ਡਾ.ਪੱਲਵੀ ਚੌਧਰੀ ਨੇ ਮਾਲੇਰਕੋਟਲਾ ਦੇ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

* ਕੈਂਪ ਆਧਾਰਿਤ ਮਾਡਲ ਅਪਣਾ ਕੇ ਲੋਕਾਂ ਦੀਆਂ ਬਰੂਹਾਂ ਤੱਕ ਪਹੁੰਚ ਕਰੇਗਾ ਜ਼ਿਲ੍ਹਾ ਪ੍ਰਸ਼ਾਸਨ- ਡਾ. ਪੱਲਵੀ

* ਜ਼ਿਲ੍ਹੇ ‘ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਨੂੰ ਸਮਾਂਬੱਧ ਤਰੀਕੇ ਨਾਲ ਨੇਪਰੇ ਚੜ੍ਹਵਾਉਣਾ ਅਤੇ ਲੋਕਾਂ ਨੂੰ ਬਿਹਤਰ ਪ੍ਰਸ਼ਾਸਨ ਮੁਹੱਈਆ ਕਰਵਾਉਣਾ ਉਨ੍ਹਾਂ ਦੀ ਤਰਜੀਹ

* ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਇੱਕ ਟੀਮ ਵਜੋਂ ਕੰਮ ਕਰਨ ਅਧਿਕਾਰੀ ਤੇ ਕਰਮਚਾਰੀ

ਮਾਲੇਰਕੋਟਲਾ, 10 ਅਗਸਤ:

                          2015 ਬੈਚ ਦੇ ਆਈ.ਏ.ਐਸ. ਅਧਿਕਾਰੀ ਡਾ. ਪੱਲਵੀ ਨੇ ਅੱਜ ਮਾਲੇਰਕੋਟਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਅਹੁਦਾ ਸੰਭਾਲ ਲਿਆ। ਉਨ੍ਹਾਂ ਨੇ ਸ੍ਰੀ ਸੰਯਮ ਅਗਰਵਾਲ ਦੀ ਜਗ੍ਹਾ ਇਹ ਅਹੁਦਾ ਸੰਭਾਲਿਆ, ਜਿਨ੍ਹਾਂ ਦੀ ਬਦਲੀ ਜੇ.ਐਮ.ਡੀ.ਕਮ ਸੀ.ਈ.ਓ ਪੰਜਾਬ ਮਿਊਂਸੀਪਲ ਬੁਨਿਆਦੀ ਢਾਂਚਾ ਵਿਕਾਸ ਬੋਰਡ ਵਜੋਂ ਹੋਈ ਹੈ। ਅਹੁਦਾ ਸੰਭਾਲਣ ਮੌਕੇ ਡਾ. ਪੱਲਵੀ ਨੇ ਕਿਹਾ ਕਿ ਲੋਕਾਂ ਦੇ ਸਰਕਾਰੀ ਦਫ਼ਤਰਾਂ ‘ਚ ਬਕਾਇਆ ਕੰਮਾਂ ਅਤੇ ਸਮੱਸਿਆਵਾਂ ਦੇ ਨਿਪਟਾਰੇ ਲਈ ਜ਼ਿਲ੍ਹਾ ਪ੍ਰਸ਼ਾਸਨ ਕੈਂਪ ਆਧਾਰਿਤ ਮਾਡਲ ਅਪਣਾ ਕੇ ਲੋਕਾਂ ਦੀਆਂ ਬਰੂਹਾਂ ਤੱਕ ਪਹੁੰਚ ਬਣਾਏਗਾ।

                         ਡਾ. ਪੱਲਵੀ ਨੇ ਆਪਣਾ ਅਹੁਦਾ ਸੰਭਾਲਣ ਉਪਰੰਤ ਕਿਹਾ ਕਿ, ‘ਮਾਲੇਰਕੋਟਲਾ ਜ਼ਿਲ੍ਹਾ ਇੱਕ ਮਹੱਤਵਪੂਰਨ ਜ਼ਿਲ੍ਹਾ ਹੈ, ਇੱਥੇ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਹਦਾਇਤਾਂ ਮੁਤਾਬਕ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਦੀਆਂ ਸਕੀਮਾਂ ਦਾ ਲਾਭ ਹੇਠਲੇ ਪੱਧਰ ਤੱਕ ਪੁੱਜਦਾ ਕਰਨਾ ਤੇ ਲੋਕਾਂ ਨੂੰ ਸਾਫ਼-ਸੁਥਰਾ, ਪਾਰਦਰਸ਼ੀ, ਭ੍ਰਿਸ਼ਟਾਚਾਰ ਰਹਿਤ ਤੇ ਲੋਕ ਪੱਖੀ ਪ੍ਰਸ਼ਾਸਨ ਮੁਹੱਈਆ ਕਰਵਾਉਣਾ ਉਨ੍ਹਾਂ ਦੀ ਵਿਸ਼ੇਸ਼ ਪਹਿਲਕਦਮੀ ਹੋਵੇਗੀ।’

             ਐਮ.ਬੀ.ਬੀ.ਐਸ( ਬੈਚਲਰ ਆਫ਼ ਮੈਡੀਸਨ,ਸਰਜਰੀ) ਦੀ ਤਾਮੀਲ ਹਾਸਲ ਡਾ. ਪੱਲਵੀ ਔਰਤਾਂ, ਬੱਚਿਆਂ ਅਤੇ ਬਜ਼ੁਰਗਾਂ ਪ੍ਰਤੀ ਹਮਦਰਦੀ ਵਾਲਾ ਰਵੱਈਆ ਰੱਖਣ ਦੇ ਨਾਲ ਨਾਲ ਪ੍ਰਸ਼ਾਸਨਿਕ ਕੁਸ਼ਲਤਾ ਅਤੇ ਆਪਣੇ ਅਧੀਨ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਨਾਲ ਲੈ ਕੇ, ਆਮ ਲੋਕਾਂ ਦੀਆਂ ਮੁਸ਼ਕਲਾਂ ਤੇ ਸਮੱਸਿਆਵਾਂ ਦੇ ਤੁਰੰਤ ਢੁਕਵੇਂ ਹੱਲ ਕੱਢਣ ਦੀ ਸਮਰੱਥਾ ਰੱਖਣ ਵਾਲੇ ਅਧਿਕਾਰੀ ਵਜੋਂ ਜਾਣੇ ਜਾਂਦੇ ਹਨ। ਇਸ ਤੋਂ ਪਹਿਲਾਂ ਵਧੀਕ ਵਧੀਕ ਡਿਪਟੀ ਕਮਿਸ਼ਨਰ (ਜ) ਬਠਿੰਡਾ ਵਜੋਂ ਆਪਣੀਆਂ ਸੇਵਾਵਾਂ ਨਿਭਾ ਰਹੇ ਸਨ।ਇਸ ਤੋਂ ਇਲਾਵਾ ਉਹ ਪੰਜਾਬ ਸਰਕਾਰ ਦੇ ਵੱਖ ਵੱਖ ਵਿਭਾਗਾਂ ਦੇ ਅਹਿਮ ਅਹੁਦਿਆਂ ਉੱਤੇ ਤਾਇਨਾਤ ਰਹਿ ਚੁੱਕੇ ਹਨ ।

                         ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਮੌਕੇ ਡਾ.ਪੱਲਵੀ ਚੌਧਰੀ ਵਰਗੇ ਅਹਿਮ ਜ਼ਿਲ੍ਹੇ ‘ਚ ਸੇਵਾ ਕਰਨ ਦਾ ਮੌਕਾ ਦੇਣ ਲਈ ਪ੍ਰਮਾਤਮਾ ਦਾ ਸ਼ੁਕਰਾਨਾ ਕਰਦਿਆਂ ਸਮੇਤ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਉਹ ਯਕੀਨੀ ਬਣਾਉਣਗੇ ਕਿ ਲੋਕਾਂ ਨੂੰ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਦਾ ਲਾਭ ਬਿਨਾਂ ਕਿਸੇ ਦੇਰ ਤੋਂ ਮਿਲੇ ਸਕੇ ਅਤੇ ਕੋਈ ਵੀ ਲੋੜਵੰਦ ਸਰਕਾਰੀ ਸਕੀਮਾਂ ਦੇ ਲਾਭ ਤੋਂ ਵਾਂਝਾ ਨਾ ਰਹੇ। ਜ਼ਿਲ੍ਹੇ ‘ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਨੂੰ ਸਮਾਂਬੱਧ ਤਰੀਕੇ ਨਾਲ ਨੇਪਰੇ ਚੜ੍ਹਵਾਉਣਾ ਅਤੇ ਲੋਕਾਂ ਨੂੰ ਬਿਹਤਰ ਪ੍ਰਸ਼ਾਸਨ ਮੁਹੱਈਆ ਕਰਵਾਉਣਾ ਉਨ੍ਹਾਂ ਦੀ ਤਰਜੀਹ ਰਹੇਗੀ।

                  ਡਾ ਚੌਧਰੀ ਨੇ ਇੱਕ ਹੋਰ ਸਵਾਲ ਦੇ ਜਵਾਬ ‘ਚ ਕਿਹਾ ਕਿ ਉਨ੍ਹਾਂ ਸਮੇਤ ਜ਼ਿਲ੍ਹੇ ਦੇ ਸਮੂਹ ਅਧਿਕਾਰੀ ਲੋਕਾਂ ਦੀ ਸੇਵਾ ਲਈ ਹਰ ਵੇਲੇ ਹਾਜ਼ਰ ਰਹਿਣਗੇ । ਉਨ੍ਹਾਂ ਕਿਹਾ ਕਿ ਔਰਤਾਂ, ਬੱਚਿਆਂ ਅਤੇ ਬਜ਼ੁਰਗਾਂ ਨੂੰ ਪ੍ਰਸ਼ਾਸਨਿਕ ਸੇਵਾਵਾਂ ਪਹਿਲ ਦੇ ਆਧਾਰ ‘ਤੇ ਮੁਹੱਈਆ ਕਰਵਾਈਆਂ ਜਾਣਗੀਆਂ। ਡੀ.ਸੀ. ਨੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਵੀ ਹਦਾਇਤ ਕੀਤੀ ਕਿ ਉਹ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਇੱਕ ਟੀਮ ਵਜੋਂ ਕੰਮ ਕਰਨਾ ਯਕੀਨੀ ਬਣਾਉਣ।

            ਇਸ ਤੋਂ ਪਹਿਲਾਂ ਨਵੇਂ ਡਿਪਟੀ ਕਮਿਸ਼ਨਰ ਡਾ. ਪੱਲਵੀ ਨੂੰ ਦਫ਼ਤਰ ਵਿਖੇ ਪੁੱਜਣ ‘ਤੇ ਪੰਜਾਬ ਪੁਲਿਸ ਦੀ ਟੁਕੜੀ ਨੇ ‘ਗਾਰਡ ਆਫ਼ ਆਨਰ’ ਪੇਸ਼ ਕਰਕੇ ਸਲਾਮੀ ਦਿੱਤੀ।

            ਉਨ੍ਹਾਂ ਦੇ ਨਾਲ ਉਨ੍ਹਾਂ ਦੇ ਪਿਤਾ ਸ੍ਰੀ ਕੁਲਦੀਪ ਚੰਦ, ਸ੍ਰੀ ਐਮ.ਐਲ.ਤੁਰਾਂ, ਪਤੀ ਆਈ.ਪੀ.ਐਸ ਏ.ਆਈ.ਜੀ ਸ੍ਰੀ ਗੌਰਵ ਤੁਰਾਂ, ਭਰਾ ਅਨੀਸ ਕੁਮਾਰ, ਡਾ.ਦਿਲਜੋਤ ,ਬੱਚੇ ਅਤੇ ਹੋਰ ਰਿਸ਼ਤੇਦਾਰ ਵੀ ਮੌਜੂਦ ਸਨ। ਇਸ ਦੌਰਾਨ ਡਿਪਟੀ ਕਮਿਸ਼ਨਰ ਦਫ਼ਤਰ ਦੀਆਂ ਸਮੂਹ ਬਰਾਂਚਾਂ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਵੱਲੋਂ ਅਹੁਦਾ ਛੱਡ ਕੇ ਜਾ ਰਹੇ ਸ੍ਰੀ ਸੰਯਮ ਅਗਰਵਾਲ ਨੂੰ ਸ਼ਾਨਦਾਰ ਵਿਦਾਇਗੀ ਪਾਰਟੀ ਦਿੱਤੀ ਅਤੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਅਹੁਦਾ ਸੰਭਾਲਣ ਵਾਲੇ ਡਾ ਪੱਲਵੀ ਦਾ ਸਵਾਗਤ ਕੀਤਾ।

                         ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਸੁਰਿੰਦਰ ਸਿੰਘ, ਐਸ.ਡੀ.ਐਮ ਅਮਰਗੜ੍ਹ ਕਮ ਸਹਾਇਕ ਕਮਿਸ਼ਨਰ ਸ੍ਰੀ ਗੁਰਮੀਤ ਕੁਮਾਰ, ਐਸ.ਡੀ.ਐਮ.ਅਹਿਮਦਗੜ੍ਹ /ਮਾਲੇਰਕੋਟਲਾ ਸ੍ਰੀ ਹਰਬੰਸ ਸਿੰਘ, ਜ਼ਿਲ੍ਹਾ ਮਾਲ ਅਫ਼ਸਰ ਗੁਰਜਿੰਦਰ ਸਿੰਘ, ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਅਮਰਗੜ੍ਹ ਸ੍ਰੀਮਤੀ ਰੁਪਿੰਦਰਜੀਤ ਕੌਰ, ਸੁਪਰਡੈਂਟ ਅੰਮ੍ਰਿਤਪਾਲ, ਪੀ.ਏ ਟੂ ਡਿਪਟੀ ਕਮਿਸ਼ਨਰ ਹਰਵਿੰਦਰ ਸਿੰਘ ਸਮੇਤ ਡੀ.ਸੀ. ਦਫ਼ਤਰ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਡਾ ਪੱਲਵੀ ਦਾ ਨਿੱਘਾ ਸਵਾਗਤ ਕੀਤਾ।

CATEGORIES
Share This

COMMENTS

Wordpress (0)
Disqus (0 )
Translate