ਘੋੜ ਸਵਾਰੀ ਮੇਲੇ ਦੌਰਾਨ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਨੌਜਵਾਨਾਂ ਨੂੰ ਵੋਟਰ ਵਜੋਂ ਰਜਿਸਟਰ ਹੋਣ ਦਾ ਦਿੱਤਾ ਸੱਦਾ
ਸਵੀਪ ਟੀਮ ਦੇ ਸਟਾਲ ਦਾ ਦੌਰਾ ਕਰਕੇ ਨੌਜਵਾਨਾਂ ਨਾਲ ਕਰਵਾਈ ਸੈਲਫੀ; ਪੋਸਟਰ ਮੇਕਿੰਗ ਗਤੀਵਿਧੀ ਵਿੱਚ ਹਿੱਸਾ ਲੈ ਰਹੇ ਵਿਦਿਆਰਥੀਆਂ ਨਾਲ ਵੀ ਕੀਤਾ ਸੰਵਾਦ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 28 ਨਵੰਬਰ
ਪੰਜਾਬ ਦੇ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਨੇ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਪੱਲਣਪੁਰ ਵਿਖੇ ਚੱਲ ਰਹੇ ਘੋੜ ਸਵਾਰੀ ਮੇਲੇ ਦੌਰਾਨ ਸਵੀਪ (SVEEP) ਟੀਮ ਵੱਲੋਂ ਲਗਾਏ ਗਏ ਜਾਗਰੂਕਤਾ ਸਟਾਲ ਦਾ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਨੇ ਯੋਗ ਨੌਜਵਾਨਾਂ ਨੂੰ ਵੋਟਰ ਵਜੋਂ ਰਜਿਸਟਰ ਹੋਣ ਅਤੇ ਲੋਕਤੰਤਰੀ ਪ੍ਰਕਿਰਿਆ ਵਿੱਚ ਸਰਗਰਮ ਭਾਗੀਦਾਰੀ ਯਕੀਨੀ ਬਣਾਉਣ ਦਾ ਸੁਨੇਹਾ ਦਿੱਤਾ।
ਸ੍ਰੀ ਗੁਲਾਬ ਚੰਦ ਕਟਾਰੀਆ ਨੇ ਸਟਾਲ ‘ਤੇ ਮੌਜੂਦ ਨੌਜਵਾਨਾਂ ਨਾਲ ਸੈਲਫੀ ਵੀ ਕਰਵਾਈ ਅਤੇ ਉਨ੍ਹਾਂ ਨੂੰ ਅਪੀਲ ਕੀਤੀ ਕਿ 18 ਸਾਲ ਦੀ ਉਮਰ ਪੂਰੀ ਕਰ ਚੁੱਕੇ ਸਾਰੇ ਯੋਗ ਨੌਜਵਾਨ ਆਪਣੀ ਵੋਟ ਜ਼ਰੂਰ ਬਣਵਾਉਣ। ਉਨ੍ਹਾਂ ਕਿਹਾ ਕਿ ਵੋਟ ਦਾ ਅਧਿਕਾਰ ਲੋਕਤੰਤਰ ਦਾ ਅਹਿਮ ਆਧਾਰ ਹੈ ਅਤੇ ਹਰੇਕ ਯੋਗ ਨਾਗਰਿਕ ਨੂੰ ਇਸ ਅਧਿਕਾਰ ਦੀ ਮਹੱਤਤਾ ਸਮਝਦਿਆਂ ਚੋਣ ਪ੍ਰਕਿਰਿਆ ਵਿੱਚ ਆਪਣੀ ਭਾਗੀਦਾਰੀ ਯਕੀਨੀ ਬਣਾਉਣੀ ਚਾਹੀਦੀ ਹੈ।
ਇਸ ਦੌਰਾਨ ਰਾਜਪਾਲ ਨੇ ਪੋਸਟਰ ਮੇਕਿੰਗ ਗਤੀਵਿਧੀ ਵਿੱਚ ਹਿੱਸਾ ਲੈ ਰਹੇ ਵਿਦਿਆਰਥੀਆਂ ਨਾਲ ਵੀ ਗੱਲਬਾਤ ਕੀਤੀ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਲੋਕਤੰਤਰੀ ਕਦਰਾਂ-ਕੀਮਤਾਂ, ਵੋਟ ਦੇ ਅਧਿਕਾਰ ਅਤੇ ਜ਼ਿੰਮੇਵਾਰ ਨਾਗਰਿਕ ਵਜੋਂ ਉਨ੍ਹਾਂ ਦੀ ਭੂਮਿਕਾ ਬਾਰੇ ਜਾਣੂ ਕਰਵਾਇਆ। ਉਨ੍ਹਾਂ ਨੌਜਵਾਨਾਂ ਨੂੰ ਚੋਣ ਪ੍ਰਕਿਰਿਆ ਨਾਲ ਜੁੜਨ ਅਤੇ ਆਪਣੇ ਆਲੇ-ਦੁਆਲੇ ਵੋਟਰ ਜਾਗਰੂਕਤਾ ਦਾ ਸੁਨੇਹਾ ਪਹੁੰਚਾਉਣ ਲਈ ਪ੍ਰੇਰਿਤ ਕੀਤਾ।
ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਅਦਿੱਤਿਆ ਡਚਲਵਾਲ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀਮਤੀ ਸੋਨਮ ਚੌਧਰੀ ਅਤੇ ਜ਼ਿਲ੍ਹਾ ਨੋਡਲ ਅਫ਼ਸਰ (ਸਵੀਪ) ਪ੍ਰੋਫੈਸਰ ਗੁਰਬਖਸ਼ੀਸ਼ ਸਿੰਘ ਅੰਟਾਲ ਵੀ ਮੌਜੂਦ ਸਨ।
ਜ਼ਿਕਰਯੋਗ ਹੈ ਕਿ ਸਵੀਪ ਟੀਮ ਵੱਲੋਂ ਫੈਸਟੀਵਲ ਦੌਰਾਨ ਲਗਾਏ ਗਏ ਸਟਾਲ ਰਾਹੀਂ ਨੌਜਵਾਨਾਂ ਅਤੇ ਆਮ ਲੋਕਾਂ ਨੂੰ ਵੋਟਰ ਰਜਿਸਟ੍ਰੇਸ਼ਨ, ਵੋਟ ਦੇ ਮਹੱਤਵ ਅਤੇ ਚੋਣਾਂ ਵਿੱਚ ਭਾਗੀਦਾਰੀ ਸਬੰਧੀ ਜਾਣਕਾਰੀ ਦਿੱਤੀ ਜਾ ਰਹੀ ਹੈ। ਇਸ ਦਾ ਉਦੇਸ਼ ਯੋਗ ਨੌਜਵਾਨਾਂ ਨੂੰ ਵੋਟਰ ਸੂਚੀ ਵਿੱਚ ਆਪਣਾ ਨਾਮ ਦਰਜ ਕਰਵਾਉਣ ਲਈ ਉਤਸ਼ਾਹਿਤ ਕਰਨਾ ਅਤੇ ਲੋਕਤੰਤਰੀ ਪ੍ਰਕਿਰਿਆ ਪ੍ਰਤੀ ਜਾਗਰੂਕਤਾ ਵਧਾਉਣਾ ਹੈ।


