਾਉਣ ਅਤੇ ਪ੍ਰਸ਼ਾਸਨ ਤੇ ਪੁਲਿਸ ਨਾਲ ਸਹਿਯੋਗ ਕਰਨ ਦੀ ਅਪੀਲ ਕਰਦਿਆਂ ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵੀ ਵਿਅਕਤੀ ਨੂੰ ਕਿਸੇ ਵੀ ਕਿਸਮ ਦੀ ਮਦਦ ਦੀ ਲੋੜ ਹੈ ਤਾਂ ਉਹ 112 ਹੈਲਪਲਾਈਨ ਨੰਬਰ ‘ਤੇ ਕਾਲ ਕਰ ਸਕਦਾ ਹੈ। ਉਨ੍ਹਾਂ ਨੀਵੇਂ ਇਲਾਕਿਆਂ ਜਾਂ ਹੜ੍ਹਾਂ ਪ੍ਰਭਾਵਿਤ ਖੇਤਰ ਦੇ ਲੋਕਾਂ ਨੂੰ ਆਪਣੀ ਸੁਰੱਖਿਆ ਲਈ ਆਪਣੇ ਸਬੰਧਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਥਾਪਤ ਕੀਤੇ ਗਏ ਸੁਰੱਖਿਅਤ ਸਥਾਨਾਂ ਜਾਂ ਰਾਹਤ ਕੇਂਦਰਾਂ ਵਿੱਚ ਜਾਣ ਦੀ ਅਪੀਲ ਕੀਤੀ।

ਡੀਜੀਪੀ ਨੇ ਦੱਸਿਆ ਕਿ ਪੰਜਾਬ ਪੁਲਿਸ ਵੱਲੋਂ ਹੜ੍ਹਾਂ ਕਾਰਨ ਪੈਦਾ ਹੋਣ ਵਾਲੀ ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਰੇਤ ਦੇ ਥੈਲੇ, ਟੈਂਟ, ਲਾਈਟਾਂ, ਲੰਗਰ ਅਤੇ ਖਾਣੇ ਦੇ ਪੈਕੇਟ, ਦਵਾਈਆਂ ਅਤੇ ਐਂਬੂਲੈਂਸਾਂ, ਬਚਾਅ ਕਿਸ਼ਤੀਆਂ, ਰਿਕਵਰੀ ਵੈਨ/ਜੇਸੀਬੀ, ਲਾਈਫ ਜੈਕਟਾਂ, ਸੰਚਾਰ ਅਤੇ ਜਨਤਕ ਸੰਬੋਧਨ ਪ੍ਰਣਾਲੀਆਂ ਸਮੇਤ ਪੁਖਤਾ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਫੰਡਾਂ ਦੀ ਕੋਈ ਕਮੀ ਨਹੀਂ ਹੈ।

CATEGORIES
TAGS
Share This

COMMENTS

Wordpress (0)
Disqus (0 )
Translate