ਕਿਸਾਨੀ ਨੂੰ ਲਾਹੇਵੰਦ ਧੰਦਾ ਬਣਾਉਣ ਲਈ ਪੰਜਾਬ ਸਰਕਾਰ ਦ੍ਰਿੜ ਸੰਕਲਪਿਤ-ਗੁਰਮੀਤ ਸਿੰਘ ਖੁੱਡੀਆਂ
ਘੱਟ ਪਾਣੀ ਨਾਲ ਪੱਕਣ ਵਾਲੀਆਂ ਫਸਲਾਂ ਨੂੰ ਕੀਤਾ ਜਾਵੇਗਾ ਉਤਸਾਹਿਤ
ਸ੍ਰੀ ਮੁਕਤਸਰ ਸਾਹਿਬ ਦੇ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਵੀ ਵਿਸੇਸ਼ ਤੌਰ ਤੇ ਰਹੇ ਨਾਲ
ਸ੍ਰੀ ਮੁਕਤਸਰ ਸਾਹਿਬ, 4 ਸਤੰਬਰ
ਪੰਜਾਬ ਦੇ ਖੇਤੀਬਾੜੀ ਮੰਤਰੀ ਸ: ਗੁਰਮੀਤ ਸਿੰਘ ਖੂੱਡੀਆਂ ਨੇ ਅੱਜ ਜਿ਼ਲ੍ਹੇ ਦਾ ਦੌਰਾ ਕਰਕੇ ਨਰਮੇ ਦੀ ਫਸਲ ਦਾ ਜਾਇਜਾ ਲਿਆ ਅਤੇ ਕਿਸਾਨਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੀਆਂ ਮੁਸਕਿਲਾਂ ਸੁਣੀਆਂ।ਇਸ ਮੌਕੇ ਸ੍ਰੀ ਮੁਕਤਸਰ ਸਾਹਿਬ ਦੇ ਵਿਧਾਇਕ ਸ੍ਰੀ ਜਗਦੀਪ ਸਿੰਘ ਕਾਕਾ ਬਰਾੜ ਵਿਸੇਸ਼ ਤੌਰ ਤੇ ਉਨ੍ਹਾਂ ਦੇ ਨਾਲ ਹਾਜਰ ਰਹੇ।
ਇਸ ਮੌਕੇ ਕੈਬਨਿਟ ਮੰਤਰੀ ਸ: ਗੁਰਮੀਤ ਸਿੰਘ ਖੂੱਡੀਆਂ ਨੇ ਕਿਸਾਨਾਂ ਨੂੰ ਕਿਹਾ ਕਿ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਖੇਤੀਬਾੜੀ ਨੂੰ ਲਾਹੇਵੰਦ ਧੰਦਾਂ ਬਣਾਉਣ ਦੇ ਉਦੇਸ਼ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਜਿੱਥੇ ਖੇਤੀਬਾੜੀ ਵਿਚ ਫਸਲੀ ਵਿਭਿੰਨਤਾਂ ਨੂੰ ਉਤਸਾਹਿਤ ਕੀਤਾ ਜਾ ਰਿਹਾ ਹੈ ਉਥੇ ਹੀ ਸੂਬਾ ਸਰਕਾਰ ਖੇਤੀ ਸਹਾਇਕ ਧੰਦਿਆਂ ਨੂੰ ਵੀ ਪ੍ਰਫੁਲਿਤ ਕਰ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਇਸ ਲਈ ਡੇਅਰੀ ਦੇ ਕਿੱਤੇ ਨੂੰ ਉਤਸਾਹਿਤ ਕਰਨ ਲਈ ਸਰਕਾਰ ਵੱਲੋਂ ਕਿਸਾਨਾਂ ਨੂੰ ਡੇਅਰੀ ਦੇ ਕਿੱਤੇ ਦੀ ਸਿਖਲਾਈ ਦੇ ਕੇ ਬੈਂਕਾਂ ਤੋਂ ਲੋਨ ਦਵਾਏ ਜਾਂਦੇ ਹਨ ਅਤੇ ਇਸਤੇ ਸਰਕਾਰ ਸਬਸਿਡੀ ਵੀ ਦਿੰਦੀ ਹੈ। ਉਨ੍ਹਾਂ ਨੇ ਦੱਸਿਆ ਕਿ ਚਾਲੂ ਵਿੱਤੀ ਸਾਲ ਦੌਰਾਨ ਸ੍ਰੀ ਮੁਕਤਸਰ ਸਾਹਿਬ ਜਿ਼ਲ੍ਹੇ ਵਿਚ 65 ਨਵੇਂ ਡੇਅਰੀ ਯੁਨਿਟ ਸਥਾਪਿਤ ਕਰਵਾਏ ਜਾ ਚੁੱਕੇ ਹਨ।
ਇਸੇ ਤਰਾਂ ਝੀਂਗਾ ਪਾਲਣ ਨੂੰ ਉਤਸਾਹਿਤ ਕੀਤਾ ਜਾ ਰਿਹਾ ਹੈ।ਜਿ਼ਲ੍ਹੇ ਵਿਚ ਇਸੇ ਸਾਲ 592 ਏਕੜ ਵਿਚ ਝੀਂਗਾ ਪਾਲਣ ਕੀਤਾ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਝੀਂਗੇ ਦੀ ਮਾਰਕਿਟਿੰਗ ਨੂੰ ਕਿਸਾਨਾਂ ਲਈ ਲਾਭਕਾਰੀ ਬਣਾਉਣ ਲਈ ਜਿ਼ਲ੍ਹੇ ਵਿਚ ਇਸ ਲਈ ਇਕ ਕੋਲਡਸਟੋਰ ਬਣ ਰਿਹਾ ਹੈ।
ਸ: ਖੂੱਡੀਆਂ ਨੇ ਕਿਹਾ ਕਿ ਰਾਜ ਵਿਚ ਘੱਟ ਪਾਣੀ ਨਾਲ ਪੱਕਣ ਵਾਲੀਆਂ ਫਸਲਾਂ ਨੂੰ ਉਤਸਾਹਿਤ ਕੀਤਾ ਜਾਵੇਗਾ। ਉਨ੍ਹਾਂ ਨੇ ਕਿਸਾਨਾਂ ਨੂੰ ਭਰੋਸਾ ਦਿੱਤਾ ਕਿ ਗੈਰ ਮਿਆਰੀ ਖਾਦਾਂ, ਕੀਟਨਾਸ਼ਕ ਅਤੇ ਬੀਜਾਂ ਦੀ ਵਿਕਰੀ ਨਹੀਂ ਹੋਣ ਦਿੱਤੀ ਜਾਵੇਗੀ।
ਖੇਤੀਬਾੜੀ ਦੀ ਗੱਲ ਕਰਦਿਆਂ ਕੈਬਨਿਟ ਮੰਤਰੀ ਨੇ ਦੱਸਿਆ ਕਿ ਸ੍ਰੀ ਮੁਕਤਸਰ ਸਾਹਿਬ ਜਿ਼ਲ੍ਹੇ ਵਿਚ 19500 ਹੈਕਟੇਅਰ ਵਿਚ ਨਰਮੇ, 90 ਹਜਾਰ ਹੈਕਟੇਅਰ ਵਿਚ ਬਾਸਮਤੀ ਅਤੇ 1 ਲੱਖ 7 ਹਜਾਰ ਹੈਕਟੇਅਰ ਵਿਚ ਝੋਨੇ ਦੀ ਕਾਸਤ ਕੀਤੀ ਗਈ ਹੈ। ਉਨ੍ਹਾਂ ਨੇ ਕਿਹਾ ਕਿ ਜਿ਼ਲ੍ਹੇ ਵਿਚ 11709 ਕਿਸਾਨਾਂ ਨੂੰ ਨਰਮੇ ਦੇ ਬੀਜਾਂ ਤੇ ਸਬਸਿਡੀ ਦਿੱਤੀ ਗਈ ਹੈ। ਜਦ ਕਿ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਦੀ ਵੇਰੀਫਿਕੇਸ਼ਨ ਚੱਲ ਰਹੀ ਹੈ ਜਿਸ ਤੋਂ ਬਾਅਦ ਉਨ੍ਹਾਂ ਨੂੰ ਵੀ ਸਬਸਿਡੀ ਜਾਰੀ ਕਰ ਦਿੱਤੀ ਜਾਵੇਗੀ।
ਇਸੇ ਤਰਾਂ ਕੈਬਨਿਟ ਮੰਤਰੀ ਨੇ ਦੱਸਿਆ ਕਿ ਵਣ ਖੇਤੀ ਕਰਨ ਵਾਲੇ ਕਿਸਾਨਾਂ ਪ੍ਰਤੀ ਪੌਦਾ ਪਹਿਲੇ ਸਾਲ 60 ਰੁਪਏ, ਦੂਜ਼ੇ ਅਤੇ ਤੀਜੇ ਸਾਲ 1515 ਰੁਪਏ ਪ੍ਰਤੀ ਪੌਦਾ ਦੀ ਸਬਸਿਡੀ ਦਿੱਤੀ ਜਾ ਰਹੀ ਹੈ।
ਇਸ ਮੌਕੇ ਕੈਬਨਿਟ ਮੰਤਰੀ ਨੇ ਬਲੱਮਗੜ੍ਹ, ਮੌੜ ਆਦਿ ਪਿੰਡਾਂ ਦਾ ਦੌਰਾ ਕੀਤਾ।ਉਨ੍ਹਾਂ ਨੇ ਦੱਸਿਆ ਕਿ ਜਿ਼ਲ੍ਹੇ ਦੇ ਨਰਮੇ ਦੀ ਖੇਤੀ ਵਾਲੇ ਪਿੰਡਾਂ ਵਿਚ 793 ਪਿੰਡ ਪੱਧਰੀ ਕੈਂਪ ਲਗਾਏ ਜਾ ਚੁੱਕੇ ਹਨ ਜਿੰਨ੍ਹਾਂ ਵਿਚ 23790 ਕਿਸਾਨਾਂ ਨੇ ਭਾਗ ਲਿਆ ਹੈ, ਅਤੇ ਕਿਉਂਕਿ ਹੁਣ ਨਰਮੇ ਦੀ ਖੇਤੀ ਲਈ ਬਹੁਤ ਮਹੱਤਵਪੂਰਨ ਸਮਾਂ ਚੱਲ ਰਿਹਾ ਹੈ, ਇਸ ਲਈ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਕਿਸਾਨਾਂ ਨੂੰ ਵੱਧ ਤੋਂ ਵੱਧ ਸੰਪਰਕ ਕਰਕੇ ਤਕਨੀਕੀ ਜਾਣਕਾਰੀ ਦਿੱਤੀ ਜਾਵੇ।
ਇਸ ਮੌਕੇ ਮੁੱਖ ਖੇਤੀਬਾੜੀ ਅਫ਼ਸਰ ਸ੍ਰੀ ਗੁਰਪ੍ਰੀਤ ਸਿੰਘ ਤੋਂ ਇਲਾਵਾ ਸ੍ਰੀ ਇੰਦਰਜੀਤ ਸਿੰਘ ਬਰਾੜ ਜਵਾਹਰੇ ਵਾਲਾ, ਸੁਖਜਿੰਦਰ ਸਿੰਘ ਬੱਬਲੂ ਬਰਾੜ, ਰਾਜੂ ਪੂਨੀਆਂ ਆਦਿ ਵੀ ਹਾਜਰ ਸਨ।
ਇਸ ਮੌਕੇ ਤੇ ਕਿਸਾਨਾਂ ਨੇ ਖੇਤੀਬਾੜੀ ਮੰਤਰੀ ਸ.ਗੁਰਮੀਤ ਸਿੰਘ ਖੁੱਡੀਆਂ ਅਤੇ ਹਲਕਾ ਵਿਧਾਇਕ ਸ੍ਰੀ ਜਗਦੀਪ ਸਿੰਘ ਕਾਕਾ ਬਰਾੜ ਨੂੰ ਸਿਰੋਪਾਓ ਵੀ ਭੇਟ ਕੀਤਾ।



