ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ ਦਰਸ਼ਨ ਕਰਕੇ ਪਰਤੇ ਸ਼ਰਧਾਲੂਆਂ ਨਾਲ ਸਪੀਕਰ ਸੰਧਵਾਂ ਨੇ ਕੀਤੀ ਮੁਲਾਕਾਤ
ਯਾਤਰਾ ਪ੍ਰਬੰਧਾਂ ਬਾਰੇ ਸ਼ਰਧਾਲੂਆਂ ਤੋਂ ਲਿਆ ਫੀਡਬੈਕ
ਕੋਟਕਪੂਰਾ 24 ਨਵੰਬਰ
ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ ਆਪਣੇ ਹਲਕੇ ਦੇ ਵੱਖ-ਵੱਖ ਪਿੰਡਾਂ ਥਾੜਾ, ਮੋੜ, ਭੈਰੋ ਭੱਟੀ, ਕੋਠੇ ਰੱਤੀ ਰੋੜੀ, ਦੁਆਰੇਆਣਾ ਦਾ ਦੌਰਾ ਕੀਤਾ ਗਿਆ। ਇਸ ਫੇਰੀ ਦੌਰਾਨ ਉਨ੍ਹਾਂ ਨੇ ਪੰਜਾਬ ਸਰਕਾਰ ਦੀ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਅਧੀਨ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਕੇ ਵਾਪਸ ਪਰਤੇ ਸ਼ਰਧਾਲੂਆਂ ਨਾਲ ਖ਼ਾਸ ਤੌਰ ‘ਤੇ ਮੁਲਾਕਾਤ ਕੀਤੀ ਅਤੇ ਉਨ੍ਹਾਂ ਕੋਲੋਂ ਯਾਤਰਾ ਦੇ ਅਨੁਭਵ ਜਾਣੇ।
ਸਪੀਕਰ ਸ. ਸੰਧਵਾਂ ਨੇ ਸ਼ਰਧਾਲੂਆਂ ਦਾ ਹਾਲ-ਚਾਲ ਪੁੱਛਿਆ ਅਤੇ ਸਰਕਾਰ ਵੱਲੋਂ ਯਾਤਰਾ ਦੌਰਾਨ ਮੁਹੱਈਆ ਕਰਵਾਈਆਂ ਗਈਆਂ ਸਹੂਲਤਾਂ, ਰਿਹਾਇਸ਼ ਆਦਿ ਪ੍ਰਬੰਧਾਂ ਬਾਰੇ ਫੀਡਬੈਕ ਲਿਆ। ਸ਼ਰਧਾਲੂਆਂ ਨੇ ਇਸ ਉਪਰਾਲੇ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਦੱਸਿਆ ਕਿ ਸਰਕਾਰ ਵੱਲੋਂ ਕੀਤੇ ਗਏ ਸੁਚੱਜੇ ਪ੍ਰਬੰਧਾਂ ਸਦਕਾ ਉਨ੍ਹਾਂ ਦੀ ਯਾਤਰਾ ਬੇਹੱਦ ਸੁਖਦ ਅਤੇ ਯਾਦਗਾਰੀ ਰਹੀ।
ਸ. ਸੰਧਵਾਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਬਜ਼ੁਰਗਾਂ ਅਤੇ ਆਮ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਦਾ ਪੂਰਾ ਸਤਿਕਾਰ ਕਰਦੀ ਹੈ। ਉਨ੍ਹਾਂ ਕਿਹਾ ਕਿ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਦਾ ਮੁੱਖ ਮੰਤਵ ਉਨ੍ਹਾਂ ਸ਼ਰਧਾਲੂਆਂ ਨੂੰ ਮੁਫ਼ਤ ਅਤੇ ਸੁਵਿਧਾਜਨਕ ਤੀਰਥ ਯਾਤਰਾ ਕਰਵਾਉਣਾ ਹੈ, ਜੋ ਆਰਥਿਕ ਜਾਂ ਹੋਰ ਕਾਰਨਾਂ ਕਰਕੇ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਤੋਂ ਵਾਂਝੇ ਰਹਿ ਜਾਂਦੇ ਸਨ। ਉਨ੍ਹਾਂ ਭਰੋਸਾ ਦਿਵਾਇਆ ਕਿ ਭਵਿੱਖ ਵਿੱਚ ਵੀ ਲੋਕ ਭਲਾਈ ਦੀਆਂ ਅਜਿਹੀਆਂ ਸਕੀਮਾਂ ਨੂੰ ਪੂਰੀ ਪਾਰਦਰਸ਼ਤਾ ਅਤੇ ਤਨਦੇਹੀ ਨਾਲ ਜਾਰੀ ਰੱਖਿਆ ਜਾਵੇਗਾ।
ਇਸ ਮੌਕੇ ਪੰਚ-ਸਰਪੰਚ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।



