ਜਾਖੜ ਨੇ ਹੜ੍ਹਾਂ ਦੀ ਆਫ਼ਤ ਨਾਲ ਨਜਿੱਠਣ ਲਈ ਪੰਜਾਬ ਨੂੰ 218.40 ਕਰੋੜ ਰੁਪਏ ਐਮਰਜੈਂਸੀ ਜਾਰੀ ਕਰਨ ਤੇ ਕੁਦਰਤੀ ਆਫ਼ਤਾਂ ਦੇ ਦਿਸ਼ਾ ਨਿਰਦੇਸ਼ਾਂ ਵਿਚ ਢਿੱਲ ਦੇਣ ਲਈ ਪ੍ਰਧਾਨ ਮੰਤਰੀ ਮੋਦੀ ਦਾ ਧੰਨਵਾਦ ਕੀਤਾ

ਭਗਵੰਤ ਮਾਨ ਸਰਕਾਰ ਨੂੰ ਪੇਂਡੂ ਅਤੇ ਸ਼ਹਿਰੀ ਖੇਤਰਾਂ ਵਿੱਚ ਪ੍ਰਭਾਵਿਤ ਲੋਕਾਂ ਦੀਆਂ ਦੁੱਖ-ਤਕਲੀਫ਼ਾਂ ਨੂੰ ਦੂਰ ਕਰਨ ਲਈ ਤੁਰੰਤ ਉਸੇ ਤਰ੍ਹਾਂ ਫ਼ੰਡਾਂ ਦੀ ਵਰਤੋਂ ਕਰਨ ਦੀ ਅਪੀਲ ਕੀਤੀ।
ਚੰਡੀਗੜ੍ਹ 13 ਜੁਲਾਈ
ਹੜ੍ਹ ਪ੍ਰਭਾਵਿਤ ਪੰਜਾਬ ਨੂੰ ਸੂਬਾਈ ਆਫ਼ਤ ਨਾਲ ਨਜਿੱਠਣ ਲਈ ਤੁਰੰਤ ਫੰਡ ਜਾਰੀ ਕਰਨ ਲਈ ਮੌਜੂਦਾ ਦਿਸ਼ਾ-ਨਿਰਦੇਸ਼ਾਂ ਵਿੱਚ ਢਿੱਲ ਦੇਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਧੰਨਵਾਦ ਕਰਦੇ ਹੋਏ ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੇ ਸੂਬਾ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਸੰਕਟ ਵਿੱਚ ਘਿਰੇ ਲੋਕਾਂ ਤੱਕ ਪਹੁੰਚ ਕਰਨ ਵਿੱਚ ਹੁਣ ਕੋਈ ਵੀ ਪਲ ਬਰਬਾਦ ਨਾ ਕਰਨ। ਪੇਂਡੂ ਅਤੇ ਸ਼ਹਿਰੀ ਖੇਤਰ ਵਿਚ ਫਸਲਾਂ ਦੇ ਨੁਕਸਾਨ ਲਈ ਕਿਸਾਨਾਂ ਨੂੰ ਬਿਨਾਂ ਦੇਰੀ 20,000 ਪ੍ਰਤੀ ਏਕੜ ਮੁਆਵਜਾ ਦਿੱਤਾ ਜਾਵੇ।

ਉਨ੍ਹਾਂ ਕਿਹਾ ਕਿ ਮੈਂ ਭਗਵੰਤ ਮਾਨ ਨੂੰ ਬੇਨਤੀ ਕਰਦਾ ਹਾਂ ਕਿ ਉਹ ਹੜ੍ਹਾਂ ਦੇ ਮਾੜੇ ਪ੍ਰਭਾਵ ਵਾਲੇ ਲੋਕਾਂ ਨੂੰ ਸਹਾਇਤਾ ਪ੍ਰਦਾਨ ਕਰਨ ਲਈ ਕੇਂਦਰ ਦੁਆਰਾ ਦਿੱਤੇ ਫੰਡਾਂ ਨੂੰ ਤੁਰੰਤ ਵੰਡਣ ਅਤੇ ਇਸ ਸਮੇਂ ਗਿਰਦਾਵਰੀ ਦਾ ਇੰਤਜ਼ਾਰ ਨਾ ਕੀਤਾ ਜਾਵੇ।ਜਾਖੜ ਨੇ ਇੱਥੇ ਇੱਕ ਬਿਆਨ ਵਿੱਚ ਕਿਹਾ ਕਿ ਹਰੇਕ ਨੂੰ ਤੁਰੰਤ ਠੋਸ ਰਾਹਤ ਦੇਣਾ ਰਾਜ ਦੀ ਪ੍ਰਮੁੱਖ ਤਰਜੀਹ ਹੋਣੀ ਚਾਹੀਦੀ ਹੈ।

ਕੇਂਦਰ ਨੇ ਭਾਰੀ ਮੀਂਹ ਅਤੇ ਇਸ ਨਾਲ ਜੁੜੀਆਂ ਕੁਦਰਤੀ ਆਫ਼ਤਾਂ ਦੇ ਮੱਦੇਨਜ਼ਰ ਰਾਜਾਂ ਨੂੰ ਤੁਰੰਤ ਫੰਡ ਮੁਹੱਈਆ ਕਰਵਾਉਣ ਲਈ ਮੌਜੂਦਾ ਦਿਸ਼ਾ-ਨਿਰਦੇਸ਼ਾਂ ਵਿੱਚ ਢਿੱਲ ਦੇ ਕੇ ਅੱਜ ਰਾਜਾਂ ਨੂੰ ਫੰਡ ਜਾਰੀ ਕੀਤੇ ਹਨ। ਪੰਜਾਬ ਨੂੰ ਇਸ ਮਕਸਦ ਲਈ 218.40 ਕਰੋੜ ਰੁਪਏ ਮਿਲੇ ਹਨ।

ਸੂਬਾ ਸਰਕਾਰ ਨੂੰ ਪੇਂਡੂ ਅਤੇ ਸ਼ਹਿਰੀ ਦੋਵਾਂ ਖੇਤਰਾਂ ਵਿੱਚ ਨਾਗਰਿਕਾਂ ਨੂੰ ਰਾਹਤ ਯਕੀਨੀ ਬਣਾਉਣ ਵਿੱਚ ਕਿਸੇ ਵੀ ਤਰ੍ਹਾਂ ਦੀ ਢਿੱਲ-ਮੱਠ ਤੋਂ ਬਚਣ ਦੀ ਅਪੀਲ ਕਰਦਿਆਂ ਜਾਖੜ ਨੇ ਅੱਜ ਕੇਂਦਰ ਸਰਕਾਰ ਵੱਲੋਂ ਹਰ ਲੋੜੀਂਦੀ ਮੱਦਦ ਅਤੇ ਸਹਾਇਤਾ ਦਾ ਭਰੋਸਾ ਦਿੱਤਾ। ਜਾਖੜ ਨੇ ਅੱਗੇ ਕਿਹਾ ਕਿ ਇਹ ਗ੍ਰਹਿ ਮੰਤਰੀ ਅਮਿਤ ਸ਼ਾਹ ਹੀ ਸਨ, ਜਿਨ੍ਹਾਂ ਨੇ ਰਾਜ ਸਰਕਾਰ ਨੂੰ ਆਫ਼ਤ ਦੀ ਗੰਭੀਰਤਾ ਨੂੰ ਸਮਝਣ ਤੋਂ ਪਹਿਲਾਂ ਹੀ ਮੁੱਖ ਮੰਤਰੀ ਤੱਕ ਪਹੁੰਚ ਕੀਤੀ ਸੀ ਅਤੇ ਹਰ ਤਰ੍ਹਾਂ ਦੀ ਮਦਦ ਦਾ ਭਰੋਸਾ ਦਿੱਤਾ ਸੀ।
ਸੂਬਾ ਸਰਕਾਰ ਦੀ ਰਾਹਤ ਦੇਣ ਦੀ ਮੱਠੀ ਰਫ਼ਤਾਰ ਤੇ ਅਫ਼ਸੋਸ ਪ੍ਰਗਟ ਕਰਦਿਆਂ ਜਾਖੜ ਨੇ ਕਿਹਾ ਕਿ ਇਹ ਸੂਬਾ ਸਰਕਾਰ ਦਾ ਲਾਪਰਵਾਹੀ ਵਾਲਾ ਅਤੇ ਗੈਰ-ਜ਼ਿੰਮੇਵਾਰਾਨਾ ਰਵੱਈਆ ਹੈ ਜਿਸ ਨੇ ਸੂਬੇ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਹੜ੍ਹਾਂ ਦੀ ਸਥਿਤੀ ਨੂੰ ਹੋਰ ਵਿਗੜ ਦਿੱਤਾ ਹੈ। ਭਗਵੰਤ ਮਾਨ ਸਰਕਾਰ ਨੇ ਕਾਰਵਾਈ ਕਰਨ ਵਿੱਚ ਦੇਰ ਕੀਤੀ ਅਤੇ ਨਾਗਰਿਕਾਂ ਦੀਆਂ ਜਾਨਾਂ ਨੂੰ ਖ਼ਤਰੇ ਵਿੱਚ ਪਾਇਆ। ਜੋ ਰਾਜ ਦੀ ਮਸ਼ੀਨਰੀ ਦੇ ਕੰਮ ਕਰਨ ਵਿੱਚ ਇੱਕ ਚਿੰਤਾਜਨਕ ਪੈਟਰਨ ਨੂੰ ਦਰਸਾਉਂਦਾ ਹੈ।
ਜਾਖੜ ਨੇ ਤੰਜ ਕਸਦਿਆਂ ਕਿਹਾ ਉਸ ਨਾਜ਼ੁਕ ਸਮੇਂ ਵਿੱਚ ਮੁੱਖ ਮੰਤਰੀ ਪੰਚਕੂਲਾ ਵਿੱਚ ਵੋਟਾਂ ਮੰਗ ਰਹੇ ਸਨ, ਜਦਕਿ ਪੰਜਾਬ ਵਿੱਚ ਉਨ੍ਹਾਂ ਨੂੰ ਵੋਟਾਂ ਪਾਉਣ ਵਾਲਿਆਂ ਨੂੰ ਉਨਾਂ ਦੀ ਵੱਡੀ ਲੋੜ ਸੀ।

CATEGORIES
TAGS
Share This

COMMENTS

Wordpress (0)
Disqus (0 )
Translate