ਸਪੀਕਰ ਸੰਧਵਾਂ ਨੇ ਪਿੰਡ ਘੁਮਿਆਰਾ ਵਿਖੇ ਰੱਖਿਆ 2 ਕਰੋੜ ਦੇ ਪਾਈਪਲਾਈਨ ਪ੍ਰੋਜੈਕਟ ਦਾ ਨੀਂਹ ਪੱਥਰ

ਮਿੱਥੇ ਸਮੇਂ ਅੰਦਰ ਅਤੇ ਉੱਚ ਗੁਣਵੱਤਾ ਨਾਲ ਮੁਕੰਮਲ ਹੋਵੇਗਾ ਸਿੰਚਾਈ ਪ੍ਰੋਜੈਕਟ: ਸਪੀਕਰ ਸੰਧਵਾਂ

ਕੋਟਕਪੂਰਾ 24 ਨਵੰਬਰ 

ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਬਲਾਕ ਕੋਟਕਪੂਰਾ ਦੇ ਪਿੰਡ ਘੁਮਿਆਰਾ ਵਿਖੇ ਕਿਸਾਨਾਂ ਦੀ ਸਹੂਲਤ ਲਈ ਲਗਭਗ 2 ਕਰੋੜ ਦੇ ਕਰੀਬ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ। ਉਨ੍ਹਾਂ ਕਿਹਾ ਕਿ ਇਸ ਪ੍ਰੋਜੈਕਟ ਦੇ ਮੁਕੰਮਲ ਹੋਣ ਨਾਲ ਪਿੰਡ ਦੇ ਕਿਸਾਨਾਂ ਨੂੰ ਸਿੰਚਾਈ ਲਈ ਨਹਿਰੀ ਪਾਣੀ ਦੀ ਨਿਰਵਿਘਨ ਅਤੇ ਸੁਚਾਰੂ ਸਪਲਾਈ ਮਿਲੇਗੀ।

ਇਸ ਮੌਕੇ ਪਿੰਡ ਵਾਸੀਆਂ  ਨੂੰ ਸੰਬੋਧਨ ਕਰਦਿਆਂ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੀ ਕਿਸਾਨੀ ਨੂੰ ਖੁਸ਼ਹਾਲ ਬਣਾਉਣ ਅਤੇ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਲਗਾਤਾਰ ਯਤਨਸ਼ੀਲ ਹੈ। ਉਨ੍ਹਾਂ ਕਿਹਾ ਕਿ ਜ਼ਮੀਨਦੋਜ਼ ਪਾਈਪਾਂ ਪੈਣ ਨਾਲ ਜਿੱਥੇ ਪਾਣੀ ਦੀ ਬਰਬਾਦੀ ਰੁਕੇਗੀ, ਉੱਥੇ ਹੀ ਟੇਲਾਂ ਤੱਕ ਪੈਂਦੇ ਖੇਤਾਂ ਨੂੰ ਵੀ ਪੂਰਾ ਨਹਿਰੀ ਪਾਣੀ ਮਿਲ ਸਕੇਗਾ। ਉਨ੍ਹਾਂ ਦੱਸਿਆ ਕਿ ਇਹ ਪਾਈਪ ਲਾਈਨ  ਲਗਭਗ 15 ਕਿਲੋਮੀਟਰ ਲੰਬੀ ਹੈ। ਉਨ੍ਹਾਂ ਕਿਹਾ ਕਿ ਇਸ ਪ੍ਰੋਜੈਕਟ ਰਾਹੀਂ 600 ਏਕੜ ਖੇਤੀਬਾੜੀ ਰਕਬੇ ਨੂੰ ਨਹਿਰੀ ਪਾਣੀ ਦੀ ਸਿੰਚਾਈ ਸਹੂਲਤ ਮੁਹੱਈਆ ਹੋਵੇਗੀ।ਪਹਿਲਾਂ ਕਿਸਾਨ ਆਪਣੇ ਖੇਤਾਂ ਦੀ ਸਿੰਚਾਈ ਲਈ ਟਿਊਬਵੈੱਲ ਦੇ ਪਾਣੀ ‘ਤੇ ਨਿਰਭਰ ਸਨ, ਜਿਸ ਦੀ ਗੁਣਵੱਤਾ ਠੀਕ ਨਾ ਹੋਣ ਕਾਰਨ ਫ਼ਸਲਾਂ ਅਤੇ ਜ਼ਮੀਨ ਦੀ ਸਿਹਤ ‘ਤੇ ਮਾੜਾ ਪ੍ਰਭਾਵ ਪੈ ਰਿਹਾ ਸੀ।ਨਹਿਰੀ ਪਾਣੀ ਦੀ ਉਪਲਬਧਤਾ ਨਾਲ ਸਿੰਚਾਈ ਲਈ ਬਿਹਤਰ ਗੁਣਵੱਤਾ ਵਾਲਾ ਪਾਣੀ ਮਿਲੇਗਾ, ਜਿਸ ਨਾਲ ਫ਼ਸਲਾਂ ਦੀ ਪੈਦਾਵਾਰ ਵਿੱਚ ਸੁਧਾਰ  ਹੋਵੇਗਾ।

ਸਪੀਕਰ ਸੰਧਵਾਂ ਨੇ ਕਿਹਾ ਕਿ ਹਲਕਾ ਕੋਟਕਪੂਰਾ ਦੇ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਹਰ ਪਿੰਡ ਦੀਆਂ ਬੁਨਿਆਦੀ ਲੋੜਾਂ ਨੂੰ ਪਹਿਲ ਦੇ ਆਧਾਰ ‘ਤੇ ਪੂਰਾ ਕੀਤਾ ਜਾ ਰਿਹਾ ਹੈ। ਉਨ੍ਹਾਂ ਸਬੰਧਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਸ ਪ੍ਰੋਜੈਕਟ ਦਾ ਕੰਮ ਮਿੱਥੇ ਸਮੇਂ ਅੰਦਰ ਅਤੇ ਉੱਚ ਗੁਣਵੱਤਾ ਨਾਲ ਮੁਕੰਮਲ ਕੀਤਾ ਜਾਵੇ।

ਇਸ ਮੌਕੇ ਪਿੰਡ ਵਾਸੀਆਂ  ਵੱਲੋਂ ਇਸ ਅਹਿਮ ਪ੍ਰੋਜੈਕਟ ਦੀ ਸ਼ੁਰੂਆਤ ਕਰਨ ਲਈ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਦਾ ਵਿਸ਼ੇਸ਼ ਤੌਰ ‘ਤੇ ਧੰਨਵਾਦ ਕੀਤਾ ਗਿਆ। 

CATEGORIES
Share This

COMMENTS

Wordpress (0)
Disqus ( )
Translate