ਵਿਧਾਇਕ ਸੇਖੋਂ ਅਤੇ ਡੀ.ਸੀ. ਵੱਲੋਂ ਕਿਲ੍ਹਾ ਮੁਬਾਰਕ ਦੇ ਪ੍ਰਬੰਧਾਂ ਦਾ ਜਾਇਜ਼ਾ
ਆਮ ਜਨਤਾ ਵਾਸਤੇ ਇਕ ਹਫ਼ਤੇ ਲਈ ਖੋਲ੍ਹਣ ਦਾ ਐਲਾਨ
-ਵਿਰਾਸਤੀ ਇਮਾਰਤਾਂ ਦੀ ਸਾਂਭ-ਸੰਭਾਲ ਲਈ ਪੰਜਾਬ ਸਰਕਾਰ ਵਚਨਬੱਧ: ਵਿਧਾਇਕ ਸੇਖੋਂ
ਫਰੀਦਕੋਟ 24 ਨਵੰਬਰ
ਬਾਬਾ ਸ਼ੇਖ ਫ਼ਰੀਦ ਜੀ ਦੀ ਚਰਨ ਛੋਹ ਪ੍ਰਾਪਤ ਧਰਤੀ ਅਤੇ ਇਲਾਕੇ ਦੀ ਇਤਿਹਾਸਕ ਅਤੇ ਅਮੀਰ ਵਿਰਾਸਤ ਦੇ ਪ੍ਰਤੀਕ ‘ਕਿਲਾ ਮੁਬਾਰਕ’ ਨੂੰ ਆਮ ਲੋਕਾਂ ਦੇ ਦਰਸ਼ਨਾਂ ਲਈ ਖੋਲ੍ਹਿਆ ਜਾ ਰਿਹਾ ਹੈ।ਇਹ ਪ੍ਰਗਟਾਵਾ ਹਲਕਾ ਵਿਧਾਇਕ ਸ.ਗੁਰਦਿੱਤ ਸਿੰਘ ਸੇਖੋਂ ਨੇ ਕਿਲ੍ਹਾ ਮੁਬਾਰਕ ਦੇ ਪ੍ਰਬੰਧਾਂ ਅਤੇ ਮੌਜੂਦਾ ਸਥਿਤੀ ਦਾ ਜਾਇਜ਼ਾ ਲੈਣ ਉਪਰੰਤ ਕੀਤਾ। ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਚਾਬਾ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।।
ਵਿਧਾਇਕ ਸੇਖੋਂ ਨੇ ਦੱਸਿਆ ਕਿ ਸ਼੍ਰੀ ਗੁਰੂ ਰਵਿਦਾਸ ਜੀ ਦੇ 650 ਪ੍ਰਕਾਸ਼ ਪੁਰਬ ਨੂੰ ਸਮਰਪਿਤ ਇੱਕ ਵਿਸ਼ਾਲ ਨਗਰ ਕੀਰਤਨ 2 ਦਸੰਬਰ ਨੂੰ ਫ਼ਰੀਦਕੋਟ ਦੇ ਕਿਲ੍ਹਾ ਮੁਬਾਰਕ ਤੋਂ ਆਰੰਭ ਹੋਵੇਗਾ।ਇਸ ਇਤਿਹਾਸਕ ਧਰੋਹਰ ਨੂੰ ਆਮ ਜਨਤਾ ਲਈ ਸਾਧਾਰਨ ਪਾਠ ਸ਼ੁਰੂ ਕਰਵਾ ਕੇ ਅਗਲੇ ਇੱਕ ਹਫ਼ਤੇ ਲਈ ਖੋਲ੍ਹਿਆ ਜਾ ਰਿਹਾ ਹੈ ਤਾਂ ਜੋ ਲੋਕ ਅਤੇ ਖਾਸ ਕਰਕੇ ਨੌਜਵਾਨ ਪੀੜ੍ਹੀ ਆਪਣੇ ਇਤਿਹਾਸ ਅਤੇ ਵਿਰਸੇ ਨਾਲ ਜੁੜ ਸਕਣ। ਉਨ੍ਹਾਂ ਕਿਹਾ ਕਿ ਫ਼ਰੀਦਕੋਟ ਸ਼ਹਿਰ ਇਤਿਹਾਸਕ ਇਮਾਰਤਾਂ ਨਾਲ਼ ਭਰਪੂਰ ਸ਼ਹਿਰ ਹੈ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੀਆਂ ਇਤਿਹਾਸਕ ਇਮਾਰਤਾਂ ਅਤੇ ਵਿਰਾਸਤੀ ਥਾਵਾਂ ਦੀ ਸਾਂਭ-ਸੰਭਾਲ ਅਤੇ ਸੈਰ-ਸਪਾਟੇ ਨੂੰ ਉਤਸ਼ਾਹਿਤ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ।
ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਚਾਬਾ ਨੇ ਸ਼ਹਿਰ ਵਾਸੀਆਂ ਅਤੇ ਸੈਲਾਨੀਆਂ ਨੂੰ ਪੁਰਜ਼ੋਰ ਅਪੀਲ ਕੀਤੀ ਕਿ ਉਹ ਇਸ ਇਤਿਹਾਸਕ ਧਰੋਹਰ ਦੇ ਦਰਸ਼ਨ ਕਰਨ ਆਉਣ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਵੱਲੋਂ ਲੋਕਾਂ ਦੀ ਸਹੂਲਤ ਲਈ ਪੁਖ਼ਤਾ ਇੰਤਜ਼ਾਮ ਕੀਤੇ ਜਾਣਗੇ ਅਤੇ ਆਮ ਜਨਤਾ ਵੀ ਅਗਲੇ ਇੱਕ ਹਫ਼ਤੇ ਤੱਕ ਸਾਫ਼-ਸਫ਼ਾਈ ਅਤੇ ਵਿਰਾਸਤੀ ਇਮਾਰਤ ਦੀ ਮਰਿਆਦਾ ਨੂੰ ਕਾਇਮ ਰੱਖਣ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਨੂੰ ਪੂਰਾ ਸਹਿਯੋਗ ਦੇਵੇ।
ਇਸ ਮੌਕੇ ਨਗਰ ਕੌਂਸਲ ਪ੍ਰਧਾਨ ਬਲਜਿੰਦਰ ਸਿੰਘ ਅਹੂਜਾ, ਨਾਇਬ ਤਹਿਸੀਲਦਾਰ ਗੁਰਚਰਨ ਸਿੰਘ, ਅਮਰਜੀਤ ਪਰਮਾਰ ਤੋ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।



